ਸਿੱਖਿਆ ਮੰਤਰੀ ਦੇ ਭਰੋਸੇ ਸਿਰਫ਼ ਲਾਰੇ, 23 ਅਪ੍ਰੈਲ ਨੂੰ ਹੋਵੇਗੀ ਸੂਬਾ ਪੱਧਰੀ ਰੋਸ ਰੈਲੀ: ਡੀ ਟੀ ਐੱਫ


*ਅਧਿਆਪਕ ਮੰਗਾਂ ਸਬੰਧੀ ਸਿੱਖਿਆ ਮੰਤਰੀ ਦੇ ਭਰੋਸੇ ਹੁਣ ਤੱਕ ਲਾਰੇ ਸਾਬਤ ਹੋਏ: ਡੀ ਟੀ ਐੱਫ*

*23 ਅਪ੍ਰੈਲ ਨੂੰ ਮੁੱਖ ਮੰਤਰੀ ਦੇ ਹਲਕੇ ਸੰਗਰੂਰ ਵਿਖੇ ਸੂਬਾ ਪੱਧਰੀ ਰੋਸ ਰੈਲੀ* : *ਡੀ ਟੀ ਐੱਫ*


*ਰੈਗੂਲਰਾਈਜੇਸ਼ਨ, ਤਰੱਕੀਆਂ ਅਤੇ ਭੱਤੇ ਬਹਾਲੀ ਦੀਆਂ ਮੰਗਾਂ ਨੂੰ ਲੈ ਕੇ ਡੀ ਟੀ ਐੱਫ ਵੱਲੋਂ ਰੈਲੀ ਦਾ ਐਲਾਨ*


ਅੰਮ੍ਰਿਤਸਰ, 31 ਮਾਰਚ 2023 (Pbjobsoftoday): ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਆਗੂਆਂ ਦੀ 30 ਦਸੰਬਰ 2022 ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਹੋਈ ਪੈਨਲ ਮੀਟਿੰਗ ਦੌਰਾਨ ਉਨ੍ਹਾਂ ਵੱਲੋਂ ਪਿਛਲੇ 11 ਸਾਲਾਂ ਤੋਂ ਪੈਂਡਿੰਗ 7654, 3442, 5178 ਓਪਨ ਡਿਸਟੈਂਸ ਲਰਨਿੰਗ (ਓ.ਡੀ.ਐੱਲ.) ਅਧਿਆਪਕਾਂ ਦੇ ਰੈਗੂਲਰ ਆਰਡਰ ਜਾਰੀ ਕਰਨ ਦਾ ਭਰੋਸਾ ਹੁਣ ਤੱਕ ਸਿਰਫ ਲਾਰਾ ਹੀ ਸਾਬਿਤ ਹੋਇਆ ਹੈ। ਅਧਿਆਪਕ ਮੰਗਾਂ ਤੇ ਇਸ ਤਰ੍ਹਾਂ ਦੀ ਲਾਰੇਬਾਜ਼ੀ ਖਿਲਾਫ ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ, ਵਿੱਤ ਸਕੱਤਰ ਅਸ਼ਵਨੀ ਅਵਸਥੀ, ਓ ਡੀ ਐੱਲ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਬਲਜਿੰਦਰ ਗਰੇਵਾਲ ਅਤੇ ਸੂਬਾ ਮੀਤ ਪ੍ਰਧਾਨ ਜਤਿੰਦਰ ਸਿੰਘ ਮਲੇਰਕੋਟਲਾ ਨੇ 23 ਅਪ੍ਰੈਲ ਨੂੰ ਮੁੱਖ ਮੰਤਰੀ ਪੰਜਾਬ ਦੇ ਹਲਕੇ ਸੰਗਰੂਰ ਵਿਖੇ ਰੋਸ ਰੈਲੀ ਕਰਨ ਦਾ ਐਲਾਨ ਕੀਤਾ। 



       ਆਗੂਆਂ ਗੁਰਬਿੰਦਰ ਸਿੰਘ ਖਹਿਰਾ, ਜਰਮਨਜੀਤ ਸਿੰਘ, ਗੁਰਦੇਵ ਸਿੰਘ, ਹਰਜਾਪ ਸਿੰਘ ਬੱਲ, ਰਾਜੇਸ਼ ਕੁਮਾਰ ਪ੍ਰਾਸ਼ਰ, ਨਿਰਮਲ ਸਿੰਘ, ਮਨਪ੍ਰੀਤ ਸਿੰਘ, ਸੁਖਜਿੰਦਰ ਸਿੰਘ ਜੱਬੋਵਾਲ, ਕੁਲਦੀਪ ਸਿੰਘ ਵਰਨਾਲੀ, ਕੇਵਲ ਸਿੰਘ, ਨਰਿੰਦਰ ਸਿੰਘ ਮੱਲੀਆਂ, ਵਿਸ਼ਾਲ ਕਪੂਰ, ਵਿਕਾਸ ਚੌਹਾਨ, ਵਿਸ਼ਾਲ ਚੌਹਾਨ, ਚੇਤਨ ਤੇੜਾ ਆਦਿ ਨੇ ਇਸ ਸਬੰਧੀ ਵਿਸਤ੍ਰਿਤ ਜਾਣਕਾਰੀ ਦਿੰਦਿਆਂ ਦੱਸਿਆ ਕਿ 7654, 3442 ਅਤੇ 5178 ਭਰਤੀਆਂ ਵਿੱਚੋਂ 125 ਦੇ ਕਰੀਬ ਓਡੀਐਲ ਅਧਿਆਪਕਾਂ ਦੇ ਰੈਗੂਲਰ ਆਰਡਰ ਪਿਛਲੇ ਲਗਭਗ 11 ਸਾਲਾਂ ਤੋਂ ਵਿਭਾਗ ਵਿੱਚ ਕੰਮ ਕਰ ਰਹੇ ਹਨ ਪਰ ਹਾਲੇ ਤੱਕ ਇੰਨ੍ਹਾਂ ਨੂੰ ਰੈਗੂਲਰ ਨਹੀਂ ਕੀਤਾ ਗਿਆ ਹੈ। ਇਹਨਾਂ ਅਧਿਆਪਕਾਂ ਨੂੰ ਪਿਛਲੇ 11 ਸਾਲਾਂ ਤੋਂ ਸਿਰਫ 10,300/- ਰੁਪਏ ਪ੍ਰਤੀ ਮਹੀਨਾ ਬੱਝਵੀਂ ਤਨਖਾਹ ਦੇ ਕੇ ਇਨ੍ਹਾਂ ਦਾ ਆਰਥਿਕ ਅਤੇ ਮਾਨਸਿਕ ਸ਼ੋਸ਼ਣ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਤੋਂ ਬਾਹਰ ਸਥਿਤ ਯੂਨੀਵਰਸਿਟੀਆਂ ਤੋਂ ਓਪਨ ਡਿਸਟੈਂਸ ਲਰਨਿੰਗ ਮੋਡ ਰਾਹੀਂ ਹਾਸਲ ਵਿੱਦਿਅਕ ਯੋਗਤਾਵਾਂ ਦੇ ਅਧਾਰ 'ਤੇ ਪੰਜਾਬ ਦੇ ਵੱਖ-ਵੱਖ ਵਿਭਾਗਾਂ ਵਿੱਚ ਇਨ੍ਹਾਂ 125 ਅਧਿਆਪਕਾਂ ਤੋਂ ਪਹਿਲਾਂ ਅਤੇ ਬਾਅਦ ਵਿੱਚ ਵੀ ਹਜ਼ਾਰਾਂ ਕਰਮਚਾਰੀ ਨਿਯੁਕਤ ਕੀਤੇ ਗਏ ਹਨ ਅਤੇ ਨਿਰੰਤਰ ਤਰੱਕੀਆਂ ਕੀਤੀਆਂ ਜਾ ਰਹੀਆਂ ਹਨ, ਪ੍ਰੰਤੂ ਸਿੱਖਿਆ ਵਿਭਾਗ ਨੇ ਸਿਰਫ ਇਨ੍ਹਾਂ 125 ਅਧਿਆਪਕਾਂ ਨੂੰ ਹੀ ਇਹਨਾਂ ਦੇ ਬਣਦੇ ਰੈਗੂਲਰਾਈਜੇ਼ਸ਼ਨ ਦੇ ਹੱਕ ਤੋਂ ਵਾਂਝਾ ਰੱਖਿਆ ਹੋਇਆ ਹੈ। ਆਗੂਆਂ ਨੇ ਦੱਸਿਆ ਕਿ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪਟੀਸ਼ਨ ਨੰ: 11049/2017 ਕਰਮਜੀਤ ਕੌਰ ਬਨਾਮ ਪੰਜਾਬ ਸਰਕਾਰ ਦੇ ਹੋਏ ਫੈਸਲੇ ਵਿੱਚ ਇਨ੍ਹਾਂ ਅਧਿਆਪਕਾਂ ਨੂੰ ਰੈਗੂਲਰ ਕਰਨ ਦੇ ਹੁਕਮਾਂ ਦੇ ਬਾਵਜੂਦ ਪੰਜਾਬ ਸਰਕਾਰ ਇੰਨ੍ਹਾਂ ਅਧਿਆਪਕਾਂ ਨੂੰ ਰੈਗੂਲਰ ਕਰਨ ਤੋਂ ਟਾਲਾ ਵੱਟ ਰਹੀ ਹੈ। ਉਨ੍ਹਾਂ ਐਲਾਨ ਕੀਤਾ ਕਿ ਓਡੀਐੱਲ ਅਧਿਆਪਕਾਂ ਦੇ ਪੈਂਡਿੰਗ ਰੈਗੂਲਰ ਆਰਡਰ ਜਾਰੀ ਕਰਵਾਉਣ, ਹਰ ਕਾਡਰ ਦੀਆਂ ਨਿਰੰਤਰ ਤਰੱਕੀਆਂ ਕਰਾਉਣ, ਪੇਂਡੂ ਭੱਤੇ ਸਮੇਤ ਰੋਕੇ ਹੋਏ ਹੋਰ ਭੱਤੇ ਬਹਾਲ ਕਰਾਉਣ, ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਸਮੱਸਿਆਵਾਂ ਦੇ ਹੱਲ ਕੱਢਣ ਦੀਆਂ ਅਧਿਆਪਕ ਮੰਗਾਂ ਨੂੰ ਲੈ ਕੇ 23 ਅਪ੍ਰੈਲ 2023 ਨੂੰ ਮੁੱਖ ਮੰਤਰੀ ਪੰਜਾਬ ਦੇ ਹਲਕੇ ਸੰਗਰੂਰ ਵਿਖੇ ਰੋਸ ਰੈਲੀ ਕੀਤੀ ਜਾਵੇਗੀ। ਜਾਰੀ ਕਰਤਾ

ਡੀ.ਟੀ.ਐਫ.ਪੰਜਾਬ,

ਅੰਮ੍ਰਿਤਸਰ ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends