*ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ 15 ਅਗਸਤ ਨੂੰ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਮੌਕੇ ਕੌਮੀ ਝੰਡਾ ਲਹਿਰਾਉਣਗੇ*
*- ਗੁਰੂ ਨਾਨਕ ਸਟੇਡੀਅਮ ਵਿਖੇ ਹੋਵੇਗਾ ਸਮਾਗਮ; ਡਿਪਟੀ ਕਮਿਸ਼ਨਰ ਵਲੋਂ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ*
ਲੁਧਿਆਣਾ, 10 ਅਗਸਤ (000) - ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਵਲੋਂ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਿਸ ਵਿੱਚ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ 15 ਅਗਸਤ ਨੂੰ ਕੌਮੀ ਝੰਡਾ ਲਹਿਰਾਉਣਗੇ।
ਗੁਰੂ ਨਾਨਕ ਸਟੇਡੀਅਮ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਤਿਰੰਗਾ ਲਹਿਰਾਉਣ, ਸੁਰੱਖਿਆ, ਟ੍ਰੈਫਿਕ, ਪਾਰਕਿੰਗ ਪ੍ਰਬੰਧਾਂ, ਸੱਭਿਆਚਾਰਕ ਪ੍ਰੋਗਰਾਮਾਂ, ਨਿਰਵਿਘਨ ਬਿਜਲੀ ਸਪਲਾਈ, ਸਹੀ ਸਫ਼ਾਈ ਵਿਵਸਥਾ, ਮੈਡੀਕਲ ਸਹੂਲਤਾਂ ਆਦਿ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ।
ਉਨ੍ਹਾਂ ਇਸ ਰਾਸ਼ਟਰੀ ਸਮਾਗਮ ਨੂੰ ਪੂਰੇ ਉਤਸ਼ਾਹ ਅਤੇ ਸੁਚੱਜੇ ਢੰਗ ਨਾਲ ਮਨਾਉਣ ਨੂੰ ਯਕੀਨੀ ਬਣਾਉਣ ਲਈ ਤਿਆਰੀਆਂ ਦੀ ਨੇੜਿਓਂ ਨਿਗਰਾਨੀ ਕਰਨ ਲਈ ਸੀਨੀਅਰ ਅਧਿਕਾਰੀਆਂ ਦੀਆਂ ਡਿਊਟੀਆਂ ਵੀ ਤੈਅ ਕੀਤੀਆਂ।
ਸ੍ਰੀਮਤੀ ਮਲਿਕ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ/ਕਾਲਜਾਂ ਦੇ ਲਗਭਗ 2000 ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਜਾਣ ਵਾਲੇ ਸੱਭਿਆਚਾਰਕ ਪ੍ਰੋਗਰਾਮ ਦਾ ਫੈਸਲਾ ਇੱਕ ਕਮੇਟੀ ਕਰੇਗੀ। ਉਨ੍ਹਾਂ ਨਗਰ ਨਿਗਮ ਲੁਧਿਆਣਾ ਨੂੰ ਵੀ ਹਦਾਇਤ ਕੀਤੀ ਕਿ ਸਮਾਗਮ ਵਾਲੀ ਥਾਂ ਦੇ ਆਲੇ-ਦੁਆਲੇ ਸਾਫ਼-ਸਫ਼ਾਈ ਯਕੀਨੀ ਬਣਾਈ ਜਾਵੇ, ਸਟੇਡੀਅਮ ਨੂੰ ਜਾਣ ਵਾਲੀਆਂ ਸੜਕਾਂ 'ਤੇ ਪਾਣੀ ਦਾ ਛਿੜਕਾਅ ਕੀਤਾ ਜਾਵੇ ਅਤੇ ਸਮਾਗਮ ਦੌਰਾਨ ਹਿੱਸਾ ਲੈਣ ਵਾਲਿਆਂ ਲਈ ਆਰਜ਼ੀ ਅਤੇ ਮੋਬਾਈਲ ਪਖਾਨੇ ਸਥਾਪਤ ਕਰਨ ਨੂੰ ਵੀ ਯਕੀਨੀ ਬਣਾਇਆ ਜਾਵੇ।
ਉਨ੍ਹਾਂ ਕਮਿਸ਼ਨਰੇਟ ਪੁਲਿਸ ਨੂੰ ਸਮਾਗਮ ਦੌਰਾਨ ਅਮਨ-ਕਾਨੂੰਨ ਬਣਾਈ ਰੱਖਣ ਲਈ ਲੋੜੀਂਦੇ ਪ੍ਰਬੰਧ ਕਰਨ ਲਈ ਵੀ ਕਿਹਾ।
ਉਨ੍ਹਾਂ ਦੱਸਿਆ ਕਿ ਫਾਈਨਲ ਡਰੈਸ ਰਿਹਰਸਲ 13 ਅਗਸਤ (ਐਤਵਾਰ) ਨੂੰ ਹੋਵੇਗੀ ਅਤੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਵਧੀਆ ਪ੍ਰਦਰਸ਼ਨ ਕਰਨਾ ਯਕੀਨੀ ਬਣਾਉਣ।