*ਸਾਂਝੇ ਅਧਿਆਪਕ ਮੋਰਚੇ ਵੱਲੋਂ ਵਲੰਟੀਅਰ ਅਧਿਆਪਕਾਂ ਨੂੰ ਜਾਰੀ ਝੂਠੇ ਨੋਟਿਸ ਵਾਪਸ ਲੈਣ ਦੀ ਕੀਤੀ ਮੰਗ*
*ਮ੍ਰਿਤਕ ਅਧਿਆਪਕਾਂ ਦੇ ਵਾਰਸਾਂ ਨੂੰ ਯੋਗ ਮੁਆਵਜ਼ਾ, ਸਰਕਾਰੀ ਨੌਕਰੀ, ਜ਼ਖ਼ਮੀਆਂ ਦੇ ਮੁਫ਼ਤ ਇਲਾਜ ਅਤੇ ਅਧਿਆਪਕਾਂ ਦੀ ਘਰਾਂ ਨੇੜੇ ਨਿਯੁਕਤੀ ਦੀ ਮੰਗ*
*ਪੰਜਾਬ-ਯੂ. ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫਰੰਟ ਵੱਲੋਂ ਜ਼ਿਮਨੀ ਚੋਣ ਸਮੇਂ ਝੰਡਾ ਮਾਰਚਾਂ ਵਿੱਚ ਭਰਵੀਂ ਸ਼ਮੂਲੀਅਤ ਅਤੇ ਮਾਸ ਡੈਪੂਟੇਸ਼ਨ ਦਾ ਫੈਸਲਾ*
*ਪਹਿਲੀ ਜੂਨ ਨੂੰ ਵਿਦਿਆ ਭਵਨ ਮੋਹਾਲੀ ਵਿਖੇ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ*
ਚੰਡੀਗੜ੍ਹ 16 ਅਪ੍ਰੈਲ (JOBSOFTODAY)
ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਵਰਚਉਅਲ ਮੀਟਿੰਗ ਸੁਰਿੰਦਰ ਕੁਮਾਰ ਪੁਆਰੀ ਦੀ ਪ੍ਰਧਾਨਗੀ ਵਿੱਚ ਹੋਈ। ਜਿਸ ਵਿੱਚ ਬਾਜ ਸਿੰਘ ਖਹਿਰਾ, ਗੁਰਜੰਟ ਸਿੰਘ ਵਾਲੀਆ, ਸੁਖਵਿੰਦਰ ਸਿੰਘ ਚਾਹਲ, ਸੁਰਿੰਦਰ ਕੰਬੋਜ਼, ਸੁਖਰਾਜ ਸਿੰਘ ਕਾਹਲੋਂ, ਸ਼ਮਸ਼ੇਰ ਸਿੰਘ, ਬਲਜੀਤ ਸਿੰਘ ਸਲਾਣਾ, ਹਰਵਿੰਦਰ ਸਿੰਘ ਬਿਲਗਾ, ਜਸਵਿੰਦਰ ਸਿੰਘ ਔਲਖ, ਸੁਖਜਿੰਦਰ ਸਿੰਘ ਹਰੀਕਾ, ਹਰਬੀਰ ਸਿੰਘ ਸਾਨੀਪੁਰ, ਪਰਮਵੀਰ ਸਿੰਘ, ਕੁਲਵਿੰਦਰ ਸਿੰਘ ਬਾਠ ਅਤੇ ਅਮਨਬੀਰ ਸਿੰਘ ਗੁਰਾਇਆ ਸ਼ਾਮਲ ਸਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੁਲਦੀਪ ਸਿੰਘ ਦੌੜਕਾ ਨੇ ਦੱਸਿਆ ਕਿ ਸਿੱਖਿਆ ਮੰਤਰੀ ਪੰਜਾਬ ਵੱਲੋਂ ਕੱਚੇ ਅਧਿਆਪਕ ਆਗੂਆਂ ਨਾਲ 28 ਮਾਰਚ ਨੂੰ ਮੀਟਿੰਗ ਕਰਨ ਦਾ ਸਮਾਂ ਦਿੱਤਾ ਗਿਆ ਸੀ, ਪਰ 28 ਮਾਰਚ ਨੂੰ ਮੀਟਿੰਗ ਨਹੀਂ ਕੀਤੀ ਗਈ। ਫਿਰ 5 ਅਪ੍ਰੈਲ ਨੂੰ ਮੀਟਿੰਗ ਦਾ ਸਮਾਂ ਦਿੱਤਾ ਗਿਆ, ਉਸ ਦਿਨ ਵੀ ਮੀਟਿੰਗ ਨਹੀਂ ਕੀਤੀ ਗਈ। ਉਸ ਤੋਂ ਬਾਅਦ 11 ਅਪ੍ਰੈਲ ਨੂੰ 11 ਵਜੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਸਿੱਖਿਆ ਮੰਤਰੀ ਨਾਲ ਮੀਟਿੰਗ ਕਰਨ ਦਾ ਸਮਾਂ ਦਿੱਤਾ ਗਿਆ ਸੀ। ਪਰ ਮੰਤਰੀ ਸਾਹਿਬ ਕੱਚੇ ਅਧਿਆਪਕਾਂ ਨਾਲ ਮੀਟਿੰਗ ਕਰਨ ਲਈ ਪੰਜਾਬ ਭਵਨ ਨਾ ਪੁੱਜ ਸਕੇ। ਫਿਰ ਮੀਟਿੰਗ ਦਾ ਸਮਾਂ 3 ਵਜੇ ਕਰ ਦਿੱਤਾ ਗਿਆ। ਪਰ ਜਦੋਂ ਮੰਤਰੀ ਜੀ 5:30 ਵਜੇ ਤੱਕ ਵੀ ਨਾ ਪੁੱਜ ਸਕੇ ਤਾਂ ਤੜਕੇ ਤੋਂ ਪੱਕੇ ਹੋਣ ਦੀ ਆਸ ਵਿੱਚ ਘਰੋਂ ਤੁਰੇ ਕੱਚੇ ਅਧਿਆਪਕਾਂ ਦਾ ਸਬਰ ਦਾ ਬੰਨ੍ਹ ਟੁੱਟ ਗਿਆ। ਉਨ੍ਹਾਂ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ। ਜਿਸ ਉਪਰੰਤ ਸਿੱਖਿਆ ਮੰਤਰੀ ਜੀ ਨੇ ਆਉਂਦੇ ਸਾਰ ਨਾਅਰੇਬਾਜ਼ੀ ਕਰਨ ਵਾਲੇ ਅਧਿਆਪਕਾਂ ਨੂੰ ਮੀਟਿੰਗ ਵਿੱਚੋਂ ਬਾਹਰ ਕੱਢਣ ਦਾ ਹੁਕਮ ਸੁਣਾ ਦਿੱਤਾ।
ਉਪਰੋਕਤ ਘਟਨਾਕ੍ਰਮ ਉਪਰੰਤ ਡਾਇਰੈਕਟਰ ਜਨਰਲ ਸਕੂਲ ਐਜੂਕੇਸ਼ਨ ਵਲੋਂ 13 ਅਪ੍ਰੈਲ ਨੂੰ ਕੱਚੇ ਅਧਿਆਪਕ ਯੂਨੀਅਨ ਪੰਜਾਬ ਦੇ ਕਨਵੀਨਰ ਸੁਖਚੈਨ ਸਿੰਘ ਗੁਰਨੇ, ਈ. ਜੀ. ਐਸ. ਵਲੰਟੀਅਰ, ਸਰਕਾਰੀ ਪ੍ਰਾਇਮਰੀ ਸਕੂਲ ਕੇ. ਕੇ. ਗੌੜ, ਜ਼ਿਲ੍ਹਾ ਮਾਨਸਾ ਅਤੇ ਸੰਦੀਪ ਸਿੰਘ, ਏ. ਆਈ. ਈ. ਵਲੰਟੀਅਰ, ਸਰਕਾਰੀ ਪ੍ਰਾਇਮਰੀ ਸਕੂਲ ਫਫੜੇ ਭਾਈ ਕੇ, ਜ਼ਿਲ੍ਹਾ ਮਾਨਸਾ ਨੂੰ ਪੰਜਾਬ ਭਵਨ ਚੰਡੀਗੜ੍ਹ ਵਿਖੇ ਸਿੱਖਿਆ ਮੰਤਰੀ ਦੀ ਗੱਡੀ ਉੱਤੇ ਹਮਲਾ ਕਰਨ ਅਤੇ ਸਰਕਾਰ ਵਿਰੁੱਧ ਲੋਕਾਂ ਨੂੰ ਭੜਕਾਉਣ ਦਾ ਝੂਠਾ ਦੋਸ਼ ਲਗਾ ਕੇ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ।
ਇਨ੍ਹਾਂ ਵਿੱਚੋਂ ਸੰਦੀਪ ਸਿੰਘ 11 ਅਪ੍ਰੈਲ ਨੂੰ ਮਾਨਸਾ ਜ਼ਿਲ੍ਹੇ ਦੇ ਆਪਣੇ ਸਕੂਲ ਵਿੱਚ ਅਤੇ ਛੁੱਟੀ ਬਾਅਦ ਆਪਣੇ ਘਰ ਵਿੱਚ ਹੀ ਹਾਜ਼ਰ ਸਨ।
ਸਾਂਝਾ ਅਧਿਆਪਕ ਮੋਰਚਾ ਪੰਜਾਬ ਨੇ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਲਈ ਦਹਾਕਿਆਂ ਬੱਧੀ ਲਾਰੇ ਲੱਪੇ ਲਾ ਕੇ ਅਤੇ ਐਲਾਨ ਕਰਕੇ ਹੀ ਡੰਗ ਸਾਰਨ ਦੀ ਨੀਤੀ ਵਿਰੁੱਧ ਨਾਅਰੇਬਾਜ਼ੀ ਕਰਨ ਨੂੰ ਮੰਤਰੀ ਜੀ ਦੀ ਗੱਡੀ ਉੱਤੇ ਹਮਲਾ ਅਤੇ ਸਰਕਾਰ ਵਿਰੁੱਧ ਲੋਕਾਂ ਨੂੰ ਭੜਕਾਉਣ ਦੇ ਦੋਸ਼ ਲਗਾਉਣ ਦੀ ਵਿਭਾਗ ਦੀ ਕਾਰਵਾਈ ਦੀ ਨਿਖੇਧੀ ਕੀਤੀ ਅਤੇ ਕਾਰਨ ਦੱਸੋ ਨੋਟਿਸ ਵਾਪਸ ਲੈਣ ਦੀ ਮੰਗ ਕੀਤੀ।
ਨਵ ਨਿਯੁਕਤ ਅਧਿਆਪਕਾਂ ਨੂੰ ਰਿਹਾਇਸ਼ ਦੇ ਨੇੜੇ ਨਿਯੁਕਤ ਕਰਨ ਦੀ ਕੋਠਾਰੀ ਕਮਿਸ਼ਨ ਦੀ ਸਿਫ਼ਾਰਿਸ਼ ਦੇ ਉਲਟ ਘਰਾਂ ਤੋਂ ਦੂਰ ਦੁਰਾਡੇ ਦੇ ਜ਼ਿਲ੍ਹਿਆਂ ਵਿੱਚ ਨਿਯੁਕਤ ਕਰਨ ਦੇ ਸਿੱਟੇ ਵਜੋਂ ਸੜਕੀ ਦੁਰਘਟਨਾਵਾਂ ਵਿੱਚ ਅਧਿਆਪਕਾਂ ਦੀਆਂ ਕੀਮਤੀ ਜਾਨਾਂ ਜਾ ਰਹੀਆਂ ਹਨ। ਪਰ ਫ਼ਾਜ਼ਿਲਕਾ ਤੋਂ ਤਰਨਤਾਰਨ ਸੇਵਾਵਾਂ ਨਿਭਾਉਣ ਜਾਂਦੇ ਸਮੇਂ ਫਿਰੋਜ਼ਪੁਰ ਵਿਖੇ ਹੋਈ ਦੁਰਘਟਨਾ ਵਿੱਚ ਜਾਨਾਂ ਗਵਾ ਚੁੱਕੇ ਅਧਿਆਪਕਾਂ ਦੇ ਵਾਰਸਾਂ ਅਤੇ ਜ਼ਖ਼ਮੀ ਅਧਿਆਪਕਾਂ ਪ੍ਰਤੀ ਪੰਜਾਬ ਸਰਕਾਰ, ਸਿੱਖਿਆ ਮੰਤਰੀ ਅਤੇ ਸਿੱਖਿਆ ਵਿਭਾਗ ਵੱਲੋਂ ਸੰਵੇਦਨਹੀਣਤਾ ਦਿਖਾਉਂਦੇ ਹੋਏ ਉਨ੍ਹਾਂ ਅਧਿਆਪਕਾਂ ਦੀ ਸਾਰ ਨਹੀਂ ਲਈ ਗਈ। ਮੋਰਚੇ ਦੇ ਆਗੂਆਂ ਨੇ ਮ੍ਰਿਤਕ ਅਧਿਆਪਕਾਂ ਦੇ ਵਾਰਸਾਂ ਨੂੰ ਯੋਗ ਮੁਆਵਜ਼ਾ, ਸਰਕਾਰੀ ਨੌਕਰੀ ਅਤੇ ਜ਼ਖ਼ਮੀਆਂ ਦੇ ਮੁਫ਼ਤ ਇਲਾਜ ਦੀ ਮੰਗ ਕੀਤੀ। ਇਸ ਸਬੰਧੀ ਪਹਿਲਾਂ ਹੀ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਨੂੰ ਮੰਗ-ਪੱਤਰ ਭੇਜਿਆ ਗਿਆ ਹੈ।
ਪਿਛਲੇ ਸਮੇਂ ਵਿੱਚ ਸਿੱਖਿਆ ਮੰਤਰੀ ਨਾਲ ਹੋਈਆਂ ਮੀਟਿੰਗਾਂ ਵਿੱਚ ਬਣੀਆਂ ਸਹਿਮਤੀਆਂ ਨੂੰ ਲਾਗੂ ਨਾ ਕਰਨ ਸਬੰਧੀ ਜਲਦ ਹੀ ਮੋਰਚੇ ਦਾ ਮਾਸ ਡੈਪੂਟੇਸ਼ਨ ਜ਼ਿਮਨੀ ਚੋਣ ਸਮੇਂ ਸਿੱਖਿਆ ਮੰਤਰੀ ਨੂੰ ਮਿਲੇਗਾ। ਜਨਤਕ ਸਿੱਖਿਆ ਪ੍ਰਣਾਲੀ ਨੂੰ ਤਬਾਹ ਕਰਨ ਵਾਲ਼ੀ ਰਾਸ਼ਟਰੀ ਸਿੱਖਿਆ ਨੀਤੀ ਲਾਗੂ ਕਰਨ ਵਿਰੁੱਧ ਅਤੇ ਵਿਕਟੇਮਾਈਜੇਸ਼ਨਾਂ ਸਮੇਤ ਲੰਮੇ ਸਮੇਂ ਤੋਂ ਲਟਕੇ ਅਧਿਆਪਕ ਮਸਲੇ ਹੱਲ ਨਾ ਕਰਨ ਦੀ ਸੂਰਤ ਵਿੱਚ ਪਹਿਲੀ ਜੂਨ ਨੂੰ ਵਿਦਿਆ ਭਵਨ ਮੋਹਾਲੀ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਮੀਟਿੰਗ ਵਿੱਚ ਸਰਬਸੰਮਤੀ ਨਾਲ ਪੰਜਾਬ-ਯੂ. ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫਰੰਟ ਵੱਲੋਂ ਜਲੰਧਰ ਦੀ ਜ਼ਿਮਨੀ ਚੋਣ ਸਮੇਂ 23 ਅਪ੍ਰੈਲ ਨੂੰ ਆਦਮਪੁਰ, 30 ਅਪ੍ਰੈਲ ਨੂੰ ਨਕੋਦਰ ਅਤੇ 7 ਮਈ ਨੂੰ ਜਲੰਧਰ ਵਿਖੇ ਕੀਤੇ ਜਾਣ ਵਾਲੇ ਝੰਡਾ ਮਾਰਚ ਵਿੱਚ ਭਰਵੀਂ ਸ਼ਮੂਲੀਅਤ ਕਰਨ ਦਾ ਫੈਸਲਾ ਕੀਤਾ ਗਿਆ ਹੈ।