ਮੁੱਖ ਮੰਤਰੀ ਭਗਵੰਤ ਮਾਨ ਦੇ ਲਿਖਤੀ ਹੁਕਮਾਂ ਨੂੰ ਵੀ ਨਹੀ ਮੰਨਦਾ ਸਿੱਖਿਆ ਵਿਭਾਗ
ਮੁੱਖ ਮੰਤਰੀ ਦੇ ਲਿਖਤੀ ਹੁਕਮਾਂ ਦੇ ਬਾਵਜੂਦ 17 ਮਹੀਨਿਆਂ ਚ ਨਹੀ ਕੀਤੀ ਕੋਈ ਕਾਰਵਾਈ
ਰੈਗੂਲਰ ਦੀ ਮੰਗ ਨੂੰ ਲੈ ਕੇ ਸਿੱਖਿਆ ਵਿਭਾਗ ਦੇ ਕੱਚੇ ਮੁਲਾਜ਼ਮ 1 ਨਵੰਬਰ ਨੂੰ ਮੁੱਖ ਮੰਤਰੀ ਦੀ ਡਿਬੇਟ ਚ ਜਾਣਗੇ
ਦਿਵਾਲੀ ਤੱਕ ਦਾ ਸਿੱਖਿਆ ਵਿਭਾਗ ਨੂੰ ਅਲਟੀਮੇਟਮ, ਦਿਵਾਲੀ ਤੋਂ ਬਾਅਦ ਪੱਕਾ ਧਰਨਾ ਲਾਉਣ ਦਾ ਐਲਾਨ
ਮਿਤੀ 30.10.2023( ਜਲੰਧਰ ) ਮੁੱਖ ਮੰਤਰੀ ਸੂਬੇ ਦੀ ਸੁਪਰੀਮ ਪਾਵਰ ਹੁੰਦਾ ਹੈ ਪਰ ਜੇਕਰ ਮੁੱਖ ਮੰਤਰੀ ਦੇ ਫ਼ੈਸਲੇ ਨੂੰ ਹੀ ਅਮਲੀ ਰੂਪ ਨਾ ਮਿਲੇ ਤਾਂ ਫਿਰ ਸੂਬੇ ਦੀ ਜਨਤਾ ਜਾਂ ਮੁਲਾਜ਼ਮ ਕਿਸ ਕੋਲ ਜਾ ਕੇ ਫ਼ਰਿਆਦ ਕਰਨਗੇ। ਆਗੂਆਂ ਨੇ ਕਿਹਾ ਕਿ ਸਿੱਖਿਆ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੂੰ ਅਪ੍ਰੈਲ 2022 ਵਿਚ ਮੀਟਿੰਗ ਕਰਕੇ ਪੱਕੇ ਕਰਨ ਦਾ ਫੈਸਲਾ ਲਿਆ ਸੀ ਪਰ 17 ਮਹੀਨਿਆਂ ਦੋਰਾਨ ਸਿੱਖਿਆ ਵਿਭਾਗ ਤੇ ਸਿੱਖਿਆ ਮੰਤਰੀ ਨੇ ਕੋਈ ਕਾਰਵਾਈ ਨਹੀ ਕੀਤੀ।
ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਪੰਜਾਬ ਦੀ ਆਮ ਜਨਤਾ ਨੂੰ ਡਿਬੇਟ ਵਿੱਚ ਭਾਗ ਲੈਣ ਲਈ ਸੱਦਾ ਦਿੱਤਾ ਹੈ ਇਸ ਲਈ ਦਫਤਰੀ ਕਾਮੇ ਮਾਸ ਡੈਪੂਟੇਸ਼ਨ ਦੇ ਰੂਪ ਵਿੱਚ ਜਾਣਗੇ ਅਤੇ ਮੁੱਖ ਮੰਤਰੀ ਤੋਂ ਅਪ੍ਰੈਲ 2022 ਵਿੱਚ ਲਏ ਫੈਸਲੇ ਨੂੰ ਲਾਗੂ ਨਾ ਕਰਨ ਸਬੰਧੀ ਸਵਾਲ ਕਰਨਗੇ।
ਆਗੁਆ ਨੇ ਕਿਹਾ ਕਿ ਜੇਕਰ ਮੁੱਖ ਮੰਤਰੀ ਨੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਵਿਭਾਗ ਨੂੰ ਹਦਾਇਤ ਕਰ ਦਿੱਤੀ ਹੈ ਤਾਂ ਸਿੱਖਿਆ ਮੰਤਰੀ ਪੰਜਾਬ ਅਤੇ ਸਿੱਖਿਆ ਵਿਭਾਗ ਪੰਜਾਬ ਹੁਣ ਕਿਸ ਗੱਲ ਦਾ ਇੰਤਜ਼ਾਰ ਕਰ ਰਹੇ ਹਨ। ਆਗੂਆ ਨੇ ਕਿਹਾ ਕਿ 17 ਮਹੀਨਿਆ ਦੋਰਾਨ ਵਿਭਾਗ ਨੇ ਨਾ ਤਾਂ ਮੁਲਾਜ਼ਮਾਂ ਦੀ ਤਨਖਾਹ ਕਟੋਤੀ ਦਾ ਹੱਲ ਕੀਤਾ ਅਤੇ ਨਾ ਹੀ ਰੈਗੂਲਰ ਦਾ ਮਸਲਾ ਹੱਲ ਕੀਤਾ।
ਸਮੇਂ ਸਮੇਂ ਤੇ ਸਿੱਖਿਆ ਵਿਭਾਗ ਵਿਚ ਕੱਚੇ ਅਧਿਆਪਕਾਂ ਦੀ ਭਰਤੀ ਹੁੰਦੀ ਰਹੀ ਤੇ ਸਰਕਾਰਾਂ ਉਨਾਂ੍ਹ ਨੂੰ ਪੂਰੇ ਲਾਭ ਦੇ ਕੇ ਪੱਕਿਆ ਕਰਦੀਆ ਰਹੀਆ ਹਨ ਤੇ ਇਹੀ ਸਿਲਸਿਲਾ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਵੀ ਚੱਲ ਰਿਹਾ ਹੈ।ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਪਿਛਲੇ 1 ਸਾਲ ਤੋਂ ਖੂਬ ਪ੍ਰਚਾਰ ਕੀਤਾ ਜਾ ਰਿਹਾ ਹੈ ਪਰ ਸੱਚਾਈ ਤੋਂ ਕੋਹਾਂ ਦੂਰ ਹੈ।
ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸਰਵ ਸਿੱਖਿਆ ਅਭਿਆਨ ਦਫਤਰੀ ਕਰਮਚਾਰੀ ਯੂਨੀਅਨ ਦੇ ਆਗੂ ਕੁਲਦੀਪ ਸਿੰਘ,ਰਾਜਿੰਦਰ ਸੰਧਾ, ਜਗਮੋਹਨ ਸਿੰਘ, ਪ੍ਰਵੀਨ ਸ਼ਰਮਾ, ਸ਼ੋਭਿਤ ਭਗਤ, ਗਗਨਦੀਪ ਸ਼ਰਮਾ ਨੇ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸ ਦੀ ਸਰਕਾਰ ਨੇ ਕੱਚੇ ਮੁਲਾਜ਼ਮਾਂ ਦੀ ਜਵਾਨੀ ਰੋਲ ਕੇ ਰੱਖ ਦਿੱਤੀ ਅਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਕੱਚੇ ਮੁਲਾਜ਼ਮਾਂ ਦੇ ਭਵਿੱਖ ਨੂੰ ਰੋਲਣ ਦੀ ਤਿਆਰੀ ਕਰੀ ਬੈਠੀ ਹੈ।ਆਗੂਆ ਨੇ ਕਿਹਾ ਕਿ ਦਫਤਰੀ ਕਰਮਚਾਰੀਆ ਵੱਲੋਂ 6 ਜੁਲਾਈ 2023 ਨੂੰ ਕਲਮ ਛੋੜ ਹੜਤਾਲ ਸ਼ੁਰੂ ਕੀਤੀ ਗਈ ਸੀ ਜਿਸ ਦੋਰਾਨ 7 ਜੁਲਾਈ ਨੂੰ ਡੀ ਜੀ ਐਸ ਈ ਪੰਜਾਬ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਮੁਲਾਜ਼ਮਾਂ ਨਾਲ ਮੀਟਿੰਗਾਂ ਕੀਤੀਆ ਗਈਆ ਅਤੇ 11 ਜੁਲਾਈ ਨੂੰ ਮੁਲਾਜ਼ਮ ਮੰਗਾਂ ਤੇ ਸਹਿਮਤੀ ਬਨਣ ਤੇ ਕਲਮ ਛੋੜ ਹੜਤਾਲ ਖਤਮ ਕਰ ਦਿੱਤੀ ਗਈ ਸੀ ਪ੍ਰੰਤੂ 3 ਮਹੀਨੇ ਦਾ ਸਮਾਂ ਬੀਤਣ ਤੇ ਵੀ ਕੱਚੇ ਦਫਤਰੀ ਮੁਲਾਜ਼ਮਾਂ ਦੀਆ ਮੰਗਾਂ ਦਾ ਕੋਈ ਹੱਲ ਨਹੀ ਹੋਇਆ। ਆਗੂਅ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੇ ਫੈਸਲੇ ਤੋਂ ਬਾਅਦ ਵਿਭਾਗ ਕਿਸ ਚੀਜ਼ ਦੀ ਉਡੀਕ ਕਰ ਰਿਹਾ ਹੈ ਜੋ ਕਿ 17 ਮਹੀਨਿਆ ਵਿਚ ਪੂਰੀ ਨਹੀ ਹੋਈ। ਆਗੂਆ ਨੇ ਕਿਹਾ ਕਿ ਸਮੁੱਚੇ ਦਫਤਰੀ ਮੁਲਾਜ਼ਮਾਂ ਵਿਚ ਰੋਸ ਹੈ। ਆਗੂਆ ਨੇ ਸਿੱਖਿਆ ਵਿਭਾਗ ਨੂੰ ਦਿਵਾਲੀ ਤੱਕ ਦਾ ਅਲਟੀਮੇਟਮ ਦਿੰਦੇ ਹੋਏ ਐਲਾਨ ਕੀਤਾ ਕਿ ਜੇਕਰ ਵਿਭਾਗ ਨੇ ਦਿਵਾਲੀ ਤੱਕ ਕੱਚੇ ਮੁਲਾਜ਼ਮਾਂ ਨੂੰ ਪੱਕਾ ਨਾ ਕੀਤਾ ਤਾਂ ਮੁਲਾਜ਼ਮ ਪੱਕਾ ਧਰਨਾ ਲਗਾ ਕੇ ਵਿਭਾਗ ਦਾ ਕੰਮ ਵੀ ਠੱਪ ਕਰਨਗੇ।