*ਸਾਂਝਾ ਅਧਿਆਪਕ ਮੋਰਚਾ ਪੰਜਾਬ 4 ਸਤੰਬਰ ਨੂੰ ਅਧਿਆਪਕ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਮੀਟਿੰਗਾਂ ਕਰਕੇ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਨੂੰ ਮੰਗ ਪੱਤਰ ਭੇਜੇਗਾ*
*ਸੰਘਰਸ਼ਾਂ ਨੂੰ ਕਾਲ਼ੇ ਕਾਨੂੰਨਾਂ ਨਾਲ ਨਹੀਂ ਦਬਾਇਆ ਜਾ ਸਕਦਾ*
ਨਵਾਂ ਸ਼ਹਿਰ 30 ਅਗਸਤ ( ) ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਕਨਵੀਨਰਾਂ ਅਤੇ ਕੋ-ਕਨਵੀਨਰਾਂ ਦੀ ਵਰਚੁਅਲ ਮੀਟਿੰਗ ਬਾਜ ਸਿੰਘ ਖਹਿਰਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਗੁਰਜੰਟ ਸਿੰਘ ਵਾਲੀਆ, ਸੁਰਿੰਦਰ ਕੰਬੋਜ, ਸੁਖਵਿੰਦਰ ਸਿੰਘ ਚਾਹਲ, ਬਲਜੀਤ ਸਿੰਘ ਸਲਾਣਾ, ਸੁਰਿੰਦਰ ਕੁਮਾਰ ਪੁਆਰੀ, ਸੁਖਰਾਜ ਸਿੰਘ ਕਾਹਲੋਂ, ਸੁਖਜਿੰਦਰ ਸਿੰਘ ਟੌਹੜਾ, ਨਵਪ੍ਰੀਤ ਬੱਲੀ ਆਦਿ ਹਾਜ਼ਰ ਸਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੋਰਚੇ ਦੇ ਕੋ-ਆਰਡੀਨੇਟਰ ਕੁਲਦੀਪ ਸਿੰਘ ਦੌੜਕਾ ਨੇ ਦੱਸਿਆ ਕਿ ਮੀਟਿੰਗ ਵਿੱਚ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦੀ ਹਮਾਇਤ ਕਰਦਿਆਂ ਮੁੱਖ ਮੰਤਰੀ ਵੱਲੋਂ ਸੰਘਰਸ਼ੀ ਮੁਲਾਜ਼ਮਾਂ ਨੂੰ ਧਮਕੀਆਂ ਦੇਣ ਦੀ ਨਿਖੇਧੀ ਕੀਤੀ ਗਈ। ਜਦੋਂ ਕਿ ਮੁਲਾਜ਼ਮ ਸੰਵਿਧਾਨਕ ਹੱਕ ਦੀ ਵਰਤੋਂ ਕਰਦਿਆਂ ਆਪਣੇ ਮਸਲੇ ਸਰਕਾਰ ਦੇ ਧਿਆਨ ਵਿੱਚ ਲਿਆ ਰਹੇ ਹਨ। ਲੋਕਤੰਤਰੀ ਪ੍ਰਣਾਲੀ ਵਿੱਚ ਸੰਘਰਸ਼ਾਂ ਨੂੰ ਕਾਲ਼ੇ ਕਾਨੂੰਨਾਂ ਨਾਲ ਨਹੀਂ ਦਬਾਇਆ ਜਾ ਸਕਦਾ।
ਸਗੋਂ ਇਸ ਨਾਲ ਸਰਕਾਰ ਪ੍ਰਤੀ ਵਿਦਰੋਹ ਹੋਰ ਤਿੱਖਾ ਹੋਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਸਾਂਝਾ ਅਧਿਆਪਕ ਮੋਰਚਾ ਪੰਜਾਬ ਵੱਲੋਂ 4 ਸਤੰਬਰ ਨੂੰ ਅਧਿਆਪਕ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਜਨਰਲ ਬਾਡੀ ਮੀਟਿੰਗਾਂ ਕੀਤੀਆਂ ਜਾਣਗੀਆਂ ਅਤੇ ਰਾਸ਼ਟਰੀ ਸਿੱਖਿਆ ਨੀਤੀ ਰੱਦ ਕਰਨ, ਕੱਚੇ ਅਧਿਆਪਕਾਂ ਨੂੰ ਪੂਰੇ ਤਨਖਾਹ ਸਕੇਲ ਵਿੱਚ ਪੱਕੇ ਕਰਨ, ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਸ਼ਿਫਟ ਕਰਨ, ਖਾਲੀ ਅਸਾਮੀਆਂ ਪੂਰੇ ਤਨਖਾਹ ਸਕੇਲ ਵਿੱਚ ਭਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਹਰ ਵਰਗ ਦੀਆਂ ਪ੍ਰਮੋਸ਼ਨਾਂ ਸਾਲ ਵਿੱਚ ਦੋ ਵਾਰ ਕਰਨ, ਪੰਜਵੇਂ ਤਨਖਾਹ ਕਮਿਸ਼ਨ ਵੱਲੋਂ ਸਿਫਾਰਸ਼ ਕੀਤੀ ਉਚੇਰੀ ਗਰੇਡ ਪੇਅ ਬਹਾਲ ਕਰਨ, 125% ਮਹਿੰਗਾਈ ਭੱਤੇ 'ਤੇ ਛੇਵੇਂ ਤਨਖਾਹ ਕਮਿਸ਼ਨ ਵੱਲੋਂ ਸਿਫਾਰਸ਼ ਕੀਤਾ 2.59 ਦਾ ਗੁਣਾਂਕ ਦੇਣ, ਬੰਦ ਕੀਤੇ ਭੱਤੇ ਬਹਾਲ ਕਰਨ, 2018 ਦੇ ਅਧਿਆਪਕ ਵਿਰੋਧੀ ਨਿਯਮ ਰੱਦ ਕਰਨ ਸਮੇਤ ਅਧਿਆਪਕਾਂ ਦੀਆਂ ਭਖ਼ਦੀਆਂ ਮੰਗਾਂ ਸਬੰਧੀ ਡਿਪਟੀ ਕਮਿਸ਼ਨਰਾਂ ਰਾਹੀਂ ਸਿੱਖਿਆ ਮੰਤਰੀ ਅਤੇ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜੇ ਜਾਣਗੇ।