*ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਸਿੱਖਿਆ ਮੰਤਰੀ ਨਾਲ ਮੀਟਿੰਗ 12 ਨਵੰਬਰ ਨੂੰ*
*ਸਿੱਖਿਆ ਮੰਤਰੀ ਦੇ ਘਰ ਵੱਲ ਚਿਤਾਵਨੀ ਮਾਰਚ ਮੁਲਤਵੀ*
*ਅਧਿਆਪਕਾਂ ਦੇ ਮਸਲੇ ਹੱਲ ਨਾ ਹੋਏ ਤਾਂ ਹੋਵੇਗਾ ਵੱਡਾ ਐਕਸ਼ਨ*
ਨਵਾਂ ਸ਼ਹਿਰ, 11ਨਵੰਬਰ,2022 (ਪ੍ਰਮੋਦ ਭਾਰਤੀ)
ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਕਨਵੀਨਰਾਂ ਅਤੇ ਕੋ-ਕਨਵੀਨਰਾਂ ਦੀ ਵਰਚੁਅਲ ਮੀਟਿੰਗ ਬਲਜੀਤ ਸਿੰਘ ਸਲਾਣਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਬਾਜ ਸਿੰਘ ਖਹਿਰਾ, ਸੁਰਿੰਦਰ ਕੰਬੋਜ, ਸੁਖਵਿੰਦਰ ਸਿੰਘ ਚਾਹਲ, ਸੁਰਿੰਦਰ ਕੁਮਾਰ ਪੁਆਰੀ, ਹਰਵਿੰਦਰ ਸਿੰਘ ਬਿਲਗਾ, ਗੁਰਜੰਟ ਸਿੰਘ ਵਾਲੀਆ, ਜਸਵਿੰਦਰ ਸਿੰਘ ਔਲਖ, ਸੁਖਰਾਜ ਸਿੰਘ ਕਾਹਲੋਂ, ਸ਼ਮਸ਼ੇਰ ਸਿੰਘ ਆਦਿ ਸ਼ਾਮਲ ਸਨ। ਮੀਟਿੰਗ ਦੇ ਫੈਸਲੇ ਪ੍ਰੈੱਸ ਨੂੰ ਜਾਰੀ ਕਰਦਿਆਂ ਕੁਲਦੀਪ ਸਿੰਘ ਦੌੜਕਾ ਨੇ ਦੱਸਿਆ ਕਿ ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀਆਂ ਸਿੱਖਿਆ ਮੰਤਰੀਆਂ ਨਾਲ ਹੋਈਆਂ ਮੀਟਿੰਗਾਂ ਵਿੱਚ ਬਣੀ ਸਹਿਮਤੀ ਅਨੁਸਾਰ ਵਿਦਿਆਰਥੀਆਂ, ਅਧਿਆਪਕਾਂ ਅਤੇ ਸਕੂਲਾਂ ਨਾਲ ਸਬੰਧਤ ਮਸਲੇ ਸਰਕਾਰ ਵੱਲੋਂ ਹੱਲ ਨਾ ਕਰਨ, ਜਨਤਕ ਸਿੱਖਿਆ ਦੀ ਰਾਖੀ ਕਰਨ ਦੀ ਬਜਾਏ ਰਾਸ਼ਟਰੀ ਸਿੱਖਿਆ ਨੀਤੀ ਨੂੰ ਵੱਖ ਵੱਖ ਨਾਵਾਂ ਨਾਲ ਲਾਗੂ ਕਰਕੇ ਸਰਕਾਰੀ ਸਕੂਲਾਂ ਨੂੰ ਖ਼ਤਮ ਕਰਨ ਵੱਲ ਕਦਮ ਵਧਾਉਣ, ਹਰ ਤਰ੍ਹਾਂ ਦੇ ਕੱਚੇ ਅਧਿਆਪਕਾਂ ਨੂੰ ਪੱਕੇ ਨਾ ਕਰਨ, ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ ਨਾ ਕਰਨ ਅਤੇ ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਨੂੰ ਪੂਰੀ ਤਰ੍ਹਾਂ ਲਾਗੂ ਨਾ ਕਰਨ, ਬਦਲੀਆਂ ਸਬੰਧੀ ਦਿੱਤੇ ਸੁਝਾਅ ਲਾਗੂ ਨਾ ਕਰਨ, ਪੱਦਉਨਤੀਆਂ ਸੀਨੀਆਰਤਾ ਦੇ ਆਧਾਰਿਤ ਨਾ ਕਰਨ ਦੇ ਰੋਸ ਵਜੋਂ 13 ਨਵੰਬਰ ਨੂੰ ਆਨੰਦਪੁਰ ਸਾਹਿਬ ਤੋਂ ਸਿੱਖਿਆ ਮੰਤਰੀ ਦੇ ਘਰ ਵੱਲ ਚਿਤਾਵਨੀ ਮਾਰਚ ਦਾ ਐਲਾਨ ਕੀਤਾ ਸੀ। ਆਨੰਦਪੁਰ ਸਾਹਿਬ ਪ੍ਰਸ਼ਾਸਨ ਵਲੋਂ ਸਿੱਖਿਆ ਮੰਤਰੀ ਨਾਲ ਪੰਜਾਬ ਭਵਨ ਚੰਡੀਗੜ੍ਹ ਵਿਖੇ 12 ਨਵੰਬਰ ਨੂੰ ਦੋ ਵਜੇ ਮੀਟਿੰਗ ਦਾ ਸਮਾਂ ਦੇਣ ਕਾਰਨ ਉਪਰੋਕਤ ਚਿਤਾਵਨੀ ਮਾਰਚ ਮੁਲਤਵੀ ਕੀਤਾ ਗਿਆ ਹੈ। ਜੇ ਕਰ ਮੀਟਿੰਗ ਵਿੱਚ ਸਿੱਖਿਆ ਮੰਤਰੀ ਵਲੋਂ ਅਧਿਆਪਕ ਮਸਲਿਆਂ ਪ੍ਰਤੀ ਟਾਲ ਮਟੋਲ ਦੀ ਨੀਤੀ ਜਾਰੀ ਰੱਖੀ ਤਾਂ ਮੋਰਚੇ ਵਲੋਂ ਵੱਡਾ ਐਕਸ਼ਨ ਉਲੀਕਿਆ ਜਾਵੇਗਾ।