ਰਾਸ਼ਟਰੀ ਭਾਵਨਾ ਅਤੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ ਦੇਸ਼ ਦੀ ਅਜ਼ਾਦੀ ਦਾ 77ਵਾਂ ਦਿਹਾੜਾ
ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅਦਾ ਕੀਤੀ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ
16 ਅਗਸਤ ਨੂੰ ਜ਼ਿਲ੍ਹਾ ਤਰਨ ਤਾਰਨ ਦੇ ਵਿੱਦਿਅਕ ਅਦਾਰਿਆਂ ਵਿੱਚ ਰਹੇਗੀ ਛੁੱਟੀ
ਤਰਨ ਤਾਰਨ, 15 ਅਗਸਤ :
ਦੇਸ਼ ਦੀ ਅਜ਼ਾਦੀ ਦਾ 77ਵਾਂ ਦਿਹਾੜਾ ਅੱਜ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਰਾਸ਼ਟਰੀ ਭਾਵਨਾ ਅਤੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਰਵਾਏ ਗਏ ਜ਼ਿਲਾ ਪੱਧਰੀ ਸਮਾਗਮ ਦੌਰਾਨ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਮੁੱਖ ਮਹਿਮਾਨ, ਕੈਬਨਿਟ ਮੰਤਰੀ ਪੰਜਾਬ ਸ. ਚੇਤਨ ਸਿੰਘ ਜੌੜਮਾਜਰਾ ਨੇ ਅਦਾ ਕੀਤੀ। ਰਾਸ਼ਟਰੀ ਗਾਣ ਦੀ ਧੁੰਨ ਦੇ ਚਲਦਿਆਂ ਜਦੋਂ ਮੁੱਖ ਮਹਿਮਾਨ ਨੇ ਕੌਮੀ ਝੰਡਾ ਲਹਿਰਾਇਆ ਤਾਂ ਪੰਜਾਬ ਪੁਲਿਸ ਦੇ ਜਵਾਨਾਂ ਨੇ ਸਤਿਕਾਰ ਵਜੋਂ ਸਲਾਮੀ ਭੇਂਟ ਕੀਤੀ।ਇਸ ਮੌਕੇ ਮੁੱਖ ਪਹਿਮਾਨ ਵੱਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ ਅਤੇ ਪਰੇਡ ਤੋਂ ਸਲਾਮੀ ਲਈ।
ਆਜ਼ਾਦੀ ਦਿਹਾੜੇ ਨੂੰ ਸਮਰਪਿਤ ਜ਼ਿਲਾ ਪੱਧਰੀ ਸਮਾਗਮ ਦੌਰਾਨ ਹਲਕਾ ਵਿਧਾਇਕ ਹਲਕਾ ਵਿਧਾਇਕ ਤਰਨ ਤਾਰਨ ਡਾ. ਕਸ਼ਮੀਰ ਸਿੰਘ ਸੋਹਲ ਅਤੇ ਸ੍ਰ. ਸਰਵਨ ਸਿੰਘ ਧੁੰਨ ਨੇ ਵਿਸ਼ੇਸ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਜ਼ਿਲਾ ਤੇ ਸੈਸ਼ਨ ਜੱਜ ਸ਼੍ਰੀਮਤੀ ਪ੍ਰੀਆ ਸੂਦ, ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀਮਤੀ ਬਲਦੀਪ ਕੌਰ, ਸਪੈਸ਼ਲ ਡੀ. ਜੀ. ਪੀ. ਸ਼੍ਰੀਮਤੀ ਸਸ਼ੀਪ੍ਰਭਾ ਦਿਵੇਦੀ, ਐੱਸ. ਐੱਸ. ਪੀ. ਤਰਨ ਤਾਰਨ ਸ੍ਰੀ ਗੁਰਮੀਤ ਸਿੰਘ ਚੌਹਾਨ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜ਼ਰ ਸਨ।
ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਇਸ ਇਤਿਹਾਸਕ ਅਤੇ ਧਾਰਮਿਕ ਧਰਤੀ ’ਤੇ ਅੱਜ ਅਸੀਂ 77ਵਾਂ ਆਜ਼ਾਦੀ ਦਿਵਸ ਮਨਾ ਰਹੇ ਹਾਂ ਅਤੇ ਇਸ ਮੌਕੇ ਮੈਂ ਆਪ ਸਭ ਨੂੰ ਹਾਰਦਿਕ ਵਧਾਈ ਦਿੰਦਾ ਹਾਂ।
ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਆਜ਼ਾਦੀ ਘੁਲਾਟੀਏ ਸਾਡਾ ਮਾਣ ਹਨ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਆਜ਼ਾਦੀ ਸੰਗਰਾਮੀਆਂ ਪ੍ਰਤੀ ਆਪਣੇ ਸਤਿਕਾਰ ਦੇ ਸਨਮੁਖ ਸੂਬੇ ਦੇ ਮੌਜੂਦਾ ਆਜ਼ਾਦੀ ਘੁਲਾਟੀਆਂ ਜਾਂ ਉਨ੍ਹਾਂ ਦੇ ਵਾਰਸਾਂ ਨੂੰ ਮਿਲਦੀ ਪੈਨਸ਼ਨ ਨੂੰ 9400 ਤੋਂ ਵਧਾ ਕੇ 11,000 ਰੁਪਏ ਕਰ ਦਿੱਤਾ ਹੈ।ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਸੈਨਿਕਾਂ ਦੇ ਸਨਮਾਨ ਵਜੋਂ ਪੰਜਾਬ ਦੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਦਿੱਤਾ ਜਾਣ ਵਾਲਾ ਮਾਣ ਭੱਤਾ ਵਧਾ ਕੇ 1 ਕਰੋੜ ਰੁਪਏ ਕਰ ਦਿੱਤਾ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਦੇਸ਼ ਦੇ ਬਹਾਦਰ ਸੈਨਿਕਾਂ ਦੇ ਸਤਿਕਾਰ ਵਜੋਂ ਸੂਬਾ ਸਰਕਾਰ ਨੇ ਹਥਿਆਰਬੰਦ ਦਸਤਿਆਂ ਦੇ ਕਿਸੇ ਜਵਾਨ ਦੀ ਨੌਕਰੀ ਦੌਰਾਨ ਮੌਤ ਹੋ ਜਾਣ ਉਤੇ ਉਸ ਦੇ ਵਾਰਸਾਂ ਨੂੰ 25 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਫੈਸਲਾ ਕੀਤਾ ਹੈ। ਇਸੇ ਤਰ੍ਹਾਂ ਸੂਬਾ ਸਰਕਾਰ ਵੱਲੋਂ ਦਿਵਿਆਂਗ ਸਿਪਾਹੀਆਂ ਦਾ ਐਕਸ-ਗ੍ਰੇਸ਼ੀਆ ਵਧਾਉਣ ਦਾ ਵੀ ਫੈਸਲਾ ਕੀਤਾ ਗਿਆ ਹੈ ਅਤੇ ਹੁਣ 76 ਤੋਂ 100 ਫੀਸਦੀ ਤੱਕ ਦਿਵਿਆਂਗ ਹੋਣ ਵਾਲੇ ਸੈਨਿਕਾਂ ਨੂੰ 40 ਲੱਖ ਐਕਸ-ਗ੍ਰੇਸ਼ੀਆ ਮਿਲੇਗਾ, ਜਦੋਂ ਕਿ ਪਹਿਲਾਂ 20 ਲੱਖ ਰੁਪਏ ਮਿਲਦੇ ਸਨ। ਹੁਣ 51 ਤੋਂ 75 ਫੀਸਦੀ ਤੱਕ ਦਿਵਿਆਂਗ ਸੈਨਿਕਾਂ ਨੂੰ 10 ਲੱਖ ਦੀ ਬਜਾਏ 20 ਲੱਖ ਰੁਪਏ ਮਿਲਣਗੇ। 25 ਤੋਂ 50 ਫੀਸਦੀ ਤੱਕ ਦਿਵਿਆਂਗ ਸੈਨਿਕਾਂ ਨੂੰ ਪਹਿਲਾਂ ਮਿਲਦੇ ਪੰਜ ਲੱਖ ਰੁਪਏ ਦੀ ਥਾਂ ਹੁਣ 10 ਲੱਖ ਰੁਪਏ ਮਿਲਣਗੇ।ਇਸੇ ਤਰ੍ਹਾਂ ਪਹਿਲੇ ਅਤੇ ਦੂਜੇ ਵਿਸ਼ਵ ਯੁੱਧ ਦੇ ਗ਼ੈਰ-ਪੈਨਸ਼ਨਧਾਰਕਾਂ ਜਾਂ ਉਨ੍ਹਾਂ ਦੀਆਂ ਵਿਧਵਾਵਾਂ ਦੀ ਮਹੀਨਾਵਾਰ ਵਿੱਤੀ ਸਹਾਇਤਾ ਵੀ 6 ਹਜ਼ਾਰ ਰੁਪਏ ਤੋਂ ਵਧਾ ਕੇ 10 ਹਜ਼ਾਰ ਰੁਪਏ ਕੀਤੀ ਗਈ ਹੈ।
ਉਹਨਾਂ ਕਿਹਾ ਕਿ ਪੰਜਾਬ ਤੇ ਪਹਾੜੀ ਇਲਾਕਿਆਂ ਵਿੱਚ ਲਗਾਤਾਰ ਮੋਹਲੇਧਾਰ ਮੀਂਹ ਕਾਰਨ ਸੂਬੇ ਵਿੱਚ ਪੈਦਾ ਹੋਈ ਹੜ੍ਹ ਦੀ ਸਥਿਤੀ ਨਾਲ ਨਜਿੱਠਣ ਲਈ ਸੂਬਾ ਸਰਕਾਰ ਵੱਲੋਂ 105 ਕਰੋੜ ਰੁਪਏ ਦੀ ਫੌਰੀ ਰਾਹਤ ਦਿੱਤੀ ਗਈ ਹੈ।ਇਸ ਮੁਸ਼ਕਲ ਘੜੀ ਵਿੱਚ ਸੂਬਾ ਸਰਕਾਰ ਆਪਣੇ ਲੋਕਾਂ ਦੇ ਨਾਲ ਖੜੀ ਹੈ ਅਤੇ ਲੋਕਾਂ ਦੇ ਜਾਨੀ-ਮਾਲੀ ਨੁਕਸਾਨ ਦੀ ਪੂਰੀ ਭਰਪਾਈ ਕੀਤੀ ਜਾਵੇਗੀ।
ਉਹਨਾਂ ਕਿਹਾ ਕਿ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦਾ ਵੱਡਾ ਵਾਅਦਾ ਪੂਰਾ ਕਰਦਿਆਂ ਸਾਡੀ ਸਰਕਾਰ ਵੱਲੋਂ ਪਿਛਲੇ ਇਕ ਸਾਲ ਦੇ ਸਮੇਂ ਦੌਰਾਨ 31,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ 12,000 ਤੋਂ ਵੱਧ ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤਾ ਗਿਆ ਹੈ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 1 ਜੁਲਾਈ, 2022 ਤੋਂ ਹਰੇਕ ਵਰਗ ਨੂੰ 600 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ।90 ਫੀਸਦੀ ਖਪਤਕਾਰਾਂ ਦਾ ਬਿਜਲੀ ਦਾ ਬਿੱਲ ਜ਼ੀਰੋ ਆ ਰਿਹਾ ਹੈ। ਕਿਸਾਨਾਂ ਨੂੰ ਮੁਫਤ ਤੇ ਨਿਰਵਿਘਨ ਬਿਜਲੀ ਨਿਰੰਤਰ ਜਾਰੀ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਖੋਲ੍ਹੇ ਗਏ 583 ਆਮ ਆਦਮੀ ਕਲੀਨਿਕ ਸਫਲਤਾਪੂਰਵਕ ਚੱਲ ਰਹੇ ਹਨ ਅਤੇ ਆਜ਼ਾਦੀ ਦੀ 76ਵੀਂ ਵਰ੍ਹੇਗੰਡ ਨੂੰ ਸਮਰਪਿਤ 76 ਹੋਰ ਨਵੇਂ ਆਮ ਆਦਮੀ ਕਲੀਨਿਕ ਸ਼ੂਰੂ ਕੀਤੇ ਗਏ ਹਨ। ਇਨ੍ਹਾਂ ਕਲੀਨਿਕਾਂ ਤੋਂ 80 ਤਰ੍ਹਾਂ ਦੀਆਂ ਦਵਾਈਆਂ ਮੁਫ਼ਤ ਦਿੱਤੀਆਂ ਜਾਂਦੀਆਂ ਹਨ ਅਤੇ 41 ਤਰ੍ਹਾਂ ਦੇ ਟੈਸਟ ਮੁਫਤ ਕੀਤੇ ਜਾਂਦੇ ਹਨ।
ਉਹਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਦਹਾਕਿਆਂ ਬਾਅਦ ਸਿੰਜਾਈ ਲਈ ਨਹਿਰੀ ਪਾਣੀ ਮਿਲਿਆ ਹੈ। ਜਲ ਸਰੋਤ ਵਿਭਾਗ ਦੇ ਉਪਰਾਲਿਆਂ ਸਦਕਾ 14000 ਦੇ ਕਰੀਬ ਬੰਦ ਪਏ ਨਹਿਰੀ ਖਾਲੇ ਮੁੜ ਚਾਲੂ ਕੀਤੇ ਗਏ ਅਤੇ ਮੁੱਖ ਮੰਤਰੀ ਵੱਲੋਂ ਕਿਸਾਨਾਂ ਨੂੰ ਨਹਿਰੀ ਪਾਣੀ ਦੇਣ ਦਾ ਵਾਅਦਾ ਪੂਰਾ ਨਿਭਾਇਆ ਗਿਆ ਹੈ।
ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਵਾਤਾਵਰਣ ਨੂੰ ਸ਼ੁੱਧ ਰੱਖਣ ਦੇ ਉਦੇਸ਼ ਨਾਲ “ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ" ਚਲਾਉਣ ਦਾ ਫੈਸਲਾ ਕੀਤਾ ਗਿਆ ਹੈ। ਸਿੰਗਲ ਯੂਜ਼ ਪਲਾਸਟਿਕ ਉਤੇ ਪਾਬੰਦੀ ਦੇ ਨਾਲ ਲੋਕਾਂ ਨੂੰ ਜਾਗਰੂਕ ਕਰਨ ਲਈ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਤੋਂ ਇਲਾਵਾ ਦਰਿਆਵਾਂ ਨੂੰ ਸਾਫ ਕਰਨ ਉਤੇ ਜ਼ੋਰ ਦਿੱਤਾ ਜਾ ਰਿਹਾ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਲਈ ਪਹਿਲੀ ਵਾਰ “ਖੇਡਾਂ ਵਤਨ ਪੰਜਾਬ ਦੀਆਂ" ਕਰਵਾਈਆਂ ਗਈਆਂ, ਜਿਨ੍ਹਾਂ ਵਿੱਚ 3 ਲੱਖ ਤੋਂ ਵੱਧ ਖਿਡਾਰੀਆਂ ਨੇ ਹਿੱਸਾ ਲਿਆ। ਪੰਜਾਬ ਸਰਕਾਰ ਵੱਲੋਂ 9961 ਮੈਡਲ ਜੇਤੂਆਂ ਨੂੰ 6 ਕਰੋੜ 85 ਲੱਖ ਰੁਪਏ ਦੇ ਇਨਾਮ ਵੰਡੇ ਗਏ ਹਨ।ਰਾਸ਼ਟਰਮੰਡਲ ਖੇਡਾਂ ਵਿੱਚ ਤਮਗਾ ਜਿੱਤਣ ਅਤੇ ਹਿੱਸਾ ਲੈਣ ਵਾਲੇ ਪੰਜਾਬ ਦੇ 23 ਖਿਡਾਰੀਆਂ ਨੂੰ 9 ਕਰੋੜ 30 ਲੱਖ ਰੁਪਏ ਦੀ ਨਗਦ ਇਨਾਮ ਰਾਸ਼ੀ ਦਿੱਤੀ ਗਈ ਹੈ।ਸਰਕਾਰ ਨੇ ਨੈਸ਼ਨਲ ਗੇਮਜ਼ ਦੇ ਮੈਡਲ ਜੇਤੂ 146 ਖਿਡਾਰੀਆਂ ਨੂੰ 5 ਕਰੋੜ ਰੁਪਏ ਤੋਂ ਵੱਧ ਦੀ ਨਗਦ ਇਨਾਮ ਰਾਸ਼ੀ ਦਿੱਤੀ ਹੈ। ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਖੇਡਾਂ ਵਿੱਚ ਨੰਬਰ ਇੱਕ ਸੂਬਾ ਬਣਾਉਣ ਦੇ ਲਏ ਸੁਪਨੇ ਨੂੰ ਪੂਰਾ ਕਰਨ ਲਈ ਨਿਵੇਕਲੀ ਖੇਡ ਨੀਤੀ ਲਿਆਂਦੀ ਗਈ ਹੈ।
ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਸਰਕਾਰ ਵੱਲੋਂ ਲੋਕਤੰਤਰ ਦੇ ਚੌਥੇ ਥੰਮ੍ਹ ਪੱਤਰਕਾਰਤਾ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਸੂਬੇ ਦੇ ਪੱਤਰਕਾਰਾਂ ਨੂੰ ਐਕਰੀਡੇਸ਼ਨ ਅਤੇ ਪੀਲੇ ਕਾਰਡ ਦੀ ਸਹੂਲਤ ਦਿੱਤੀ ਜਾਂਦੀ ਹੈ। ਹੁਣੇ ਜਿਹੇ ਵਿਭਾਗ ਨੇ ਐਕਰੀਡੇਸ਼ਨ ਲਈ ਆਨਲਾਈਨ ਪੋਰਟਲ ਦੀ ਸ਼ੁਰੂਆਤ ਕੀਤੀ ਹੈ।
ਉਹਨਾਂ ਕਿਹਾ ਕਿ ਤਰਨ ਤਾਰਨ ਵਾਸੀਆਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਆਮ ਆਦਮੀ ਕਲੀਨਿਕਾਂ ਦੀ ਗਿਣਤੀ ਵਧ ਕੇ 18 ਹੋ ਗਈ ਹੈ। ਫੇਜ਼-4 ਤਹਿਤ ਜ਼ਿਲ੍ਹੇ ਦੇ ਪਿੰਡ ਰੱਤਾ ਗੁੱਦਾ, ਲਾਲਪੁਰਾ, ਪੰਜਵੜ ਅਤੇ ਬੋਪਾਰਾਏ ਵਿਚ 4 ਨਵੇਂ ਆਮ ਆਦਮੀ ਕਲੀਨਿਕ 14 ਅਗਸਤ ਨੂੰ ਸ਼ੁਰੂ ਕੀਤੇ ਗਏ ਹਨ।
ਉਹਨਾਂ ਕਿਹਾ ਕਿ ਜ਼ਿਲ੍ਹੇ ਦੇ ਪੰਜ ਸਕੂਲਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਤਰਨ ਤਾਰਨ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ ਸਾਹਿਬ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਡੂਰ ਸਾਹਿਬ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਿੱਖੀਵਿੰਡ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਪੱਟੀ ਨੂੰ ਸਕੂਲ ਆਫ ਐਮੀਨੈਂਸ ਦਾ ਦਰਜਾ ਦਿੱਤਾ ਗਿਆ ਹੈ ਅਤੇ ਇਨ੍ਹਾਂ ਸਕੂਲਾਂ ਵਿਚ ਵਿਸ਼ਵ ਪੱਧਰੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਮਨਜ਼ੂਰੀ ਦਿੱਤੀ ਗਈ ਹੈ ।
ਉਹਨਾਂ ਕਿਹਾ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ 1 ਅਪ੍ਰੈਲ 2022 ਤੋਂ ਹੁਣ ਤਕ ਸੈਨਿਕਾਂ, ਸਾਬਕਾ ਸੈਨਿਕਾਂ, ਵਿਧਵਾਵਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ 3 ਕਰੋੜ 75 ਲੱਖ 44 ਹਜ਼ਾਰ 487 ਰੁਪਏ ਦੀ ਸਹਾਇਤਾ ਰਾਸ਼ੀ ਵੱਖ-ਵੱਖ ਭਲਾਈ ਸਕੀਮਾਂ ਅਧੀਨ ਮੁਹੱਈਆ ਕਰਵਾਈ ਗਈ ਹੈ।
ਇਸ ਮੌਕੇ ਮੁੱਖ ਮਹਿਮਾਨ ਸ੍ਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਤੇ ਟਰਾਈ ਸਾਈਕਲ ਵੀ ਭੇਂਟ ਕੀਤੇ ਗਏ। ਇਸ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿੱਚ ਪ੍ਰਾਪਤੀਆਂ ਕਰਨ ਵਾਲੀਆਂ ਸਖਸ਼ੀਅਤਾਂ ਦਾ ਵਿਸ਼ੇਸ ਸਨਮਾਨ ਕੀਤਾ ਗਿਆ।ਇਸ ਮੌਕੇ ਸੰਤ ਬਾਬਾ ਸੁੱਖਾ ਸਿੰਘ ਜੀ ਕਾਰਸੇਵਾ ਸਰਹਾਲੀ ਵਾਲਿਆਂ ਨੂੰ ਵਿਸ਼ੇਸ ਤੌਰ ‘ਤੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਬਲਦੀਪ ਕੌਰ ਵੱਲੋਂ 16 ਅਗਸਤ ਨੂੰ ਜ਼ਿਲ੍ਹਾ ਤਰਨ ਤਾਰਨ ਦੇ ਵਿੱਦਿਅਕ ਅਦਾਰਿਆਂ ਵਿੱਚ ਛੁੱਟੀ ਦਾ ਵੀ ਐਲਾਨ ਕੀਤਾ ਗਿਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਮਨਿੰਦਰ ਕੌਰ, ਐੱਸ. ਡੀ. ਐੱਮ. ਸ੍ਰੀ ਰਜਨੀਸ਼ ਅਰੋੜਾ, ਚੇਅਰਮੈਨ ਜ਼ਿਲਾ ਯੋਜਨਾ ਕਮੇਟੀ ਸ੍ਰੀ ਗੁਰਵਿੰਦਰ ਸਿੰਘ ਬਹਿੜਵਾਲ, ਸ੍ਰੀ ਗੁਰਦੇਵ ਸਿੰਘ ਲਾਖਣਾ ਚੇਅਰਮੈਨ ਵੇਅਰ ਹਾਊਸ ਕਾਰਪੋਰੇਸ਼ਨ, ਸ੍ਰੀ ਰਣਜੀਤ ਸਿੰਘ ਚੀਮਾ ਚੇਅਰਮੈਨ ਵਾਟਰ ਰਿਸੋਰਸ ਮੈਨੇਜਮੈਂਟ ਅਤੇ ਸ੍ਰੀ ਰਜਿੰਦਰ ਸਿੰਘ ਉਸਮਾਂ ਚੇਅਰਮੈਨ ਨਗਰ ਸੁਧਾਰ ਟਰੱਸਟ ਤਰਨ ਤਾਰਨ ਤੋਂ ਇਲਾਵਾ ਸਿਵਲ ਤੇ ਪੁਲਿਸ ਅਧਿਕਾਰੀ ਤੇ ਮੋਹਤਬਰ ਵਿਅਕਤੀ ਹਾਜ਼ਰ ਸਨ।
-----------------