ਸਿੰਗਲ ਯੂਜ਼ ਪਲਾਸਟਿਕ’ ਵਸਤਾਂ ਦੀ ਵਰਤੋਂ ਬਿਲਕੁੱਲ ਨਾ ਕੀਤੀ ਜਾਵੇ-ਕਮਿਸ਼ਨਰ, ਨਗਰ ਨਿਗਮ ਬਟਾਲਾ
ਸ਼ਹਿਰ ਨੂੰ ਸਾਫ-ਸੁਥਰਾ ਰੱਖਣ ਅਤੇ ਵਾਤਾਵਰਣ ਦੀ ਸੰਭਾਲ ਲਈ ਪਲਾਸਟਿਕ ਦੀਆਂ ਵਸਤਾਂ ਦੀ ਵਰਤੋਂ ਨਾ ਕਰਨ ਦੀ ਅਪੀਲ
ਬਟਾਲਾ, 17 ਸਤੰਬਰ ( ) ਡਾ. ਸ਼ਾਇਰੀ ਭੰਡਾਰੀ , ਐਸ.ਡੀ.ਐਮ-ਕਮ-ਕਮਿਸ਼ਨਰ, ਨਗਰ ਨਿਗਮ ਬਟਾਲਾ ਨੇ ਕਿਹਾ ਕਿ ਦੁਕਾਨਦਾਰ/ਰੇਹੜੀਆਂ ਵਾਲੇ ਅਤੇ ਲੋਕ ‘ਸਿੰਗਲ ਯੂਜ਼ ਪਲਾਸਟਿਕ’ (ਇੱਕ ਵਾਰ ਵਰਤੋਂ ਵਿੱਚ ਆਉਣ ਵਾਲੀਆਂ ਪਲਾਸਟਿਕ ਵਸਤਾਂ) ਦੀ ਵਰਤੋਂ ਬਿਲਕੁੱਲ ਨਾ ਕਰਨ, ਕਿਉਂਕਿ ਇਹ ਵਾਤਾਵਰਨ ਲਈ ਬੇਹੱਦ ਘਾਤਕ ਸਿੱਧ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਪੂਰੇ ਦੇਸ਼ ਅੰਦਰ ਪਹਿਲੀ ਜੁਲਾਈ 2022 ਤੋਂ ਇੱਕ ਵਾਰ ਵਰਤੋਂ ਵਿੱਚ ਆਉਣ ਵਾਲੀਆਂ ਪਲਾਸਟਿਕ ਵਸਤਾਂ ਦੀ ਵਰਤੋਂ ’ਤੇ ਪਾਬੰਦੀ ਲਗਾਈ ਗਈ ਹੈ।
ਕਮਿਸ਼ਨਰ, ਨਗਰ ਨਿਗਮ ਬਟਾਲਾ ਨੇ ਅੱਗੇ ਦੱਸਿਆ ਕਿ ਨਗਰ ਨਿਗਮ ਬਟਾਲਾ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਵਲੋਂ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ ਵਿੱਚ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਦੇ ਖਿਲਾਫ ਛਾਪੇਮਾਰੀ ਮੁਹਿੰਮ ਦੇ ਨਾਲ ਦੁਕਾਨਦਾਰਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਉਹ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਬਿਲਕੁਲ ਨਾ ਕਰਨ, ਨਹੀਂ ਤਾਂ ਸਖ਼ਤੀ ਨਾਲ ਚਲਾਨ ਕੱਟੇ ਜਾਣਗੇ।
ਐਸ.ਡੀ.ਐਮ ਬਟਾਲਾ ਨੇ ਅੱਗੇ ਕਿਹਾ ਕਿ 22 ਸਤੰਬਰ ਨੂੰ ਮਨਾਏ ਜਾ ਰਹੇ ਵਿਆਹ ਪੁਰਬ ਸਮਾਗਮਾਂ ਦੇ ਸਬੰਧ ਵਿੱਚ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਪਲਾਸਟਿਕ ਵਸਤਾਂ ਦੀ ਵਰਤੋਂ ਨਾ ਕਰਨ ਅਤੇ ਲੰਗਰ ਲਈ ਪੱਤਲਾਂ ਦੀ ਵਰਤੋਂ ਕੀਤੀ ਜਾਵੇ। ਉਨਾਂ ਕਿਹਾ ਕਿ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਅਤੇ ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਸਾਰਿਆਂ ਦਾ ਸਹਿਯੋਗ ਬੇਹੱਦ ਬਹੁਤ ਜਰੂਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਜ਼ਾਰ ਜਾਣ ਸਮੇਂ ਕੱਪੜੇ ਜਾਂ ਜੂਟ ਦਾ ਥੈਲਾ ਘਰ ਤੋਂ ਹੀ ਲੈ ਕੇ ਜਾਇਆ ਜਾਵੇ ਤਾਂ ਜੋ ਪਲਾਸਟਿਕ ਦੇ ਲਿਫਾਫੇ ਦੀ ਲੋੜ ਹੀ ਨਾ ਪਵੇ।
ਉਨਾਂ ਦੱਸਿਆ ਕਿ 19 ਤਰ੍ਹਾਂ ਦੇ ‘ਸਿੰਗਲ ਯੂਜ਼ ਪਲਾਸਟਿਕ’ (ਪਲਾਸਟਿਕ ਦੀਆਂ ਸਟਿਕਸ ਵਾਲੀਆਂ ਈਅਰ ਬੱਡਜ਼, ਗੁਬਾਰਿਆਂ ਲਈ ਪਲਾਸਟਿਕ ਦੀਆਂ ਸਟਿਕਸ, ਪਲਾਸਟਿਕ ਦੇ ਝੰਡੇ, ਕੈਂਡੀ ਸਟਿਕਸ, ਆਈਸ-ਕ੍ਰੀਮ ਸਟਿਕਸ, ਸਜਾਵਟ ਲਈ ਪੋਲੀਸਟੀਰੀਨ (ਥਰਮੋਕੋਲ), ਪਲੇਟਾਂ, ਕੱਪ, ਗਲਾਸ, ਕਟਲਰੀ ਜਿਵੇਂ ਕਿ ਕਾਂਟੇ, ਚਮਚੇ, ਚਾਕੂ, ਪਾਈਪ, ਮਿਠਾਈਆਂ ਦੇ ਡੱਬਿਆਂ, ਇਨਵੀਟੇਸ਼ਨ ਕਾਰਡ, ਸਿਗਰੇਟ ਪੈਕੇਟ ਦੇ ਆਲੇ ਦੁਆਲੇ ਲਪੇਟਣ ਜਾਂ ਪੈਕਿੰਗ ਕਰਨ ਵਾਲੀਆਂ ਫਿਲਮਾਂ, 100 ਮਾਈਕਰੋਨ ਤੋਂ ਘੱਟ ਪਲਾਸਟਿਕ ਜਾਂ ਪੀ.ਵੀ.ਸੀ ਬੈਨਰ, ਸਟਿੱਕਰ ਦੀ ਮੈਨੂਫੈਕਚਰਿੰਗ, ਆਯਾਤ, ਭੰਡਾਰ, ਵਿਤਰਣ, ਵਿਕਰੀ ਅਤੇ ਵਰਤੋਂ ’ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਗਈ ਹੈ।