ਐਨ ਪੀ ਐਸ ਤੋਂ ਦੁਖੀ ਮੁਲਾਜਮ ਸਰਕਾਰ ਦੇ ਝੂਠੇ ਲਾਰਿਆਂ ਦੀ ਪੰਡ 26 ਨੂੰ ਫੂਕਣਗੇ
"ਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਦੇ ਲਾਰੇ ਨਹੀੰ ਨੋਟੀਫਿਕੇਸ਼ਨ ਜਾਰੀ ਕਰੇ"
ਪ੍ਰਮੋਦ ਭਾਰਤੀ
ਨਵਾਂ ਸ਼ਹਿਰ,22 ਸਤੰਬਰ,2022 : ਪੁਰਾਣੀ ਪੈਨਸ਼ਨ ਬਹਾਲੀ ਸ਼ੰਘਰਸ਼ ਕਮੇਟੀ ਸ਼ਹੀਦ ਭਗਤ ਸਿੰਘ ਨਗਰ ਦੇ ਜ਼ਿਲ੍ਹਾ ਅਹੁਦੇਦਾਰਾਂ ਦੀ ਇੱਕ ਵਿਸ਼ੇਸ਼ ਮੀਟਿੰਗ ਸਥਾਨਿਕ ਬਾਰਾਦਰੀ ਪਾਰਕ ਨਵਾਂ ਸ਼ਹਿਰ ਵਿਖੇ ਹੋਈ। ਮੀਟਿੰਗ ਵਿੱਚ ਵਿਚਾਰ ਸਾਂਝੇ ਕਰਦਿਆਂ ਅਹੁੱਦੇਦਾਰਾ ਨੇ ਕਿਹਾ ਕਿ ਪਿਛਲੀ ਦਿਨੀ ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਵਲੋਂ 2004 ਤੋਂ ਬਾਅਦ ਭਰਤੀ ਮੁਲਾਜਮਾਂ ਦੀ ਪੁਰਾਣੀ ਪੈਨਸ਼ਨ ਲਾਗੂ ਕਰਨ ਸੰਬੰਧੀ ਦਿੱਤੇ ਬਿਆਨ ਦਾ ਪੁਰਾਣੀ ਪੈਨਸ਼ਨ ਬਹਾਲੀ ਸ਼ੰਘਰਸ਼ ਕਮੇਟੀ ਸੁਆਗਤ ਕਰਦੀ ਹੈ,ਪਰ ਸਾਡਾ ਸ਼ੰਘਰਸ਼ ਨੋਟੀਫਿਕੇਸ਼ਨ ਜਾਰੀ ਹੋਣ ਤੱਕ ਲਗਾਤਾਰ ਜਾਰੀ ਰਹੇਗਾ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਸ਼੍ਰੀ ਗੁਰਦਿਆਲ ਮਾਨ ਜ਼ਿਲ੍ਹਾ ਕਨਵੀਨਰ ਪੁਰਾਣੀ ਪੈਨਸ਼ਨ ਬਹਾਲੀ ਸ਼ੰਘਰਸ਼ ਕਮੇਟੀ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਨਿਊ ਪੈਨਸ਼ਨ ਸਕੀਮ ਤੋਂ ਪੀੜਤ ਮੁਲਾਜਮਾਂ ਨਾਲ ਮੀਟਿੰਗਾਂ ਵਿੱਚ ਸ਼ਾਮਿਲ ਹੋਕੇ ਵਾਇਦਾ ਕੀਤਾ ਸੀ ਕਿ ਜੇਕਰ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਹੋਂਦ ਵਿੱਚ ਆਉਦੀ ਹੈ ਤਾਂ ਪਹਿਲੀ ਕੈਬਨਿਟ ਮੀਟਿੰਗ ਵਿੱਚ 2004 ਤੋਂ ਬੰਦ ਮੁਲਾਜਮਾਂ ਦੀ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ,ਹੁਣ ਇਨ੍ਹਾਂ ਦੀ ਸਰਕਾਰ ਬਣੀ ਨੂੰ ਛੇ ਮਹੀਨੇ ਹੋ ਗਏ ਹਨ।
ਸਰਕਾਰ ਵਲੋਂ ਹਾਲੇ ਤੱਕ ਜਥੇਬੰਦੀ ਨਾਲ ਲਾਰੇ ਲੱਪਿਆਂ ਅਤੇ ਡੰਗ ਟਪਾਊ ਨੀਤੀ ਤੋਂ ਬਿਨ੍ਹਾਂ ਹੋਰ ਕੁਝ ਨਹੀਂ ਕੀਤਾ। ਇਸ ਲਈ ਪੰਜਾਬ ਦੇ ਸਮੁੱਚੇ ਐਨ ਪੀ ਐਸ ਕਰਮਚਾਰੀ ਸਟੇਟ ਕਮੇਟੀ ਦੇ ਫੈਸਲੇ ਅਨੁਸਾਰ 24,25 ਅਤੇ 26 ਸਤੰਬਰ ਨੂੰ ਜ਼ਿਲ੍ਹਾ ਹੈਡਕੁਆਟਰਜ਼ ਤੇ ਪੰਜਾਬ ਸਰਕਾਰ ਦੇ ਝੂਠੇ ਲਾਰਿਆ ਦੀ ਪੰਡ ਫੂਕ ਕੇ ਰੋਸ ਪ੍ਰਦਰਸ਼ਨ ਕਰਨਗੇ। ਇਸ ਸੰਬੰਧ ਵਿੱਚ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਮੂਹ ਐਨ ਪੀ ਐਸ ਮੁਲਾਜ਼ਮ ਮਿਤੀ 26 ਸਤੰਬਰ ਦਿਨ ਸੋਮਵਾਰ ਨੂੰ ਸ਼ਾਮ 3 ਵਜੇ ਸਥਾਨਿਕ ਡੀ ਸੀ ਦਫ਼ਤਰ ਦੇ ਸਾਹਮਣੇ ਵੇਰਕਾ ਬੂਥ,ਚੰਡੀਗੜ੍ਹ ਰੋਡ,ਨਵਾਂ ਸ਼ਹਿਰ ਵਿਖੇ ਪੰਜਾਬ ਸਰਕਾਰ ਦੇ ਲਾਰਿਆਂ ਦੀ ਪੰਡ ਫੂਕਕੇ ਰੋਸ ਪ੍ਰਦਰਸ਼ਨ ਕਰਨਗੇ। ਸ਼੍ਰੀਮਾਨ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਗੁਜਰਾਤ,ਹਿਮਾਚਲ ਪ੍ਰਦੇਸ਼ ਅਤੇ ਹਰਿਆਣਾ ਦੀਆਂ ਵਿਧਾਨ ਸਭਾ ਚੋਣਾਂ ਨੂੰ ਦੇਖਦੀ ਹੋਈ ਇਹ ਬਿਆਨ ਦੇ ਰਹੀ ਹੈ ਕਿਉਂਕਿ ਇਨ੍ਹਾਂ ਸੂਬਿਆਂ ਦੇ ਐਨ ਪੀ ਐਸ ਕਰਮਚਾਰੀ ਆਮ ਆਦਮੀ ਪਾਰਟੀ ਤੋਂ ਪੁੱਛ ਰਹੀ ਹੈ ਕਿ ਜਿਨ੍ਹਾਂ ਸੂਬਿਆਂ ਵਿੱਚ ਜਿਵੇਂ ਨਵੀਂ ਦਿੱਲੀ ਅਤੇ ਪੰਜਾਬ ਅੰਦਰ ਤੁਹਾਡੀ ਸਰਕਾਰ ਪੂਰਨ ਬਹੁਮਤ ਨਾਲ ਸੱਤਾ ਵਿੱਚ ਮੌਜੂਦ ਹੈ,ਫਿਰ ਉਨ੍ਹਾਂ ਸੂਬਿਆਂ ਵਿੱਚ ਹੁਣ ਤੱਕ ਪੁਰਾਣੀ ਪੈਨਸ਼ਨ ਲਾਗੂ ਕਿਉਂ ਨਹੀਂ ਕੀਤੀ।
ਇਸ ਲਈ ਪੰਜਾਬ ਦੇ ਮੁੱਖ ਮੰਤਰੀ ਨੇ ਟੁੱਟਾ ਫੁੱਟਾ ਬਿਆਨ ਦੇਕੇ ਇਨ੍ਹਾਂ ਸੂਬਿਆਂ ਅਤੇ ਪੰਜਾਬ ਦੇ ਮੁਲਾਜਮਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਸ਼ ਕੀਤੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮੁੱਖ ਮੰਤਰੀ ਨੇ ਆਪਣੇ ਬਿਆਨ ਵਿੱਚ ਹਾਲੇ ਵੀ ਕਮੇਟੀ ਦਾ ਗਠਨ ਕਰਨ ਦੀ ਗੱਲ ਕੀਤੀ ਹੈ।ਜਦੋਂ ਕਿ ਡੀ ਪੀ ਰੈਡੀ ਦੀ ਪ੍ਰਧਾਨਗੀ ਹੇਠ 2018 ਦੀ ਕਮੇਟੀ ਬਣੀ ਹੋਈ ਹੈ ਅਤੇ ਕਮੇਟੀ ਨੇ ਆਪਣੀ ਰਿਪੋਰਟ ਵੀ ਸਰਕਾਰ ਨੂੰ ਸੌਪੀ ਹੋਈ ਹੈ। ਇਸ ਤਰ੍ਹਾਂ ਦੀਆਂ ਗੱਲਾਂ ਤੋ ਲੱਗਦਾ ਕਿ ਸਰਕਾਰ ਸਿਰਫ਼ ਤੇ ਸਿਰਫ਼ ਝੂਠੇ ਲਾਰੇ ਲੱਪੇ ਲਗਾਕੇ ਡੰਗ ਟਪਾਉਣਾ ਚਾਹੁੰਦੀ ਹੈ। ਪਰ ਹੁਣ ਮੁਲਾਜ਼ਮ ਸਰਕਾਰ ਦੇ ਇਨ੍ਹਾਂ ਲਾਰਿਆਂ ਵਿੱਚ ਨਹੀਂ ਆਉਣਗੇ। ਉਹ ਆਪਣੇ ਸ਼ੰਘਰਸ਼ ਨੂੰ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਤੇਜ਼ ਕਰਨਗੇ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਜਲਦੀ ਤੋਂ ਜਲਦੀ ਪੁਰਾਣੀ ਪੈਨਸ਼ਨ ਸੰਬੰਧੀ ਨੋਟੀਫਿਕੇਨ ਜਾਰੀ ਕਰਕੇ ਐਨ ਪੀ ਐਸ ਤੋਂ ਪੀੜਤ ਕਰਮਚਾਰੀਆਂ ਨੂੰ ਦੀਵਾਲੀ ਦਾ ਤੋਹਫਾ ਦੇਵੇ। ਇਸ ਮੌਕੇ ਉਨ੍ਹਾਂ ਦੇ ਨਾਲ ਹਰਪ੍ਰੀਤ ਬੰਗਾ,ਮਨਜਿੰਦਰ ਰਾਂਹੋ,ਗੁਰਦੀਸ਼ ਸਿੰਘ ਜਾਫਰਪੁਰ,ਨੀਲ ਕਮਲ,ਅਸ਼ੋਕ ਪਠਲਾਵਾ,ਜੁਝਾਰ ਸੰਹੂਗੜਾ,ਮਨੋਹਰ ਲਾਲ,ਯੁਗਰਾਜ ਸਿੰਘ ਆਦਿ ਵੀ ਮੌਜੂਦ ਸਨ।
ਕੈਪਸ਼ਨ: ਪੁਰਾਣੀ ਪੈਨਸ਼ਨ ਬਹਾਲੀ ਸ਼ੰਘਰਸ਼ ਕਮੇਟੀ ਦੀ ਦੇ ਅਹੁਦੇਦਾਰ ਮੀਟਿੰਗ ਤੋਂ ਬਾਅਦ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ।