ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ 30 ਦਸੰਬਰ ਨੂੰ ਲੁਧਿਆਣਾ ਵਿਖੇ ਹੋਵੇਗੀ
ਲੁਧਿਆਣਾ 19 ਦਸੰਬਰ
ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਦੇ ਸੂਬਾ ਕਨਵੀਨਰ ਗੁਰਜੰਟ ਸਿੰਘ ਕੋਕਰੀ ਕਲਾਂ, ਰਣਦੀਪ ਸਿੰਘ ਸ੍ਰੀ ਫਤਿਹਗੜ੍ਹ ਸਾਹਿਬ, ਟਹਿਲ ਸਿੰਘ ਸਰਾਭਾ, ਕੰਵਲਜੀਤ ਸਿੰਘ ਰੋਪੜ, ਦਰਸ਼ੀ ਕਾਂਤ ਰਾਜਪੁਰਾ, ਗੁਰਇਕਬਾਲ ਸਿੰਘ ਪੀ ਏ ਯੂ, ਜਸਬੀਰ ਕੌਰ ਮਾਹੀ ਅਤੇ ਜਸਵਿੰਦਰ ਸਿੰਘ ਨਿਹਾਲ ਸਿੰਘ ਵਾਲਾ ਮੀਡੀਆ ਇੰਚਾਰਜ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਜਨਰਲ ਸਕੱਤਰ ਪ੍ਰਵੀਨ ਕੁਮਾਰ ਲੁਧਿਆਣਾ ਵੱਲੋਂ ਸਾਂਝਾ ਪ੍ਰੈਸ ਨੋਟ ਜਾਰੀ ਕਰਦੇ ਹੋਏ ਕਿਹਾ ਕਿ ਜਥੇਬੰਦੀ ਦੀ ਸੂਬਾਈ ਕਮੇਟੀ ਵੱਲੋਂ 30 ਦਸੰਬਰ 2022 ਨੂੰ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਲੁਧਿਆਣਾ ਵਿਖੇ ਮੀਟਿੰਗ ਕੀਤੀ ਜਾਵੇਗੀ| ਆਗੂਆਂ ਵੱਲੋਂ ਦੱਸਿਆ ਗਿਆ ਕਿ ਪੰਜਾਬ ਦੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰਦੇ ਹੋਏ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦਾ ਫੈਸਲਾ ਲਿਆ ਹੈ ਅਤੇ ਨੋਟੀਫਿਕੇਸ਼ਨ ਅਨੁਸਾਰ ਇਸ ਸਬੰਧੀ ਬਾਕੀ ਪ੍ਰਬੰਧ ਅਤੇ ਨਿਯਮ ਬਾਅਦ ਵਿੱਚ ਜਾਰੀ ਕਰਨ ਬਾਰੇ ਵੀ ਲਿਖਿਆ ਹੈ | ਜਿਸ ਨਾਲ ਪੰਜਾਬ ਦੇ ਮੁਲਾਜ਼ਮਾਂ ਵਿੱਚ ਪੰਜਾਬ ਸਰਕਾਰ ਪ੍ਰਤੀ ਸ਼ੱਕੀ ਮਾਹੌਲ ਬਣਿਆ ਹੋਇਆ ਹੈ ਕਿਉਂਕਿ ਨੋਟੀਫਿਕੇਸ਼ਨ ਕੋਈ ਵੀ ਸਥਿਤੀ ਸਪੱਸ਼ਟ ਨਹੀਂ ਕਰਦਾ| ਉਨ੍ਹਾਂ ਦੱਸਿਆ ਕਿ ਜਥੇਬੰਦੀ ਵੱਲੋਂ 17 ਅਗਸਤ 2022 ਦੀ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾਂ ਜੀ ਨਾਲ਼ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਪੈਨਲ ਮੀਟਿੰਗ ਹੋਈ ਸੀ ਜਿਸ ਵਿੱਚ ਆਗੂਆਂ ਵੱਲੋਂ ਤੱਥਾਂ ਸਮੇਤ ਗੱਲ ਕੀਤੀ ਗਈ ਸੀ ਅਤੇ ਮੰਤਰੀ ਸਾਹਿਬ ਵੱਲੋਂ ਮੰਨਿਆ ਗਿਆ ਸੀ ਕਿ 01-01-2004. ਤੋਂ ਪਹਿਲਾਂ ਲਾਗੂ ਪੁਰਾਣੀ ਪੈਨਸ਼ਨ ਸਕੀਮ ਹੂ-ਬਹੂ ਲਾਗੂ ਕੀਤੀ ਜਾਵੇਗੀ| ਇਸ ਸਮੇਂ ਆਗੂਆਂ ਵੱਲੋਂ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜਨਵਰੀ 2004 ਤੋਂ ਪਹਿਲਾਂ ਲਾਗੂ ਅਤੇ ਪੈਨਸ਼ਨ ਨਿਯਮ 1972 ਅਨੁਸਾਰ ਪੁਰਾਣੀ ਪੈਨਸ਼ਨ ਸਕੀਮ ਹੂਬਹੂ ਲਾਗੂ ਕਰਨ ਸਬੰਧੀ ਹਦਾਇਤਾਂ ਜਲਦੀ ਤੋਂ ਜਲਦੀ ਜਾਰੀ ਕੀਤੀਆਂ ਜਾਣ , ਨਹੀਂ ਤਾਂ ਪੰਜਾਬ ਦੇ ਲਗਭਗ 1.80 ਲੱਖ ਮੁਲਾਜਮ ਸੰਘਰਸ਼ ਕਰਨ ਲਈ ਮਜਬੂਰ ਹੋਣਗੇ | ਉਹਨਾਂ ਦੱਸਿਆ ਕਿ 30 ਦਸੰਬਰ ਦੀ ਮੀਟਿੰਗ ਵਿੱਚ ਅਗਲੇ ਪ੍ਰੋਗਰਾਮ ਅਤੇ ਐਕਸ਼ਨਾਂ ਦਾ ਫੈਸਲਾ ਕੀਤਾ ਜਾਵੇਗਾ| ਇਸ ਸਮੇਂ ਆਗੂਆਂ ਵੱਲੋਂ ਕੇਂਦਰ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਲਾਗੂ ਨਾ ਕਰਨ ਅਤੇ ਪੈਨਸ਼ਨ ਫੰਡ ਵਿਕਾਸ ਰੈਗੂਲੇਟਰੀ ਅਥਾਰਟੀ ਵੱਲੋਂ ਰਾਜਸਥਾਨ, ਛੱਤੀਸਗੜ੍ਹ, ਝਾਰਖੰਡ ਦੇ ਮੁਲਾਜ਼ਮਾਂ ਦੇ ਸ਼ੇਅਰ ਮਾਰਕੀਟ ਵਿੱਚ ਲਗਾਏ ਪੈਸੇ ਵਾਪਸ ਕਰਨ ਦੀ ਕੀਤੀ ਜਾ ਰਹੀ ਬੇਲੋੜੀ ਆਨਾ ਕਾਨੀ ਦੀ ਸਖਤ ਨਿੰਦਾ ਕੀਤੀ |