ਕਿਸਾਨ ਆਗੂਆਂ ਤੇ ਲਾਠੀਚਾਰਜ ਦੀ ਡੀ ਟੀ ਐੱਫ ਵੱਲੋਂ ਨਿਖੇਧੀ
21 ਅਗਸਤ (. ) ਪੰਜਾਬ ਸਰਕਾਰ ਦੀਆਂ ਗਲਤ ਨੀਤੀਆਂ ਕਾਰਣ ਪੰਜਾਬ ਵਿੱਚ ਆਏ ਹੜ੍ਹਾਂ'ਚ ਲੋਕਾਂ ਦੇ ਹੋਏ ਜਾਨ ਮਾਲ ਦੇ ਨੁਕਸਾਨ ਲਈ ਮੁਆਵਜ਼ੇ ਦੀ ਮੰਗ ਅਤੇ ਹੋਰ ਮੰਗਾਂ ਨੂੰ ਲੈ ਕੇ ਚੰਡੀਗੜ੍ਹ 'ਚ ਧਰਨਾ ਦੇਣ ਜਾ ਰਹੇ ਵੱਖ-ਵੱਖ ਕਿਸਾਨ ਜੱਥੇਬੰਦੀਆਂ ਦੇ ਆਗੂਆਂ ਤੇ ਭਾਰੀ ਲਾਠੀਚਾਰਜ ਅਤੇ ਗ੍ਰਿਫਤਾਰ ਕਰਨ ਦੀ ਡੀ ਟੀ ਐੱਫ ਵੱਲੋਂ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ ਗਈ।
ਡੀ ਟੀ ਐੱਫ ਪੰਜਾਬ ਦੇ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਦੱਸਿਆ ਕਿ ਪੰਜਾਬ ਵਿੱਚ ਆਏ ਹੜ੍ਹਾਂ ਲਈ ਵਰਤਮਾਨ ਸਰਕਾਰਾਂ ਜ਼ਿੰਮੇਵਾਰ ਹਨ ਜਿੰਨ੍ਹਾਂ ਵੱਲੋਂ ਹੜ੍ਹਾਂ ਤੋਂ ਪਹਿਲਾਂ ਉਚਿਤ ਪ੍ਰਬੰਧ ਨਹੀਂ ਕੀਤੇ ਗਏ। ਪੰਜਾਬ ਦੀ ਮਾਨ ਸਰਕਾਰ ਹਰੇਕ ਫਰੰਟ ਤੇ ਸਿਰਫ ਇਸ਼ਤਿਹਾਰਬਾਜ਼ੀ ਜਰੀਏ ਵਾਹ ਵਾਹ ਖੱਟਣਾ ਚਾਹੁੰਦੀ ਹੈ ਜਦਕਿ ਹਕੀਕਤ ਚ ਕੁਝ ਨਹੀਂ ਹੋ ਰਿਹਾ। ਗਰੀਬ ਲੋਕਾਂ ਦੇ ਪੂਰੀ ਤਰ੍ਹਾਂ ਨੁਕਸਾਨੇ ਮਕਾਨਾਂ ਦਾ ਮੁਆਵਜ਼ਾ ਸਿਰਫ਼ ਚਾਰ ਹਜ਼ਾਰ ਰੁਪਏ ਦੇ ਕੇ ਸਰਕਾਰ ਨੇ ਉਨ੍ਹਾਂ ਦਾ ਮਜ਼ਾਕ ਹੀ ਉਡਾਇਆ ਹੈ। ਸਰਕਾਰ ਦੀਆਂ ਡਰਾਮੇਬਾਜ਼ੀਆਂ ਤੋਂ ਅੱਕੇ ਕਿਸਾਨਾਂ ਨੇ ਜਦ ਚੰਡੀਗੜ੍ਹ ਵੱਲ ਕੂਚ ਕਰਨ ਦਾ ਐਲਾਨ ਕੀਤਾ ਹੈ ਤਾਂ ਪੰਜਾਬ ਸਰਕਾਰ ਨੇ ਕਿਸਾਨਾਂ ਦੇ ਅੰਦੋਲਨ ਨੂੰ ਦਬਾਉਣ ਲਈ ਧਰਨੇ ਤੋਂ ਇੱਕ ਦਿਨ ਪਹਿਲਾਂ ਹੀ ਕਿਸਾਨ ਆਗੂਆਂ ਦੀ ਫੜੋ ਫੜਾਈ ਤੇ ਉੱਤਰ ਕੇ ਆਪਣਾ ਲੋਕ ਵਿਰੋਧੀ ਚਿਹਰਾ ਨੰਗਾ ਕਰ ਲਿਆ ਹੈ। ਡੀ ਟੀ ਐੱਫ ਦੇ ਆਗੂਆਂ ਜਗਪਾਲ ਬੰਗੀ, ਬੇਅੰਤ ਫੂਲੇਵਾਲਾ, ਰਾਜੀਵ ਬਰਨਾਲਾ, ਗੁਰਪਿਆਰ ਕੋਟਲੀ, ਜਸਵਿੰਦਰ ਔਜਲਾ, ਰਘਬੀਰ ਭਵਾਨੀਗੜ੍ਹ, ਹਰਜਿੰਦਰ ਸਿੰਘ ਵਡਾਲਾ ਬਾਂਗਰ, ਦਲਜੀਤ ਸਫੀਪੁਰ, ਕੁਲਵਿੰਦਰ ਜੋਸ਼ਨ, ਪਵਨ ਕੁਮਾਰ ਮੁਕਤਸਰ, ਮਹਿੰਦਰ ਕੌੜਿਆਂਵਾਲੀ, ਤੇਜਿੰਦਰ ਸਿੰਘ, ਰੁਪਿੰਦਰ ਗਿੱਲ ਅਤੇ ਸੁਖਦੇਵ ਡਾਨਸੀਵਾਲ ਨੇ ਕਿਸਾਨ ਆਗੂਆਂ ਨੂੰ ਤੁਰੰਤ ਰਿਹਾਅ ਕਰਨ, ਕਿਸਾਨ ਮੰਗਾਂ ਨੂੰ ਮੰਨਣ, ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਦੀ ਮੰਗ ਕਰਦਿਆਂ ਕਿਸਾਨ ਸੰਘਰਸ਼ ਦਾ ਸਾਥ ਦੇਣ ਦਾ ਐਲਾਨ ਕੀਤਾ।