ਸਰਕਾਰੀ ਸਕੂਲਾਂ ਦੀਆਂ ਲੜਕੀਆਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹੇ ਦੇ 600 ਅਧਿਆਪਕਾਂ ਨੂੰ ਦਿੱਤੀ ਜਾਵੇਗੀ ਵਿਸ਼ੇਸ਼ ਸਿਖਲਾਈ : ਕੋਮਲ ਮਿੱਤਲ
- ਡਿਪਟੀ ਕਮਿਸ਼ਨਰ ਨੇ 'ਬੇਟੀ ਬਚਾਓ-ਬੇਟੀ ਪੜ੍ਹਾਓ' ਸਬੰਧੀ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਦੀ ਕੀਤੀ ਪ੍ਰਧਾਨਗੀ
- ਕਿਹਾ, ਜ਼ਿਲ੍ਹਾ ਪ੍ਰਸ਼ਾਸਨ ਧੀਆਂ ਦੇ ਸਰਬਪੱਖੀ ਵਿਕਾਸ ਲਈ ਯੋਜਨਾਬੱਧ ਤਰੀਕੇ ਨਾਲ ਕਰ ਰਿਹੈ ਕੰਮ
- ਰੁਜ਼ਗਾਰ ਵਿਭਾਗ ਮੁਫਤ ਡਰਾਈਵਿੰਗ ਅਤੇ ਮਲਟੀ ਸਕਿੱਲ ਡਿਵੈਲਪਮੈਂਟ ਵਿਭਾਗ ਗ੍ਰਾਫਿਕਸ ਡਿਜ਼ਾਈਨਿੰਗ ਦੀ ਦੇਵੇਗਾ ਸਿਖਲਾਈ
ਹੁਸ਼ਿਆਰਪੁਰ, 18 ਅਕਤੂਬਰ :
ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ 'ਬੇਟੀ ਬਚਾਓ-ਬੇਟੀ ਪੜ੍ਹਾਓ' ਸਬੰਧੀ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਧੀਆਂ ਦੀ ਭਲਾਈ ਲਈ ਸਾਰਥਕ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਧੀਆਂ ਦੇ ਸਰਬਪੱਖੀ ਵਿਕਾਸ ਲਈ ਪ੍ਰਸ਼ਾਸਨ ਵੱਲੋਂ ਹਰੇਕ ਸਬੰਧਤ ਵਿਭਾਗ ਰਾਹੀਂ ਯੋਜਨਾਬੱਧ ਤਰੀਕੇ ਨਾਲ ਕੰਮ ਕੀਤਾ ਜਾ ਰਿਹਾ ਹੈ। ਇਸ ਮੌਕੇ ਐਸ.ਡੀ.ਐਮ ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ ਬੈਂਸ. ਐਸ.ਡੀ.ਐਮ ਦਸੂਹਾ ਪ੍ਰਦੀਪ ਸਿੰਘ ਬੈਂਸ, ਐਸ.ਡੀ.ਐਮ ਮੁਕੇਰੀਆਂ ਅਸ਼ੋਕ ਕੁਮਾਰ, ਸਹਾਇਕ ਕਮਿਸ਼ਨਰ (ਜਨਰਲ) ਵਿਓਮ ਭਾਰਦਵਾਜ, ਜ਼ਿਲ੍ਹਾ ਵਿਕਾਸ ਫੈਲੋ ਜੋਇਆ ਸਿੱਦੀਕੀ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਹਰਦੀਪ ਕੌਰ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲੜਕੀਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਅਤੇ ਹੋਰ ਜ਼ਰੂਰੀ ਗੱਲਾਂ ਸਿਖਾਉਣ ਲਈ ਸਕੂਲ ਸਿੱਖਿਆ ਵਿਭਾਗ ਅਤੇ ਜ਼ਿਲ੍ਹਾ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸਾਂਝੇ ਤੌਰ 'ਤੇ ਜਾਗਰੂਕਤਾ ਪ੍ਰੋਗਰਾਮ ਚਲਾਇਆ ਜਾਵੇਗਾ, ਜਿਸ ਤਹਿਤ ਸਭ ਤੋਂ ਪਹਿਲਾਂ ਹਰੇਕ ਸਰਕਾਰੀ ਸਕੂਲ ਦੀ ਇਕ ਅਧਿਆਪਕਾ ਨੂੰ ਵਿਸ਼ੇਸ਼ ਸਿਖਲਾਈ ਦੇ ਕੇ ਜਾਗਰੂਕ ਕੀਤਾ ਜਾਵੇਗਾ ਤਾਂ ਜੋ ਉਹ ਆਪਣੇ ਸਕੂਲ ਦੀਆਂ ਲੜਕੀਆਂ ਨੂੰ ਅੱਗੋਂ ਜਾਗਰੂਕ ਕਰ ਸਕਣ। ਇਸ ਤਹਿਤ 600 ਦੇ ਕਰੀਬ ਅਧਿਆਪਕਾਵਾਂ ਨੂੰ ਸਿਖਲਾਈ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਬੇਟੀ ਬਚਾਓ-ਬੇਟੀ ਪੜ੍ਹਾਓ ਦੇ ਵਿਸ਼ੇ ’ਤੇ ਸਕੂਲਾਂ ਵਿਚ ਪੇਂਟਿੰਗ, ਸਲੋਗਨ ਰਾਈਟਿੰਗ ਦੇ ਮੁਕਾਬਲੇ ਵੀ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੇ ਸਹਿਯੋਗ ਨਾਲ ਬੇਟੀ ਬਚਾਓ-ਬੇਟੀ ਪੜ੍ਹਾਓ ਸਕੀਮ ਤਹਿਤ ਜ਼ਿਲ੍ਹੇ ਵਿਚ ਅਨੀਮੀਆ ਮੁਕਤ ਭਾਰਤ ਪ੍ਰੋਗਰਾਮ ਤਹਿਤ ਲੜਕੀਆਂ ਦਾ ਚੈਕਅੱਪ ਕੀਤਾ ਜਾਵੇਗਾ ਤਾਂ ਜੋ ਜ਼ਿਲ੍ਹੇ ਦੀਆਂ ਲੜਕੀਆਂ ਦੀ ਸਿਹਤ ਦਾ ਧਿਆਨ ਰੱਖਿਆ ਜਾ ਸਕੇ।
ਕੋਮਲ ਮਿੱਤਲ ਨੇ ਦੱਸਿਆ ਕਿ ਲੜਕੀਆਂ ਦੇ ਵਿਕਾਸ ਲਈ ਉਨ੍ਹਾਂ ਨੂੰ ਜ਼ਿਲ੍ਹਾ ਇਸਤਰੀ ਤੇ ਬਾਲ ਵਿਕਾਸ ਵਿਭਾਗ ਅਤੇ ਰੁਜ਼ਗਾਰ ਵਿਭਾਗ ਵੱਲੋਂ ਮੁਫ਼ਤ ਡਰਾਈਵਿੰਗ ਸਿਖਲਾਈ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਜ਼ਿਲ੍ਹੇ ਵਿਚ ਨਵ ਜੰਮੀਆਂ ਧੀਆਂ ਦੇ ਜਨਮ ਦਿਨ ਮਨਾਉਣ ਲਈ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਬਲਾਕ ਪੱਧਰ ’ਤੇ ਪ੍ਰੋਗਰਾਮ ਉਲੀਕੇ ਜਾਣਗੇ। ਉਨ੍ਹਾਂ ਦੱਸਿਆ ਕਿ ਮਲਟੀ ਸਕਿੱਲ ਡਿਵੈਲਪਮੈਂਟ ਵਿਭਾਗ ਦੇ ਸਹਿਯੋਗ ਨਾਲ ਸਰਕਾਰੀ ਸਕੂਲਾਂ ਦੀਆਂ ਗਿਆਰਵੀਂ ਜਮਾਤ ਦੀਆਂ 180 ਵਿਦਿਆਰਥਣਾਂ ਨੂੰ ਗ੍ਰਾਫਿਕਸ ਡਿਜ਼ਾਈਨਿੰਗ ਦਾ ਕੋਰਸ ਵੀ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਹੋਰ ਵਿਭਾਗਾਂ ਨੂੰ ਵੀ ਟੀਚੇ ਦਿੱਤੇ ਗਏ ਹਨ ਅਤੇ ਆਉਣ ਵਾਲੇ ਦਿਨਾਂ ਵਿਚ ਇਹ ਪ੍ਰੋਗਰਾਮ ਜੰਗੀ ਪੱਧਰ ’ਤੇ ਸ਼ੁਰੂ ਕੀਤੇ ਜਾਣਗੇ।