ਡੀ.ਸੀ. ਵੱਲੋਂ ਸੱਭਿਆਚਾਰਕ ਪ੍ਰੋਗਰਾਮ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਤੇ ਅਧਿਆਪਕਾਂ ਲਈ 16 ਅਗਸਤ ਨੂੰ ਛੁੱਟੀ ਦਾ ਐਲਾਨ

 ਜੰਗ-ਏ-ਆਜ਼ਾਦੀ ਵਿੱਚ ਪੰਜਾਬੀਆਂ ਵੱਲੋਂ ਪਾਏ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ : ਡਿਪਟੀ ਕਮਿਸ਼ਨਰ


- ਦੇਸ਼ ਦੀ ਆਜ਼ਾਦੀ ਵਿੱਚ ਪੰਜਾਬੀਆਂ ਨੇ ਸਭ ਤੋਂ ਵੱਧ ਯੋਗਦਾਨ ਪਾਇਆ


- ਆਜ਼ਾਦੀ ਦੀ 76ਵੀਂ ਵਰ੍ਹੇ ਗੰਢ ਮੌਕੇ ਖੇਡ ਸਟੇਡੀਅਮ ਸਰਹਿੰਦ ਵਿਖੇ ਕਰਵਾਇਆ ਗਿਆ ਜ਼ਿਲ੍ਰਾ ਪੱਧਰੀ ਸਮਾਗਮ


- ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਵਿੱਚ ਕੌਮੀ ਝੰਡਾ ਲਹਿਰਾਇਆ


- ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਵਿੱਚ ਸੁਤੰਤਰਤਾ ਸੈਨਾਨੀਆਂ ਦਾ ਕੀਤਾ ਗਿਆ ਸਨਮਾਨ


- ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵੱਲੋਂ ਲੋੜਵੰਦਾਂ ਤੇ ਦਿਵਿਆਂਗਾਂ ਨੂੰ ਮੁਫਤ ਵੰਡੀਆਂ ਸਿਲਾਈ ਮਸ਼ੀਨਾਂ, ਟਰਾਈ ਸਾਇਕਲ ਤੇ ਵੀਲ੍ਹ ਚੇਅਰ


- ਪੰਜਾਬ ਪੁਲਿਸ, ਪੰਜਾਬ ਹੋਮ ਗਾਰਡਜ਼ ਤੇ ਵੱਖ-ਵੱਖ ਸਕੂਲਾਂ ਦੇ ਐਨ.ਸੀ.ਸੀ. ਕੈਡਿਟਾਂ ਨੇ ਕੀਤਾ ਸ਼ਾਨਦਾਰ ਮਾਰਚ ਪਾਸਟ


- ਡੀ.ਸੀ. ਵੱਲੋਂ ਸੱਭਿਆਚਾਰਕ ਪ੍ਰੋਗਰਾਮ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਤੇ ਅਧਿਆਪਕਾਂ ਲਈ 16 ਅਗਸਤ ਨੂੰ ਛੁੱਟੀ ਦਾ ਐਲਾਨ


- ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਵਿੱਚ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਤੇ ਬਸੀ ਪਠਾਣਾ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਕੀਤੀ ਵਿਸ਼ੇਸ਼ ਤੌਰ ਤੇ ਸ਼ਿਰਕਤ


ਫ਼ਤਹਿਗੜ੍ਹ ਸਾਹਿਬ, 15 ਅਗਸਤ:


          ਦੇਸ਼ ਦੀ ਆਜ਼ਾਦੀ ਦੀ 76ਵੀਂ ਵਰ੍ਹੇ ਗੰਢ ਮੌਕੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਖੇਡ ਸਟੇਡੀਅਮ ਸਰਹਿੰਦ ਵਿਖੇ ਜ਼ਿਲ੍ਹਾ ਪੱਧਰੀ ਆਜਾਦੀ ਦਿਵਸ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਉਨ੍ਹਾਂ ਇਸ ਮੌਕੇ ਪੰਜਾਬ ਪੁਲਿਸ, ਪੰਜਾਬ ਹੋਮ ਗਾਰਡਜ਼ ਤੇ ਵੱਖ-ਵੱਖ ਸਕੂਲਾਂ ਦੀਆਂ ਐਨ.ਸੀ.ਸੀ. ਵਿੰਗ ਦੀਆਂ ਟੁਕੜੀਆਂ ਵੱਲੋਂ ਕੀਤੀ ਗਈ ਪਰੇਡ ਦਾ ਨਰੀਖਣ ਕੀਤਾ ਅਤੇ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ, ਬਸੀ ਪਠਾਣਾ ਦੇ ਵਿਧਾਇਕ ਸ. ਰੁਪਿੰਦਰ ਸਿੰਘ ਹੈਪੀ ਅਤੇ ਜ਼ਿਲ੍ਹਾ ਪੁਲਿਸ ਮੁਖੀ ਡਾ: ਰਵਜੋਤ ਗਰੇਵਾਲ ਨੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ।



          ਜ਼ਿਲ੍ਹਾ ਵਾਸੀਆਂ ਦੇ ਨਾਮ ਦਿੱਤੇ ਸੰਦੇਸ਼ ਵਿੱਚ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਚੱਲੀਆਂ ਵੱਖ-ਵੱਖ ਲਹਿਰਾਂ ਅਤੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ, ਸ. ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਮਦਨ ਲਾਨ ਢੀਂਗਰਾ, ਲਾਲਾ ਲਾਜਪਤ ਰਾਏ, ਦੀਵਾਨ ਸਿੰਘ ਕਾਲੇਪਾੜੀ ਅਤੇ ਹੋਰ ਮਹਾਨ ਦੇਸ਼ ਭਗਤਾਂ ਵੱਲੋਂ ਕੀਤੇ ਗਏ ਸੰਘਰਸ਼ਾਂ ਕਾਰਨ ਹੀ ਅੱਜ ਅਸੀਂ ਆਜ਼ਾਦ ਫਿਜ਼ਾ ਵਿੱਚ ਸਾਹ ਲੈ ਰਹੇ ਹਾਂ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਦੌਰਾਨ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ ਹਨ ਜਿਸ ਤੇ ਸਾਨੂੰ ਮਾਣ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਆਜ਼ਾਦੀ ਦਿਵਸ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਮਹਾਨ ਦੇਸ਼ ਭਗਤਾਂ ਦੀਆ ਕੁਰਬਾਨੀਆਂ ਸਦਕਾ ਮਿਲੀ ਆਜ਼ਾਦੀ ਨੂੰ ਸੰਭਾਲਣ ਲਈ ਸਾਨੂੰ ਸਾਰਿਆਂ ਨੂੰ ਆਪਣੀ ਜਿੰਮੇਵਾਰੀ ਨਿਭਾਉਣੀ ਚਾਹੀਦੀ ਹੈ ਅਤੇ ਮਹਾਨ ਦੇਸ਼ ਭਗਤਾਂ ਵੱਲੋਂ ਵਿਖਾਏ ਰਸਤਿਆਂ ਤੇ ਚੱਲਣ ਲਈ ਆਪਣੀ ਨੌਜਵਾਨ ਪੀੜ੍ਹੀ ਨੂੰ ਪ੍ਰੇਰਨਾ ਦੇਣੀ ਚਾਹੀਦੀ ਹੈ ਤਾਂ ਜੋ ਸਾਡੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਸਕੇ।


          ਸ਼੍ਰੀਮਤੀ ਸ਼ੇਰਗਿੱਲ ਨੇ ਕਿਹਾ ਕਿ ਪਿਛਲੇ ਦਿਨੀਂ ਆਏ ਹੜ੍ਹਾਂ ਨਾਲ ਨਜਿੱਠਣ ਵਾਸਤੇ ਪੰਜਾਬ ਸਰਕਾਰ ਵੱਲੋਂ 105 ਕਰੋੜ ਰੁਪਏ ਦੀ ਫੌਰੀ ਰਾਹਤ ਦਿੱਤੀ ਗਈ ਅਤੇ ਖੁਦ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਦੇ ਦੁੱਖ ਤਕਲੀਫ ਜਾਨਣ ਲਈ ਪਹੁੰਚੇ। ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਹੜ੍ਹਾਂ ਨਾਲ ਸਬੰਧਤ ਵੱਖ-ਵੱਖ ਰਾਹਤ ਕਾਰਜਾਂ ਲਈ ਇੱਕ ਕਰੋੜ, 70 ਲੱਖ 39 ਹਜ਼ਾਰ 306 ਰੁਪਏ ਵੰਡੇ ਜਾ ਚੁੱਕੇ ਹਨ। ਇਸ ਤੋਂ ਇਲਾਵਾ ਹੜ੍ਹਾਂ ਕਾਰਨ ਨੁਕਸਾਨੇ ਗਏ 90 ਘਰਾਂ ਦਾ ਮੁਆਵਜ਼ਾ ਵੀ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਹੜ੍ਹਾਂ ਕਾਰਨ ਨੁਕਸਾਨੀਆਂ ਫਸਲਾਂ ਦਾ ਜਾਇਜ਼ਾ ਲੈਣ ਲਈ ਸਪੈਸ਼ਲ ਗਿਰਦਾਵਰੀ ਕਰਵਾਈ ਜਾ ਰਹੀ ਹੈ ਅਤੇ ਜਿਸਦਾ ਵੀ ਨੁਕਸਾਨ ਹੋਇਆ ਹੈ ਉਸ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ।


          ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੇ ਗਏ ਇਤਿਹਾਸਕ ਕੰਮਾਂ ਕਾਰਨ ਸਰਕਾਰੀ ਸਕੂਲਾਂ ਵਿੱਚ ਵਿਦਿਆ ਦਾ ਮਿਆਰ ਹੋ ਉਚਾ ਹੋਇਆ ਹੈ ਅਤੇ ਜ਼ਿਲ੍ਹੇ ਵਿੱਚ ਖੋਲ੍ਹੇ ਗਏ ਤਿੰਨ ਸਕੂਲ ਆਫ ਐਮੀਨੈਂਸ ਵਿੱਚ ਵਿਦਿਆਰਥੀਆਂ ਨੂੰ ਆਈ.ਏ.ਐਸ., ਆਈ.ਪੀ.ਐਸ., ਆਈ.ਆਈ.ਟੀ. ਵਰਗੇ ਉਚ ਆਹੁਦਿਆਂ ਲਈ ਤਿਆਰ ਕੀਤਾ ਜਾਵੇਗਾ। ਇਨ੍ਹਾਂ ਸਕੂਲਾਂ ਦੇ ਵਿਦਿਆਰਥੀਆਂ ਨੂੰ ਵਰਦੀ ਲਈ 4000/-ਰੁਪਏ ਅਤੇ ਟਰਾਂਸਪੋਰਟ ਦੀ ਸੁਵਿਧਾ ਮੁਫਤ ਦਿੱਤੀ ਜਾਵੇਗੀ। ਉਨ੍ਹਾਂ ਹੋਰ ਦੱਸਿਆ ਕਿ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਾਸਤੇ ਪੰਜਾਬ ਸਰਕਾਰ ਵੱਲੋਂ ਜਲ ਸਰੋਤ ਵਿਭਾਗ ਦੇ ਉਪਰਾਲਿਆਂ ਸਦਕਾ 14000 ਦੇ ਕਰੀਬ ਬੰਦ ਪਏ ਨਹਿਰੀ ਖਾਲੇ ਮੁੜ ਚਾਲੂ ਕੀਤੇ ਗਏ ਹਨ ਅਤੇ ਕਿਸਾਨਾਂ ਨੂੰ ਨਹਿਰੀ ਪਾਣੀ ਦੇਣ ਦਾ ਵਾਅਦਾ ਪੂਰਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਖੇਤੀ ਲਈ ਨਹਿਰੀ ਪਾਣੀ ਦੇਣ ਵਾਸਤੇ ਜ਼ਿਲ੍ਹੇ ਵਿੱਚ 203.14 ਕਰੋੜ ਰੁਪਏ ਖਰਚ ਕੀਤੇ ਜਾਣਗੇ ਤਾਂ ਜੋ ਕਿਸਾਨ ਸਿੰਚਾਈ ਲਈ ਨਹਿਰੀ ਪਾਣੀ ਦੀ ਵਰਤੋਂ ਕਰਕੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਿੱਚ ਯੋਗਦਾਨ ਪਾ ਸਕਣ।


          ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਚਾਲੂ ਮਾਲੀ ਸਾਲ ਦੌਰਾਨ ਜ਼ਿਲ੍ਹੇ ਵਿੱਚ 161 ਮਾਡਲ ਖੇਡ ਮੈਦਾਨ ਬਣਾਉਣ ਦਾ ਟੀਚਾ ਮਿਥਿਆ ਗਿਆ ਹੈ ਜਿਨ੍ਹਾਂ ਵਿੱਚੋਂ 65 ਖੇਡ ਸਟੈਡੀਅਮਾਂ ਦਾ ਕੰਮ ਸ਼ੁਰੂ ਹੋ ਚੁੱਕਾ ਹੈ ਅਤੇ 29 ਖੇਡ ਮੈਦਾਨ ਤਿਆਰ ਹੋ ਚੁੱਕੇ ਹਨ। ਇਸ ਕੰਮ ਤੇ 2 ਕਰੋੜ 35 ਲੱਖ 40 ਹਜ਼ਾਰ ਰੁਪਏ ਖਰਚ ਕੀਤੇ ਗਏ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹੇ ਦੇ 30 ਪਿੰਡਾਂ ਦੇ ਚਾਰ ਏਕੜ ਰਕਬੇ ਵਿੰਚ ਮਾਡਲ ਖੇਡ ਮੈਦਾਨ ਬਣਾਉਣ ਦਾ ਕੰਮ ਵੀ ਛੇਤੀ ਹੀ ਸ਼ੁਰੂ ਹੋ ਜਾਵੇਗਾ। ਉਨ੍ਹਾਂ ਹੋਰ ਦੱਸਿਆ ਕਿ ਸਵੱਛ ਭਾਰਤ ਗ੍ਰਾਮੀਣ ਮਿਸ਼ਨ ਅਧੀਨ ਜ਼ਿਲ੍ਹੇ ਦੇ 110 ਪਿੰਡਾਂ ਨੂੰ ਓ.ਡੀ.ਐਫ.+ ਕੀਤਾ ਜਾ ਚੁੱਕਾ ਹੈ ਤੇ ਬਾਕੀ 105 ਪਿੰਡਾਂ ਵਿੱਚ ਇਹ ਕੰਮ ਇਸ ਮਹੀਨੇ ਦੇ ਅੰਤ ਤੱਕ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਹੋਰ ਦੱਸਿਆ ਕਿ ਪਿੰਡਾਂ ਦੇ ਵਾਤਾਵਰਣ ਨੂੰ ਹਰਿਆ ਭਰਿਆ ਤੇ ਸਵੱਛ ਬਣਾਉਣ ਲਈ 43 ਪਿੰਡਾਂ ਵਿੱਚ ਸਾਲਿਡ ਵੇਸਟ ਮੈਨੇਜਮੈਂਟ ਸਿਸਟਮ ਦਾ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ 89 ਪਿੰਡਾਂ ਵਿੱਚ ਲਿਕੁਅਡ ਵੇਸਟ ਮੈਨੇਜਮੈਂਟ ਸਿਸਟਮ ਮੁਕੰਮਲ ਹੋ ਗਏ ਹਨ।


 

HOLIDAYS ON 16TH AUGUST : ALL DISTRICT UPDATES SEE HERE ਹੋਰ ਜਿਲਿਆਂ ਵਿੱਚ ਛੁੱਟੀ ਸਬੰਧੀ ਅਪਡੇਟ , ਦੇਖੋ ਇਥੇ 

          ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸੁਤੰਤਰਤਾ ਸੈਨਾਨੀਆਂ ਦਾ ਸਨਮਾਨ ਕੀਤਾ, ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵੱਲੋਂ ਲੋੜਵੰਦਾਂ ਤੇ ਦਿਵਿਆਂਗਾਂ ਨੂੰ ਸਿਲਾਈ ਮਸ਼ੀਨਾਂ, ਟਰਾਈ ਸਾਇਕਲ ਤੇ ਵੀਲ੍ਹ ਚੇਅਰ ਵੰਡੀਆਂ । ਇਸ ਮੌਕੇ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਕਾਰਗੁਜ਼ਾਰੀ ਵਿਖਾਉਣ ਵਾਲੀਆਂ ਸਖਸ਼ੀਅਤਾਂ ਦਾ ਸਨਮਾਨ ਵੀ ਕੀਤਾ ਗਿਆ। ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ ਅਤੇ ਪੰਜਾਬ ਦਾ ਲੋਕ ਨਾਚ ਗਿੱਧਾ ਤੇ ਭੰਗੜਾ ਵੀ ਪੇਸ਼ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਸੱਭਿਆਚਾਰਕ ਪ੍ਰੋਗਰਾਮ ਵਿੱਚ ਭਾਗ ਲੈਣ ਵਾਲੇ ਸਕੂਲੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਅਧਿਆਪਕਾਂ ਲਈ 16 ਅਗਸਤ ਨੂੰ ਛੁੱਟੀ ਦਾ ਐਲਾਨ ਵੀ ਕੀਤਾ। ਇਸ ਮੌਕੇ ਹਲਕਾ ਵਿਧਾਇਕ ਰਾਏ ਨੇ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਦਾ ਵਿਸ਼ੇਸ਼ ਤੌਰ ਤੇ ਸਨਮਾਨ ਵੀ ਕੀਤਾ।


          ਸਮਾਗਮ ਵਿੱਚ ਜ਼ਿਲ੍ਹਾ ਤੇ ਸੈਸ਼ਨ ਜੱਜ ਸ਼੍ਰੀ ਅਰੁਣ ਗੁਪਤਾ, ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸ਼੍ਰੀਮਤੀ ਅੰਸ਼ੁਲ ਬੇਰੀ, ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ -ਕਮ- ਪ੍ਰਿੰਸੀਪਲ ਜੱਜ ਫੈਮਿਲੀ ਕੋਰਟ ਸ਼੍ਰੀ ਬਿਕਰਮਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਈਸ਼ਾ ਸਿੰਗਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਸੁਰਿੰਦਰ ਸਿੰਘ ਧਾਲੀਵਾਲ, ਐਸ.ਪੀ. (ਐਚ) ਸ਼੍ਰੀ ਰਮਿੰਦਰ ਸਿੰਘ, ਐਸ.ਪੀ. (ਜਾਂਚ) ਸ਼੍ਰੀ ਰਾਕੇਸ਼ ਯਾਦਵ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ਼੍ਰੀ ਅਜੈ ਸਿੰਘ ਲਿਬੜਾ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਸ਼੍ਰੀ ਹਰਪ੍ਰੀਤ ਸਿੰਘ ਅਟਵਾਲ, ਸਹਾਇਕ ਕਮਿਸ਼ਨਰ (ਜ) ਸ਼੍ਰੀ ਅਭਿਸ਼ੇਕ ਸ਼ਰਮਾ, ਜ਼ਿਲ੍ਹਾ ਮਾਲ ਅਫਸਰ ਸ਼੍ਰੀ ਸੰਦੀਪ ਸਿੰਘ, ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਸ਼੍ਰੀ ਗੁਰਵਿੰਦਰ ਸਿੰਘ ਢਿੱਲੋਂ, ਮਾਰਕੀਟ ਕਮੇਟੀ ਚਨਾਰਥਲ ਦੇ ਚੇਅਰਮੈਨ ਸ਼੍ਰੀ ਰਸ਼ਪਿੰਦਰ ਰਾਜਾ, ਆਮ ਆਦਮੀ ਪਾਰਟੀ ਦੇ ਸ਼੍ਰੀ ਅਮਰਿੰਦਰ ਸਿੰਘ ਮੰਡੋਫਲ, ਗੁਰਸਤਿੰਦਰ ਸਿੰਘ ਜੱਲ੍ਹਾ, ਸਨੀ ਚੋਪੜਾ, ਨਵਦੀਪ ਨਵੀ, ਸਤੀਸ਼ ਲਟੌਰ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ, ਵਿਭਾਗਾਂ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਸ਼ਹਿਰੀ ਪਤਵੰਤੇ ਮੌਜੂਦ ਸਨ.


Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

AFPI MOHALI ADMISSION 2024-25: ਮੁੰਡਿਆਂ ਲਈ NDA, ਆਰਮੀ , ਨੇਵੀ ਅਤੇ ਏਅਰ ਫੋਰਸ ਵਿੱਚ ਭਰਤੀ ਲਈ ਸੁਨਹਿਰੀ ਮੌਕਾ, ਅਰਜ਼ੀਆਂ ਦੀ ਮੰਗ

Maharaja Ranjit Singh Academy entrance test 2024-25 Registration Maharaja Ranjit Singh Academy entrance test 2024-25 ਪੰਜਾਬ ਸਰਕਾਰ ਦੀ ਮੋਹਾਲੀ ਵ...

RECENT UPDATES

Trends