ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸੈਕੰਡਰੀ ਸਿੱਖਿਆ ਤਰਨਤਾਰਨ ਵੱਲੋਂ ਮਾਪੇ ਅਧਿਆਪਕ ਮਿਲਣੀ ਦੇ ਪ੍ਰਬੰਧਾਂ ਨੂੰ ਲੈਕੇ ਜ਼ਿਲ੍ਹੇ ਦੇ ਸਕੂਲਾਂ ਦਾ ਦੌਰਾ
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੰਜਾਬ ਵਿੱਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਮਿਤੀ 16/12/2023 ਦਿਨ ਸ਼ਨੀਵਾਰ ਨੂੰ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਪ੍ਰੀ ਪ੍ਰਾਇਮਰੀ ਤੋਂ ਬਾਰ੍ਹਵੀਂ ਜਮਾਤ ਤੱਕ ਸਵੇਰੇ 10 ਵਜੇ ਤੋਂ ਸ਼ਾਮ ਦੇ ਸਾਢੇ ਤਿੰਨ ਵਜੇ ਤੱਕ ਮਾਪੇ ਅਧਿਆਪਕ ਮਿਲਣੀ, ਮੈਗਾ ਪੀਟੀਐਮ 3.0 ਦਾ ਆਯੋਜਨ ਕੀਤਾ ਗਿਆ। ਇਸੇ ਤਹਿਤ ਜ਼ਿਲ੍ਹਾ ਤਰਨਤਾਰਨ ਵਿੱਚ ਇਸ ਮਾਪੇ ਅਧਿਆਪਕ ਮਿਲਣੀ ਦਾ ਫੀਡਬੈਕ ਲੈਣ ਅਤੇ ਮਾਪਿਆਂ ਨੂੰ ਸਿੱਖਿਆ ਵਿਭਾਗ ਦੁਆਰਾ ਚਲਾਏ ਜਾ ਰਹੇ ਨਵੇਂ ਨਵੇਂ ਪ੍ਰੋਜੈਕਟਾਂ ਸਬੰਧੀ ਜਾਣਕਾਰੀ ਦੇਣ ਹਿੱਤ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਸੈਕੰਡਰੀ ਸਿੱਖਿਆ ਤਰਨਤਾਰਨ ਸ. ਕਵਲਜੀਤ ਸਿੰਘ ਧੰਜੂ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਤਰਨਤਾਰਨ ਸ਼੍ਰੀ ਸੁਰਿੰਦਰ ਕੁਮਾਰ ਵੱਲੋਂ ਜਿਲ੍ਹੇ ਦੇ ਵੱਖ ਵੱਖ ਬਲਾਕਾਂ ਵਿੱਚ ਵਿਜ਼ਟ ਕਰਦੇ ਹੋਏ ਸਕੂਲਾਂ ਦਾ ਦੌਰਾ ਕੀਤਾ ਗਿਆ।
ਇਸ ਮੌਕੇ ਸਕੂਲ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਉਹਨਾਂ ਅਧਿਆਪਕਾਂ ਦੀ ਮਿਹਨਤ ਦੀ ਸ਼ਲਾਘਾ ਕੀਤੀ ਅਤੇ ਨਾਲ ਹੀ ਮਾਪਿਆਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਵਿਦਿਆਰਥੀਆਂ ਦੇ ਨਤੀਜਿਆਂ , ਦਾਖ਼ਲਾ ਮੁਹਿੰਮ ,ਉੱਚ ਮਿਆਰੀ ਸਿੱਖਿਅਕ ਗਤੀਵਿਧੀਆਂ ਅਤੇ ਸਿੱਖਿਆ ਦੇ ਸਰਵਪੱਖੀ ਵਿਕਾਸ ਦੇ ਪਰਮ ਉਦੇਸ਼ ਤਹਿਤ ਵਿਦਿਆਰਥੀਆਂ ਨੂੰ ਸਹੀ ਸੇਧ ਦੇਣ ਲਈ ਅਧਿਆਪਕਾਂ ਦੇ ਨਾਲ-ਨਾਲ ਮਾਪਿਆਂ ਦਾ ਰੋਲ ਬਹੁਤ ਮਹੱਤਵਪੂਰਨ ਹੁੰਦਾ ਹੈ। ਇਸ ਅਹਿਮੀਅਤ ਨੂੰ ਮੁੱਖ ਰੱਖਦਿਆਂ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਦੇ ਮਾਪਿਆਂ ਨਾਲ ਵਿਦਿਆਰਥੀਆਂ ਦੁਆਰਾ ਗੈਰ ਬੋਰਡ ਸਲਾਨਾ ਪ੍ਰੀਖਿਆਵਾਂ ਵਿੱਚ ਦਿਖਾਈ ਗਈ ਕਾਰਗੁਜ਼ਾਰੀ ਨੂੰ ਸਾਂਝਾ ਕਰਨ ਲਈ ਅਤੇ ਭਵਿੱਖ ਵਿੱਚ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਨੂੰ ਹੋਰ ਬਿਹਤਰ ਬਣਾਉਣ ਲਈ ਇਹ ਮਾਪੇ-ਅਧਿਆਪਕ ਮਿਲਣੀ ਆਯੋਜਿਤ ਕੀਤੀ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਵਿਭਾਗ ਵਿਦਿਆਰਥੀਆਂ ਦੀ ਭਲਾਈ ਲਈ ਮਾਪਿਆਂ ਨਾਲ ਲਗਾਤਾਰ ਰਾਬਤਾ ਬਣਾਈ ਰੱਖਣ ਲਈ ਹਮੇਸ਼ਾ ਯਤਨਸ਼ੀਲ ਰਹਿੰਦਾ ਹੈ। ਇਸ ਵਾਰ ਵੀ ਹਮੇਸ਼ਾ ਦੀ ਤਰ੍ਹਾਂ ਵਿਦਿਆਰਥੀਆਂ ਦੇ ਚੇਤੰਨ ਮਾਪਿਆਂ ਵੱਲੋਂ ਸਾਰੇ ਸਰਕਾਰੀ ਸਕੂਲਾਂ ਵਿੱਚ ਵਧ-ਚੜ੍ਹ ਕੇ ਸ਼ਿਰਕਤ ਕਰਨ ਲਈ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਪੰਜਾਬ ਦੀਆਂ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਵੱਖ ਵੱਖ ਸਕੀਮਾਂ ਜਿਵੇਂ ਬਿਜ਼ਨਸ ਬਲਾਸਟਰਸ, ਸਕੂਲ ਆਫ ਐਮੀਨੈਂਸ, ਮਿਸ਼ਨ ਸਮਰੱਥ, ਮਿਸ਼ਨ 100%, ਸਕੂਲਾਂ ਨੂੰ ਸਾਫ਼ ਸੁਥਰੇ ਰੱਖਣ ਹਿੱਤ ਸਕੂਲ ਚੰਗਾ ਪੰਜਾਬ ਰੰਗਲਾ ਮੁਹਿੰਮ, ਜ਼ੀਰੋ ਡਰਾਪ ਆਊਟ ਵਿਦਿਆਰਥੀ, ਲਾਇਬਰੇਰੀ,ਪ੍ਰੀਖਿਆਵਾਂ ਦੀ ਕਾਰਗੁਜ਼ਾਰੀ ਸਾਂਝਾ ਕਰਨ ਲਈ ਇਹ ਮਿਲਣੀ ਬਹੁਤ ਹੀ ਅਹਿਮ ਹੈ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ,ਸੈਕੰਡਰੀ ਸਿੱਖਿਆ ਕਵਲਜੀਤ ਸਿੰਘ ਧੰਜੂ ਨੇ ਕਿਹਾ ਕਿ ਅਧਿਆਪਕ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਯਤਨਸ਼ੀਲ ਹਨ ਅਤੇ ਮਾਪੇ- ਅਧਿਆਪਕ ਮਿਲਣੀ ਦੌਰਾਨ ਮਾਪਿਆਂ ਵੱਲੋਂ ਵਿਦਿਆਰਥੀਆਂ ਦੀ ਭਲਾਈ ਲਈ ਦਿੱਤੇ ਗਏ ਉਸਾਰੂ ਸੁਝਾਵਾਂ ਤੇ ਵਿਭਾਗ ਵੱਲੋਂ ਪੂਰਾ ਧਿਆਨ ਦਿੱਤਾ ਜਾਵੇਗਾ।
ਮਾਪਿਆਂ ਨੂੰ ਸੰਬੋਧਨ ਕਰਦਿਆਂ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਤਰਨਤਾਰਨ ਸ਼੍ਰੀ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਇਸ ਮਾਪੇ ਅਧਿਆਪਕ ਮਿਲਣੀ ਨੂੰ ਮੁੱਖ ਰੱਖਦਿਆਂ ਸਾਰੇ ਸਕੂਲਾਂ ਵੱਲੋਂ ਮਾਪਿਆਂ ਨੂੰ ਸ਼ਮੂਲੀਅਤ ਕਰਨ ਲਈ ਫੋਨ ਅਤੇ ਸੋਸ਼ਲ ਮੀਡੀਆ ਰਾਹੀਂ ਵਿਸ਼ੇਸ਼ ਸੱਦਾ ਭੇਜਿਆ ਜਾ ਰਿਹਾ ਹੈ। ਇਸ ਮੰਤਵ ਲਈ ਆਕਰਸ਼ਕ ਪੋਸਟਰ ਬੈਨਰ ਪੈਂਫਲਿਟ ਅਤੇ ਇਨਵੀਟੇਸ਼ਨ ਕਾਰਡ ਤਿਆਰ ਕੀਤੇ ਜਾ ਰਹੇ ਹਨ। ਮਾਪਿਆਂ ਦੇ ਸਵਾਗਤ ਲਈ ਉਚੇਚੇ ਪ੍ਰਬੰਧ ਕੀਤੇ ਗਏ ਸਨ , ਸੈਲਫੀ ਪੁਆਇੰਟ ਬਣਾਏ ਜਾ ਰਹੇ ਹਨ । ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਸੈਕੰਡਰੀ ਅਤੇ ਪ੍ਰਾਇਮਰੀ ਪੱਧਰ ਤੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ , ਬਲਾਕ ਨੋਡਲ ਅਫਸਰ, ਪ੍ਰਿੰਸੀਪਲ, ਹੈੱਡਮਾਸਟਰ , ਲੈਕਚਰਰ, ਸੈਂਟਰ ਹੈੱਡ ਟੀਚਰ , ਹੈੱਡ ਟੀਚਰ ਅਤੇ ਸਕੂਲ ਅਧਿਆਪਕ ਵਿਭਾਗੀ ਇਸ ਮਾਪੇ ਅਧਿਆਪਕ ਮਿਲਣੀ ਨੂੰ ਯਾਦਗਾਰ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੇ ਹਨ ।