ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਦੀ ਵਿੱਤ ਮੰਤਰੀ ਨਾਲ ਮੀਟਿੰਗ 25 ਜੁਲਾਈ ਨੂੰ ਚੰਡੀਗੜ੍ਹ ਵਿਖੇ ਹੋਵੇਗੀ-
ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਦੇ ਸੂਬਾ ਕਨਵੀਨਰ ਗੁਰਜੰਟ ਸਿੰਘ ਕੋਕਰੀ, ਕੋ ਕਨਵੀਨਰ ਟਹਿਲ ਸਿੰਘ ਸਰਾਭਾ, ਰਣਦੀਪ ਸਿੰਘ ਫਤਿਹਗੜ੍ਹ ਸਾਹਿਬ, ਕੰਵਲਜੀਤ ਸਿੰਘ ਰੋਪੜ, ਗੌਰਮੈਂਟ ਸਕੂਲ ਟੀਚਰ ਯੂਨੀਅਨ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਪਰਵੀਨ ਕੁਮਾਰ ਲੁਧਿਆਣਾ, ਚਰਨ ਸਿੰਘ ਸਰਾਭਾ, ਪਰਮਿੰਦਰਪਾਲ ਸਿੰਘ ਕਾਲੀਆ ਆਗੂਆਂ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ ਹੋਏ ਕਿਹਾ ਕਿ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਦੀ ਮੀਟਿੰਗ ਸ. ਹਰਪਾਲ ਸਿੰਘ ਚੀਮਾ ਵਿੱਤ ਮੰਤਰੀ ਪੰਜਾਬ ਨਾਲ ਉਹਨਾਂ ਦੇ ਦਫ਼ਤਰ ਚੰਡੀਗੜ੍ਹ ਵਿਖੇ 25 ਜੁਲਾਈ ਨੂੰ ਸਵੇਰੇ 10 ਵਜੇ ਨਿਸ਼ਚਿਤ ਹੋਈ ਹੈ। ਆਗੂਆਂ ਵੱਲੋਂ ਦੱਸਿਆ ਗਿਆ ਕਿ 21 ਜੁਲਾਈ ਦੇ ਸੰਗਰੂਰ ਵਿਖੇ ਪੁਰਾਣੀ ਪੈਨਸ਼ਨ ਪ੍ਰਾਪਤੀ ਲਈ ਹੋ ਰਹੇ ਰੋਸ ਪ੍ਰਦਰਸ਼ਨ ਦੇ ਦਬਾਅ ਸਦਕਾ ਸੰਗਰੂਰ ਪ੍ਰਸ਼ਾਸਨ ਵੱਲੋਂ 20 ਜੁਲਾਈ ਨੂੰ ਹੀ ਉਕਤ ਮੀਟਿੰਗ ਦਾ ਲਿਖਤੀ ਪੱਤਰ ਦਿੱਤਾ ਗਿਆ ਅਤੇ ਮੋਰਚੇ ਵੱਲੋਂ 21 ਜੁਲਾਈ ਦੀ ਰੈਲੀ ਨੂੰ ਰੱਦ ਕਰ ਦਿੱਤਾ ਗਿਆ ਸੀ।
ਇਸ ਉਪਰੰਤ ਆਗੂਆਂ ਵੱਲੋਂ ਦੱਸਿਆ ਗਿਆ ਕਿ ਜਨਵਰੀ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਉੱਪਰ ਨਵੀਂ ਪੈਨਸ਼ਨ ਸਕੀਮ ਲਾਗੂ ਕੀਤੀ ਗਈ ਹੈ। ਜਿਸ ਦਾ ਉਸ ਸਮੇਂ ਤੋਂ ਹੀ ਲਗਾਤਾਰ ਵਿਰੋਧ ਕਰਦੇ ਆ ਰਹੇ ਹਨ। ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚੇ ਵੱਲੋਂ ਪੁਰਾਣੀ ਪੈਨਸ਼ਨ ਬਹਾਲ ਕਰਨ ਲਈ ਲਗਾਤਾਰ ਸੰਘਰਸ਼ ਕੀਤੇ ਜਾ ਰਹੇ ਹਨ। ਪਿਛਲੇ ਸਾਲ 17 ਅਗਸਤ ਨੂੰ ਸ. ਹਰਪਾਲ ਸਿੰਘ ਚੀਮਾ ਜੀ ਨਾਲ ਚੰਡੀਗੜ੍ਹ ਵਿਖੇ ਮੋਰਚੇ ਦੀ ਪੈਨਲ ਮੀਟਿੰਗ ਹੋਈ ਸੀ। ਮੋਰਚੇ ਵੱਲੋਂ ਰੱਖੇ ਗਏ ਤੱਥਾਂ ਭਰਭੂਰ ਪੱਤਰਾਂ ਅਤੇ ਵੇਰਵਾ ਉਤੇ ਵਿੱਤ ਮੰਤਰੀ ਵੱਲੋਂ ਹਾਂ ਪੱਖੀ ਹੁੰਗਾਰਾ ਭਰਿਆ ਸੀ। ਜਿਸ ਤੇ ਅਮਲ ਕਰਦਿਆਂ ਪੰਜਾਬ ਸਰਕਾਰ ਵਲੋਂ 22 ਨਵੰਬਰ 2022 ਨੂੰ ਪੰਜਾਬ ਦੇ ਮਲਾਜ਼ਮਾਂ ਉੱਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ। ਪਰ ਪੰਜਾਬ ਸਰਕਾਰ ਵਲੋਂ ਹਾਲੇ ਤੱਕ ਜਨਵਰੀ 2004 ਤੋਂ ਬਾਅਦ ਭਰਤੀ ਮੁਲਾਜ਼ਮਾਂ ਦੇ ਜੀਪੀਐਫ ਖਾਤੇ ਖੋਲ੍ਹਣ ਕੋਈ ਪ੍ਰਕਿਰਿਆ ਸ਼ੁਰੂ ਨਹੀਂ ਕੀਤੀ ਗਈ ਅਤੇ ਮੁਲਾਜ਼ਮਾਂ ਦਾ ਐਨ ਪੀ ਐਸ ਪਹਿਲਾਂ ਦੀ ਤਰ੍ਹਾਂ ਹੀ ਕੱਟਿਆ ਜਾ ਰਿਹਾ ਹੈ। ਜਿਸ ਨਾਲ ਪੰਜਾਬ ਦੇ ਮੁਲਾਜ਼ਮ ਨਿਰਾਸ਼ਾ ਵਿੱਚ ਚੱਲ ਰਹੇ ਹਨ। ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚੇ ਦੀ 25 ਜੁਲਾਈ ਨੂੰ ਵਿੱਤ ਮੰਤਰੀ ਪੰਜਾਬ ਨਾਲ ਹੋ ਰਹੀ ਮੀਟਿੰਗ ਵਿੱਚ ਪੰਜਾਬ ਦੇ ਮਲਾਜ਼ਮਾਂ ਨੂੰ ਬਹੁਤ ਆਸਾਂ ਹਨ। ਪੰਜਾਬ ਸਰਕਾਰ ਨੂੰ ਮੁਲਾਜ਼ਮਾਂ ਦੇ ਜੀ ਪੀ ਐਫ ਖਾਤੇ ਖੋਲ੍ਹ ਕੇ ਕਟੌਤੀ ਕਰਨੀ ਸ਼ੁਰੂ ਕੀਤੀ ਜਾਵੇ ਅਤੇ ਐਨ ਪੀ ਐਸ ਦੀ ਕਟੌਤੀ ਬਿਲਕੁਲ ਬੰਦ ਕਰ ਦਿੱਤੀ ਜਾਵੇ। ਇਸ ਸਮੇਂ ਜੋਰਾ ਸਿੰਘ ਬੱਸੀਆਂ, ਧਰਮ ਸਿੰਘ, ਕੁਲਦੀਪ ਸਿੰਘ, ਪਰਦੀਪ ਸਿੰਘ ਸਮੇਤ ਹੋਰ ਆਗੂ ਹਾਜ਼ਰ ਸਨ।