ਸਕੂਲ ਸਿੱਖਿਆ ਮੰਤਰੀ ਵੱਲੋਂ ਸਕੂਲਾਂ ਵਿੱਚ ਕਿਤਾਬਾਂ ਨਾ ਮਿਲਣ ‘ਤੇ ਜ਼ਿਲ੍ਹਾ ਮੈਨੇਜਰ ਮੋਹਾਲੀ ਡਿੱਪੂ ਸਮੇਤ 3 ਨੂੰ ਮੁਅੱਤਲ ਕਰਨ ਦੇ ਹੁਕਮ
ਜ਼ਿਲ੍ਹਾ ਸਿੱਖਿਆ ਅਫ਼ਸਰ ਮੋਹਾਲੀ (ਐਲੀਮੈਂਟਰੀ) ਅਤੇ ਬਲਾਕ ਸਿੱਖਿਆ ਅਫ਼ਸਰ ਨੂੰ ਸ਼ੋਅ ਕਾਅਜ਼ ਨੋਟਿਸ ਜਾਰੀ ਕਰਨ ਦੇ ਹੁਕਮ
ਚੰਡੀਗੜ੍ਹ, 30 ਮਈ:
ਪੰਜਾਬ ਦਾ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਜ਼ਿਲ੍ਹਾ ਮੈਨੇਜਰ ਮੋਹਾਲੀ ਡਿੱਪੂ ਭਗਵਾਨ ਸਿੰਘ, ਸ੍ਰੀ ਲਖਨ ਸਿੰਘ ਡਿਪਟੀ ਮੈਨੇਜਰ ਮੋਹਾਲੀ ਡਿੱਪੂ ਅਤੇ ਜਸਪ੍ਰੀਤ ਸਿੰਘ ਅੰਕੜਾ ਸਹਾਇਕ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਡਿਊਟੀ ਵਿੱਚ ਕੁਤਾਹੀ ਕਰਨ ਦੇ ਦੋਸ਼ ਵਿੱਚ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਜਾਣਕਾਰੀ ਅਨੁਸਾਰ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਲੰਬਿਆਂ ਜ਼ਿਲ੍ਹਾ ਐਸ.ਏ.ਐਸ. ਨਗਰ ਦੀ ਅਚਨਚੇਤ ਚੈਕਿੰਗ ਕੀਤੀ ਗਈ ਸੀ ਜਿਸ ਦੌਰਾਨ ਸਕੂਲ ਦੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਕਿ ਉਹਨਾਂ ਨੂੰ ਅਜੇ ਤੱਕ ਅੰਗਰੇਜ਼ੀ ਵਿਸ਼ੇ ਦੀ ਕਿਤਾਬ ਨਹੀਂ ਮਿਲੀ ਹੈ ਜਿਸ ਉਪਰੰਤ ਸਿੱਖਿਆ ਮੰਤਰੀ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਕਿਤਾਬਾਂ ਦੀ ਵੰਡ ਬਾਰੇ ਡਾਟਾ ਲੈ ਕੇ ਪੇਸ਼ ਹੋਣ ਲਈ ਕਿਹਾ ਗਿਆ। ਡਾਟੇ ਨੂੰ ਵਾਚਣ ਤੋਂ ਪਤਾ ਲੱਗਾ ਕਿ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਲਾਹਪ੍ਰਵਾਹੀ ਕਾਰਨ 3500 ਕਿਤਾਬਾਂ ਛਾਪਣ ਤੋਂ ਰਹਿ ਗਈਆਂ ਜਿਸ ਕਾਰਨ ਡੇਰਾ ਬਸੀ ਬਲਾਕ ਵਿੱਚ 1135 ਅਤੇ ਬਨੂੜ ਬਲਾਕ ਵਿੱਚ 1400 ਅੰਗਰੇਜ਼ੀ ਵਿਸ਼ੇ ਦੀਆਂ ਕਿਤਾਬਾਂ ਵਿਦਿਆਰਥੀਆਂ ਨੂੰ ਪ੍ਰਾਪਤ ਨਹੀਂ ਹੋਈਆਂ।
SUMMER CAMP IN SCHOOL, NEW INSTRUCTIONS
ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਿੱਖਿਆ ਵਿਭਾਗ ਦੇ ਵਧੀਕ ਮੁੱਖ ਸਕੱਤਰ ਨੂੰ ਆਦੇਸ਼ ਦਿੱਤੇ ਹਨ ਕਿ ਜ਼ਿਲ੍ਹਾ ਮੈਨੇਜਰ ਮੋਹਾਲੀ ਡਿੱਪੂ ਭਗਵਾਨ ਸਿੰਘ, ਸ੍ਰੀ ਲਖਨ ਸਿੰਘ ਡਿਪਟੀ ਮੈਨੇਜਰ ਮੋਹਾਲੀ ਡਿੱਪੂ ਅਤੇ ਜਸਪ੍ਰੀਤ ਸਿੰਘ ਅੰਕੜਾ ਸਹਾਇਕ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਡਿਊਟੀ ਵਿੱਚ ਕੁਤਾਹੀ ਕਰਨ ਦੇ ਦੋਸ਼ ਵਿੱਚ ਮੁਅੱਤਲ ਕੀਤਾ ਜਾਵੇ ਅਤੇ ਨਾਲ ਹੀ ਜ਼ਿਲ੍ਹਾ ਸਿੱਖਿਆ ਅਫ਼ਸਰ ਮੋਹਾਲੀ (ਐਲੀਮੈਂਟਰੀ) ਅਤੇ ਬਲਾਕ ਸਿੱਖਿਆ ਅਫ਼ਸਰ ਨੂੰ ਸ਼ੋਅ ਕਾਜ਼ ਨੋਟਿਸ ਜਾਰੀ ਕੀਤਾ ਜਾਵੇ।