*ਸਾਂਝਾ ਅਧਿਆਪਕ ਮੋਰਚਾ ਪੰਜਾਬ ਵਲੋਂ ਸਿਖਿਆ ਮੰਤਰੀ ਵਿਰੁੱਧ ਪ੍ਰਦਰਸ਼ਨ 9 ਦਸੰਬਰ ਨੂੰ ਰੋਸ ਮਾਰਚ*
*ਉਚੇਰੀ ਗਰੇਡ ਪੇਅ ਅਤੇ ਪੇਂਡੂ ਭੱਤੇ ਸਮੇਤ ਬੰਦ ਕੀਤੇ ਸਮੁੱਚੇ ਭੱਤੇ ਬਹਾਲ ਕਰਨ ਦੀ ਮੰਗ*
*ਡੀ ਏ ਦੀਆਂ ਕਿਸ਼ਤਾਂ, ਤਨਖਾਹ ਦੁਹਰਾਈ ਦੇ ਬਕਾਏ ਤੁਰੰਤ ਦਿੱਤੇ ਜਾਣ*
*ਹਰ ਵਰਗ ਦੀਆਂ ਪਦਉਨਤੀਆਂ ਕਰਨ, ਖਤਮ ਕੀਤੀਆਂ ਪੋਸਟਾਂ ਬਹਾਲ ਕਰਨ, ਖਾਲੀ ਪੋਸਟਾਂ ਭਰਨ ਦੀ ਮੰਗ*
ਲੁਧਿਆਣਾ 25 ਨਵੰਬਰ ( ) ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਜਿਲ੍ਹਾ ਕਮੇਟੀ ਮੀਟਿੰਗ ਲੁਧਿਆਣਾ ਵਿਖੇ ਸੂਬਾ ਕਨਵੀਨਰ ਸੁਰਿੰਦਰ ਕੁਮਾਰ ਪੁਆਰੀ ਦੀ ਪ੍ਰਧਾਨਗੀ ਹੇਠ ਹੋਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੋਰਚੇ ਦੇ ਕਨਵੀਨਰ ਸੁਰਿੰਦਰ ਕੁਮਾਰ ਪੁਆਰੀ ਨੇ ਦੱਸਿਆ ਕਿ ਮੀਟਿੰਗ ਵਿੱਚ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਵਿਦਿਆਰਥੀਆਂ ਤੋਂ ਸਰਟੀਫਿਕੇਟ ਅਤੇ ਪ੍ਰੈਕਟੀਕਲ ਫੀਸਾਂ ਵਸੂਲਣ ਦੀ ਨਿਖੇਧੀ ਕੀਤੀ ਗਈ।
ਬੋਰਡ ਨਾਲ ਸਬੰਧਤ ਮਸਲੇ ਅਤੇ ਅਧਿਆਪਕਾਂ ਨਾਲ ਸਬੰਧਿਤ ਮਸਲੇ ਹੱਲ ਨਾ ਕਰਨ ਤੇ 9 ਦਸੰਬਰ ਨੂੰ ਸਿਖਿਆ ਮੰਤਰੀ ਵਿਰੁੱਧ ਰੋਸ ਮਾਰਚ ਵਿੱਚ ਵੱਧ ਚੜ ਕੇ ਜਾਣ ਸਬੰਧੀ ਵਿਚਾਰ ਚਰਚਾ ਕੀਤੀ ਗਈ। ਇਸ ਸਮੇਂ ਸੰਜੀਵ ਸ਼ਰਮਾ ਲੁਧਿਆਣਾ, ਪਰਵੀਨ ਕੁਮਾਰ, ਜਸਪਾਲ ਸੰਧੂ, ਮੋਹਣਜੀਤ ਸਿੰਘ, ਗੁਰਦੀਪ ਸਿੰਘ ਚੀਮਾ, ਦਿਨੇਸ਼ ਕੁਮਾਰ, ਬਲਵੀਰ ਸਿੰਘ ਕੰਗ, ਹਰੀਦੇਵ, ਜਗਜੀਤ ਸਿੰਘ ਮਾਨ, ਜਗਦੀਪ ਸਿੰਘ ਜੌਹਲ, ਭੁਪਿੰਦਰ ਸਿੰਘ, ਹਰਮਿੰਦਰ ਸਿੰਘ ਤਾਜਪੁਰ, ਅਲਵੇਲ ਸਿੰਘ, ਟਹਿਲ ਸਿੰਘ ਸਰਾਭਾ ਆਗੂਆਂ ਵੱਲੋਂ ਦੱਸਿਆ ਗਿਆ ਕਿ ਰਾਸ਼ਟਰੀ ਸਿੱਖਿਆ ਨੀਤੀ ਰੱਦ ਕਰਨ, ਕੱਚੇ ਅਧਿਆਪਕਾਂ ਨੂੰ ਪੂਰੇ ਤਨਖਾਹ ਸਕੇਲ ਵਿੱਚ ਪੱਕੇ ਕਰਨ, ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਸ਼ਿਫਟ ਕਰਨ, 228 ਪੀ ਟੀ ਆਈਜ਼ ਸਮੇਤ ਹਰ ਵਰਗ ਦੀਆਂ ਖਤਮ ਕੀਤੀਆਂ ਪੋਸਟਾਂ ਬਹਾਲ ਕਰਨ, ਖਾਲੀ ਅਸਾਮੀਆਂ ਪੂਰੇ ਤਨਖਾਹ ਸਕੇਲ ਵਿੱਚ ਭਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਹਰ ਵਰਗ ਦੀਆਂ ਪ੍ਰਮੋਸ਼ਨਾਂ ਸਾਲ ਵਿੱਚ ਦੋ ਵਾਰ ਕਰਨ, ਪੰਜਵੇਂ ਤਨਖਾਹ ਕਮਿਸ਼ਨ ਵੱਲੋਂ ਸਿਫਾਰਸ਼ ਕੀਤੀ ਅਤੇ 2011 ਤੋਂ ਲਾਗੂ ਉਚੇਰੀ ਗਰੇਡ ਪੇਅ ਬਹਾਲ ਕਰਨ, 125% ਮਹਿੰਗਾਈ ਭੱਤੇ 'ਤੇ ਛੇਵੇਂ ਤਨਖਾਹ ਕਮਿਸ਼ਨ ਵੱਲੋਂ ਸਿਫਾਰਸ਼ ਕੀਤਾ 2.59 ਦਾ ਗੁਣਾਂਕ ਦੇਣ, ਪੇਂਡੂ ਭੱਤੇ ਸਮੇਤ ਸੋਧਣ ਦੇ ਨਾਂ ਤੇ ਬੰਦ ਕੀਤੇ ਸਮੁੱਚੇ ਭੱਤੇ ਬਹਾਲ ਕਰਨ, 2018 ਦੇ ਅਧਿਆਪਕ ਵਿਰੋਧੀ ਨਿਯਮ ਰੱਦ ਕਰਨ ਸਮੇਤ ਅਧਿਆਪਕਾਂ ਦੀਆਂ ਭਖ਼ਦੀਆਂ ਮੰਗਾਂ ਸਬੰਧੀ ਸਿੱਖਿਆ ਮੰਤਰੀ ਦੇ ਨਾਂਹ ਪੱਖੀ ਰਵੱਈਏ ਵਿਰੁੱਧ ਸਮੁੱਚੇ ਪੰਜਾਬ ਵਿੱਚ ਲਾਮਬੰਦੀ ਕੀਤੀ ਜਾਵੇਗੀ। ਇਸ ਸਮੇਂ ਆਗੂਆਂ ਵੱਲੋਂ ਸਮੂਹ ਅਧਿਆਪਕਾਂ ਨੂੰ ਆਪਣੀਆਂ ਜਾਇਜ ਅਤੇ ਹੱਕੀ ਮੰਗਾਂ ਦੀ ਪ੍ਰਾਪਤੀ ਲਈ 9 ਦਸੰਬਰ ਨੂੰ ਸਿੱਖਿਆ ਮੰਤਰੀ ਦੇ ਜੱਦੀ ਪਿੰਡ ਵਿੱਚ ਹੁਮ ਹੁਮਾ ਕੇ ਪਹੁੰਚਣ ਦੀ ਅਪੀਲ ਕੀਤੀ ।