MATA KAUSHALYA HOSPITAL PATIALA: ਪਟਿਆਲਾ ਵਿਖੇ ਸਰਕਾਰੀ ਖੇਤਰ ਦਾ ਆਪਣੀ ਕਿਸਮ ਦਾ ਪਹਿਲਾ ਮਾਤਾ ਕੌਸ਼ੱਲਿਆ ਹਸਪਤਾਲ ਲੋਕਾਂ ਨੂੰ ਕੀਤਾ ਸਮਰਪਿਤ

 ਮੁੱਖ ਮੰਤਰੀ ਪੰਜਾਬ ਅਤੇ ਦਿੱਲੀ ਦੇ ਮੁੱਖ ਮੰਤਰੀ ਨੇ ਪੰਜਾਬ ਵਿੱਚ ਸਿਹਤ ਕ੍ਰਾਂਤੀ ਦੇ ਨਵੇਂ ਦੌਰ ਦੀ ਕੀਤੀ ਸ਼ੁਰੂਆਤ


* ਪਟਿਆਲਾ ਵਿਖੇ ਸਰਕਾਰੀ ਖੇਤਰ ਦਾ ਆਪਣੀ ਕਿਸਮ ਦਾ ਪਹਿਲਾ ਮਾਤਾ ਕੌਸ਼ੱਲਿਆ ਹਸਪਤਾਲ ਲੋਕਾਂ ਨੂੰ ਕੀਤਾ ਸਮਰਪਿਤ


* 550 ਕਰੋੜ ਰੁਪਏ ਦੀ ਲਾਗਤ ਵਾਲੇ ਸਿਹਤਮੰਦ ਮਿਸ਼ਨ ਪੰਜਾਬ ਦੀ ਸ਼ੁਰੂਆਤ


* ਦਿੱਲੀ ਦੇ ਮੁੱਖ ਮੰਤਰੀ ਨੇ ਲੋਕਾਂ ਦੀ ਭਲਾਈ ਲਈ ਕੀਤੀਆਂ ਪਹਿਲਕਦਮੀਆਂ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ


* ਕਿਹਾ; ਇਹ ਉਪਰਾਲਾ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾ ਕੇ ਆਮ ਆਦਮੀ ਨੂੰ ਸਹੂਲਤ ਦੇਵੇਗਾ


ਪਟਿਆਲਾ, 2 ਅਕਤੂਬਰ


ਸੂਬੇ ਵਿੱਚ ਸਿਹਤ ਕ੍ਰਾਂਤੀ ਦੇ ਨਵੇਂ ਦੌਰ ਦੀ ਸ਼ੁਰੂਆਤ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਪਟਿਆਲਾ ਵਿਖੇ ਸਰਕਾਰੀ ਖੇਤਰ ਦਾ ਆਪਣੀ ਕਿਸਮ ਦਾ ਪਹਿਲਾ ਮਾਤਾ ਕੌਸ਼ੱਲਿਆ ਹਸਪਤਾਲ ਲੋਕਾਂ ਨੂੰ ਸਮਰਪਿਤ ਕੀਤਾ।



ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਇਹ ਹਸਪਤਾਲ ਇਤਿਹਾਸਕ ਸ਼ਹਿਰ ਪਟਿਆਲਾ ਅਤੇ ਇਸ ਦੇ ਆਸ-ਪਾਸ ਦੀ ਲਗਪਗ 20 ਲੱਖ ਲੋਕਾਂ ਦੀ ਆਬਾਦੀ ਨੂੰ ਸਿਹਤ ਸਹੂਲਤਾਂ ਦੇਵੇਗਾ। ਇਸ ਹਸਪਤਾਲ ਵਿੱਚ 300 ਬੈੱਡ ਹਨ ਅਤੇ ਹੁਣ ਇਸ ਵੱਕਾਰੀ ਸਿਹਤ ਸੰਸਥਾ ਵਿੱਚ 66 ਬੈੱਡਾਂ ਦਾ ਵਾਧਾ ਕੀਤਾ ਜਾ ਰਿਹਾ ਹੈ। ਹਸਪਤਾਲ ਨੂੰ 13.80 ਕਰੋੜ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤਾ ਗਿਆ ਹੈ ਅਤੇ ਆਈ ਸੀ ਯੂ, ਐਨ ਆਈ ਸੀ ਯੂ ਅਤੇ ਹੋਰ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ।


ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਸਿਹਤ ਸੰਭਾਲ ਦੇ ਖੇਤਰ ਵਿੱਚ ਇੱਕ ਨਵੀਂ ਕ੍ਰਾਂਤੀ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਐਲਾਨ ਕੀਤਾ ਕਿ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ਇੱਕ ਸਾਲ ਦੇ ਅੰਦਰ ਰਾਜ ਭਰ ਦੇ ਸਾਰੇ ਹਸਪਤਾਲਾਂ ਵਿੱਚ ਐਮਰਜੈਂਸੀ ਸੇਵਾਵਾਂ ਚਾਲੂ ਕਰ ਦਿੱਤੀਆਂ ਜਾਣਗੀਆਂ। ਭਗਵੰਤ ਸਿੰਘ ਮਾਨ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਦੂਰ-ਦੁਰਾਡੇ ਅਤੇ ਪੇਂਡੂ ਖੇਤਰਾਂ ਦੇ ਗੰਭੀਰ ਮਰੀਜ਼ਾਂ ਲਈ ਅਤਿ ਉੱਨਤ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਇਲੈਕਟ੍ਰਾਨਿਕ ਇੰਟੈਂਸਿਵ ਕੇਅਰ ਯੂਨਿਟ (ਈ ਆਈ ਸੀ ਯੂ) ਸਿਸਟਮ ਸ਼ੁਰੂ ਕਰਨ ਜਾ ਰਹੀ ਹੈ।


ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਸੂਬੇ ਵਿੱਚ ਸਿਹਤ ਸੰਭਾਲ ਪ੍ਰਣਾਲੀ ਨੂੰ ਸੁਧਾਰਨ ਲਈ ਮੀਲ ਦੇ ਪੱਥਰ ਵਜੋਂ ਕੰਮ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਵਿੱਚ ਹੁਣ ਤੱਕ 59 ਲੱਖ ਤੋਂ ਵੱਧ ਮਰੀਜ਼ ਲਾਭ ਉਠਾ ਚੁੱਕੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਅਤੇ ਸੀ.ਐਮ ਦੀ ਯੋਗਸ਼ਾਲਾ ਦੇ ਸੰਕਲਪ ਨੂੰ ਲੋਕਾਂ ਦੇ ਵਡੇਰੇ ਹਿੱਤ ਵਿੱਚ ਪੂਰੇ ਭਾਰਤ ਵਿੱਚ ਲਾਗੂ ਕੀਤਾ ਜਾਣਾ ਚਾਹੀਦਾ ਹੈ।


ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਦੀ ਭਲਾਈ ਲਈ 550 ਕਰੋੜ ਰੁਪਏ ਦਾ ਸਿਹਤਮੰਦ ਮਿਸ਼ਨ ਪੰਜਾਬ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸਿੱਖਿਆ ਅਤੇ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਇਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਿਹਤਮੰਦ ਮਿਸ਼ਨ ਪੰਜਾਬ ਤਹਿਤ ਸੂਬੇ ਭਰ ਦੇ ਸਾਰੇ ਸਰਕਾਰੀ ਹਸਪਤਾਲਾਂ ਨੂੰ ਨਵਾਂ ਰੂਪ ਮਿਲੇਗਾ।


ਮੁੱਖ ਮੰਤਰੀ ਨੇ ਦੱਸਿਆ ਕਿ ਸਿਹਤਮੰਦ ਪੰਜਾਬ ਐਪ ਵੀ ਲਾਂਚ ਕੀਤੀ ਗਈ ਹੈ ਜਿਸ ਨਾਲ ਮੋਬਾਈਲ 'ਤੇ ਕਲਿੱਕ ਕਰਨ 'ਤੇ ਲੋਕ ਨੇੜਲੇ ਆਮ ਆਦਮੀ ਕਲੀਨਿਕਾਂ ਦਾ ਪਤਾ ਲਾ ਸਕਣਗੇ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦਾ ਟੀਚਾ ਹੈ ਕਿ ਆਮ ਆਦਮੀ ਕਲੀਨਿਕਾਂ ਵਾਂਗ ਲੋਕਾਂ ਨੂੰ ਮੁਫ਼ਤ ਦਵਾਈਆਂ ਮੁਹੱਈਆ ਕਰਵਾਉਣ ਲਈ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਆਯੂਸ਼ ਫਾਰਮੇਸੀ ਸ਼ੁਰੂ ਕੀਤੀ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਲੋਕਾਂ ਨੂੰ ਮਿਆਰੀ ਡਾਕਟਰੀ ਇਲਾਜ ਮੁਹੱਈਆ ਕਰਵਾਉਣ ਲਈ ਇੱਕ ਮਾਡਲ ਰਾਜ ਵਜੋਂ ਉਭਰੇਗਾ।


ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਭਰ ਵਿੱਚ ਸਥਾਪਤ ਕੀਤੇ ਗਏ ਆਮ ਆਦਮੀ ਕਲੀਨਿਕਾਂ ਵਿੱਚ ਲੋਕਾਂ ਨੂੰ ਦਵਾਈਆਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੋਵੇਗਾ ਜੋ ਸਰਕਾਰੀ ਹਸਪਤਾਲਾਂ ਵਿੱਚ 'ਮਰੀਜ਼ ਸੁਵਿਧਾ ਕੇਂਦਰ' ਸ਼ੁਰੂ ਕਰਨ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਹਸਪਤਾਲ ਵਿੱਚ ਐਨ.ਆਈ.ਸੀ.ਯੂ ਵਾਰਡ ਨੂੰ ਅਪਗ੍ਰੇਡ ਕਰਕੇ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ।


ਦਿੱਲੀ ਦੇ ਮੁੱਖ ਮੰਤਰੀ ਨੇ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੂਬੇ ਵਿੱਚ ਸਿਹਤ ਕ੍ਰਾਂਤੀ ਦਾ ਦੌਰ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਫਤ ਮੁਹੱਈਆ ਕਰਵਾਉਣਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਹਿਲਾਂ ਅਮੀਰ ਵਰਗ ਦੀ ਹੀ ਪ੍ਰਾਈਵੇਟ ਹਸਪਤਾਲਾਂ ਵਿੱਚ ਮਿਆਰੀ ਸਿਹਤ ਸੇਵਾਵਾਂ ਤੱਕ ਪਹੁੰਚ ਸੀ ਪਰ ਹੁਣ ਆਮ ਆਦਮੀ ਨੂੰ ਉਹ ਸਾਰੀਆਂ ਸਹੂਲਤਾਂ ਇੱਥੇ ਸਰਕਾਰੀ ਸਿਹਤ ਸੰਸਥਾ ਵਿੱਚ ਮਿਲਣਗੀਆਂ।


ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਅਤੇ ਸਕੂਲ ਆਫ਼ ਐਮੀਨੈਂਸ ਵਾਂਗ ਇਨ੍ਹਾਂ ਹਸਪਤਾਲਾਂ ਦੀ ਗਿਣਤੀ ਵੀ ਸੂਬੇ ਭਰ ਵਿੱਚ ਵਧਾਈ ਜਾਵੇਗੀ। ਉਨ੍ਹਾਂ ਅਫਸੋਸ ਪ੍ਰਗਟਾਇਆ ਕਿ ਪਹਿਲਾਂ ਸੂਬੇ ਦੇ ਸਰਕਾਰੀ ਹਸਪਤਾਲ ਖਸਤਾ ਹਾਲਤਾਂ ਵਿੱਚ ਸਨ ਪਰ ਹੁਣ ਆਧੁਨਿਕ ਤਕਨੀਕ ਨਾਲ ਲੈਸ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਨ੍ਹਾਂ ਸਹੂਲਤਾਂ ਦਾ ਚੋਣਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ, ਸਗੋਂ ਇਸ ਦਾ ਇੱਕੋ-ਇੱਕ ਮਕਸਦ ਲੋਕ ਭਲਾਈ ਨੂੰ ਯਕੀਨੀ ਬਣਾਉਣਾ ਹੈ।


ਇਸ ਦੌਰਾਨ ਮੁੱਖ ਮੰਤਰੀ ਅਤੇ ਦਿੱਲੀ ਦੇ ਮੁੱਖ ਮੰਤਰੀ ਨੇ ਹਸਪਤਾਲ ਦੇ ਵੱਖ-ਵੱਖ ਵਾਰਡਾਂ ਦਾ ਦੌਰਾ ਕਰਕੇ ਲੋਕਾਂ ਨਾਲ ਗੱਲਬਾਤ ਵੀ ਕੀਤੀ। ਗੱਲਬਾਤ ਦੌਰਾਨ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਸਰਕਾਰੀ ਹਸਪਤਾਲਾਂ ਵਿੱਚ ਦਿੱਤੀਆਂ ਜਾ ਰਹੀਆਂ ਸਹੂਲਤਾਂ 'ਤੇ ਪੂਰੀ ਤਸੱਲੀ ਪ੍ਰਗਟਾਈ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਦਿੱਤੀਆਂ ਜਾ ਰਹੀਆਂ ਸਹੂਲਤਾਂ ਪ੍ਰਾਈਵੇਟ ਹਸਪਤਾਲਾਂ ਨਾਲੋਂ ਕਿਤੇ ਵੱਧ ਹਨ।


ਮਰੀਜ਼ਾਂ ਅਤੇ ਉਨ੍ਹਾਂ ਦੇ ਨਾਲ ਮੌਜੂਦ ਉਨ੍ਹਾਂ ਦੇ ਵਾਰਸਾਂ ਨੇ ਵੀ ਮੁੱਖ ਮੰਤਰੀ ਵੱਲੋਂ ਸਿਹਤ ਸੰਭਾਲ ਖੇਤਰ ਵਿੱਚ ਕ੍ਰਾਂਤੀ ਲਿਆਉਣ ਲਈ ਬਹੁਤ ਸਾਰੀਆਂ ਪਹਿਲਕਦਮੀਆਂ ਕਰਨ ਲਈ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਹਸਪਤਾਲ ਆਮ ਲੋਕਾਂ ਨੂੰ ਸਹੂਲਤ ਦੇਣ ਲਈ ਵੱਡਾ ਉਪਰਾਲਾ ਸਿੱਧ ਹੋਣਗੇ। ਉਨ੍ਹਾਂ ਨੇ ਸੂਬਾ ਸਰਕਾਰ ਵੱਲੋਂ ਤੰਦਰੁਸਤ ਪੰਜਾਬ ਦੀ ਸਿਰਜਣਾ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਵੀ ਸ਼ਲਾਘਾ ਕੀਤੀ।    

Featured post

BFUHS NURSING ADMISSION 2024-25 : ਬਾਬਾ ਫਰੀਦ ਯੂਨੀਵਰਸਿਟੀ ਤੋਂ ਕਰੋ ਬੀਐਸਸੀ ਨਰਸਿੰਗ, 23 ਮਈ ਤੱਕ ਕਰੋ ਅਪਲਾਈ

  Baba Farid University of Health Sciences Invites Applications for Basic B.Sc. Nursing Course Baba Farid University of Health Sciences, Far...

BOOK YOUR SPACE ( ਐਡ ਲਈ ਸੰਪਰਕ ਕਰੋ )

BOOK YOUR SPACE ( ਐਡ ਲਈ ਸੰਪਰਕ ਕਰੋ )
Make this space yours

RECENT UPDATES

Trends