ਪੰਜਾਬ ਸਰਕਾਰ ਝੋਨੇ ਦੇ ਦਾਣੇ-ਦਾਣੇ ਦੀ ਖਰੀਦ ਅਤੇ ਚੁਕਾਈ ਲਈ ਵਚਨਬੱਧ: ਕੁਲਦੀਪ ਸਿੰਘ ਧਾਲੀਵਾਲ
ਮੰਡੀ ਬੋਰਡ ਦੇ ਅਧਿਕਾਰੀਆਂ ਅਤੇ ਮਾਰਕੀਟ ਕਮੇਟੀ ਦੇ ਸਕੱਤਰਾਂ ਨਾਲ ਕੀਤੀ ਮੀਟਿੰਗ
ਦਾਣਾ ਮੰਡੀਆਂ ਵਿੱਚੋਂ ਕਬਜ਼ੇ ਹਟਾਉਣ ਲਈ ਵਿਸ਼ੇਸ਼ ਮੁਹਿੰਮ ਵਿੱਢਣ ਦੇ ਨਿਰਦੇਸ਼ ਦਿੱਤੇ
ਕਿਸਾਨਾਂ ਨੂੰ ਅਨਾਜ ਮੰਡੀਆਂ ਵਿੱਚ ਸਾਰੀਆਂ ਸਹੂਲਤਾਂ ਦਿੱਤੀਆਂ ਜਾਣ
ਚੰਡੀਗੜ੍ਹ, 17 ਸਤੰਬਰ:
ਪੰਜਾਬ ਸਰਕਾਰ ਇਸ ਸੀਜ਼ਨ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਲਈ ਪੂਰੀ ਤਰ੍ਹਾਂ ਤਿਆਰ ਹੈ। ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਮੰਡੀ ਬੋਰਡ ਭਵਨ ਵਿਖੇ ਮੰਡੀ ਬੋਰਡ ਦੇ ਅਧਿਕਾਰੀਆਂ ਅਤੇ ਮਾਰਕੀਟ ਕਮੇਟੀ ਸਕੱਤਰਾਂ ਨਾਲ ਉੱਚ ਪੱਧਰੀ ਮੀਟਿੰਗ ਕਰਕੇ ਮੰਡੀ ਬੋਰਡ ਵੱਲੋਂ ਨਿਰਵਿਘਨ ਖਰੀਦ ਲਈ ਕੀਤੀਆਂ ਤਿਆਰੀਆਂ ਬਾਰੇ ਵਿਚਾਰ ਵਟਾਂਦਰਾ ਕੀਤਾ।
ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਝੋਨੇ ਦੇ ਦਾਣੇ-ਦਾਣੇ ਦੀ ਖਰੀਦ ਤੇ ਚੁਕਾਈ ਦੇ ਨਾਲ ਨਾਲ ਅਨਾਜ ਮੰਡੀਆਂ ਵਿਚ ਮਿਆਰੀ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ।
ਖੇਤੀਬਾੜੀ ਮੰਤਰੀ ਨੇ ਅਧਿਕਾਰੀਆਂ ਨੂੰ ਅਨਾਜ ਮੰਡੀਆਂ ਵਿੱਚੋਂ ਸਾਰੇ ਨਾਜਾਇਜ਼ ਕਬਜ਼ੇ ਹਟਾਉਣ ਲਈ ਵਿਸ਼ੇਸ਼ ਮੁਹਿੰਮ ਚਲਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਕਿਸਾਨਾਂ ਅਤੇ ਹੋਰ ਭਾਈਵਾਲਾਂ ਦੀ ਸਹੂਲਤ ਲਈ ਸਾਫ਼-ਸਫ਼ਾਈ, ਪੀਣ ਵਾਲੇ ਪਾਣੀ, ਲਾਈਟਾ, ਪਖਾਨੇ ਆਦਿ ਵਰਗੇ ਸਾਰੇ ਲੋੜੀਂਦੇ ਪ੍ਰਬੰਧ ਕਰਨ ਲਈ ਵੀ ਕਿਹਾ।
ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਜ਼ਿਲ੍ਹਾ ਪ੍ਰਸ਼ਾਸਨਾਂ ਨੂੰ ਹਦਾਇਤ ਕੀਤੀ ਹੈ ਕਿ ਸੂਬੇ ਭਰ ਦੇ ਸਾਰੇ 1806 ਖਰੀਦ ਕੇਂਦਰਾਂ ਵਿੱਚ ਪੁਖਤਾ ਪ੍ਰਬੰਧ ਕਰਨ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ।
ਖੇਤੀਬਾੜੀ ਮੰਤਰੀ ਨੇ ਵਧੀਕ ਮੁੱਖ ਸਕੱਤਰ ਖੇਤੀਬਾੜੀ ਸਰਵਜੀਤ ਸਿੰਘ ਅਤੇ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ, ਸਕੱਤਰ ਮੰਡੀ ਬੋਰਡ ਰਵੀ ਭਗਤ ਨੂੰ ਝੋਨੇ ਦੇ ਇਸ ਸੀਜ਼ਨ ਦੌਰਾਨ ਖਰੀਦ ਦੇ ਸਾਰੇ ਲੋੜੀਂਦੇ ਪ੍ਰਬੰਧ ਕਰਨ ਲਈ ਡਿਪਟੀ ਕਮਿਸ਼ਨਰਾਂ ਦੇ ਸੰਪਰਕ ਵਿੱਚ ਰਹਿਣ ਲਈ ਕਿਹਾ।
ਮੀਟਿੰਗ ਦੌਰਾਨ ਅਧਿਕਾਰੀਆਂ ਨੇ ਦੱਸਿਆ ਕਿ ਸੂਬੇ ਦੀਆਂ ਮਾਰਕੀਟ ਕਮੇਟੀਆਂ ਰਾਹੀਂ ਝੋਨੇ ਦੀ ਖਰੀਦ ਲਈ ਮੁੱਖ ਦਫਤਰ ਦੇ ਅਧਿਕਾਰੀਆਂ ਤੋਂ ਇਲਾਵਾ ਫੀਲਡ ਸਟਾਫ ਵੀ ਖਰੀਦ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜਾਉਣ ਲਈ ਆਪਣੀਆਂ ਡਿਊਟੀਆਂ ਨਿਭਾਉਣਗੇ।