ਸਕੂਲ ਆਫ ਐਮੀਨੈਂਸ ਦੇ ਉਦਘਾਟਨੀ ਸਮਾਰੋਹ ਵਿੱਚ ਭੀੜ ਜੁਟਾਉਣ ਲਈ ਅਧਿਆਪਕਾਂ ਦੀ ਡਿਊਟੀ ਲਗਾਉਣੀ ਗੈਰ ਵਾਜਿਬ: ਡੀ.ਟੀ.ਐੱਫ.
ਅਜੀਬ ਸਿੱਖਿਆ ਮਾਡਲ: ਸਿਆਸੀ ਲਾਹੇ ਲਈ ਅਧਿਆਪਕ ਲਗਾਏ ਬੱਸਾਂ ਦੇ ਇੰਚਾਰਜ
ਸਰਕਾਰ ਅਧਿਆਪਕਾਂ ਨੂੰ ਗੈਰ ਵਿੱਦਿਅਕ ਕੰਮਾਂ ਤੇ ਤੋਰ ਸਿਆਸੀ ਲਾਹਾ ਖੱਟਣ ਵਾਲੇ ਪਾਸੇ ਤੁਰੀ: ਡੀ ਟੀ ਐੱਫ
ਅਧਿਆਪਕਾਂ ਦੇ ਰੁਤਬੇ ਨੂੰ ਢਾਹ ਲਾਉਣ ਵਾਲੇ ਕੰਮ ਲੈਣੇ ਬੰਦ ਕਰੇ ਪੰਜਾਬ ਸਰਕਾਰ: ਡੀ ਟੀ ਐੱਫ
ਚੰਡੀਗੜ੍ਹ 12 ਸਤੰਬਰ ()
ਸਿੱਖਿਆ ਨੂੰ ਪਹਿਲ ਦੇਣ ਦਾ ਦਾਅਵਾ ਕਰਨ ਵਾਲੀ ਪੰਜਾਬ ਸਰਕਾਰ ਨੇ ਅਧਿਆਪਕਾਂ ਦੀਆਂ ਡਿਊਟੀਆਂ ਸਕੂਲ ਆਫ ਐਂਮੀਨੈਂਸ ਦੇ ਉਦਘਾਟਨ ਸਮਾਰੋਹ ਨੂੰ ਰਾਜਨੀਤਕ ਰੰਗਤ ਦਿੰਦਿਆਂ ਇਕੱਠ ਕਰਨ ਲਈ ਜਾਣ ਵਾਲੀਆਂ ਬੱਸਾਂ ਵਿੱਚ ਇੰਚਾਰਜ ਵਜੋਂ ਲਗਾਉਣ ਦੀ ਡੀ ਟੀ ਐੱਫ ਵੱਲੋਂ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ। ਡੀ ਟੀ ਐੱਫ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਕੂਲ ਆਫ ਐਂਮੀਨੈਂਸ ਦੇ ਉਦਘਾਟਨ ਮੌਕੇ ਅੰਮ੍ਰਿਤਸਰ ਵਿਖੇ ਇਕੱਠ ਦਿਖਾਉਣ ਲਈ ਕਈ ਜਿਲ੍ਹਿਆਂ ਵਿੱਚ ਵੱਡੀ ਗਿਣਤੀ ਅਧਿਆਪਕਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਇਸ ਕੰਮ ਲਈ ਅਧਿਆਪਕਾਂ ਨੂੰ ਬੱਸਾਂ ਦਾ ਇੰਚਾਰਜ ਲਾਇਆ ਗਿਆ ਹੈ ਅਤੇ ਮੀਟਿੰਗਾਂ ਕਰਕੇ ਅਧਿਆਪਕਾਂ ਨੂੰ ਇਸ ਡਿਊਟੀ ਦੀ ਪਾਬੰਦੀ ਬਾਰੇ ਸੂਚਨਾ ਦਿੱਤੀ ਗਈ ਹੈ। ਇਸ ਸਮੇਂ ਸਕੂਲਾਂ ਵਿੱਚ ਵਿਦਿਆਰਥੀਆਂ ਦੀਆਂ ਚੱਲ ਰਹੀਆਂ ਪ੍ਰੀਖਿਆਵਾਂ ਨਾਲੋਂ ਅੰਮ੍ਰਿਤਸਰ ਵਿਖੇ ਸਕੂਲ ਆਫ ਐਂਮੀਨੈਂਸ ਦੇ ਉਦਘਾਟਨ ਸਮਾਰੋਹ ਵਿੱਚ ਜਾਣ ਵਾਲੀ ਪਬਲਿਕ ਲਈ ਬੱਸਾਂ ਵਿੱਚ ਰਿਫਰੈਸ਼ਮੈਂਟ ਦਾ ਪ੍ਰਬੰਧ ਕਰਨ ਨੂੰ ਪਹਿਲ ਦਿੰਦਿਆਂ ਅਧਿਆਪਕਾਂ ਨੂੰ ਸਕੂਲਾਂ ਵਿੱਚੋਂ ਬਾਹਰ ਕੱਢਿਆ ਹੈ। ਡੀ ਟੀ ਐੱਫ ਆਗੂਆਂ ਨੇ ਕਿਹਾ ਅਧਿਆਪਕਾਂ ਦਾ ਸਰਕਾਰ ਦੇ ਪ੍ਰੋਗਰਾਮਾਂ ਵਿੱਚ ਪਬਲਿਕ ਲਈ ਰਿਫਰੈਸ਼ਮੈਂਟ ਦਾ ਪ੍ਰਬੰਧ ਕਰਾਉਣਾ ਨਹੀਂ ਹੈ ਸਗੋਂ ਪੜ੍ਹਾਉਣਾ ਹੈ। ਪੰਜਾਬ ਸਰਕਾਰ ਦੇ ਇਸ ਫੈਸਲੇ ਨੇ ਅਧਿਆਪਕਾਂ ਦੇ ਰੁਤਬੇ ਨੂੰ ਢਾਹ ਲਾਈ ਹੈ ਜਿਸ ਨਾਲ ਸਰਕਾਰ ਦਾ ਅਧਿਆਪਕ ਵਿਰੋਧੀ ਅਤੇ ਸਿੱਖਿਆ ਵਿਰੋਧੀ ਚਿਹਰਾ ਨੰਗਾ ਹੋ ਗਿਆ ਹੈ। ਇਸ ਤੋਂ ਇਹ ਸਾਬਤ ਹੋ ਗਿਆ ਹੈ ਕਿ ਪੰਜਾਬ ਸਰਕਾਰ ਕੋਲ ਪੰਜਾਬ ਦੇ ਲੋਕਾਂ ਲਈ ਕੋਈ ਵਿਗਿਆਨਕ ਵਿੱਦਿਅਕ ਮਾਡਲ ਨਹੀਂ ਹੈ ਅਤੇ ਪੰਜਾਬ ਸਰਕਾਰ ਸਿੱਖਿਆ ਮਨੋਵਿਗਿਆਨ ਤੋਂ ਬਿਲਕੁਲ ਕੋਰੀ ਹੈ।