ਵਤਨ ਪੰਜਾਬ ਦੀਆਂ 2022 ਵਿੱਚ ਖੇਡ ਅਧਿਆਪਕ ਨਿਭਾਉਣਗੇ ਅਹਿਮ ਭੂਮਿਕਾ
ਸਕੂਲੀ ਵਿਦਿਆਰਥੀਆਂ ਦੀ ਵੱਧ ਤੋਂ ਵੱਧ ਰਜਿਸਟਰੇਸ਼ਨ ਕਰਵਾਉਣ ਸਕੂਲ ਮੁਖੀ ਅਤੇ ਅਧਿਆਪਕ – ਡੀਪੀਆਈ ਸੈਕੰਡਰੀ ਸਿੱਖਿਆ ਪੰਜਾਬ
ਐੱਸ.ਏ.ਐੱਸ. ਨਗਰ 25 ਅਗਸਤ ( ਚਾਨੀ)
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਹਿਨੁਮਾਈ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ, ਨੌਜਵਾਨਾਂ ਨੂੰ ਖੇਡਾਂ ਨਾਲ ਜੋੜਣ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਦਾ ਮਾਹੌਲ ਦੇਣ ਲਈ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ 2022 ਵਿੱਚ ਸਿੱਖਿਆ ਵਿਭਾਗ ਪੰਜਾਬ ਦੇ ਸਰੀਰਕ ਸਿੱਖਿਆ ਅਧਿਆਪਕ ਅਹਿਮ ਭੂਮਿਕਾ ਨਿਭਾਉਣ ਲਈ ਤਿਆਰ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀਪੀਆਈ ਸੈਕੰਡਰੀ ਸਿੱਖਿਆ ਪੰਜਾਬ ਕੁਲਜੀਤ ਪਾਲ ਸਿੰਘ ਮਾਹੀ ਨੇ ਕਿਹਾ ਕਿ ਸਿੱਖਿਆ ਵਿਭਾਗ ਦੇ ਉਚ ਅਧਿਕਾਰੀਆਂ ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਨਿਰਦੇਸ਼ ਦਿੱਤੇ ਹਨ ਕਿ ਪੰਜਾਬ ਦੇ ਸਮੂਹ ਸਰਕਾਰੀ, ਏਡਿਡ ਅਤੇ ਪ੍ਰਾਈਵੇਟ ਸਕੂਲਾਂ ਦੇ ਵੱਧ ਤੋਂ ਵੱਧ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਖੇਡ ਮੇਲਾ 2022 ਦੀ ਵੈਬਸਾਇਟ ‘ਤੇ ਕਰਵਾਈ ਜਾਵੇ। ਇਸ ਸਬੰਧੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਅਤੇ ਸਕੂਲ ਮੁਖੀਆਂ ਨੂੰ ਪੱਤਰ ਵੀ ਜਾਰੀ ਕਰ ਦਿੱਤਾ ਗਿਆ ਹੈ।
ਇਸ ਸੰਬੰਧੀ ਹੋਰ ਜਾਣਕਾਰੀ ਦਿੰਦਿਆਂ ਸੁਨੀਲ ਕੁਮਾਰ ਡਿਪਟੀ ਡਾਇਰੈਕਟਰ ਖੇਡਾਂ ਨੇ ਕਿਹਾ ਕਿ ਪੰਜਾਬ ਦੇ ਸਮੂਹ ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਸਕੂਲਾਂ ਵਿੱਚ ਕੰਮ ਕਰ ਰਹੇ ਸਰੀਰਕ ਸਿੱਖਿਆ ਵਿਸ਼ੇ ਦੇ ਲੈਕਚਰਾਰ, ਡੀਪੀਈ ਅਤੇ ਪੀਟੀਆਈਜ਼ ਆਪਣੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰ ਵਿਖੇ ਖੇਡਾਂ ਵਤਨ ਪੰਜਾਬ ਦੀਆਂ 2022 ਦਾ ਆਯੋਜਨ ਕਰਨ ਵਾਲੀ ਟੀਮ ਨਾਲ ਤਾਲਮੇਲ ਬਣਾ ਕੇ ਰੱਖਣ ਤਾਂ ਜੋ ਇਹਨਾਂ ਖੇਡਾਂ ਨੂੰ ਵਧੀਆ ਢੰਗ ਨਾਲ ਕਰਵਾਇਆ ਜਾ ਸਕੇ। ਇਹਨਾਂ ਖੇਡਾਂ ਦਾ ਉਦਘਾਟਨ 29 ਅਗਸਤ ਨੂੰ ਮਾਨਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਕੀਤਾ ਜਾਣਾ ਹੈ।