ਮਾਸਟਰ ਤੋਂ ਮੁੱਖ ਅਧਿਆਪਕ ਕਾਡਰ ਦੀਆਂ ਪ੍ਰਮੋਸ਼ਨਾਂ ਲਟਕਾਉਣਾ ਨਿਖੇਧੀਯੋਗ: ਡੀ.ਟੀ.ਐੱਫ.
ਮੁੱਖ ਅਧਿਆਪਕਾਂ ਲਈ ਪੈਂਡਿੰਗ ਤਰੱਕੀਆਂ ਬਿਨਾਂ ਦੇਰੀ ਮੁਕੰਮਲ ਹੋਣ: ਡੀ.ਟੀ.ਐਫ.
ਲੁਧਿਆਣਾ, 29 ਨਵੰਬਰ ( ): ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਵਲੋਂ ਮਾਸਟਰ ਤੋਂ ਮੁੱਖ ਅਧਿਆਪਕ (ਹੈਡਮਾਸਟਰ) ਕਾਡਰ ਲਈ ਪੈਂਡਿੰਗ ਪ੍ਰਮੋਸ਼ਨਾਂ ਨੂੰ ਲੰਬੇ ਸਮੇਂ ਤੋਂ ਲਟਕਾਉਣ ਦੀ ਡੈਮੋਕ੍ਰੇਟਿਕ ਟੀਚਰਜ਼ ਫਰੰਟ (ਡੀ.ਟੀ.ਐਫ.) ਪੰਜਾਬ ਨੇ ਸਖਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਸਾਰੀਆਂ ਸੀਨੀਆਰਤਾ ਸੂਚੀਆਂ ਅਤੇ ਪੈਂਡਿੰਗ ਤਰੱਕੀਆਂ ਫੌਰੀ ਮੁਕੰਮਲ ਕਰਨ ਦੀ ਮੰਗ ਕੀਤੀ ਹੈ।
ਇਸ ਸਬੰਧੀ ਗੱਲਬਾਤ ਕਰਦਿਆਂ ਡੀ.ਟੀ.ਐਫ. ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਕਿਹਾ ਕਿ ਮਾਸਟਰ ਤੋਂ ਹੈੱਡਮਾਸਟਰ ਕਾਡਰ ਦੀਆਂ ਤਰੱਕੀਆਂ ਨੂੰ, ਸੀਨੀਅਰ ਅਧਿਆਪਕਾਂ ਦੀ ਮਾਨਸਿਕ ਪਰੇਸ਼ਾਨੀ ਵਧਾਉਣ ਦੀ ਗਿਣੀ ਮਿੱਥੀ ਸਾਜ਼ਿਸ਼ ਤਹਿਤ, ਵੱਖ-ਵੱਖ ਕਾਰਨਾਂ ਦੇ ਹਵਾਲੇ ਨਾਲ ਲਟਕਾ ਕੇ ਰੱਖਿਆ ਜਾ ਰਿਹਾ ਹੈ। ਆਗੂਆਂ ਨੇ ਮੰਗ ਕੀਤੀ ਕਿ ਅਧਿਆਪਕਾਂ ਦੇ ਸਾਰੇ ਕਾਡਰਾਂ ਲਈ ਪਦਉੱਨਤੀ ਕੋਟਾ 75% ਹੀ ਰੱਖਿਆ ਜਾਵੇ ਅਤੇ ਹਰੇਕ ਪੱਧਰ ‘ਤੇ ਤਰੱਕੀ ਪ੍ਰਕਿਰਿਆ ਨੂੰ ਵਿਭਾਗੀ ਨਿਯਮਾਂ ਅਨੁਸਾਰ ਸਮਾਂਬੱਧ ਕਰਨੀ ਯਕੀਨੀ ਬਣਾਉਣ ਦੀ ਠੋਸ ਨੀਤੀ ਤਿਆਰ ਕੀਤੀ ਜਾਵੇ। ਆਗੂਆਂ ਨੇ ਦੱਸਿਆ ਕਿ ਪਿਛਲੇ ਸਮੇਂ ਵਿੱਚ ਤਰੱਕੀ ਕੋਟੇ ਨੂੰ 75% ਤੋਂ 50% ਤੱਕ ਸੀਮਤ ਕਰਕੇ ਬਹੁਤ ਹੀ ਥੋੜ੍ਹੀ ਗਿਣਤੀ ਵਿੱਚ ਮਾਸਟਰਾਂ ਨੂੰ ਤਰੱਕੀ ਦੇ ਕੇ ਮੁੱਖ ਅਧਿਆਪਕ ਬਣਾਇਆ ਗਿਆ ਹੈ।
ਹੈੱਡਮਾਸਟਰਾਂ ਦੀਆਂ ਅਸਾਮੀਆਂ ਨੂੰ ਪ੍ਰਮੋਸ਼ਨ ਰਾਹੀਂ ਨਾ ਭਰਨਾ ਸਪੱਸ਼ਟ ਰੂਪ ਵਿਚ ਲੰਬੇ ਸਮੇਂ ਤੋਂ ਸਿੱਖਿਆ ਵਿਭਾਗ ਸੈਕੰਡਰੀ ਸਿੱਖਿਆ ਵਿੱਚ ਸੇਵਾ ਨਿਭਾ ਰਹੇ ਮਾਸਟਰ ਕਾਡਰ ਅਧਿਆਪਕਾਂ ਨਾਲ ਸਰਾਸਰ ਧੱਕਾ ਹੈ। ਇਸ ਸਬੰਧੀ ਸੂਬਾਈ ਆਗੂਆਂ ਨੇ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਕੋਲੋਂ ਇਸ ਧੱਕੇਸ਼ਾਹੀ ਵਿਰੁੱਧ ਪੁਰਜ਼ੋਰ ਮੰਗ ਕੀਤੀ ਕਿ ਮਾਸਟਰ ਕੇਡਰ ਤੋਂ ਬਤੌਰ ਹੈੱਡਮਾਸਟਰ ਤਰੱਕੀਆਂ ਸੀਨੀਆਰਤਾ ਸੂਚੀ ਨੂੰ ਹਰ ਪੱਖੋਂ ਮੁਕੰਮਲ ਕਰਕੇ ਤੁਰੰਤ ਮੁਕੰਮਲ ਕੀਤੀਆਂ ਜਾਣ ਤਾਂ ਜੋ ਲੰਬੇ ਸਮੇਂ ਤੋਂ ਉਡੀਕ ਕਰ ਰਹੇ ਅਧਿਆਪਕਾਂ ਨਾਲ ਬਣਦਾ ਇਨਸਾਫ ਹੋ ਸਕੇ। ਡੀਟੀਐਫ ਪੰਜਾਬ ਦੇ ਸੂਬਾਈ ਆਗੂਆਂ ਨੇ ਸਰਕਾਰ ਕੋਲੋਂ ਪੁਰਜ਼ੋਰ ਮੰਗ ਕੀਤੀ ਕਿ ਪਿਛਲੇ ਸਮੇਂ ਵਿਚ ਅਸਾਮੀਆਂ ਅਤੇ ਪ੍ਰਮੋਸ਼ਨ ਕੋਟਾ ਘਟਾਓਣ ਨਾਲ ਸਬੰਧਿਤ ਹੋਈਆਂ ਆਪ ਹੁਦਰੀਆਂ ਨੂੰ ਦਰੁਸਤ ਕੀਤਾ ਜਾਵੇ ਅਤੇ ਅਧਿਆਪਕਾਂ ਨੂੰ ਬਣਦਾ ਹੱਕ ਦਿੱਤਾ ਜਾਵੇ।