ਖੇਡਾਂ ਵਤਨ ਪੰਜਾਬ ਦੀਆਂ 2023” ਲਈ ਮੁਕਾਬਲਿਆਂ ਲਈ ਰਜਿਸਟ੍ਰੇਸ਼ਨ ਸ਼ੁਰੂ
· 29 ਅਗਸਤ ਤੱਕ ਵਿਸ਼ੇਸ਼ ਪੋਰਟਲ www.khedanwatanpunjabdia.com 'ਤੇ ਹੋਵੇਗੀ ਮੁਫ਼ਤ ਰਜਿਸਟ੍ਰੇਸ਼ਨ- ਡਾ ਪੱਲਵੀ
* ਮਾਲੇਰਕੋਟਲਾ ਵਿਖੇ 08 ਅਕਤੂਬਰ ਤੋਂ 13 ਅਕਤੂਬਰ ਤੱਕ ਵਾਲੀਬਾਲ (ਸ਼ੂਟਿੰਗ) ਦੇ ਰਾਜ ਪੱਧਰੀ ਮੁਕਾਬਲੇ ਕਰਵਾਏ ਜਾਣਗੇ- ਜ਼ਿਲ੍ਹਾ ਖੇਡ ਅਫ਼ਸਰ
· ਦੂਜੀ ਵਾਰ ਹੋਣ ਜਾ ਰਹੇ ਖੇਡ ਮੁਕਾਬਲਿਆਂ ਵਿੱਚ ਪੰਜ ਨਵੀਂਆਂ ਖੇਡਾਂ ਸਾਈਕਲਿੰਗ, ਘੋੜਸਵਾਰ, ਰਗਬੀ, ਵੁਸ਼ੂ ਅਤੇ ਵਾਲੀਬਾਲ ਸ਼ੂਟਿੰਗ ਵੀ ਸ਼ਾਮਲ
ਮਾਲੇਰਕੋਟਲਾ 20 ਅਗਸਤ :
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ 29 ਅਗਸਤ 2023 ਤੋਂ " ਖੇਡਾਂ ਵਤਨ ਪੰਜਾਬ ਦੀਆਂ 2023 ” ਕਰਵਾਈਆਂ ਜਾ ਰਹੀਆਂ ਹਨ। ਜਿਨ੍ਹਾਂ ਲਈ ਵੱਖ-ਵੱਖ ਉਮਰ ਵਰਗ ਦੇ ਖਿਡਾਰੀ/ਟੀਮਾਂ ਆਪਣੀ ਆਨਲਾਈਨ ਰਜਿਸਟ੍ਰੇਸ਼ਨ - ਕਮ - ਐਂਟਰੀ www.khedanwatanpunjabdia.com’ ਤੇ ਕਰਵਾ ਸਕਦੇ ਹਨ। ਇਸ ਗੱਲ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਦਿੱਤੀ । ਉਨ੍ਹਾਂ ਕਿਹਾ ਕਿ ਖੇਡਾਂ ਦਾ ਮਾਹੌਲ ਸਿਰਜਣ ਲਈ ਸਰਕਾਰ ਹਰ ਸੰਭਵ ਯਤਨ ਕਰ ਰਹੀ ਹੈ ਤਾਂ ਕਿ ਨੌਜਵਾਨਾਂ ਦੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿਚ ਲਾਇਆ ਜਾ ਸਕੇ। ਉਨ੍ਹਾਂ ਹੋਰ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਦੂਜੀ ਵਾਰ ਕਰਵਾਉਣ ਦਾ ਮੁੱਖ ਮਨੋਰਥ ਦੂਰ ਦੁਰਾਡੇ ਇਲਾਕਿਆਂ ਵਿੱਚ ਖਿਡਾਰੀਆਂ ਦੀਆਂ ਖ਼ੂਬੀਆਂ ਅਤੇ ਕਮਜ਼ੋਰੀਆਂ ਦੀ ਪਛਾਣ ਕਰਕੇ ਭਵਿੱਖ ਵਿੱਚ ਹੋਣ ਵਾਲੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁਕਾਬਲਿਆਂ ਲਈ ਉਨ੍ਹਾਂ ਨੂੰ ਤਿਆਰ ਕਰਨ ਹੈ ।
ਉਨ੍ਹਾਂ ਦੱਸਿਆ ਕਿ 'ਖੇਡਾਂ ਵਤਨ ਪੰਜਾਬ ਦੀਆਂ 2023' ਕਰਵਾਉਣ ਦਾ ਮੁੱਖ ਮਨੋਰਥ ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਕੇ ਹਰੇਕ ਪੰਜਾਬ ਨੂੰ ਖੇਡਾਂ ਨਾਲ ਜੋੜਨਾ ਹੈ । ਸੂਬਾ ਸਰਕਾਰ ਵੱਲੋਂ ਪਿਛਲੇ ਸਾਲ ਕਰਵਾਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਨੂੰ ਲੋਕਾਂ ਦਾ ਵੱਡਾ ਹੁੰਗਾਰਾ ਮਿਲਿਆ ਸੀ। ਇਸ ਸਾਲ ਵੀ ਇਹ ਖੇਡ ਮੁਕਾਬਲੇ 29 ਅਗਸਤ ਤੋਂ ਸ਼ੁਰੂ ਹੋਣਗੇ ਜਿਸ ਵਿੱਚ ਹਿੱਸਾ ਲੈਣ ਵਾਲੇ ਖਿਡਾਰੀ ਇਸ ਪੋਰਟਲ ਉੱਤੇ ਆਨਲਾਈਨ ਅਪਲਾਈ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਵਾਰ ਪੰਜ ਨਵੀਂਆਂ ਖੇਡਾਂ ਸਾਈਕਲਿੰਗ, ਘੋੜਸਵਾਰ, ਰਗਬੀ, ਵੁਸ਼ੂ ਅਤੇ ਵਾਲੀਬਾਲ ਸ਼ੂਟਿੰਗ ਵੀ ਸ਼ਾਮਲ ਕੀਤੀਆਂ ਗਈਆਂ ਹਨ । ਇਹ ਖੇਡਾਂ ਬਲਾਕ, ਜ਼ਿਲ੍ਹਾ ਪੱਧਰ ਅਤੇ ਰਾਜ ਪੱਧਰ 'ਤੇ ਕਰਵਾਈਆਂ ਜਾ ਰਹੀਆਂ ਹਨ।ਇਨ੍ਹਾਂ ਖੇਡਾਂ ਦੀ ਰਜਿਸਟ੍ਰੇਸ਼ਨ ਲਈ ਆਖ਼ਰੀ ਮਿਤੀ 28 ਅਗਸਤ, 2022 ਹੈ। ਜਿਹੜੇ ਖਿਡਾਰੀ ਜਾਂ ਟੀਮਾਂ ਨੂੰ ਆਪਣੀ ਐਂਟਰੀ ਆਨਲਾਈਨ/ ਆਫ਼ ਲਾਈਨ ਕਰਵਾਉਣ ਵਿੱਚ ਕਿਸੇ ਕਿਸਮ ਦੀ ਦਿੱਕਤ ਪੇਸ਼ ਆ ਰਹੀ ਹੈ ਉਹ ਦਫ਼ਤਰੀ ਸਮੇਂ ਦਫ਼ਤਰ ਜ਼ਿਲ੍ਹਾ ਖੇਡ ਅਫ਼ਸਰ , ਡਾਕਟਰ ਜ਼ਾਕਿਰ ਹੁਸੈਨ ਸਟੇਡੀਅਮ ਮਾਲੇਰਕੋਟਲਾ ਦੌਰਾਨ ਜ਼ਿਲ੍ਹਾ ਖੇਡ ਅਫ਼ਸਰ ਮਾਲੇਰਕੋਟਲਾ ਨੂੰ ਸੰਪਰਕ ਕਰ ਸਕਦੇ ਹਨ ।
ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡਾਂ ਵਿੱਚ ਕਿਸੇ ਕਿਸਮ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ । ਇਸ ਲਈ ਸਾਰੇ ਆਪਣੀ ਡਿਊਟੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਨੂੰ ਯਕੀਨੀ ਬਣਾਉਣ । ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਸਾਰੇ ਵਿੱਦਿਅਕ ਅਦਾਰਿਆਂ ਵਿੱਚ ਖੇਡ ਸਮਰੱਥਾ ਦਿਖਾਉਣ ਲਈ ਖਿਡਾਰੀਆਂ ਨੂੰ ਰਜਿਸਟ੍ਰੇਸ਼ਨ ਕਰਵਾਉਣ ਲਈ ਪ੍ਰੇਰਿਤ ਕਰਨ ।
ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਗੁਰਦੀਪ ਸਿੰਘ ਨੇ ਦੱਸਿਆ ਕਿ ਮਾਲੇਰਕੋਟਲਾ ਵਿਖੇ 08 ਅਕਤੂਬਰ ਤੋਂ 13 ਅਕਤੂਬਰ ਤੱਕ ਵਾਲੀਬਾਲ (ਸ਼ੂਟਿੰਗ) ਦੇ ਰਾਜ ਪੱਧਰੀ ਮੁਕਾਬਲੇ ਕਰਵਾਏ ਜਾਣਗੇ । ਉਨ੍ਹਾਂ ਹੋਰ ਦੱਸਿਆ ਕਿ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਅੰਡਰ-14, ਅੰਡਰ-17 ਅਤੇ ਅੰਡਰ-21 ਤੋਂ ਇਲਾਵਾ 21 ਤੋਂ 30, 31 ਅਤੇ 40, 41 ਤੋਂ 55 , 56 ਤੋਂ 65 ਸਾਲ ਅਤੇ 65 ਸਾਲ ਤੋਂ ਵੱਧ ਉਮਰ ਵਰਗ ਦੇ ਓਪਨ ਗਰੁੱਪਾਂ ਸਮੇਤ ਵੱਖ-ਵੱਖ ਉਮਰ ਵਰਗਾਂ ਦੇ ਖੇਡ ਮੁਕਾਬਲੇ ਕਰਵਾਏ ਜਾਣਗੇ। ਬਲਾਕ ਪੱਧਰੀ ਵਿੱਚ ਅਥਲੈਟਿਕਸ, ਫੁੱਟਬਾਲ, ਕਬੱਡੀ ( ਸਰਕਲ ਸਟਾਈਲ), ਕਬੱਡੀ ਨੈਸ਼ਨਲ ਸਟਾਈਲ), ਖੋ-ਖੋ, ਰੱਸਾਕਸ਼ੀ ,ਵਾਲੀਬਾਲ (ਸਮੈਸ਼ਿੰਗ) ਵਾਲੀਬਾਲ (ਸ਼ੂਟਿੰਗ) ਦੇ ਮੁਕਾਬਲੇ ਕਰਵਾਏ ਜਾਣਗੇ । ਜ਼ਿਲ੍ਹਾ ਪੱਧਰ ਤੇ ਅਥਲੈਟਿਕਸ, ਬੈਡਮਿੰਟਨ, ਬਾਕਸਿੰਗ, ਕਿੱਕ ਬਾਕਸਿੰਗ,ਚੈੱਸ, ਫੁੱਟਬਾਲ, ਗਤਕਾ, ਜੂਡੋ, ਹਾਕੀ, ਹੈਂਡਬਾਲ, ਕਬੱਡੀ ( ਸਰਕਲ ਸਟਾਈਲ), ਕਬੱਡੀ (ਨੈਸ਼ਨਲ ਸਟਾਈਲ), ਖੋ-ਖੋ, ਨੈੱਟਬਾਲ,ਪਾਵਰ ਲਿਫ਼ਟਿੰਗ,ਸ਼ੂਟਿੰਗ, ਸਾਫ਼ਟ ਬਾਲ,ਤੈਰਾਕੀ, ਟੇਬਲ ਟੈਨਿਸ, ਵਾਲੀਬਾਲ (ਸਮੈਸ਼ਿੰਗ) ਵਾਲੀਬਾਲ (ਸ਼ੂਟਿੰਗ),ਵੈਟ ਲਿਫ਼ਟਿੰਗ ਅਤੇ ਕੁਸ਼ਤੀ ਆਦਿ ਦੀਆਂ ਖੇਡਾਂ ਹੋਣਗੀਆਂ ।
ਉਨ੍ਹਾਂ ਹੋਰ ਦੱਸਿਆ ਕਿ ਰਾਜ ਪੱਧਰੀ ਟੂਰਨਾਮੈਂਟਾਂ ਵਿੱਚ ਸਾਰੀਆਂ ਜ਼ਿਲ੍ਹਾ ਪੱਧਰੀ ਖੇਡਾਂ ਤੋਂ ਇਲਾਵਾ ਤੀਰ-ਅੰਦਾਜ਼ੀ, ਸਾਈਕਲਿੰਗ, ਘੋੜ ਸਵਾਰੀ, ਤਲਵਾਰਬਾਜ਼ੀ, ਜਿਮਨਾਸਟਿਕ, ਕੁਕਿੰਗ ਐਂਡ ਪਲੋਇੰਗ, ਰੋਲਰ ਸਕੇਟਿੰਗ,ਰੋਇੰਗ, ਰੱਗਬੀ, ਵਾਸੂ ਆਦਿ ਦੇ ਮੁਕਾਬਲੇ ਕਰਵਾਏ ਜਾਣਗੇ ।
ਉਨ੍ਹਾਂ ਹੋਰ ਦੱਸਿਆ ਕਿ ਖੇਡ ਮੇਲੇ ਵਿੱਚ ਦਿਵਿਆਂਗਜਨ ਖਿਡਾਰੀਆਂ, ਸਪੈਸ਼ਲ ਖਿਡਾਰੀਆਂ, ਬੋਲ਼ੇ ਅਤੇ ਗੂੰਗੇ ਖਿਡਾਰੀਆਂ ਦੇ ਜ਼ਿਲ੍ਹਾ ਅਤੇ ਰਾਜ ਪੱਧਰ ਤੇ ਵੀ ਮੁਕਾਬਲੇ ਕਰਵਾਏ ਜਾਣਗੇ ।ਉਹਨਾਂ ਸਾਰਿਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਮਾਗਮ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ।