SANGRUR/ MOONAK : ਹੁਣ ਤੱਕ 300 ਤੋਂ ਵੱਧ ਵਿਅਕਤੀਆਂ ਨੂੰ ਸੁਰੱਖਿਅਤ ਰਾਹਤ ਕੇਂਦਰਾਂ ਵਿੱਚ ਪਹੁੰਚਾਇਆ, ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਕੇਂਦਰਾਂ ਵਿੱਚ ਜਾਣ ਦੀ ਅਪੀਲ


ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਮਦਦ ਪਹੁੰਚਾਉਣ ਲਈ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ ਸੁਰੇਂਦਰ ਲਾਂਬਾ ਨੇ ਖੁਦ ਸੰਭਾਲੀ ਕਮਾਨ


ਕਿਸ਼ਤੀਆਂ ਵਿੱਚ ਜਾ ਕੇ ਲੋੜਵੰਦਾਂ ਨੂੰ ਆਪਣੀ ਹੱਥੀਂ ਵੰਡੀ ਰਾਹਤ ਸਮੱਗਰੀ


ਹੁਣ ਤੱਕ 300 ਤੋਂ ਵੱਧ ਵਿਅਕਤੀਆਂ ਨੂੰ ਸੁਰੱਖਿਅਤ ਰਾਹਤ ਕੇਂਦਰਾਂ ਵਿੱਚ ਪਹੁੰਚਾਇਆ, ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਕੇਂਦਰਾਂ ਵਿੱਚ ਜਾਣ ਦੀ ਅਪੀਲ


ਪ੍ਰਭਾਵਿਤ ਪਿੰਡਾਂ ’ਚ ਕਿਸ਼ਤੀ ਰਾਹੀਂ ਪਹੁੰਚ ਰਹੀਆਂ ਹਨ ਮੈਡੀਕਲ ਤੇ ਵੈਟਰਨਰੀ ਟੀਮਾਂ


 ਐਨ.ਡੀ.ਆਰ.ਐਫ ਦੀਆਂ 3 ਟੀਮਾਂ ਅਤੇ ਭਾਰਤੀ ਫੌਜ ਦੇ 3 ਕਾਲਮ ਵੀ ਦੇ ਰਹੇ ਹਨ ਸਹਿਯੋਗ


ਮੂਨਕ/ਸੰਗਰੂਰ, 14 ਜੁਲਾਈ:

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਮੂਨਕ ਤੇ ਖਨੋਰੀ ਦੇ ਹੜ੍ਹ ਪ੍ਰਭਾਵਿਤ ਡੇਰਿਆਂ, ਢਾਣੀਆਂ, ਪਿੰਡਾਂ ਅਤੇ ਸ਼ਹਿਰਾਂ ਵਿੱਚ ਵਸਦੇ ਲੋਕਾਂ ਤੱਕ ਭੋਜਨ, ਪੀਣ ਵਾਲਾ ਸਾਫ਼ ਪਾਣੀ ਅਤੇ ਹੋਰ ਲੋੜੀਂਦੀਆਂ ਵਸਤੂਆਂ ਦੀ ਪਹੁੰਚ ਨੂੰ ਯਕੀਨੀ ਬਣਾਉਣ ਲਈ ਅੱਜ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ ਸੁਰੇਂਦਰ ਲਾਂਬਾ ਨੇ ਖੁਦ ਕਮਾਨ ਸੰਭਾਲੀ ਰੱਖੀ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਹੁਣ ਤੱਕ 300 ਤੋਂ ਵੱਧ ਵਿਅਕਤੀਆਂ ਨੂੰ ਰਾਹਤ ਕੇਂਦਰਾਂ ਵਿਖੇ ਸੁਰੱਖਿਅਤ ਤੌਰ ’ਤੇ ਪਹੁੰਚਾਇਆ ਗਿਆ ਹੈ ਅਤੇ ਜਿਹੜੇ ਵਿਅਕਤੀ ਰਾਜ਼ੀ ਨਹੀਂ ਹੋਏ ਉਨ੍ਹਾਂ ਨੂੰ ਘਰਾਂ ਤੱਕ ਹੀ ਕਿਸ਼ਤੀਆਂ ਰਾਹੀਂ ਪਹੁੰਚ ਕਰਕੇ ਰਾਹਤ ਸਮੱਗਰੀ ਮੁਹੱਈਆ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਹਰੇਕ ਪ੍ਰਭਾਵਿਤ ਪਿੰਡ ਵਿੱਚ ਮੈਡੀਕਲ ਤੇ ਵੈਟਰਨਰੀ ਡਾਕਟਰ ਕਿਸ਼ਤੀਆਂ ਰਾਹੀਂ ਜਾ ਕੇ ਸੇਵਾਵਾਂ ਪ੍ਰਦਾਨ ਕਰ ਰਹੇ ਹਨ ਅਤੇ ਦੋ ਦਿਨਾਂ ਵਿੱਚ ਪਾਣੀ ਪ੍ਰਭਾਵਿਤ ਇਲਾਕਿਆਂ ਵਿੱਚ 577 ਲੋੜਵੰਦਾਂ ਨੂੰ ਮੈਡੀਕਲ ਸੇਵਾਵਾਂ ਦਿੱਤੀਆਂ ਗਈਆਂ।



ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰਾਹਤ ਕਾਰਜਾਂ ਵਿੱਚ ਪ੍ਰਸ਼ਾਸਨ ਦੇ ਸਹਿਯੋਗ ਲਈ ਫੌਜ ਦੇ 3 ਕਾਲਮ ਤੇ ਐਨ.ਡੀ.ਆਰ.ਐਫ ਦੀਆਂ 3 ਟੀਮਾਂ ਕਾਰਜਸ਼ੀਲ ਹਨ। ਉਨ੍ਹਾਂ ਦੱਸਿਆ ਕਿ ਵੱਡੀ ਗਿਣਤੀ ਕਿਸ਼ਤੀਆਂ ਤੇ ਟਰਾਲੀਆਂ ਰਾਹੀਂ ਹਰ ਪ੍ਰਭਾਵਿਤ ਪਿੰਡ ਵਿੱਚ ਲੋਕਾਂ ਨੂੰ ਪਾਣੀ ਦੀਆਂ ਬੋਤਲਾਂ ਤੇ ਸੁੱਕਾ ਰਾਸ਼ਨ ਪਹੁੰਚਾਉਣ ਦੇ ਨਾਲ-ਨਾਲ ਪਾਣੀ ‘ਚ ਫਸੇ ਲੋਕਾਂ ਨੂੰ ਕੱਢਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਹਿਲਾਂ ਹੀ ਲੋਕਾਂ ਦੀ ਸੰਭਾਵੀ ਜ਼ਰੂਰਤ ਦੇ ਮੱਦੇਨਜ਼ਰ ਮੂਨਕ ਤੇ ਖਨੌਰੀ ਖੇਤਰਾਂ ਵਿੱਚ ਹਰ ਸੁਵਿਧਾ ਦਾ ਪ੍ਰਬੰਧ ਕੀਤਾ ਹੋਇਆ ਹੈ ਅਤੇ ਹੁਣ ਸਾਡੀਆਂ ਪ੍ਰਸ਼ਾਸਨਿਕ ਟੀਮਾਂ ਵੱਲੋਂ ਪੁਲਿਸ, ਫੌਜ ਤੇ ਐਨ.ਡੀ.ਆਰ.ਐਫ ਦੇ ਜਵਾਨਾਂ ਦੇ ਸਹਿਯੋਗ ਨਾਲ ਹਰ ਉਸ ਵਿਅਕਤੀ ਤੱਕ ਰਾਹਤ ਸਮੱਗਰੀ ਪਹੁੰਚਾਈ ਜਾ ਰਹੀ ਹੈ ਜੋ ਇਸ ਸੰਕਟ ਦੀ ਸਥਿਤੀ ਵਿੱਚ ਫਸਿਆ ਹੋਇਆ ਹੈ। ਇਸ ਸਮੇਂ ਚੇਅਰਮੈਨ ਪ੍ਰੀਤਮ ਸਿੰਘ ਪੀਤੂ, ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਤੇ ਐਸ.ਡੀ.ਐਮ. ਸੂਬਾ ਸਿੰਘ ਵੀ ਉਨ੍ਹਾਂ ਦੇ ਨਾਲ ਸਨ।

ਐਨ.ਡੀ.ਆਰ.ਐਫ ਦੀਆਂ ਕਿਸ਼ਤੀਆਂ ਰਾਹੀਂ ਪਾਣੀ ਦੀ ਮਾਰ ਵਾਲੇ ਡੇਰਿਆਂ, ਢਾਣੀਆਂ ਤੇ ਪਿੰਡਾਂ ਵਿੱਚ ਪਹੁੰਚੇ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਲੋਕਾਂ ਦਾ ਉਤਸ਼ਾਹ ਵਧਾਇਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਪੱਧਰ ’ਤੇ ਲੋਕਾਂ ਦੀ ਲੋੜ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਅਤੇ ਇਸੇ ਕਰਕੇ ਜਿਥੇ ਲਾਰਡ ਸ਼ਿਵਾ ਸਕੂਲ ਹਮੀਰਗੜ੍ਹ, ਨਗਰ ਪੰਚਾਇਤ ਦਫ਼ਤਰ ਖਨੌਰੀ ਅਤੇ ਸਰਕਾਰੀ ਸਕੂਲ ਰਾਮਪੁਰ ਗੁੱਜਰਾਂ ਵਿੱਚ ਵਿਸ਼ੇਸ਼ ਤੌਰ ’ਤੇ ਰਾਹਤ ਕੇਂਦਰ ਸਥਾਪਤ ਕਰਕੇ ਲੋੜਵੰਦਾਂ ਨੂੰ ਸੁਵਿਧਾ ਮੁਹੱਈਆ ਕਰਵਾਉਣ ਦਾ ਹਰ ਪ੍ਰਬੰਧ ਕੀਤਾ ਹੋਇਆ ਹੈ।

ਡਿਪਟੀ ਕਮਿਸ਼ਨਰ ਨੇ ਮੂਨਕ, ਖਨੌਰੀ ਤੇ ਆਲੇ ਦੁਆਲੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਵੀ ਇਲਾਕੇ ਵਿੱਚ ਕੋਈ ਨਾਗਰਿਕ ਪਾਣੀ ਜ਼ਿਆਦਾ ਆਉਣ ਕਾਰਨ ਫਸ ਗਿਆ ਹੋਵੇ ਤਾਂ ਉਹ ਕੰਟਰੋਲ ਰੂਮ ਦੇ ਨੰਬਰ 01672-234196 ’ਤੇ ਸੰਪਰਕ ਕਰ ਸਕਦਾ ਹੈ। ਡਿਪਟੀ ਕਮਿਸ਼ਨਰ ਨੇ ਦਾਨੀ ਸੱਜਣਾਂ ਤੇ ਸੰਸਥਾਵਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਸੰਕਟ ਦੀ ਇਸ ਘੜੀ ਵਿੱਚ ਕੋਈ ਨਾਗਰਿਕ ਲੋੜਵੰਦ ਲੋਕਾਂ ਨੂੰ ਮਦਦ ਦੇਣ ਦਾ ਚਾਹਵਾਨ ਹੈ ਤਾਂ ਉਹ ਪ੍ਰਸ਼ਾਸਨ ਵੱਲੋਂ ਸਥਾਪਤ ਇਨ੍ਹਾਂ ਰਾਹਤ ਕੇਂਦਰਾਂ ਵਿੱਚ ਕੇਵਲ ਸੁੱਕਾ ਰਾਸ਼ਨ ਮੁਹੱਈਆ ਕਰਵਾ ਸਕਦਾ ਹੈ। 

ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਮੁੜ ਅਪੀਲ ਕਰਦਿਆਂ ਕਿਹਾ ਕਿ ਜਿਹੜੇ ਨੀਵੇਂ ਇਲਾਕਿਆਂ ਵਿੱਚ ਪਾਣੀ ਭਰ ਚੁੱਕਾ ਹੈ ਜਾਂ ਛੇਤੀ ਹੀ ਭਰਨ ਦੀ ਸੰਭਾਵਨਾ ਹੈ ਤਾਂ ਉਹ ਆਪਣਾ ਖੁਦ ਦਾ ਅਤੇ ਪਰਿਵਾਰਾਂ ਦਾ ਖਿਆਲ ਰੱਖਦੇ ਹੋਏ ਇਨ੍ਹਾਂ ਰਾਹਤ ਕੇਂਦਰਾਂ ਵਿੱਚ ਪਹੁੰਚਣ ਕਿਉਂਕਿ ਪ੍ਰਸ਼ਾਸਨ ਵੱਲੋਂ ਹਰ ਪੱਖੋਂ ਬਿਹਤਰ ਇੰਤਜਾਮ ਕੀਤੇ ਗਏ ਹਨ।

ਇਸ ਦੌਰਾਨ ਐਸ.ਐਸ.ਪੀ ਸੁਰੇਂਦਰ ਲਾਂਬਾ ਨੇ ਕਿਹਾ ਕਿ ਪੰਜਾਬ ਪੁਲਿਸ ਦੇ ਜਵਾਨਾਂ ਨੂੰ ਵੀ ਪੂਰੀ ਤਰ੍ਹਾਂ ਮੁਸਤੈਦ ਰਹਿਣ ਦੇ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹਾਇਤਾ ਲਈ ਪੁਲਿਸ ਦੇ ਜਵਾਨ ਸਰਗਰਮ ਹਨ ਅਤੇ ਹਰ ਸੰਭਵ ਮਦਦ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਜਾਨ ਮਾਲ ਦੀ ਰਾਖੀ ਨੂੰ ਯਕੀਨੀ ਬਣਾਉਣ ਲਈ ਕਿਸੇ ਵੀ ਦਾਨੀ ਸੱਜਣ ਜਾਂ ਸੰਸਥਾ ਨੂੰ ਪਾਣੀ ਨਾਲ ਭਰੇ ਇਲਾਕਿਆਂ ਵਿੱਚ ਖੁਦ ਪਹੁੰਚ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ ਕਿਉਂਕਿ ਇਸ ਨਾਲ ਕੀਮਤੀ ਜਾਨਾਂ ਨੂੰ ਖਤਰਾ ਪੈਦਾ ਹੋ ਸਕਦਾ ਹੈ।

Featured post

Punjab Board Class 8th, 10th, and 12th Guess Paper 2025: Your Key to Exam Success!

PUNJAB BOARD GUESS PAPER 2025 Punjab Board Class 8th, 10th, and 12th Guess Paper 2025: Your Key to Exam Success! The ...

RECENT UPDATES

Trends