ਖੇਡਾਂ ਵਤਨ ਪੰਜਾਬ ਦੀਆਂ 2023”
· 26 ਅਗਸਤ ਨੂੰ ਮਾਲੇਰਕੋਟਲਾ ਹੈੱਡਕੁਆਟਰ ਪੁੱਜੇਗਾ ਮਸ਼ਾਲ ਮਾਰਚ - ਡਿਪਟੀ ਕਮਿਸ਼ਨਰ
· ਚਾਹਵਾਨ ਨੌਜਵਾਨਾਂ ਨੂੰ ਇਨ੍ਹਾਂ ਖੇਡਾਂ ਵਿੱਚ ਭਾਗ ਲੈਣ ਲਈ www.khedanwatanpunjabdia.com ਪੋਰਟਲ 'ਤੇ ਆਪਣੇ ਆਪ ਨੂੰ ਰਜਿਸਟਰ ਕਰਨ ਦੀ ਅਪੀਲ
· ਜ਼ਿਲ੍ਹੇ ਵਿੱਚ ਹੋਣਗੀਆਂ 01 ਸਤੰਬਰ ਤੋਂ 10 ਸਤੰਬਰ ਤੱਕ ਬਲਾਕ ਪੱਧਰੀ ਖੇਡਾਂ
ਮਾਲੇਰਕੋਟਲਾ 23 ਅਗਸਤ
" ਖੇਡਾਂ ਵਤਨ ਪੰਜਾਬ ਦੀਆਂ 2023” ਦੇ ਸੀਜ਼ਨ-2 ਦੇ ਉਦਘਾਟਨੀ ਸਮਾਰੋਹ ਮੌਕੇ ਚਲਾਈ ਜਾਣ ਵਾਲੀ ਮਸ਼ਾਲ 26 ਅਗਸਤ ਦਿਨ ਸਨੀਵਾਰ ਨੂੰ ਮਾਲੇਰਕੋਟਲਾ ਦੇ ਹੈੱਡਕੁਆਟਰ ਵਿਖੇ ਪੁੱਜੇਗੀ। ਇਸ ਗੱਲ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਦਿੱਤੀ । ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਪਹਿਲੇ ਸੀਜ਼ਨ ਦੀ ਲੁਧਿਆਣਾ ਵਿਖੇ ਸਮਾਪਤੀ ਹੋਈ ਸੀ, ਜਿਸ ਕਾਰਨ ਮਸ਼ਾਲ ਮਾਰਚ ਦੇ ਦੂਜੇ ਸੀਜ਼ਨ ਤੋਂ ਪਹਿਲਾਂ ਮਸ਼ਾਲ ਲੁਧਿਆਣਾ ਤੋਂ 22 ਅਗਸਤ ਨੂੰ ਜਲਾਈ ਗਈ । ਇਹ ਮਸ਼ਾਲ ਪੂਰੇ ਪੰਜਾਬ ਵਿੱਚ ਮਾਰਚ ਕਰਨ ਤੋਂ ਬਾਅਦ ਬਠਿੰਡਾ ਵਿਖੇ 29 ਅਗਸਤ ਨੂੰ ਪਹੁੰਚੇਗੀ, ਜਿੱਥੇ ਖੇਡਾਂ ਦੇ ਦੂਜੇ ਸੀਜ਼ਨ ਦਾ ਉਦਘਾਟਨ ਹੋਵੇਗਾ। ਉਨ੍ਹਾਂ ਦੱਸਿਆ ਕਿ ਮਾਲੇਰਕੋਟਲਾ ਜ਼ਿਲਾ ਹੈਡਕੁਆਟਰ ਉਤੇ ਮਸ਼ਾਲ ਮਾਰਚ ਦਾ ਸਥਾਨਕ ਉੱਘੇ ਖਿਡਾਰੀ, ਖੇਡ ਵਿਭਾਗ ਦੇ ਕਰਮਚਾਰੀ, ਸਥਾਨਕ ਨੁਮਾਇੰਦੇ ਅਤੇ ਜ਼ਿਲਾ ਪ੍ਰਸ਼ਾਸਨ ਦੇ ਅਧਿਕਾਰੀ ਵੱਲੋਂ ਗਰਮ ਜੋਸ਼ੀ ਨਾਲ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ । ਉਨ੍ਹਾਂ ਹੋਰ ਦੱਸਿਆ ਕਿ ਜ਼ਿਲ੍ਹੇ ਵਿੱਚ 01 ਸਤੰਬਰ ਤੋ 10 ਸਤੰਬਰ ਤੱਕ ਬਲਾਕ ਪੱਧਰੀ ਖੇਡਾਂ ਦਾ ਆਯੋਜਨ ਹੋਵੇਗਾ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਅਤੇ ਖੇਡ ਸੱਭਿਆਚਾਰ ਪੈਦਾ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਪਹਿਲੇ ਸਾਲ ਦੀ ਸਫਲਤਾ ਤੋਂ ਬਾਅਦ ਇਸ ਸਾਲ ਸੀਜ਼ਨ-2 ਤੋਂ ਸ਼ੁਰੂਆਤ ਤੋਂ ਪਹਿਲਾਂ ਖੇਡਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਪਹਿਲੀ ਵਾਰ ਮਸ਼ਾਲ ਮਾਰਚ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ-2023 ਸਬੰਧੀ 26 ਅਗਸਤ ਨੂੰ ਮਾਲੇਰਕੋਟਲਾ ਵਿਖੇ ਪਹੁੰਚਣ ਵਾਲੇ ਮਸ਼ਾਲ ਮਾਰਚ ਦੇ ਸਵਾਗਤ ਤੋਂ ਇਲਾਵਾ ਜ਼ਿਲ੍ਹੇ ਵਿੱਚ ਕਰਵਾਏ ਜਾਣ ਵਾਲੀਆਂ ਖੇਡਾਂ ਦੀਆਂ ਤਿਆਰੀਆਂ ਵੀ ਸ਼ੁਰੂ ਕਰ ਦਿੱਤੀਆਂ ਹਨ।
ਉਨ੍ਹਾਂ ਜ਼ਿਲ੍ਹੇ ਦੇ ਚਾਹਵਾਨ ਨੌਜਵਾਨਾਂ ਨੂੰ ਇਨ੍ਹਾਂ ਖੇਡਾਂ ਵਿੱਚ ਭਾਗ ਲੈਣ ਲਈ www.khedanwatanpunjabdia.com ਪੋਰਟਲ 'ਤੇ ਆਪਣੇ ਆਪ ਨੂੰ ਰਜਿਸਟਰ ਕਰਨ ਦੀ ਅਪੀਲ ਵੀ ਕੀਤੀ।