*ਅਧਿਆਪਕਾਂ ਵਲੋਂ 25 ਸਤੰਬਰ ਨੂੰ ਆਨੰਦਪੁਰ ਸਾਹਿਬ ਵਿਖੇ ਸੂਬਾ ਪੱਧਰੀ "ਇਨਸਾਫ ਰੈਲੀ" ਦਾ ਐਲਾਨ*
*ਓ.ਡੀ.ਐਲ. ਅਧਿਆਪਕਾਂ ਦੇ ਰੈਗੂਲਰ ਆਰਡਰ ਅਤੇ 180 ਈ.ਟੀ.ਟੀ. ਨੂੰ ਮੂਲ ਭਰਤੀ ਦੇ ਲਾਭ ਦੇਣ ਦੀ ਮੰਗ*
*ਡੀ.ਟੀ.ਐਫ. ਤੇ ਸਹਿਯੋਗੀਆਂ ਵਲੋਂ ਅਧਿਆਪਕ ਵਰਗ ਨੂੰ ਸੰਘਰਸ਼ ਦਾ ਭਰਵਾਂ ਹਿੱਸਾ ਬਣਨ ਦੀ ਅਪੀਲ*
ਅੰਮ੍ਰਿਤਸਰ 23 ਅਗਸਤ ( ): ਸਕੂਲ ਸਿੱਖਿਆ ਵਿਭਾਗ ਵਲੋਂ ਓਪਨ ਡਿਸਟੈਂਸ ਲਰਨਿੰਗ ਅਧਿਆਪਕਾਂ (3442, 7654, 5178 ਭਰਤੀ) ਦੇ 8 ਸਾਲਾਂ ਤੋਂ ਰੋਕੇ ਰੈਗੂਲਰ ਆਰਡਰਾਂ ਜਾਰੀ ਕਰਵਾਉਣ ਅਤੇ 180 ਈ.ਟੀ.ਟੀ. ਅਧਿਆਪਕਾਂ 'ਤੇ ਮੂਲ ਭਰਤੀ (4500 ਅਤੇ 2005 ਈਟੀਟੀ ਭਰਤੀ) ਦੀਆਂ ਸੇਵਾ ਸ਼ਰਤਾਂ ਤਹਿਤ ਪੰਜਾਬ ਤਨਖਾਹ ਸਕੇਲ ਤੇ ਪਿਛਲੀ ਸਰਵਿਸ ਦੇ ਸਾਰੇ ਲਾਭ ਬਹਾਲ ਕਰਵਾਉਣ ਸੰਬੰਧੀ ਸੰਘਰਸ਼ ਦੀ ਰੂਪ ਰੇਖਾ ਉਲੀਕਣ ਲਈ, ਡੈਮੋਕ੍ਰੇਟਿਕ ਟੀਚਰਜ਼ ਫਰੰਟ (ਡੀ.ਟੀ.ਐਫ.) ਪੰਜਾਬ, ਓ.ਡੀ.ਐੱਲ. (3442, 7654) ਅਧਿਆਪਕ ਯੂਨੀਅਨ ਅਤੇ 6505 ਈ.ਟੀ.ਟੀ. ਟੈੱਟ ਪਾਸ ਅਧਿਆਪਕ ਐਸੋਸੀਏਸ਼ਨ (ਜੈ ਸਿੰਘ ਵਾਲਾ) ਦੇ ਆਗੂਆਂ ਦੀ ਭਰਵੀਂ ਮੀਟਿੰਗ ਡੀ.ਟੀ.ਐਫ. ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, 6505 ਈ.ਟੀ.ਟੀ. ਦੇ ਸੂਬਾ ਆਗੂ ਕਮਲ ਠਾਕੁਰ ਅਤੇ ਓ.ਡੀ.ਐੱਲ. ਅਧਿਆਪਕਾਂ ਦੇ ਸੂਬਾ ਆਗੂ ਬਲਜਿੰਦਰ ਗਰੇਵਾਲ ਦੀ ਸਾਂਝੀ ਅਗਵਾਈ ਵਿੱਚ ਹੋਈ। ਜਿਸ ਵਿੱਚ 25 ਸਤੰਬਰ ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਚੋਣ ਹਲਕੇ ਆਨੰਦਪੁਰ ਸਾਹਿਬ ਵਿੱਚ ਸੂਬਾ ਪੱਧਰੀ ਇਨਸਾਫ ਰੈਲੀ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।
ਇਸ ਮਸਲੇ ਸਬੰਧੀ ਜਾਣਕਾਰੀ ਦਿੰਦਿਆਂ ਡੀ.ਟੀ.ਐਫ. ਪੰਜਾਬ ਦੇ ਸੂਬਾਈ ਵਿੱਤ ਸਕੱਤਰ-ਕਮ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਅਵਸਥੀ, ਜ਼ਿਲ੍ਹਾ ਜਨਰਲ ਸਕੱਤਰ ਗੁਰਬਿੰਦਰ ਸਿੰਘ ਖਹਿਰਾ, ਸੀਨੀਅਰ ਮੀਤ ਪ੍ਰਧਾਨ ਗੁਰਦੇਵ ਸਿੰਘ, ਜ਼ਿਲ੍ਹਾ ਵਿੱਤ ਸਕੱਤਰ ਹਰਜਾਪ ਸਿੰਘ ਬੱਲ, ਸੂਬਾ ਕਮੇਟੀ ਮੈਂਬਰ ਚਰਨਜੀਤ ਸਿੰਘ ਰਾਜਧਾਨ ਨੇ ਦੱਸਿਆ ਕਿ ਸਿੱਖਿਆ ਵਿਭਾਗ ਵਲੋਂ 3442 ਅਤੇ 7654 ਭਰਤੀਆਂ ਵਿਚਲੇ ਸੈਂਕੜੇ ਹੋਰਨਾਂ ਓ.ਡੀ.ਐੱਲ. ਅਧਿਆਪਕਾਂ ਨੂੰ ਰੈਗੂਲਰ ਕੀਤਾ ਜਾ ਚੁੱਕਾ ਹੈ, ਹਜਾਰਾਂ ਅਧਿਆਪਕਾਂ ਦੀ ਪ੍ਰੋਮੋਸ਼ਨ ਵੀ ਹੋ ਚੁੱਕੀ ਹੈ, ਪ੍ਰੰਤੂ ਬੇਇਨਸਾਫ਼ੀ ਅਤੇ ਪੱਖਪਾਤ ਕਰਦਿਆਂ 125 ਦੇ ਕਰੀਬ ਅਧਿਆਪਕਾਂ ਦੇ ਰੈਗੂਲਰ ਆਰਡਰਾਂ ਨੂੰ ਅਧਿਕਾਰ ਖੇਤਰ ਤੋਂ ਬਾਹਰ ਦੀ ਡਿਗਰੀ ਹੋਣ ਦੇ ਹਵਾਲੇ ਤਹਿਤ 8 ਸਾਲਾਂ ਤੋਂ ਪੈਂਡਿੰਗ ਰੱਖਿਆ ਹੋਇਆ ਹੈ, ਜਦ ਕਿ ਸਾਲ 2019 ਵਿੱਚ ਹਾਈ ਕੋਰਟ ਵਲੋਂ ਵੀ ਇਨ੍ਹਾਂ ਅਧਿਆਪਕਾਂ ਦੇ ਪੱਖ ਵਿੱਚ ਫ਼ੈਸਲਾ ਸੁਣਾਉਂਦਿਆਂ ਰੈਗੂਲਰਾਈਜ਼ੇਸ਼ਨ ਮੁਕੰਮਲ ਕਰਨ ਦੀ ਹਦਾਇਤ ਕੀਤੀ ਗਈ ਹੈ। ਇਸੇ ਤਰ੍ਹਾਂ ਸਾਲ 2016 ਵਿੱਚ ਹੋਈ 4500 ਅਤੇ 2005 ਈ.ਟੀ.ਟੀ. ਅਸਾਮੀਆਂ ਦੀ ਰੈਗੂਲਰ ਭਰਤੀ ਵਿੱਚੋਂ 180 ਅਧਿਆਪਕਾਂ ਦੀ ਪਿਛਲੇ ਪੰਜ ਸਾਲ ਦੀ ਸਰਵਿਸ ਨੂੰ ਜਬਰੀ ਖਤਮ ਕਰਦਿਆਂ ਮੁੱਢਲੀ ਭਰਤੀ ਦੀਆਂ ਸੇਵਾ ਸ਼ਰਤਾਂ ਤੋਂ ਵੱਖ ਕਰ ਦਿੱਤਾ ਗਿਆ ਅਤੇ ਨਿਯਮਾਂ ਤੋਂ ਉੱਲਟ ਨਵੇਂ ਤਨਖਾਹ ਸਕੇਲ ਮੜ ਦਿੱਤੇ ਗਏ ਹਨ। ਇਹਨਾਂ ਦੋਨੋਂ ਗੰਭੀਰ ਮਾਮਲਿਆਂ ਨੂੰ ਪੀੜਤ ਅਧਿਆਪਕਾਂ ਨਾਲ ਘੋਰ ਬੇਇਨਸਾਫ਼ੀ ਤੇ ਪੱਖਪਾਤ ਵਾਲੇ ਮੰਨਦੇ ਹੋਏ, ਫ਼ੈਸਲਾ ਕੀਤਾ ਗਿਆ ਕਿ 1 ਅਤੇ 2 ਸਤੰਬਰ 2022 ਨੂੰ ਪੰਜਾਬ ਭਰ ਵਿੱਚ ਜਿਲ੍ਹਾ ਸਿੱਖਿਆ ਅਫਸਰਾਂ (ਪ੍ਰਾਇਮਰੀ ਅਤੇ ਸੈਕੰਡਰੀ) ਰਾਹੀਂ ਸਮੂਹਿਕ ਰੂਪ ਵਿੱਚ ਸਿੱਖਿਆ ਮੰਤਰੀ ਦੇ ਨਾਂ ਦੋ-ਨੁਕਾਤੀ ਮੰਗ ਪੱਤਰ ਭੇਜੇ ਜਾਣਗੇ। 13 ਸਤੰਬਰ ਨੂੰ ਵੱਡੇ ਸਮੂਹ ਦੇ ਰੂਪ ਆਨੰਦਪੁਰ ਸਾਹਿਬ ਵਿਖੇ ਪ੍ਰਸ਼ਾਸ਼ਨ ਰਾਹੀਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਨਾਂ ਸੰਘਰਸ਼ ਦਾ ਨੋਟਿਸ ਦਿੱਤਾ ਜਾਵੇਗਾ। 25 ਸਤੰਬਰ ਨੂੰ ਸਿੱਖਿਆ ਮੰਤਰੀ ਦੇ ਚੋਣ ਹਲਕੇ ਆਨੰਦਪੁਰ ਸਾਹਿਬ ਵਿਖੇ ਸੂਬੇ ਭਰ 'ਚੋਂ ਹਜਾਰਾਂ ਅਧਿਆਪਕਾਂ ਦੀ ਸ਼ਮੂਲੀਅਤ ਵਾਲੀ "ਇਨਸਾਫ ਰੈਲੀ" ਕੀਤੀ ਜਾਵੇਗੀ ਅਤੇ ਮੰਗਾਂ ਪ੍ਰਤੀ ਹਾਂ ਪੱਖੀ ਪ੍ਰਤੀਕਿਰਿਆ ਨਾ ਮਿਲਣ ਦੀ ਸੂਰਤ ਵਿੱਚ ਸਿੱਖਿਆ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ।
ਪ੍ਰੈੱਸ ਬਿਆਨ ਜਾਰੀ ਕਰਨ ਮੌਕੇ ਡੀ.ਐਮ.ਐਫ.ਪੰਜਾਬ ਦੇ ਸੂਬਾਈ ਆਗੂ ਜਰਮਨਜੀਤ ਸਿੰਘ, ਜ਼ਿਲ੍ਹਾ ਪ੍ਰੈਸ ਸਕੱਤਰ ਰਾਜੇਸ਼ ਕੁਮਾਰ ਪ੍ਰਾਸ਼ਰ, ਜ਼ਿਲ੍ਹਾ ਕਮੇਟੀ ਮੈਂਬਰ ਨਿਰਮਲ ਸਿੰਘ, ਕੁਲਦੀਪ ਸਿੰਘ ਤੋਲਾਨੰਗਲ, ਪਰਮਿੰਦਰ ਸਿੰਘ ਰਾਜਾਸਾਂਸੀ, ਸ਼ਮਸ਼ੇਰ ਸਿੰਘ, ਗੁਰਪ੍ਰੀਤ ਸਿੰਘ ਨਾਭਾ, ਵਨੀਤ ਸ਼ਰਮਾ, ਵਿਕਾਸ ਕੁਮਾਰ, ਨਰਿੰਦਰ ਸਿੰਘ ਮੱਲੀਆਂ, ਨਰੇਸ਼ ਕੁਮਾਰ, ਮਨਪ੍ਰੀਤ ਸਿੰਘ, ਸੁਖਜਿੰਦਰ ਸਿੰਘ ਜੱਬੋਵਾਲ, ਵਿਸ਼ਾਲ ਕਪੂਰ, ਵਿਕਾਸ ਚੌਹਾਨ, ਪਵਨਪ੍ਰੀਤ ਸਿੰਘ, ਮਨੀਸ਼ ਪੀਟਰ, ਦਿਲਬਾਗ ਸਿੰਘ, ਚਰਨਜੀਤ ਸਿੰਘ ਸਿੰਘ ਭੱਟੀ, ਬਲਦੇਵ ਕ੍ਰਿਸ਼ਨ ਆਦਿ ਹਾਜ਼ਰ ਰਹੇ।