ਸਕੂਲ ਆਫ ਐਮੀਨੈਂਸ ਸਕੂਲਾਂ ਵਿੱਚ ਅਧਿਆਪਕਾਂ ਦੀਆਂ ਕੀਤੀਆਂ ਬਦਲੀਆਂ ਰੱਦ ਕਰਨ ਦੀ ਮੰਗ -
ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਨੇ ਸਿੱਖਿਆ ਮੰਤਰੀ ਪੰਜਾਬ ਨੂੰ ਭੇਜਿਆ ਮੰਗ ਪੱਤਰ -
ਲੁਧਿਆਣਾ, 16 ਅਕਤੂਬਰ 2023
'ਸਕੂਲ ਆਫ ਐਮੀਨੈਂਸ' ਸਕੂਲਾਂ ਵਿੱਚ ਅਧਿਆਪਕਾਂ ਦੀਆਂ ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਅਤੇ ਲੈਕਚਰਾਰਾਂ ਦੀ ਬਿਨਾਂ ਸਹਿਮਤੀ ਤੋਂ ਕੀਤੀਆਂ ਬਦਲੀਆਂ ਰੱਦ ਕਰਨ ਸੰਬੰਧੀ ਮੰਗ ਪੱਤਰ ਸ਼੍ਰੀਮਤੀ ਸੁਰਭੀ ਮਲਿਕ , ਡਿਪਟੀ ਕਮਿਸ਼ਨਰ ਲੁਧਿਆਣਾ ਰਾਹੀਂ ਮਾਨਯੋਗ ਸ. ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ, ਪੰਜਾਬ ਸਰਕਾਰ ਨੂੰ ਭੇਜਿਆ ਗਿਆ। ਇਸ ਸਮੇਂ ਗੌਰਮੈਂਟ ਸਕੂਲ ਟੀਚਰ ਯੂਨੀਅਨ ਪੰਜਾਬ ਦੇ ਮੀਤ ਪ੍ਰਧਾਨ ਸੰਜੀਵ ਕੁਮਾਰ ਲੁਧਿਆਣਾ, ਪਰਮਿੰਦਰ ਪਾਲ ਸਿੰਘ ਕਾਲੀਆ ਜ਼ਿਲ੍ਹਾ ਪ੍ਰਧਾਨ ਲੁਧਿਆਣਾ, ਮਨੀਸ਼ ਸ਼ਰਮਾ , ਟਹਿਲ ਸਿੰਘ ਸਰਾਭਾ ਆਗੂਆਂ ਵੱਲੋਂ ਮੰਗ ਪੱਤਰ ਭੇਜਣ ਉਪਰੰਤ ਦੱਸਿਆ ਗਿਆ ਕਿ ਸਿੱਖਿਆ ਵਿਭਾਗ ਪੰਜਾਬ ਵੱਲੋਂ "ਸਕੂਲ ਆਫ ਐਮੀਨੈਂਸ" ਨਾਲ ਸਬੰਧਤ ਸਕੂਲਾਂ ਵਿੱਚ ਵੱਖ-ਵੱਖ ਵਿਸ਼ਿਆਂ ਦੇ ਅਧਿਆਪਕਾਂ ਅਤੇ ਲੈਕਚਰਾਰਾਂ ਦੀਆਂ ਬਦਲੀਆਂ ਖਾਲੀ ਅਸਾਮੀ ਉੱਪਰ ਕੀਤੀਆਂ ਹਨ।
ਸਿੱਖਿਆ ਵਿਭਾਗ ਪੰਜਾਬ ਵੱਲੋਂ ਇਹਨਾਂ ਅਧਿਆਪਕਾਂ ਦੀਆਂ ਬਦਲੀਆਂ ਕਰਨ ਤੋਂ ਪਹਿਲਾਂ ਸਬੰਧਤ ਅਧਿਆਪਕਾਂ ਤੋਂ ਕੋਈ ਵੀ ਸਹਿਮਤੀ ਨਹੀਂ ਲਈ ਹੈ ਅਤੇ ਇਹਨਾਂ ਅਧਿਆਪਕਾਂ ਦੀ ਬਦਲੀ ਸਬੰਧੀ ਕੋਈ ਠੋਸ ਬਦਲੀ ਨੀਤੀ ਨਹੀਂ ਬਣਾਈ ਗਈ। ਜਦ ਕਿ ਇਸ ਤੋਂ ਪਹਿਲਾਂ ਪਿਛਲੇ ਸਮਿਆਂ ਵਿੱਚ ਬਦਲੀਆਂ ਜਾਂ ਰੈਸ਼ਨਲੈਜੇਸ਼ਨ ਕਰਨ ਸਮੇਂ ਅਧਿਆਪਕਾਂ ਤੋਂ ਪਹਿਲਾਂ ਉਨਾਂ ਦੀ ਸਹਿਮਤੀ ਲੈ ਲਈ ਜਾਂਦੀ ਸੀ। ਇਸ ਤੋਂ ਇਲਾਵਾ ਇਹਨਾਂ ਅਧਿਆਪਕਾਂ ਨੂੰ ਦੂਜੇ ਸਕੂਲਾਂ ਵਿੱਚ ਬਦਲਣ ਨਾਲ ਇਹਨਾਂ ਦੇ ਪਿਛਲੇ ਸਕੂਲ ਦੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਵੀ ਨੁਕਸਾਨ ਹੋਵੇਗਾ। ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਸਰਕਾਰ ਤੋਂ ਮੰਗ ਕਰਦੀ ਹੈ ਕਿ ਇਹਨਾਂ ਅਧਿਆਪਕਾਂ ਦੀਆਂ ਬਦਲੀਆਂ ਤੁਰੰਤ ਰੱਦ ਕੀਤੀਆਂ ਜਾਣ। "ਸਕੂਲ ਆਫ ਐਮੀਨੈਂਸ" ਵਿੱਚ ਖਾਲੀ ਪਈਆਂ ਅਸਾਮੀਆਂ ਲਈ ਤੁਰੰਤ ਰੈਗੂਲਰ ਭਰਤੀ ਸ਼ੁਰੂ ਕੀਤੀ ਜਾਵੇ ਜੀ। ਦੂਜੇ ਸਕੂਲਾਂ ਵਿੱਚੋਂ ਅਧਿਆਪਕਾਂ ਨੂੰ ਬਦਲ ਕੇ ਡੰਗ ਟਪਾਉਣ ਦੀ ਨੀਤੀ ਬੰਦ ਕੀਤੀ ਜਾਵੇ। ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਪਹਿਲ ਦੇ ਅਧਾਰ ਤੇ ਰੈਗੂਲਰ ਭਰਤੀ ਰਾਹੀਂ ਭਰਿਆ ਜਾਵੇ। ਜਿਸ ਨਾਲ ਜਿੱਥੇ ਇੱਕ ਪਾਸੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਗੁਣਾਤਮਕ ਅਤੇ ਮਿਆਰੀ ਪੱਖ ਨੂੰ ਬੱਲ ਮਿਲੇਗਾ ਉੱਥੇ ਦੂਜੇ ਪਾਸੇ ਪੰਜਾਬ ਦੇ ਪੜ੍ੇ ਲਿਖੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮਿਲੇਗਾ।