*ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਨੇ ਸੰਤੋਸ਼ ਕਟਾਰੀਆ ਦੇ ਘਰ ਸਾਹਮਣੇ ਭਗਵੰਤ ਮਾਨ ਦਾ ਪੁਤਲਾ ਫੂਕਿਆ*
*ਮੁਲਾਜ਼ਮ ਅਤੇ ਪੈਨਸ਼ਨਰ ਕਾਲ਼ੀ ਦੀਵਾਲੀ ਮਨਾਉਣ ਲਈ ਮਜ਼ਬੂਰ*
ਬਲਾਚੌਰ 10 ਨਵੰਬਰ ( ) ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਪੁਤਲੇ ਫੂਕਣ ਦੇ ਸੱਦੇ 'ਤੇ ਅੱਜ ਬਲਾਚੌਰ ਵਿਖੇ ਜ਼ਿਲ੍ਹਾ ਕਨਵੀਨਰ ਸੋਮ ਲਾਲ, ਸੋਹਣ ਸਿੰਘ, ਵਰਿੰਦਰ ਕੁਮਾਰ, ਚੰਦਰ ਸ਼ੇਖਰ, ਜੀਤ ਲਾਲ ਗੋਹਲੜੋਂ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੇ ਬਲਾਚੌਰ ਦੀ ਐਮ ਐਲ ਏ ਸੰਤੋਸ਼ ਕਟਾਰੀਆ ਦੇ ਘਰ ਸਾਹਮਣੇ ਰੋਸ ਰੈਲੀ ਉਪਰੰਤ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ ਗਿਆ। ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਕੁਲਦੀਪ ਸਿੰਘ ਦੌੜਕਾ, ਮੋਹਣ ਸਿੰਘ ਪੂੰਨੀਆ, ਪਰਸ਼ੋਤਮ ਲਾਲ, ਹਰੀ ਸਿੰਘ, ਸ਼ਿਬੂ ਰਾਮ, ਸੋਮ ਨਾਥ ਤੱਕਲਾ ਆਦਿ ਆਗੂਆਂ ਨੇ ਕਿਹਾ ਕਿ ਇਸ ਸਰਕਾਰ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਵਿਸ਼ਵਾਸ਼ਘਾਤ ਕੀਤਾ ਹੈ। ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਆਗੂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਸਭ ਮੰਗਾਂ ਮੰਨਣ ਦਾ ਵਾਅਦਾ ਕਰਕੇ ਬਣੀ ਸਰਕਾਰ ਨੇ ਆਪਣੇ ਵਾਅਦਿਆਂ ਤੋਂ ਮੁਕਰਨ ਵਿੱਚ ਪਿਛਲੀਆਂ ਸਰਕਾਰਾਂ ਨੂੰ ਮਾਤ ਪਾ ਦਿੱਤੀ ਹੈ। ਮੁਲਾਜ਼ਮ ਅਤੇ ਪੈਨਸ਼ਨਰ ਦੀਵਾਲੀ ਮੌਕੇ ਬਕਾਏ ਅਤੇ ਮਹਿੰਗਾਈ ਭੱਤੇ ਦੀ ਆਸ ਲਗਾਈ ਬੈਠੇ ਸਨ, ਪਰ ਸਰਕਾਰ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਕਾਲ਼ੀ ਦੀਵਾਲੀ ਮਨਾਉਣ ਲਈ ਮਜ਼ਬੂਰ ਕਰ ਦਿੱਤਾ ਹੈ।
ਆਗੂਆਂ ਨੇ ਮੰਗਾਂ ਦਾ ਜਿਕਰ ਕਰਦਿਆਂ ਕਿਹਾ ਕਿ ਹਰ ਤਰ੍ਹਾਂ ਦੇ ਕੱਚੇ ਮੁਲਾਜ਼ਮਾਂ ਨੂੰ ਪੂਰੇ ਲਾਭਾਂ ਸਮੇਤ ਪੱਕੇ ਕਰਨ, ਮਿਡ-ਡੇ-ਮੀਲ, ਆਂਗਨਵਾੜੀ, ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਨੂੰ ਤਨਖਾਹ ਕਮਿਸ਼ਨ ਵਲੋਂ ਨਿਰਧਾਰਤ ਕੀਤੀ ਘੱਟੋ-ਘੱਟ ਤਨਖਾਹ 18000 ਰੁਪਏ ਦੇਣ, ਪੈਨਸ਼ਨਰਾਂ ਨੂੰ ਤਨਖਾਹ ਕਮਿਸ਼ਨ ਵਲੋਂ ਸਿਫਾਰਿਸ਼ ਕੀਤਾ 2.59 ਦੇ ਗੁਣਾਂਕ ਨਾਲ ਪੈਨਸ਼ਨ ਸੋਧਣ, ਪੈਨਸ਼ਨ ਦਾ ਬਕਾਇਆ ਯੱਕਮੁਸ਼ਤ ਦੇਣ, ਕੈਸ਼ਲੈਸ ਹੈਲਥ ਸਕੀਮ ਸੋਧ ਕੇ ਲਾਗੂ ਕਰਨ, ਮੈਡੀਕਲ ਭੱਤਾ 2000 ਰੁਪਏ ਕਰਨ, ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਅਤੇ ਬਕਾਇਆ ਜਾਰੀ ਕਰਨ, ਘੱਟੋ-ਘੱਟ ਤਨਖਾਹ 26000 ਰੁਪਏ ਕਰਨ, 01.01.2016 ਨੂੰ 125% ਮਹਿੰਗਾਈ ਭੱਤੇ ਨੂੰ ਆਧਾਰ ਬਣਾ ਕੇ ਤਨਖਾਹ ਅਤੇ ਪੈਨਸ਼ਨ ਦੁਹਰਾਈ ਕਰਨ, ਸਭ ਵਰਗਾਂ ਲਈ 2.72 ਦਾ ਗੁਣਾਂਕ ਦੇਣ, ਸਾਲ 2011 ਵਿੱਚ ਗਰੇਡ ਪੇ ਦਾ ਅੰਸ਼ਕ ਲਾਭ ਮਿਲਣ ਵਾਲੇ ਵਰਗਾਂ ਨੂੰ 2.89 ਦਾ ਗੁਣਾਂਕ ਦੇਣ ਅਤੇ ਕੋਈ ਲਾਭ ਨਾ ਮਿਲਣ ਵਾਲੇ ਵਰਗਾਂ ਨੂੰ 3.06 ਗੁਣਾਂਕ ਦਾ ਲਾਭ ਦੇਣ, ਤਨਖਾਹ ਦੁਹਰਾਈ ਦਾ ਘੱਟੋ-ਘੱਟ 20% ਲਾਭ ਦੇਣ, ਤਨਖਾਹ ਕਮਿਸ਼ਨ ਦੀ ਰਹਿੰਦੀ ਰਿਪੋਰਟ ਜਾਰੀ ਕਰਕੇ ਏ. ਸੀ. ਪੀ. ਸਕੀਮ ਲਾਗੂ ਕਰਨ, ਸੋਧਣ ਦੇ ਬਹਾਨੇ ਬੰਦ ਕੀਤੇ ਸਮੁੱਚੇ ਭੱਤਿਆਂ ਵਿੱਚ ਤਨਖਾਹ ਕਮਿਸ਼ਨ ਦੀ ਸਿਫਾਰਿਸ਼ ਅਨੁਸਾਰ 2.25 ਦੇ ਗੁਣਾਂਕ ਨਾਲ ਵਾਧਾ ਕਰਨ, ਤਨਖਾਹ ਦੁਹਰਾਈ ਦੇ ਬਕਾਏ ਤੁਰੰਤ ਨਗਦ ਦੇਣ, 01.01.2004 ਤੋਂ ਬੰਦ ਕੀਤੀ ਪੁਰਾਣੀ ਪੈਨਸ਼ਨ ਸਕੀਮ ਸਮੁੱਚੇ ਸਰਕਾਰੀ, ਅਰਧ-ਸਰਕਾਰੀ, ਬੋਰਡਾਂ, ਕਾਰਪੋਰੇਸ਼ਨਾਂ, ਲੋਕਲ ਬਾਡੀਜ ਅਤੇ ਸਹਿਕਾਰੀ ਅਦਾਰਿਆਂ ਦੇ ਮੁਲਾਜ਼ਮਾਂ ਤੇ ਲਾਗੂ ਕਰਨ, ਮੁਢਲੀ ਤਨਖਾਹ ਤੇ ਨਿਯੁਕਤੀ / ਪਰਖ ਕਾਲ ਦਾ 15.01.2015 ਅਤੇ 05.09.2016 ਦਾ ਨੋਟੀਫਿਕੇਸ਼ਨ ਰੱਦ ਕਰਨ, ਕੇਂਦਰੀ ਸਕੇਲ ਲਾਗੂ ਕਰਨ ਦਾ 17.07.2020 ਦਾ ਨੋਟੀਫਿਕੇਸ਼ਨ ਵਾਪਸ ਲੈਣ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਤੋਂ ਵਿਕਾਸ ਟੈਕਸ ਦੇ ਨਾਂ ਤੇ ਵਸੂਲਿਆ ਜਾਂਦਾ 2400 ਰੁਪਏ ਸਾਲਾਨਾ ਜਜ਼ੀਆ ਟੈਕਸ ਬੰਦ ਕਰਕੇ ਵਸੂਲਿਆ ਟੈਕਸ ਵਾਪਸ ਕੀਤਾ ਕਰਨ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਹੋਏ ਅਦਾਲਤੀ ਫੈਸਲੇ ਲਾਗੂ ਕਰਕੇ ਜਨਰਲਾਇਜ਼ ਕਰਨ ਜਿਹੀਆਂ ਮੰਗਾਂ ਸਰਕਾਰ 20 ਮਹੀਨਿਆਂ ਵਿੱਚ ਵੀ ਪੂਰੀਆਂ ਨਹੀਂ ਕਰ ਸਕੀ। ਉਨ੍ਹਾਂ ਕਿਹਾ ਕਿ ਜੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ਸਰਕਾਰ ਦੀ ਬੇਰੁੱਖੀ ਇਸੇ ਤਰ੍ਹਾਂ ਕਾਇਮ ਰਹੀ ਤਾਂ ਸਾਨੂੰ ਵੱਡੇ ਸੰਘਰਸ਼ ਵਿਢਣ ਲਈ ਮਜਬੂਰ ਹੋਣਾ ਪਵੇਗਾ।
ਇਸ ਸਮੇਂ ਹੋਰਨਾਂ ਤੋਂ ਇਲਾਵਾ ਦਰਸ਼ਨ ਲਾਲ ਨਿਆਣਾ ਬੇਟ, ਭਜਨ ਲਾਲ, ਦਰਸ਼ਨ ਦੇਵ, ਰਾਮ ਲਾਲ, ਜਗਦੀਸ਼ ਰਾਮ, ਕਮਲ ਕੁਮਾਰ ਸੂਦਨ, ਰਾਮ ਲਾਲ ਸ਼ਰਮਾ ਆਦਿ ਹਾਜ਼ਰ ਸਨ।