*ਦਾਖ਼ਲਾ ਮੁਹਿੰਮ ਅਤੇ ਨਵੇਂ ਵਿੱਦਿਅਕ ਸੈਸ਼ਨ ਨੂੰ ਲੈਕੇ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਬਲਾਕ ਪਠਾਨਕੋਟ-2 ਦੇ ਸਕੂਲ ਮੁਖੀਆਂ ਨਾਲ ਮੀਟਿੰਗ ਆਯੋਜਿਤ*
*ਜ਼ਿਲ੍ਹਾ ਪਠਾਨਕੋਟ ਵਿੱਚ ਘਰ-ਘਰ ਤੱਕ ਪਹੁੰਚ ਬਣਾ ਕੇ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ‘ਚ ਦਾਖਲਾ ਲੈਣ ਲਈ ਪ੍ਰੇਰਿਤ ਕਰਨ ਦੀ ਮੁਹਿੰਮ ਜਾਰੀ :- ਜ਼ਿਲ੍ਹਾ ਅਧਿਕਾਰੀ।*
*ਨਵੇਂ ਦਾਖਲ ਹੋਣ ਵਾਲੇ ਵਿਦਿਆਰਥੀਆਂ ਨੂੰ ਤਰੁੰਤ ਕਿਤਾਬਾਂ ਕੀਤੀਆਂ ਜਾਣ ਜਾਰੀ – ਕਮਲਦੀਪ ਕੌਰ।*
ਪਠਾਨਕੋਟ, 24 ਅਪ੍ਰੈਲ(ਬਲਕਾਰ ਅੱਤਰੀ
) ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਦਿਆਰਥੀਆਂ ਨੂੰ ਵੱਡੇ ਪੱਧਰ 'ਤੇ ਸਰਕਾਰੀ ਸਕੂਲਾਂ ‘ਚ ਦਾਖਲ ਕਰਵਾਉਣ ਲਈ ਜਾਰੀ ਵਿਸ਼ੇਸ਼ ਮੁਹਿੰਮ ਲਗਾਤਾਰ ਚੱਲ ਰਹੀ ਹੈ ਅਤੇ ਇਸ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਸਿੱਖਿਆ ਮੰਤਰੀ ਪੰਜਾਬ ਸਰਦਾਰ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪਠਾਨਕੋਟ ਵਿੱਚ ਇਸ ਮੁਹਿੰਮ ਨੂੰ ਹੋਰ ਰਫ਼ਤਾਰ ਦੇਣ ਲਈ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਰੋਟ ਮਹਿਰਾ ਵਿਖੇ ਬੀਪੀਈਓ ਸ੍ਰੀ ਨਰੇਸ਼ ਪਨਿਆੜ ਦੀ ਅਗਵਾਈ ਹੇਠ ਬਲਾਕ ਪਠਾਨਕੋਟ-2 ਦੇ ਸਮੂਹ ਸਕੂਲ ਮੁਖੀਆਂ ਅਤੇ ਦਫ਼ਤਰੀ ਅਮਲੇ ਨਾਲ ਨਵੇਂ ਦਾਖਲੇ ਅਤੇ ਨਵੇਂ ਵਿੱਦਿਅਕ ਸੈਸ਼ਨ ਨੂੰ ਲੈਕੇ ਮੀਟਿੰਗ ਕੀਤੀ ਗਈ। ਜਿਸ ਵਿੱਚ ਜ਼ਿਲ੍ਹਾ ਦਾਖ਼ਲਾ ਕਮੇਟੀ ਚੇਅਰਮੈਨ ਕਮ ਜ਼ਿਲ੍ਹਾ ਸਿੱਖਿਆ ਅਫ਼ਸਰ (ਐ. ਸਿੱ.) ਸ੍ਰੀਮਤੀ ਕਮਲਦੀਪ ਕੌਰ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ. ਸਿੱ.) ਸ੍ਰੀ ਡੀਜੀ ਸਿੰਘ ਨੇ ਮੁੱਖ ਤੌਰ ਤੇ ਸ਼ਾਮਿਲ ਹੋ ਕੇ ਅਧਿਆਪਕਾਂ ਨੂੰ ਪ੍ਰੇਰਿਤ ਕਰਦਿਆਂ ਵਿਸਤਾਰ ਨਾਲ ਦਾਖ਼ਲਾ ਮੁਹਿੰਮ ਦੇ ਹਰ ਪੱਖ ਦਾ ਰਿਵਿਊ ਕੀਤਾ। ਜ਼ਿਲ੍ਹਾ ਅਧਿਕਾਰੀਆਂ ਨੇ ਸਕੂਲ ਮੁਖੀਆਂ ਨੂੰ ਦਾਖਲ ਹੋਏ ਸਾਰੇ ਵਿਦਿਆਰਥੀਆਂ ਨੂੰ ਤੁਰੰਤ ਕਿਤਾਬਾਂ ਜਾਰੀ ਕਰਨ, ਸਕੂਲ ਨੂੰ ਸਾਫ਼ ਸੁਥਰਾ ਰੱਖਣ, ਮਿਡ ਡੇ ਮੀਲ ਮੀਨੂੰ ਅਨੁਸਾਰ ਬਣਾਉਣ ਅਤੇ ਸਮੂਚਾ ਰਿਕਾਰਡ ਵਿਭਾਗ ਦੇ ਈ-ਪੰਜਾਬ ਪੋਰਟਲ ਤੇ ਅਪਡੇਟ ਕਰਨ ਲਈ ਪ੍ਰੇਰਿਤ ਕੀਤਾ। ਇਸ ਸਬੰਧੀ ਉਨ੍ਹਾਂ ਦਫ਼ਤਰੀ ਅਮਲੇ ਨੂੰ ਸਮੂਹ ਸਕੂਲ ਮੁਖੀਆਂ ਨੂੰ ਸਕੂਲੀ ਰਿਕਾਰਡ ਅਪਡੇਟ ਕਰਨ ਲਈ ਪੂਰੀ ਸਹਾਇਤਾ ਕਰਨ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਕਮ ਦਾਖ਼ਲਾ ਕਮੇਟੀ ਚੇਅਰਮੈਨ ਸ੍ਰੀਮਤੀ ਕਮਲਦੀਪ ਕੌਰ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਡੀਜੀ ਸਿੰਘ ਨੇ ਦੱਸਿਆ ਕਿ ਇਸ ਸਾਲ ਲਈ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਮੁਹਿੰਮ ਪੂਰੇ ਜ਼ੋਰਾਂ ਨਾਲ ਚੱਲ ਰਹੀ ਹੈ, ਜਿਸ ਵਿੱਚ ਸਿੱਖਿਆ ਅਧਿਕਾਰੀ, ਅਧਿਆਪਕ ਅਤੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਰਾਹੀਂ ਘਰ ਘਰ ਤੱਕ ਪਹੁੰਚ ਬਣਾ ਕੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਲਿਆਂਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਨੂੰ ਮਿਲੇ ਟੀਚੇ ਨੂੰ ਹਾਸਿਲ ਕਰਨ ਲਈ ਜ਼ਿਲ੍ਹਾ ਪੱਧਰ 'ਤੇ ਵੱਡੀ ਯੋਜਨਾ ਉਲੀਕੀ ਗਈ ਹੈ। ਇਸ ਯੋਜਨਾ ਤਹਿਤ ਸਾਰੇ ਬਲਾਕਾਂ ਵਿੱਚ ਪੜਾਅਵਾਰ ਪ੍ਰੇਰਣਾਦਾਇਕ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਉੱਚ ਯੋਗਤਾ ਵਾਲੇ ਅਧਿਆਪਕ ਅਤੇ ਉੱਤਮ ਦਰਜੇ ਦਾ ਬੁਨਿਆਦੀ ਢਾਂਚਾ ਹੈ ਜਿੱਥੋਂ ਵਿਦਿਆਰਥੀ ਸਮੇਂ ਦੇ ਹਾਣ ਦੀ ਸਿੱਖਿਆ ਗ੍ਰਹਿਣ ਕਰ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਲੋਕਾਂ ਨੂੰ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਮਿਲਦੀਆਂ ਸਹੁਲਤਾਂ ਦੀ ਜਾਣਕਾਰੀ ਇਸ ਮੁਹਿੰਮ ਦੌਰਾਨ ਦਿੱਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰੀ ਸਕੂਲਾਂ ਪ੍ਰਤੀ ਲੋਕਾਂ ਦਾ ਨਜ਼ਰੀਆ ਬਦਲਿਆ ਹੈ ਅਤੇ ਹੁਣ ਲੋਕ ਆਪਣੇ ਬੱਚਿਆਂ ਨੂੰ ਮੁੜ ਸਰਕਾਰੀ ਸਕੂਲਾਂ ਵਿਚ ਦਾਖ਼ਲ ਕਰਵਾਉਣ ਵਿਚ ਰੂਚੀ ਲੈ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀਆਂ ਦੇ ਦਾਖਲੇ ਲਈ ਨੇੜੇ ਦੇ ਸਕੂਲ ਦੇ ਨਾਲ-ਨਾਲ ਹੁਣ ਆਨਲਾਈਨ ਪੋਰਟਲ ਤੇ ਵੀ ਰਜਿਸਟਰ ਕਰਵਾਇਆ ਜਾ ਸਕਦਾ ਹੈ।
ਬੀਪੀਈਓ ਸ੍ਰੀ ਨਰੇਸ਼ ਪਨਿਆੜ ਨੇ ਕਿਹਾ ਕਿ ਇਸ ਦਾਖ਼ਲਾ ਅਭਿਆਨ ਦੌਰਾਨ ਅਧਿਆਪਕ ਸਮਾਜ ਵਿੱਚ ਰਾਬਤਾ ਕਾਇਮ ਕਰਕੇ ਮਾਪਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲੇ ਬਾਰੇ ਜਾਣਕਾਰੀ ਦੇ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਅਗਲੀ ਕਲਾਸ ਵਿੱਚ ਹੋਣ ਵਾਲੇ ਵਿਦਿਆਰਥੀਆਂ ਦੇ ਮੁੜ ਸਰਕਾਰੀ ਸਕੂਲਾਂ ਵਿੱਚ ਦਾਖਲੇ ਦੇ ਨਾਲ-ਨਾਲ ਸਕੂਲਾਂ ਤੋਂ ਵਾਂਝੇ ਵਿਦਿਆਰਥੀਆਂ ਨੂੰ ਵੀ ਸਕੂਲਾਂ ਵਿਚ ਦਾਖਲ ਕੀਤਾ ਜਾ ਰਿਹਾ ਹੈ।
*ਸਰਪੰਚਾਂ, ਪੰਚਾਂ, ਆਂਗਣਵਾੜੀ ਵਰਕਰਾਂ, ਮਿਡ ਡੇ ਮੀਲ ਵਰਕਰਾਂ ਸਮੇਤ ਪਿੰਡ ਦੇ ਮੋਹਤਬਰਾਂ ਵੱਲੋਂ ਦਿੱਤਾ ਜਾ ਰਿਹਾ ਭਰਵਾਂ ਹੁੰਗਾਰਾ।*
ਜ਼ਿਲ੍ਹਾ ਅਧਿਕਾਰੀਆਂ ਨੇ ਦੱਸਿਆ ਕਿ ਦਾਖ਼ਲਾ ਮੁਹਿੰਮ ਨੂੰ ਪਿੰਡਾਂ ਦੇ ਸਰਪੰਚਾਂ, ਪੰਚਾਂ, ਆਂਗਣਵਾੜੀ ਵਰਕਰਾਂ, ਮਿਡ ਡੇ ਮੀਲ ਵਰਕਰਾਂ ਸਮੇਤ ਪਿੰਡ ਦੇ ਮੋਹਤਬਰਾਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ ਅਤੇ ਦਾਖ਼ਲਾ ਮੁਹਿੰਮ ਦੌਰਾਨ ਘਰਾਂ ਘਰਾਂ ਵਿੱਚ ਨਾਲ ਜਾ ਕੇ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਕੋਆਰਡੀਨੇਟਰ ਵਨੀਤ ਮਹਾਜਨ, ਸਮਾਰਟ ਸਕੂਲ ਕੋਆਰਡੀਨੇਟਰ ਸੰਜੀਵ ਮਨੀ, ਸਮੇਤ ਸਮੂਹ ਸਕੂਲ ਮੁਖੀ ਅਤੇ ਦਫ਼ਤਰੀ ਸਟਾਫ਼ ਹਾਜ਼ਰ ਸੀ।