ਉੱਜ ਦਰਿਆ ਵਿੱਚ ਪਾਣੀ ਛੱਡੇ ਜਾਣ ਤੋਂ ਬਾਅਦ ਜ਼ਿਲ੍ਹਾ ਗੁਰਦਾਸਪੁਰ ਵਿੱਚ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ - ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਐੱਸ.ਐੱਸ.ਪੀ. ਗੁਰਦਾਸਪੁਰ ਨੇ ਰਾਵੀ ਦਰਿਆ ਨੇੜਲੇ ਪਿੰਡਾਂ ਦਾ ਦੌਰਾ ਕਰਕੇ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜਾ ਲਿਆ
ਜ਼ਿਲ੍ਹਾ ਵਾਸੀ ਬਿਲਕੁਲ ਨਾ ਘਬਰਾਉਣ, ਲੋੜ ਪੈਣ `ਤੇ ਕੰਟਰੋਲ ਰੂਮ ਦੇ ਨੰਬਰਾਂ `ਤੇ ਸੰਪਰਕ ਕੀਤਾ ਜਾ ਸਕਦਾ ਹੈ
ਗੁਰਦਾਸਪੁਰ, 19 ਜੁਲਾਈ ( ) - ਅੱਜ ਸਵੇਰੇ ਉੱਜ ਦਰਿਆ ਵਿਚ 2.60 ਲੱਖ ਕਿਊਸਿਕ ਪਾਣੀ ਛੱਡੇ ਜਾਣ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਪੂਰੀ ਤਰਾਂ ਚੌਕਸ ਅਤੇ ਤਿਆਰ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਹਰੀਸ਼ ਦਾਇਮਾ ਵੱਲੋਂ ਅੱਜ ਅਧਿਕਾਰੀਆਂ ਦੇ ਨਾਲ ਰਾਵੀ ਦਰਿਆ ਅਤੇ ਸਰਹੱਦ ਨੇੜਲੇ ਪਿੰਡਾਂ ਦਾ ਦੌਰਾ ਕਰਕੇ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜਾ ਲਿਆ ਗਿਆ।
ਦਰਿਆ ਰਾਵੀ ਤੇ ਦਰਿਆ ਉੱਜ ਵਿੱਚ ਪਾਣੀ ਦੀ ਸਥਿਤੀ ਦਾ ਜਾਇਜਾ ਲੈਣ ਤੋਂ ਬਾਅਦ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ ਵਿਚ ਸਥਿਤੀ ਪੂਰੀ ਤਰਾਂ ਕਾਬੂ ਹੇਠ ਹੈ ਅਤੇ ਜ਼ਿਲ੍ਹਾ ਵਾਸੀਆਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਜੰਮੂ ਵਾਲੇ ਪਾਸੇ ਤੋਂ ਦਰਿਆ ਉੱਜ ਵਿੱਚ ਹੁਣ ਪਾਣੀ ਦਾ ਪੱਧਰ ਕੁਝ ਘੱਟ ਗਿਆ ਹੈ ਅਤੇ ਅੱਜ ਸ਼ਾਮ ਤੱਕ ਇਹ ਸਾਰਾ ਪਾਣੀ ਦਰਿਆ ਰਾਵੀ ਜਰੀਏ ਜ਼ਿਲ੍ਹਾ ਗੁਰਦਾਸਪੁਰ ਨੂੰ ਪਾਰ ਕਰ ਜਾਵੇਗਾ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਾਵੀ ਦਰਿਆ ਦੇ ਨੇੜਲੇ ਇਲਾਕੇ ਵਿੱਚ ਹੜ੍ਹ ਰੋਕੂ ਪ੍ਰਬੰਧ ਪੂਰੀ ਤਰ੍ਹਾਂ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਮਕੌੜਾ ਪੱਤਣ ਦੇ ਨਜ਼ਦੀਕ ਰਲੀਫ ਕੈਂਪ ਸਥਾਪਤ ਕੀਤਾ ਗਿਆ ਹੈ ਅਤੇ ਦਰਿਆ ਦੇ ਨਾਲ ਗੁੱਜਰਾਂ ਦੇ ਡੇਰਿਆਂ ਨੂੰ ਖਾਲੀ ਕਰਵਾ ਲਿਆ ਗਿਆ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਅਤੇ ਦਰਿਆ ਰਾਵੀ ਅਤੇ ਉੱਜ ਦੇ ਨੇੜੇ ਨਾ ਜਾਣ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਹਰ ਸਥਿਤੀ ਦੇ ਟਾਕਰੇ ਲਈ ਪੂਰੀ ਤਰਾਂ ਤਿਆਰ ਹੈ ਅਤੇ ਕਿਸੇ ਨੂੰ ਘਬਰਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਲੋੜ ਪੈਣ `ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਫਲੱਡ ਕੰਟਰੋਲ ਰੂਮ ਦੇ ਨੰਬਰ 01874-266376 ਜਾਂ ਟੋਲ ਫਰੀ ਨੰਬਰ 1800-180-1852 ਉੱਪਰ ਸੰਪਰਕ ਕੀਤਾ ਜਾ ਸਕਦਾ ਹੈ।