ਸ਼੍ਰੀ ਅਨੰਦਪੁਰ ਸਾਹਿਬ ਵਿਖੇ 03 ਜੂਨ ਦੀ ਸੂਬਾਈ ਰੈਲੀ ਵਿੱਚ ਹੋਵੇਗੀ ਵੱਧ ਚੜ੍ਹ ਕੇ ਸ਼ਮੂਲੀਅਤ**
**ਕੇਂਦਰ ਦੀ ਮੋਦੀ ਸਰਕਾਰ ਵਲੋਂ ਇਨਸਾਫ਼ ਲੈਣ ਲਈ ਜੂਝ ਰਹੀਆਂ ਔਰਤ ਪਹਿਲਵਾਨਾਂ 'ਤੇ ਕੀਤੇ ਤਸ਼ੱਸਦ ਦੀ ਕੀਤੀ ਤਿੱਖੀ ਨਿਖੇਧੀ** ਜਲੰਧਰ:31 ਮਈ(jobsoftoday) ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਹੈਂਕੜ ਭਰਪੂਰ ਵਤੀਰਾ ਵਰਤਦੇ ਹੋਏ ਜਥੇਬੰਦੀ ਦੇ ਆਗੂਆਂ ਨਾਲ ਬਦਸਲੂਕੀ ਕਰਦੇ ਹੋਏ, ਉਹਨਾਂ ਨੂੰ ਥਾਣੇ ਵਿੱਚ ਬੰਦ ਕਰਵਾਉਣ ਦੇ ਵਿਰੋਧ ਵਿੱਚ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਮੁੱਖ ਦਫ਼ਤਰ 1406-22 ਬੀ, ਚੰਡੀਗੜ੍ਹ ਵਲੋਂ 03 ਜੂਨ ਨੂੰ ਸਿੱਖਿਆ ਮੰਤਰੀ ਪੰਜਾਬ ਦੇ ਹਲਕੇ ਵਿੱਚ ਕੀਤੀ ਜਾ ਰਹੀ ਵਿਸ਼ਾਲ ਸੂਬਾਈ ਰੈਲੀ ਵਿੱਚ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਪ.ਸ.ਸ.ਫ.ਦੇ ਜ਼ਿਲ੍ਹਾ ਪ੍ਰਧਾਨ ਪੁਸ਼ਪਿੰਦਰ ਕੁਮਾਰ ਵਿਰਦੀ ਦੀ ਪ੍ਰਧਾਨਗੀ ਹੇਠ ਭਰਵੀਂ ਮੀਟਿੰਗ ਹੋਈ।ਇਸ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਪ.ਸ.ਸ.ਫ.ਦੇ ਸੂਬਾ ਜਨਰਲ ਸਕੱਤਰ ਤੀਰਥ ਸਿੰਘ ਬਾਸੀ ਨੇ ਕਿਹਾ ਕਿ ਪੰਜਾਬ ਦੀ ਆਪ ਪਾਰਟੀ ਦੀ ਸਰਕਾਰ ਦੇ ਮੰਤਰੀ ਸਤ੍ਹਾ ਦੇ ਨਸ਼ੇ ਵਿੱਚ ਚੂਰ ਹੋ ਕੇ ਜਨਤਕ ਜਥੇਬੰਦੀਆਂ ਦੇ ਆਗੂਆਂ ਨਾਲ ਮੀਟਿੰਗ ਕਰਨ ਸਮੇਂ ਹੈਂਕੜ ਭਰਪੂਰ ਵਤੀਰਾ ਦਿਖਾਉਂਦੇ ਹੋਏ ਆਗੂਆਂ ਨਾਲ ਬਦਸਲੂਕੀ ਕਰਨ ਰਹੇ ਹਨ। ਆਗੂਆਂ ਨਾਲ ਮੁਲਾਜ਼ਮਾ ਮੰਗਾਂ ਸੰਬੰਧੀ ਸੁਖਾਵੇਂ ਮਾਹੌਲ ਵਿੱਚ ਗੱਲਬਾਤ ਕਰਨ ਦੀ ਬਜਾਏ ਉਨ੍ਹਾਂ ਨੂੰ ਡਿਕਟੇਟਰਸਾਹੀ ਪਹੁੰਚ ਅਪਣਾਉਂਦੇ ਹੋਏ ਥਾਣੇ ਵਿੱਚ ਬੰਦ ਕਰਵਾਇਆ ਜਾ ਰਿਹਾ ਹੈ।ਜਿਸ ਦੀ ਤਾਜ਼ਾ ਮਿਸਾਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ 24 ਮਈ ਨੂੰ ਪ.ਸ.ਸ.ਫ.ਦੇ ਸੂਬਾ ਪ੍ਰਧਾਨ ਅਤੇ ਪੰਜਾਬ -ਯੂ.ਟੀ.ਮੁਲਾਜਮ ਅਤੇ ਪੈਨਸ਼ਨਰ ਸਾਂਝਾ ਫਰੰਟ ਪੰਜਾਬ ਦੇ ਕਨਵੀਨਰ ਅਤੇ ਕੋਆਰਡੀਨੇਟਰ ਸਾਥੀ ਸਤੀਸ਼ ਰਾਣਾ ਨੂੰ ਸੈਕਟਰ 03 ਚੰਡੀਗੜ੍ਹ ਦੇ ਥਾਣੇ ਵਿੱਚ ਬੰਦ ਕਰਵਾ ਕੇ ਦਿੱਤੀ ਹੈ। ਪੰਜਾਬ ਸਰਕਾਰ ਦੇ ਮੰਤਰੀਆਂ ਦੀਆਂ ਇਹੋ ਜਿਹੀਆਂ ਘਿਨੌਣੀਆਂ ਕਾਰਵਾਈਆਂ ਨੂੰ ਪੰਜਾਬ ਦੇ ਜੁਝਾਰੂ ਮੁਲਾਜ਼ਮ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ ਅਤੇ 03 ਜੂਨ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ਾਲ ਸੂਬਾਈ ਰੈਲੀ ਕਰਕੇ ਸਿੱਖਿਆ ਮੰਤਰੀ ਪੰਜਾਬ ਨੂੰ ਮੂੰਹ ਤੋੜ ਜਵਾਬ ਦੇਣਗੇ। ਸਾਥੀ ਬਾਸੀ ਨੇ ਸਮੂਹ ਜ਼ਿਲ੍ਹਾ/ਬਲਾਕ ਆਗੂਆਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਪੂਰਾ ਪੂਰਾ ਜ਼ੋਰ ਲਗਾ ਕੇ ਤਿਆਰੀ ਕਰਦੇ ਹੋਏ ਰੈਲੀ ਵਿੱਚ ਮੁਲਾਜ਼ਮਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਹਰ ਵਰਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਲਈ ਗੰਭੀਰਤਾ ਨਾਲ ਗੱਲਬਾਤ ਕਰਨ ਅਤੇ ਮੰਗਾਂ ਦਾ ਯੋਗ ਨਿਪਟਾਰਾ ਕਰਨ ਲਈ ਪੰਜਾਬ ਸਰਕਾਰ ਨੂੰ ਮਜਬੂਰ ਕੀਤਾ ਜਾ ਸਕੇ। ਜਨਰਲ ਸਕੱਤਰ ਨਿਰਮੋਲਕ ਸਿੰਘ ਹੀਰਾ ਨੇ ਮੀਟਿੰਗ ਦੀ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇੱਕ ਵੱਖਰਾ-ਵੱਖਰਾ ਮਤਾ ਪਾਸ ਕਰਕੇ ਜੰਤਰ ਮੰਤਰ ਦਿੱਲੀ ਵਿੱਚ ਯੌਨ ਸ਼ੋਸ਼ਣ ਦਾ ਸ਼ਿਕਾਰ ਔਰਤ ਪਹਿਲਵਾਨਾਂ ਵਲੋਂ ਇਨਸਾਫ਼ ਲੈਣ ਲਈ ਚੱਲ ਰਹੇ ਧਰਨੇ ਅਤੇ ਪ੍ਰਦਰਸ਼ਨ ਤੇ 28 ਮਈ ਨੂੰ ਦਿੱਲੀ ਪੁਲਿਸ ਵਲੋਂ ਕੇਂਦਰ ਦੀ ਮੋਦੀ ਸਰਕਾਰ ਦੇ ਇਸ਼ਾਰੇ ਤੇ ਤਸ਼ੱਦਦ ਕਰਨ ਅਤੇ ਕੇਸ ਦਰਜ ਕਰਨ ਦੀ ਤਿੱਖੀ ਨਿਖੇਧੀ ਕਰਦੇ ਹੋਏ ਮੰਗ ਕੀਤੀ ਕਿ ਔਰਤ ਪਹਿਲਵਾਨਾਂ ਨੂੰ ਤੁਰੰਤ ਇਨਸਾਫ਼ ਦਿੰਦੇ ਹੋਏ ਕੁਸ਼ਤੀ ਸੰਘ ਦੇ ਪ੍ਰਧਾਨ ਅਤੇ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਔਹਦੇ ਤੋਂ ਬਰਖਾਸਤ ਕਰਦੇ ਹੋਏ ਗ੍ਰਿਫਤਾਰ ਕੀਤਾ ਜਾਵੇ। ਦੂਜੇ ਮਤੇ ਵਿੱਚ ਕੇਂਦਰ ਦੀ ਮੋਦੀ ਸਰਕਾਰ ਦੇ ਰਾਹ ਤੇ ਚੱਲਦੇ ਹੋਏ ਪੰਜਾਬ ਸਰਕਾਰ ਵੱਲੋਂ ਅਜੀਤ ਅਖ਼ਬਾਰ ਦੇ ਮੁੱਖ ਸੰਪਾਦਕ ਡਾ.ਬਰਜਿੰਦਰ ਸਿੰਘ ਹਮਦਰਦ ਨੂੰ ਵਿਜੀਲੈਂਸ ਵੱਲੋਂ ਸੰਮਨ ਜਾਰੀ ਕਰਨ ਦੀ ਤਿੱਖੀ ਨਿਖੇਧੀ ਕਰਦੇ ਹੋਏ ਕਿਹਾ ਕਿ ਇਹ ਪ੍ਰੈੱਸ ਦੀ ਆਜ਼ਾਦੀ ਤੇ ਹਮਲਾ ਕੀਤਾ ਜਾ ਰਿਹਾ,ਜਿਸ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਸ਼੍ਰੀ ਅਨੰਦਪੁਰ ਸਾਹਿਬ ਦੀ ਸੂਬਾਈ ਰੈਲੀ ਵਿੱਚ ਸ਼ਮੂਲੀਅਤ ਨੂੰ ਵੱਡੀ ਗਿਣਤੀ ਵਿੱਚ ਯਕੀਨ ਬਣਾਉਣ ਲਈ ਹੇਠਲੇ ਪੱਧਰ ਤੱਕ ਆਗੂਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ।ਰੈਲੀ ਵਿੱਚ ਸ਼ਮੂਲੀਅਤ ਲਈ ਜਲੰਧਰ ਸ਼ਹਿਰ, ਆਦਮਪੁਰ, ਨਕੋਦਰ, ਸ਼ਾਹਕੋਟ, ਨੂਰਮਹਿਲ, ਫਿਲੌਰ,ਗੁਰਾਇਆ ਅਤੇ ਰੁੜਕਾ ਕਲਾਂ ਤੋਂ ਵਹੀਕਲ ਚਲਾਉਣ ਦਾ ਫੈਸਲਾ ਕੀਤਾ ਗਿਆ। ਪ੍ਰੈੱਸ ਰਾਹੀਂ ਸਮੂਹ ਮੁਲਾਜ਼ਮਾਂ ਨੂੰ ਆਪਣੇ ਮਾਣ ਸਨਮਾਨ ਨੂੰ ਬਰਕਰਾਰ ਰੱਖਣ ਲਈ ਅਤੇ ਹੱਕੀ ਅਤੇ ਜਾਇਜ ਮੰਗਾਂ ਦੀ ਪ੍ਰਾਪਤੀ ਕਰਨ ਲਈ 03 ਜੂਨ ਦੀ ਸੂਬਾਈ ਰੈਲੀ ਵਿੱਚ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਵੱਧ ਤੋਂ ਵੱਧ ਚੜ੍ਹ ਕੇ ਪੁੱਜਣ ਦੀ ਅਪੀਲ ਕੀਤੀ।ਇਸ ਸਮੇਂ ਹੋਰਨਾਂ ਤੋਂ ਇਲਾਵਾ ਪੁਸ਼ਪਿੰਦਰ ਕੁਮਾਰ ਵਿਰਦੀ, ਨਿਰਮੋਲਕ ਸਿੰਘ ਹੀਰਾ,ਅਕਲ ਚੰਦ ਸਿੰਘ, ਕੁਲਦੀਪ ਵਾਲੀਆ,ਕਰਨੈਲ ਫਿਲੌਰ, ਬਲਜੀਤ ਸਿੰਘ ਕੁਲਾਰ,ਦੀਪਕ ਕੁਮਾਰ, ਸੂਰਤੀ ਲਾਲ ਭੋਗਪੁਰ, ਬਲਵੀਰ ਸਿੰਘ ਅਤੇ ਕੁਲਦੀਪ ਸਿੰਘ ਕੌੜਾ ਅਤੇ ਪ.ਸ.ਸ.ਫ.ਦੇ ਸੂਬਾ ਜਨਰਲ ਸਕੱਤਰ ਤੀਰਥ ਸਿੰਘ ਬਾਸੀ ਵਿਸ਼ੇਸ਼ ਤੌਰ'ਤੇ ਹਾਜ਼ਰ ਹੋਏ।