ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ਼ ਵਿਖੇ ਰਾਜ ਪੱਧਰੀ ਪੋਸ਼ਣ ਮਾਹ ਸਮਾਗਮ ਦੀ ਕੀਤੀ ਪ੍ਰਧਾਨਗੀ

 ਆਂਗਨਵਾੜੀ ਵਰਕਰਾਂ ਦਾ ਸਿਹਤਮੰਦ ਸਮਾਜ ਦੀ ਸਿਰਜਣਾ ਵਿੱਚ ਅਹਿਮ ਯੋਗਦਾਨ : ਡਾ: ਬਲਜੀਤ ਕੌਰ


- ਪੰਜਾਬ ਸਰਕਾਰ ਮਹਿਲਾ ਸ਼ਸ਼ਕਤੀਕਰਨ ਨਾਲ ਸਮਾਜ ਦੀ ਨੀਂਹ ਮਜਬੂਤ ਕਰਨ ਦਾ ਕਰ ਰਹੀ ਯਤਨ


- ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਪੰਜ ਹਜ਼ਾਰ ਆਂਗਨਵਾੜੀ ਵਰਕਰਾਂ ਦੀ ਭਰਤੀ ਮੈਰਿਟ ਦੇ ਆਧਾਰ ਤੇ ਹੋਈ


- ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਆਂਗਨਵਾੜੀ ਵਰਕਰਾਂ ਵੱਲੋਂ ਸਮਾਜ ਨਿਰਮਾਣ ਵਿੱਚ ਪਾਏ ਜਾ ਰਹੇ ਯੋਗਦਾਨ ਦੀ ਭਰਪੂਰ ਸ਼ਲਾਘਾ


- ਰਾਜ ਪੱਧਰੀ ਪੋਸ਼ਣ ਮਾਂਹ ਸਮਾਗਮ ਵਿੱਚ ਡਾ: ਬਲਜੀਤ ਕੌਰ ਨੇ ਪਹਿਲੀ ਵਾਰ ਮਾਂ ਬਣਨ ਵਾਲੀਆਂ 21 ਔਰਤਾਂ ਦੀ ਕੀਤੀ ਗੋਦ ਭਰਾਈ


- ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ਼ ਵਿਖੇ ਰਾਜ ਪੱਧਰੀ ਪੋਸ਼ਣ ਮਾਹ ਸਮਾਗਮ ਦੀ ਕੀਤੀ ਪ੍ਰਧਾਨਗੀ


ਫ਼ਤਹਿਗੜ੍ਹ ਸਾਹਿਬ, 29 ਸਤੰਬਰ:


          ਆਂਗਨਵਾੜੀ ਵਰਕਰਾਂ ਦਾ ਸਿਹਤਮੰਦ ਸਮਾਜ ਦੀ ਸਿਰਜਣਾ ਵਿੱਚ ਅਹਿਮ ਯੋਗਦਾਨ ਹੁੰਦਾ ਹੈ ਕਿਉਂਕਿ ਬੱਚੇ ਦੇ ਕੁੱਖ ਵਿੱਚ ਆਉਣ ਤੋਂ ਲੈ ਕੇ ਉਸ ਦੇ ਵੱਡੇ ਹੋਣ ਤੱਕ ਦਿੱਤੀ ਜਾਣ ਵਾਲੀ ਪੌਸ਼ਟਿਕ ਖੁਰਾਕ ਤੇ ਬਿਮਾਰੀਆਂ ਤੋਂ ਬਚਾਅ ਲਈ ਆਂਗਨਵਾੜੀ ਵਰਕਰ ਅਹਿਮ ਡਿਊਟੀ ਅਦਾ ਕਰਦੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ਼ ਦੇ ਗਿਆਨੀ ਦਿੱਤੀ ਸਿੰਘ ਆਡੀਟੋਰੀਅਮ ਵਿਖੇ ਕਰਵਾਏ ਗਏ ਰਾਜ ਪੱਧਰੀ ਪੋਸ਼ਣ ਮਾਹ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮਹਿਲਾ ਸ਼ਸ਼ਕਤੀਕਰਨ ਨਾਲ ਸਮਾਜ ਦੀ ਨੀਂਹ ਮਜਬੂਤ ਕਰਨ ਲਈ ਦਿਨ ਰਾਤ ਮਿਹਨਤ ਕਰ ਰਹੀ ਹੈ ਤਾਂ ਜੋ ਔਰਤਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾ ਸਕੇ।




          ਡਾ: ਬਲਜੀਤ ਕੌਰ ਨੇ ਕਿਹਾ ਕਿ ਪ੍ਰਮਾਤਮਾ ਨੇ ਔਰਤ ਨੂੰ ਹਰੇਕ ਪੱਖੋਂ ਮਜਬੂਤ ਬਣਾਇਆ ਹੈ ਅਤੇ ਅੱਜ ਦੇ ਦੌਰ ਵਿੱਚ ਸਾਡੀਆਂ ਬੇਟੀਆਂ ਲੜਕਿਆਂ ਤੋਂ ਬਹੁਤ ਅੱਗੇ ਨਿਕਲ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਨੇ ਹਮੇਸ਼ਾਂ ਸਮਾਜ ਦੇ ਨਾ-ਬਰਾਬਰੀ ਦਾ ਸਿਕਾਰ ਲੋਕਾਂ ਦੀ ਗੱਲ ਕੀਤੀ ਹੈ ਅਤੇ ਆਂਗਨਵਾੜੀ ਵਰਕਰਾਂ ਨੇ ਨਾ-ਬਰਾਬਰੀ ਦਾ ਸ਼ਿਕਾਰ ਲੋਕਾਂ, ਭਰੂਣ ਹੱਤਿਆ ਨੂੰ ਰੋਕਣ ਅਤੇ ਬੱਚਿਆਂ ਨੂੰ ਪੌਸ਼ਟਿਕ ਆਹਾਰ ਦੇਣ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮਹਿਲਾ ਸ਼ਸ਼ਕਤੀਕਰਨ ਤੇ ਬਹੁਤ ਜੋਰ ਦਿੱਤਾ ਹੈ ਅਤੇ ਪੰਜਾਬ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਪੰਜ ਹਜ਼ਾਰ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਦੀ ਮੈਰਿਟ ਦੇ ਆਧਾਰ ਤੇ ਭਰਤੀ ਕੀਤੀ ਗਈ।


ਕੈਬਨਿਟ ਮੰਤਰੀ ਨੇ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਪ੍ਰੇਰਿਤ ਕਰਦਿਆ ਕਿਹਾ ਕਿ ਸਮਾਜਿਕ ਵਿਕਾਸ ਵਿੱਚ ਕਈ ਅਜਿਹੇ ਪਹਿਲੂ ਹੁੰਦੇ ਹਨ ਜਿਨ੍ਹਾਂ ਨੂੰ ਵਧੇਰੇ ਪਹਿਚਾਣ ਨਹੀਂ ਮਿਲਦੀ, ਪ੍ਰੰਤੂ ਇਸ ਦਾ ਮਤਲਵ ਇਹ ਨਹੀਂ ਕਿ ਉਹ ਸਮਾਜ ਦਾ ਅੰਗ ਨਹੀਂ ਹਨ। ਇਸ ਲਈ ਤੁਹਾਨੂੰ ਵੀ ਉਸਾਰੂ ਸੋਚ ਅਪਣਾ ਕੇ ਸਮਾਜ ਨਿਰਮਾਣ ਵਿੱਚ ਆਪਣਾ ਯੋਗਦਾਨ ਪਾਉਣ ਲਈ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਆਪਣੇ ਫਰਜ਼ਾਂ ਦੀ ਪੂਰਤੀ ਕਰਨੀ ਚਾਹੀਦੀ ਹੈ। ਉਨ੍ਹਾਂ ਆਂਗਨਵਾੜੀ ਵਰਕਰਾਂ ਨੂੰ ਇਹ ਵੀ ਕਿਹਾ ਕਿ ਵਧੇਰੇ ਕਰਕੇ ਲੋਕ ਆਂਗਨਵਾੜੀ ਵਰਕਰਾਂ ਨੂੰ ਧਰਨੇ ਦੇਣ ਵਾਲੇ ਵਿਭਾਗ ਦੇ ਨਾਮ ਨਾਲ ਹੀ ਜਾਣਦੇ ਹਨ ਪ੍ਰੰਤੂ ਆਂਗਨਵਾੜੀ ਵਰਕਰਾਂ ਦਾ ਇਹ ਫਰਜ਼ ਬਣਦਾ ਹੈ ਕਿ ਲੋਕਾਂ ਦੀ ਇਸ ਸੋਚ ਨੂੰ ਬਦਲਣ ਲਈ ਮੋਹਰੀ ਹੋ ਕੇ ਆਪਣੀ ਭੂਮਿਕਾ ਅਦਾ ਕਰਨ। ਉਨ੍ਹਾਂ ਇਹ ਵੀ ਕਿਹਾ ਕਿ ਧਰਨੇ ਜਾਂ ਪ੍ਰਦਰਸ਼ਨ ਕਿਸੇ ਵੀ ਮੁਸ਼ਕਲ ਦਾ ਹੱਲ ਨਹੀਂ ਹੁੰਦੇ ਅਤੇ ਆਂਗਨਵਾੜੀ ਵਰਕਰਾਂ ਲਈ ਸਰਕਾਰ ਦੇ ਬੂਹੇ ਹਮੇਸ਼ਾਂ ਖੁਲ੍ਹੇ ਹਨ।


ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ 03 ਅਕਤੂਬਰ ਤੋਂ ਸੀਨੀਅਰ ਸਿਟੀਜ਼ਨਾ ਲਈ ਪੰਜਾਬ ਭਰ ਵਿੱਚ ਜ਼ਿਲ੍ਹਾ ਪੱਧਰ ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ ਜਿਨ੍ਹਾਂ ਵਿੱਚ ਬਜ਼ੁਰਗਾਂ ਨੂੰ ਮੁਫਤ ਦਵਾਈਆਂ, ਐਨਕਾਂ ਦੇਣ ਤੋਂ ਇਲਾਵਾ ਲੋੜ ਅਨੁਸਾਰ ਓਪ੍ਰੇਸ਼ਨ ਵੀ ਮੁਫਤ ਕੀਤੇ ਜਾਣਗੇ। ਔਰਤਾਂ ਨੂੰ ਇੱਕ ਹਜ਼ਾਰ ਰੁਪਏ ਦੇਣ ਦੇ ਸਵਾਲ ਵਿੱਚ ਉਨ੍ਹਾਂ ਕਿਹਾ ਕਿ ਸਰਕਾਰ ਇਸ ਲਈ ਪੂਰੀ ਸੰਜੀਦਗੀ ਨਾਲ ਕੰਮ ਕਰ ਰਹੀ ਹੈ ਅਤੇ ਛੇਤੀ ਹੀ ਸਰਕਾਰ ਦਾ ਇਹ ਵਾਅਦਾ ਵੀ ਪੂਰਾ ਹੋਵੇਗਾ। ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫਤਾਰੀ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਇਹ ਇੱਕ ਕਾਨੂੰਨੀ ਪ੍ਰ੍ਕ੍ਰਿਆ ਹੈ ਅਤੇ ਜੇਕਰ ਖਹਿਰਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਤਾਂ ਉਸ ਵਿਰੁੱਧ ਗ੍ਰਹਿ ਵਿਭਾਗ ਕੋਲ ਸਬੂਤ ਵੀ ਹੋਣਗੇ।


ਇਸ ਮੌਕੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਵਿਸ਼ੇਸ਼ ਪ੍ਰਮੁੱਖ ਸਕੱਤਰ ਸ਼੍ਰੀਮਤੀ ਰਾਜੀ ਪੀ. ਸ਼੍ਰੀਵਾਸਤਵਾ ਨੇ ਇਸ ਮੌਕੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੇ ਕੁਪੋਸ਼ਿਤ ਬੱਚਿਆਂ, ਅਨੀਮੀਆ ਪੀੜ੍ਹਤ ਬੱਚਿਆਂ, ਘਰੇਲੂ ਹਿੰਸਾਂ ਦਾ ਸ਼ਿਕਾਰ ਔਰਤਾਂ ਦੇ ਹੱਕਾਂ ਲਈ ਹਰੇਕ ਜ਼ਿਲ੍ਹੇ ਵਿੱਚ ਸਖੀ ਵਨ ਸਟਾਪ ਕੇਂਦਰ ਖੋਲ੍ਹੇ ਗਏ ਹਨ ਤਾਂ ਜੋ ਔਰਤਾਂ ਨੂੰ ਸਮਾਜ ਅੰਦਰ ਦੋਸਤਾਨਾ ਮਾਹੌਲ ਪ੍ਰਦਾਨ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਆਂਗਨਵਾੜੀ ਵਰਕਰ ਬੱਚਿਆਂ ਦਾ ਭਵਿੱਖ ਬਣਾਉਣ ਵਿੱਚ ਵੀ ਮੋਹਰੀ ਭੂਮਿਕਾ ਅਦਾ ਕਰਦੀਆਂ ਹਨ। ਉਨ੍ਹਾਂ ਦੱਸਿਆ ਕਿ ਪੋਸ਼ਣ ਮਾਂਹ ਅਧੀਨ ਗਰਭਵਤੀ ਔਰਤਾਂ ਤੇ ਬੱਚਿਆਂ ਨੂੰ ਪੌਸ਼ਟਿਕ ਖੁਰਾਕ ਦੇ ਮਹੱਤਵ ਬਾਰੇ ਜਾਗਰੂਕ ਕੀਤਾ ਗਿਆ ਅਤੇ ਇਸ ਮਹੀਨੇ ਦੌਰਾਨ ਸੂਬੇ ਭਰ ਵਿੱਚ 61 ਲੱਖ ਤੋਂ ਵੱਧ ਗਤੀਵਿਧੀਆਂ ਕਰਵਾਈਆਂ ਗਈਆਂ ਹਨ। ਉਨ੍ਹਾਂ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ।


ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਕਿਹਾ ਕਿ ਪੋਸ਼ਣ ਮਾਂਹ ਅਧੀਨ ਬੱਚਿਆਂ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਅਤੇ ਇਸ ਦੌਰਾਨ ਆਂਗਨਵਾੜੀ ਵਰਕਰਾਂ ਨੇ ਸ਼ਲਾਘਾਯੋਗ ਸੇਵਾਵਾਂ ਨਿਭਾਈਆਂ ਹਨ। ਇਸ ਮੌਕੇ ਆਂਗਨਵਾੜੀ ਕੇਂਦਰਾਂ ਵਿੱਚ ਦਿੱਤੀਆਂ ਜਾਣ ਵਾਲੀਆ ਸਹੂਲਤਾਂ ਬਾਰੇ ਨਾਟਕ ਪੇਸ਼ ਕੀਤਾ ਗਿਆ ਅਤੇ ਲੜਕੀਆਂ ਨੇ ਆਤਮ ਰੱਖਿਆ ਲਈ ਮਾਰਸ਼ਲ ਆਰਟ ਦੀ ਪੇਸ਼ਕਾਰੀ ਵੀ ਕੀਤੀ। ਕੈਬਨਿਟ ਮੰਤਰੀ ਨੇ ਸਮਾਗਮ ਦੌਰਾਨ ਨਾਟਕ, ਗਿੱਧਾ ਤੇ ਆਤਮ ਰੱਖਿਆ ਲਈ ਪੇਸ਼ਕਾਰੀ ਦੇਣ ਵਾਲੀਆਂ ਆਂਗਨਵਾੜੀ ਵਰਕਰਾਂ, ਹੈਲਪਰਾਂ ਤੇ ਲੜਕੀਆਂ ਨੂੰ ਸਨਮਾਨਤ ਵੀ ਕੀਤਾ। ਉਨ੍ਹਾਂ ਪਹਿਲੀ ਵਾਰ ਮਾਂ ਬਣਨ ਵਾਲੀਆਂ 21 ਔਰਤਾਂ ਦੀ ਗੋਦ ਭਰਾਈ ਦੀ ਰਸਮ ਵੀ ਅਦਾ ਕੀਤੀ। ਇਸ ਰਾਜ ਪੱਧਰੀ ਸਮਾਗਮ ਵਿੱਚ ਮੰਚ ਸੰਚਾਲਨ ਦੀ ਭੂਮਿਕਾ ਸੁਮਨ ਬੱਤਰਾ ਨੇ ਬਾਖੂਬੀ ਨਿਭਾਈ।


ਇਸ ਮੌਕੇ ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ, ਬਸੀ ਪਠਾਣਾ ਦੇ ਵਿਧਾਇਕ ਸ. ਰੁਪਿੰਦਰ ਸਿੰਘ ਹੈਪੀ, ਜ਼ਿਲ੍ਹਾ ਪੁਲਿਸ ਮੁਖੀ ਡਾ: ਰਵਜੋਤ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਈਸ਼ਾ ਸਿੰਗਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਸੁਰਿੰਦਰ ਸਿੰਘ ਧਾਲੀਵਾਲ, ਸਹਾਇਕ ਕਮਿਸ਼ਨਰ (ਜ) ਅਭਿਸ਼ੇਕ ਸ਼ਰਮਾ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ਼੍ਰੀ ਅਜੈ ਸਿੰਘ ਲਿਬੜਾ, ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਸ. ਗੁਰਵਿੰਦਰ ਸਿੰਘ ਢਿੱਲੋਂ, ਮਾਰਕੀਟ ਕਮੇਟੀ ਚਨਾਰਥਲ ਕਲਾਂ ਦੇ ਚੇਅਰਮੈਨ ਸ਼੍ਰੀ ਰਸ਼ਪਿੰਦਰ ਸਿੰਘ ਰਾਜਾ, ਆਮ ਆਦਮੀ ਪਾਰਟੀ ਦੇ ਜਨਰਲ ਸਕੱਤਰ ਅਮਰਿੰਦਰ ਸਿੰਘ ਮੰਡੋਫਲ, ਪੰਜਾਬ ਮਹਿਲਾ ਕਮਿਸ਼ਨ ਦੇ ਡਿਪਟੀ ਡਾਇਰੈਕਟਰ ਸ਼੍ਰੀ ਅਮਰਜੀਤ ਸਿੰਘ ਕੋਰੇ, ਜ਼ਿਲ੍ਹਾ ਪ੍ਰੋਗਰਾਮ ਅਫਸਰ ਸ਼੍ਰੀ ਗੁਰਮੀਤ ਸਿੰਘ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਸ਼੍ਰੀ ਹਰਭਜਨ ਸਿੰਘ ਮਹਿਮੀ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਸ਼੍ਰੀਮਤੀ ਜੋਬਨਦੀਪ ਕੌਰ, ਨਵਦੀਪ ਸਿੰਘ ਨਵੀ, ਮਾਨਵ, ਸਤੀਸ਼ ਲਟੋਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀ, ਕਰਮਚਾਰੀ ਤੇ ਹੋਰ ਪਤਵੰਤੇ ਮੌਜੂਦ ਸਨ।

Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

PSEB 8TH ,10TH AND 12TH DATESHEET 2025 TODAY : ਇਸ ਦਿਨ ਜਾਰੀ ਹੋਵੇਗੀ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ, 19 ਫਰਵਰੀ ਤੋਂ ਪ੍ਰੀਖਿਆਵਾਂ ਸ਼ੁਰੂ

PSEB 8TH ,10TH AND 12TH DATESHEET 2025 : ਸਿੱਖਿਆ ਬੋਰਡ ਨੇ ਕੀਤਾ ਬੋਰਡ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ, 19 ਫਰਵਰੀ ਤੋਂ ਸ਼ੁਰੂ ਹੋਣਗੀਆਂ ਬੋਰਡ ਪ੍ਰੀਖਿਆਵਾਂ   ਪੰ...

RECENT UPDATES

Trends