ਐਨ.ਪੀ.ਐੱਸ.ਕਟੌਤੀ ਬੰਦ ਕਰੋ, ਜੀਪੀਐਫ ਕਟੌਤੀ ਸ਼ੁਰੂ ਕਰੋ" ਮੁਹਿੰਮ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚੇ ਵਲੋਂ ਤੇਜ਼ ਕੀਤੀ -
ਜਨਵਰੀ 2004 ਤੋਂ ਬਾਅਦ ਭਰਤੀ ਮੁਲਾਜ਼ਮਾਂ ਦੀ ਜੀ.ਪੀ.ਐੱਫ. ਕਟੌਤੀ ਤੁਰੰਤ ਸ਼ੁਰੂ ਕੀਤੀ ਜਾਵੇ- ਟਹਿਲ ਸਰਾਭਾ
ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਦੇ ਸੂਬਾ ਕੋ ਕਨਵੀਨਰ ਟਹਿਲ ਸਿੰਘ ਸਰਾਭਾ ਤੇ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਜਨਰਲ ਸਕੱਤਰ ਪਰਵੀਨ ਕੁਮਾਰ ਲੁਧਿਆਣਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਤੋਂ ਅਪਣਾਈ ਜਾ ਰਹੀ ਦੋਗਲੀ ਤੇ ਲਾਰੇ ਲੱਪੇ ਵਾਲੀ ਮੁਲਾਜ਼ਮ ਵਿਰੋਧੀ ਨੀਤੀ ਦੇ ਰੋਸ ਵਜੋਂ ਅਕਤੂਬਰ ਮਹੀਨੇ ਦੌਰਾਨ "ਐਨ.ਪੀ.ਐੱਸ.ਕਟੌਤੀ ਬੰਦ ਕਰੋ, ਜੀਪੀਐਫ ਕਟੌਤੀ ਸ਼ੁਰੂ ਕਰੋ" ਮੁਹਿੰਮ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚੇ ਵਲੋਂ ਤੇਜ਼ ਕੀਤੀ ਜਾਵੇਗੀ। ਇਸ ਤੋਂ ਇਲਾਵਾ 22 ਅਕਤੂਬਰ ਨੂੰ ਬੱਸ ਸਟੈਂਡ ਮੋਗਾ ਵਿਖੇ ਸੂਬਾ ਪੱਧਰੀ ਮੀਟਿੰਗ ਕਰਕੇ ਅਗਲੇ ਤਿੱਖੇ ਸੰਘਰਸ਼ ਦੀ ਰੂਪ ਰੇਖਾ ਤਿਆਰ ਕੀਤੀ ਜਾਵੇਗੀ। ਇਸ ਸਮੇਂ ਗੋਰਮਿੰਟ ਸਕੂਲ ਟੀਚਰਜ਼ ਯੂਨੀਅਨ ਦੇ ਸੂਬਾ ਸਰਪ੍ਰਸਤ ਚਰਨ ਸਿੰਘ ਸਰਾਭਾ, ਪਰਮਿੰਦਰਪਾਲ ਸਿੰਘ ਕਾਲੀਆ, ਸੰਜੀਵ ਸ਼ਰਮਾ, ਮਨੀਸ਼ ਸ਼ਰਮਾ, ਬਲਵੀਰ ਸਿੰਘ ਕੰਗ, ਜਗਮੇਲ ਸਿੰਘ ਪੱਖੋਵਾਲ, ਚਰਨ ਸਿੰਘ ਤਾਜਪੁਰੀ, ਸ਼ਿਵ ਪ੍ਰਭਾਕਰ ਆਗੂਆਂ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਲਗਭਗ ਇੱਕ ਸਾਲ ਪਹਿਲਾਂ 21 ਅਕਤੂਬਰ 2022 ਨੂੰ ਪੰਜਾਬ ਦੇ ਸਮੂਹ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਪ੍ਰਵਾਨਗੀ ਦਿੱਤੀ ਸੀ।
ਇਸ ਲੜੀ ਨੂੰ ਅੱਗੇ ਤੋਰਦੇ ਹੋਏ ਪੰਜਾਬ ਸਰਕਾਰ ਦੇ ਵਿੱਤ ਵਿਭਾਗ ਵੱਲੋਂ ਮਿਤੀ 18 ਨਵੰਬਰ 2022 ਨੂੰ ਇੱਕ ਅਧੂਰਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ । ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਨੂੰ ਲਗਭਗ ਇੱਕ ਸਾਲ ਦਾ ਸਮਾਂ ਬੀਤਣ ਵਾਲਾ ਹੈ , ਪੰਜਾਬ ਮੰਤਰੀ ਮੰਡਲ ਦਾ ਫੈਸਲਾ ਪੰਜਾਬ ਸਰਕਾਰ ਵੱਲੋਂ ਅਜੇ ਤੱਕ ਅਮਲੀ ਰੂਪ ਵਿੱਚ ਲਾਗੂ ਨਹੀਂ ਕੀਤਾ ਗਿਆ। ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਵੱਲੋਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ , ਕੈਬਨਿਟ ਸਬ ਕਮੇਟੀ ਦੇ ਮੈਬਰ ਅਮਨ ਅਰੋੜਾ ਤੇ ਕੁਲਦੀਪ ਸਿੰਘ ਧਾਲੀਵਾਲ ਨਾਲ ਮਿਤੀ 25 ਜੁਲਾਈ 2023, ਮਿਤੀ 22 ਅਗਸਤ 2023 ਅਤੇ ਮਿਤੀ 31 ਅਗਸਤ 2023 ਨੂੰ ਮੀਟਿੰਗਾਂ ਵੀ ਹੋ ਚੁੱਕੀਆਂ ਹਨ। ਪਰ ਕੈਬਨਿਟ ਸਬ ਕਮੇਟੀ ਦੇ ਮੈਂਬਰਾਂ ਵੱਲੋਂ ਮੀਟਿੰਗਾਂ ਦੌਰਾਨ ਕੀਤਾ ਗਿਆ ਇੱਕ ਵੀ ਵਾਅਦਾ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ। ਹੁਣ ਤੱਕ ਵੀ ਜਨਵਰੀ 2004 ਤੋਂ ਬਾਅਦ ਭਰਤੀ ਹਰ ਮੁਲਾਜ਼ਮ ਦੀ ਇੰਪਲਾਈਜ ਸ਼ੇਅਰ ਅਤੇ ਸਟੇਟ ਸ਼ੇਅਰ ਦੇ ਨਾਂ ਤੇ ਪਹਿਲਾਂ ਦੀ ਤਰਾਂ ਹੀ ਕਟੌਤੀਆਂ ਹੋ ਰਹੀਆਂ ਹਨ। ਐਨ.ਪੀ.ਐਸ. ਅਧੀਨ ਹੁਣ ਤੱਕ ਸਬੰਧਤ ਮੁਲਾਜਮਾਂ ਦੀਆਂ ਕੀਤੀਆਂ ਗਈਆਂ ਕਟੌਤੀਆਂ ਦੀਆਂ ਰਕਮਾਂ ਵਾਪਿਸ ਮੁੜਨਾ ਤਾਂ ਬਹੁਤ ਦੂਰ ਦੀ ਗੱਲ ਬਣੀ ਹੋਈ ਹੈ। ਆਗੂਆਂ ਨੇ ਅਫਸੋਸ ਪ੍ਰਗਟ ਕੀਤਾ ਕਿ ਪੰਜਾਬ ਸਰਕਾਰ ਅਜੇ ਤੱਕ ਸਬੰਧਤ ਮੁਲਾਜ਼ਮਾਂ ਦੇ ਜੀ.ਪੀ.ਐਫ. ਖਾਤੇ ਵੀ ਨਹੀਂ ਖੋਲ੍ਹ ਸਕੀ ਤੇ ਪਹਿਲਾਂ ਦੀ ਤਰਾਂ ਹੀ ਐਨ.ਪੀ.ਐਸ. ਅਧੀਨ ਕਟੌਤੀ ਕੀਤੀ ਜਾ ਰਹੀ ਹੈ ਜਦਕਿ ਭਾਰਤ ਦੇਸ਼ ਦੇ ਹੋਰ ਵੱਖ ਵੱਖ ਰਾਜ ਜਿਵੇਂ ਕਿ ਰਾਜਸਥਾਨ, ਝਾਰਖੰਡ , ਛਤੀਸਗੜ੍ਹ, ਹਿਮਾਚਲ ਪ੍ਰਦੇਸ਼ ਆਦਿ ਸਰਕਾਰਾਂ ਨੇ ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਕਰਨ ਸਬੰਧੀ ਫੈਸਲੇ ਲੈਕੇ ਸਵੈ ਸਪੱਸ਼ਟ ਨੋਟੀਫਿਕੇਸ਼ਨ ਜਾਰੀ ਕਰਕੇ ਜੀ.ਪੀ.ਐੱਫ. ਫੰਡ ਕਟੌਤੀ ਸ਼ੁਰੂ ਕਰ ਚੁੱਕੀਆਂ ਹਨ ਜਦਕਿ ਪੰਜਾਬ ਸਰਕਾਰ ਵੱਲੋਂ ਮਿਤੀ 18 ਨਵੰਬਰ 2022 ਨੂੰ ਜਾਰੀ ਕੀਤਾ ਗਏ ਅਧੂਰੇ ਨੋਟੀਫਿਕੇਸ਼ਨ ਦੀ ਲਗਾਤਾਰਤਾ ਵਿੱਚ ਅਜੇ ਤੱਕ ਸਵੇ ਸਪੱਸ਼ਟ ਨੋਟੀਫਿਕੇਸ਼ਨ ਜਾਰੀ ਨਾ ਹੋਣ ਕਰਕੇ ਕਿਸੇ ਇੱਕ ਵੀ ਮੁਲਾਜ਼ਮ ਦੀ ਜੀ.ਪੀ.ਐੱਫ. ਕਟੌਤੀ ਅਜੇ ਤੱਕ ਸ਼ੁਰੂ ਨਹੀਂ ਹੋ ਸਕੀ। ਆਗੂਆਂ ਨੂੰ ਮੰਗ ਕੀਤੀ ਹੈ ਕਿ ਪੰਜਾਬ ਮੰਤਰੀ ਮੰਡਲ ਵੱਲੋਂ ਮਿਤੀ 21ਅਕਤੂਬਰ 2022 ਨੂੰ ਪੰਜਾਬ ਦੇ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਕਰਨ ਦੀ ਦਿੱਤੀ ਗਈ ਪ੍ਰਵਾਨਗੀ ਨੂੰ ਅਸਲ ਰੂਪ ਵਿੱਚ ਲਾਗੂ ਕਰਦੇ ਹੋਏ ਤੁਰੰਤ ਵਿੱਤ ਵਿਭਾਗ ਪੰਜਾਬ ਸਰਕਾਰ ਵੱਲੋਂ ਤੁਰੰਤ ਵਿਸਥਾਰ ਸਹਿਤ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ ਅਤੇ ਸਬੰਧਿਤ ਮੁਲਾਜ਼ਮਾਂ ਦੀ ਜੀ.ਪੀ. ਐੱਫ. ਫੰਡ ਕਟੌਤੀ ਤੁਰੰਤ ਸ਼ੁਰੂ ਕੀਤੀ ਜਾਵੇ ਤਾਂ ਕਿ ਸਬੰਧਤ ਮੁਲਾਜ਼ਮਾਂ ਵਿੱਚ ਪੰਜਾਬ ਸਰਕਾਰ ਪ੍ਰਤੀ ਪਾਈ ਜਾ ਰਹੀ ਨਿਰਾਸ਼ਤਾ ਦੂਰ ਹੋ ਸਕੇ।