ਮੁੱਖ ਮੰਤਰੀ ਦੀ ਅਗਵਾਈ ਵਿਚ ਵਜ਼ਾਰਤ ਵੱਲੋਂ ਸਿੱਖ ਗੁਰਦੁਆਰਾ (ਸੋਧ) ਬਿੱਲ-2023 ਨੂੰ ਹਰੀ ਝੰਡੀ

 ਮੁੱਖ ਮੰਤਰੀ ਦੀ ਅਗਵਾਈ ਵਿਚ ਵਜ਼ਾਰਤ ਵੱਲੋਂ ਸਿੱਖ ਗੁਰਦੁਆਰਾ (ਸੋਧ) ਬਿੱਲ-2023 ਨੂੰ ਹਰੀ ਝੰਡੀ


ਪਾਵਨ ਗੁਰਬਾਣੀ ਦਾ ਮੁਫ਼ਤ ਪ੍ਰਸਾਰਨ ਕਰਨ ਲਈ ‘ਅਜੋਕੇ ਸਮੇਂ ਦੇ ਮਸੰਦਾਂ’ ਦੇ ਕੰਟਰੋਲ ਤੋਂ ਮੁਕਤ ਕਰਨ ਲਈ ਰਾਹ ਪੱਧਰਾ ਕਰੇਗਾ ਬਿੱਲ


ਚੰਡੀਗੜ੍ਹ, 19 ਜੂਨ


ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਅੱਜ ਕਿਹਾ ਕਿ ਸਿੱਖ ਗੁਰਦੁਆਰਾ (ਸੋਧ) ਐਕਟ-2023 ਪਵਿੱਤਰ ਗੁਰਬਾਣੀ ਦਾ ਮੁਫ਼ਤ ਪ੍ਰਸਾਰਨ ਕਰਨ ਲਈ ‘ਅਜੋਕੇ ਸਮੇਂ ਦੇ ਮਸੰਦਾਂ’ ਦੇ ਕੰਟਰੋਲ ਤੋਂ ਮੁਕਤ ਕਰਨ ਲਈ ਰਾਹ ਪੱਧਰਾ ਕਰੇਗਾ।


ਇੱਥੇ ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਅੱਜ ‘ਦਾ ਸਿੱਖ ਗੁਰਦੁਆਰਾ ਐਕਟ-1925’ ਵਿਚ ਸੋਧ ਕਰਨ ਅਤੇ ਇਸ ਵਿਚ ਧਾਰਾ 125-ਏ ਸ਼ਾਮਲ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਨਾਲ ਸ੍ਰੀ ਹਰਿਮੰਦਰ ਸਾਹਿਬ ਤੋਂ ਪਾਵਨ ਗੁਰਬਾਣੀ ਦਾ ਪ੍ਰਸਾਰਨ ਮੁਫ਼ਤ ਕਰਨ ਨੂੰ ਯਕੀਨੀ ਬਣਾਉਣ ਦੀ ਜ਼ਿੰਮੇਵਾਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੋਢਿਆਂ ਉਤੇ ਪਵੇਗੀ। ਉਨ੍ਹਾਂ ਕਿਹਾ ਕਿ ਇਸ ਸੋਧ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਬਿਨਾਂ ਕਿਸੇ ਅਦਾਇਗੀ ਦੇ ਸਮੁੱਚੀ ਮਾਨਵਤਾ ਗੁਰਬਾਣੀ ਕੀਰਤਨ ਸਰਵਣ ਕਰੇ ਅਤੇ ਗੁਰਬਾਣੀ ਦਾ ਲਾਈਵ ਪ੍ਰਸਾਰਨ ਦੇਖ ਸਕੇ। ਭਗਵੰਤ ਮਾਨ ਨੇ ਕਿਹਾ ਕਿ ਇਸ ਕਦਮ ਨਾਲ ਪਵਿੱਤਰ ਗੁਰਬਾਣੀ ਦਾ ਕਿਸੇ ਵੀ ਢੰਗ ਨਾਲ ਵਪਾਰੀਕਰਨ ਨਹੀਂ ਹੋਵੇਗਾ।


ਮੁੱਖ ਮੰਤਰੀ ਨੇ ਕਿਹਾ ਕਿ ਇਸ ਐਕਟ ਸਿੱਖ ਗੁਰਦੁਆਰਾ (ਸੋਧ) ਐਕਟ-2023 ਦੇ ਨਾਮ ਹੇਠ ਹੋਵੇਗਾ ਜੋ ਸਰਕਾਰੀ ਗਜ਼ਟ ਵਿਚ ਪ੍ਰਕਾਸ਼ਿਤ ਹੋਣ ਦੀ ਤਰੀਕ ਤੋਂ ਲਾਗੂ ਹੋਵੇਗਾ। ਉਨ੍ਹਾਂ ਕਿਹਾ ਕਿ ਗੁਰਬਾਣੀ ਦੇ ਮੁਫ਼ਤ ਪ੍ਰਸਾਰਨ ਲਈ ਧਾਰਾ-125 ਤੋਂ ਬਾਅਦ ਸਿੱਖ ਗੁਰਦੁਆਰਾ ਐਕਟ-1925 ਵਿਚ ਧਾਰਾ-125-ਏ ਵੀ ਦਰਜ ਕੀਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਸ ਐਕਟ ਵਿੱਚ ਇਹ ਵਿਵਸਥਾ ਹੋਵੇਗੀ ਕਿ ਮਹਾਨ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਦੇ ਪਾਸਾਰ ਲਈ ਬੋਰਡ ਦੀ ਡਿਊਟੀ (ਸ਼੍ਰੋਮਣੀ ਕਮੇਟੀ) ਸ੍ਰੀ ਹਰਿਮੰਦਰ ਸਾਹਿਬ ਤੋਂ ਪਵਿੱਤਰ ਗੁਰਬਾਣੀ ਦਾ ਲਾਈਵ ਪ੍ਰਸਾਰਨ (ਆਡੀਓ ਜਾਂ ਆਡੀਓ ਦੇ ਨਾਲ-ਨਾਲ ਵੀਡੀਓ) ਸਾਰੇ ਮੀਡੀਆ ਘਰਾਣਿਆਂ, ਆਊਟਲੈੱਟਜ਼, ਪਲੇਟਫਾਰਮ, ਚੈਨਲਾਂ ਆਦਿ ਜੋ ਵੀ ਚਾਹੁੰਦਾ ਹੋਵੇ, ਨੂੰ ਮੁਹੱਈਆ ਕਰਵਾਉਣ ਲਈ ਹੋਵੇਗੀ। ਇਸ ਐਕਟ ਵਿਚ ਇਹ ਵਿਵਸਥਾ ਵੀ ਹੋਵੇਗੀ ਕਿ ਪ੍ਰਸਾਰਨ ਦੌਰਾਨ ਕਿਸੇ ਵੀ ਕੀਮਤ ਉਤੇ ਇਸ਼ਤਿਹਾਰਬਾਜ਼ੀ/ਵਪਾਰੀਕਰਨ/ਵਿਗਾੜ ਨਾ ਹੋਵੇ।


ਮੁੱਖ ਮੰਤਰੀ ਨੇ ਕਿਹਾ ਕਿ ਇਕ ਨਿਮਾਣੇ ਤੇ ਸ਼ਰਧਾਵਾਨ ਸਿੱਖ ਵਜੋਂ ਉਹ ਦੁਨੀਆ ਭਰ ਵਿਚ ਗੁਰਬਾਣੀ ਦੇ ਮੁਫ਼ਤ ਪ੍ਰਸਾਰਨ ਲਈ ਜ਼ੋਰਦਾਰ ਢੰਗ ਨਾਲ ਆਵਾਜ਼ ਬੁਲੰਦ ਕਰਨਗੇ। ਭਗਵੰਤ ਮਾਨ ਨੇ ਹੈਰਾਨੀ ਜ਼ਾਹਰ ਕਰਦਿਆਂ ਕਿਹਾ ਕਿ ਇਕ ਵਿਸ਼ੇਸ਼ ਚੈਨਲ ਵੱਲੋਂ ਗੁਰਬਾਣੀ ਦੇ ਪ੍ਰਸਾਰਨ ਉਤੇ ਕੰਟਰੋਲ ਕੀਤੇ ਹੋਣ ਦੀ ਮੁਖਾਲਫ਼ਤ ਕਰਨ ਨਾਲ ਪੰਥ ਉਤੇ ਹਮਲਾ ਕਿਵੇਂ ਆਖਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪ੍ਰਸਾਰਨ ਦੇ ਹੱਕ ਇਕ ਚੈਨਲ ਤੱਕ ਸੀਮਿਤ ਰੱਖਣਾ ਪੂਰੀ ਤਰ੍ਹਾਂ ਅਨਿਆਂਪੂਰਨ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਦਾ ਉਦੇਸ਼ ਸਰਕਾਰ ਦੇ ਕਿਸੇ ਵਿਸ਼ੇਸ਼ ਚੈਨਲ ਜਾਂ ਪ੍ਰਾਈਵੇਟ ਤੌਰ ਉਤੇ ਕਿਸੇ ਵਿਅਕਤੀ ਨੂੰ ਦੇਣ ਦਾ ਨਹੀਂ ਹੈ ਸਗੋਂ ਇਸ ਦਾ ਮਨੋਰਥ ਦੁਨੀਆ ਦੇ ਕੋਨੇ-ਕੋਨੇ ਵਿਚ ਗੁਰਬਾਣੀ ਦਾ ਸੰਦੇਸ਼ ਫੈਲਾਉਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਹ ਸੋਧ ਕਰਨ ਲਈ ਸਮਰੱਥ ਹੈ ਕਿਉਂਕਿ ਸੁਪਰੀਮ ਕੋਰਟ ਪਹਿਲਾਂ ਹੀ ਫੈਸਲਾ ਦੇ ਚੁੱਕੀ ਹੈ ਕਿ ਇਹ ਐਕਟ ਅੰਤਰ-ਰਾਜੀ ਐਕਟ ਨਹੀਂ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਵਿੱਚ ਲੰਮੇ ਸਮੇਂ ਤੋਂ ਇੱਕ ਹੀ ਪਰਿਵਾਰ ਦਾ ਦਬਦਬਾ ਰਿਹਾ ਹੈ, ਜਿਸ ਕਾਰਨ ਸਿੱਖ ਪੰਥ ਦਾ ਨਾ ਪੂਰਿਆ ਜਾਣ ਵਾਲਾ ਨੁਕਸਾਨ ਹੋਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਗੰਦੀ ਖੇਡ ਖੇਡਦੇ ਹੋਏ ਇਸ ਪਰਿਵਾਰ ਨੇ ਆਪਣੇ ਚਹੇਤੇ ਚੈਨਲ ਨੂੰ ਗੁਰਬਾਣੀ ਦੇ ਪ੍ਰਸਾਰਨ ਦਾ ਵਿਸ਼ੇਸ਼ ਅਧਿਕਾਰ ਦੇ ਕੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਹੈ ਜਦਕਿ ਐਕਟ ਵਿੱਚ ਸ਼ਬਦ ਟੈਲੀਕਾਸਟ ਜਾਂ ਪ੍ਰਸਾਰਣ ਦਾ ਕੋਈ ਜ਼ਿਕਰ ਨਹੀਂ ਹੈ।


ਮੁੱਖ ਮੰਤਰੀ ਨੇ ਕਿਹਾ ਕਿ ਕਿਉਂ ਜੋ ਲੋਕ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਸਰਵਣ ਕਰਨਾ ਚਾਹੁੰਦੇ ਹਨ, ਇਸ ਲਈ ਉਨ੍ਹਾਂ ਨੂੰ ਇਸ ਚੈਨਲ ਲਈ ਅਦਾਇਗੀ ਕਰਨੀ ਪੈਂਦੀ ਹੈ। ਹਾਲਾਂਕਿ, ਉਨ੍ਹਾਂ ਕਿਹਾ ਕਿ ਇਸ ਚੈਨਲ ਦਾ ਪੈਕੇਜ ਹੋਰ ਚੈਨਲਾਂ ਦੇ ਨਾਲ ਦਿੱਤਾ ਗਿਆ ਹੈ ਜੋ ਬਹੁਤ ਮਹਿੰਗਾ ਹੈ ਅਤੇ ਆਮ ਆਦਮੀ ਇਸ ਦਾ ਬੋਝ ਨਹੀਂ ਸਹਿਣ ਕਰ ਸਕਦਾ। ਭਗਵੰਤ ਮਾਨ ਨੇ ਅਫਸੋਸ ਜ਼ਾਹਰ ਕੀਤਾ ਕਿ ਸਿੱਖ ਗੁਰਦੁਆਰਾ ਐਕਟ-1925 ਰਾਹੀਂ ਬਣਾਈ ਗਈ ਸ਼੍ਰੋਮਣੀ ਕਮੇਟੀ ਨੂੰ ਗੁਰਬਾਣੀ ਦਾ ਪ੍ਰਚਾਰ ਕਰਨ ਦਾ ਜ਼ਿੰਮਾ ਸੌਂਪਿਆ ਗਿਆ ਸੀ, ਪਰ ਇਸ ਨੇ ਆਪਣੇ ਇਕ ਪਰਿਵਾਰ ਦਾ ਹੱਥਠੋਕਾ ਬਣ ਕੇ ਆਪਣਾ ਫਰਜ਼ ਭੁਲਾ ਦਿੱਤਾ।


ਮੁੱਖ ਮੰਤਰੀ ਨੇ ਕਿਹਾ ਕਿ 11 ਸਾਲ ਬੀਤ ਚੁੱਕੇ ਹਨ ਅਤੇ ਅਜੇ ਤੱਕ ਸੂਬੇ ਵਿੱਚ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਨਹੀਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਸ਼੍ਰੋਮਣੀ ਕਮੇਟੀ ਦੇ ਕਾਰਜਕਾਰੀ ਪ੍ਰਧਾਨ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਨੂੰ ਸਿਰਫ਼ ਇਸ ਲਈ ਹਟਾ ਰਹੇ ਹਨ ਕਿਉਂਕਿ ਉਹ ਉਸ ਪਰਿਵਾਰ ਦੇ ਰਾਹ 'ਤੇ ਨਹੀਂ ਚੱਲ ਰਹੇ। ਭਗਵੰਤ ਮਾਨ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਇਹ ਐਕਟ ਪੰਥ 'ਤੇ ਕੋਈ ਹਮਲਾ ਨਹੀਂ ਹੈ ਸਗੋਂ ਇਹ ਪਵਿੱਤਰ ਗੁਰਬਾਣੀ ਦਾ ਵਿਸ਼ਵ ਭਰ ਵਿਚ ਮੁਫਤ ਪ੍ਰਸਾਰਨ ਯਕੀਨੀ ਬਣਾਉਣ ਲਈ ਇਕ ਨਿਮਾਣਾ ਜਿਹਾ ਉਪਰਾਲਾ ਹੈ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends