*ਸਾਂਝਾ ਅਧਿਆਪਕ ਮੋਰਚਾ ਪੰਜਾਬ ਵੱਲੋਂ 9 ਦਸੰਬਰ ਨੂੰ ਸਿੱਖਿਆ ਮੰਤਰੀ ਦੇ ਘਰ ਵੱਲ ਚਿਤਾਵਨੀ ਮਾਰਚ ਦੀਆਂ ਤਿਆਰੀਆਂ ਮੁਕੰਮਲ*
ਨਵਾਂ ਸ਼ਹਿਰ:-(6 ਦਸੰਬਰ) ਸਾਂਝਾ ਅਧਿਆਪਕ ਮੋਰਚਾ ਪੰਜਾਬ ਵੱਲੋਂ 9 ਦਸੰਬਰ ਨੂੰ ਸਿੱਖਿਆ ਮੰਤਰੀ ਦੇ ਘਰ ਵੱਲ ਚਿਤਾਵਨੀ ਮਾਰਚ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਮੋਰਚੇ ਦੇ ਕਨਵੀਨਰਾਂ ਅਤੇ ਕੋ-ਕਨਵੀਨਰਾਂ ਦੀ ਮੀਟਿੰਗ ਸੁਖਵਿੰਦਰ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਸੂਬਾ ਕਨਵੀਨਰ ਬਾਜ ਸਿੰਘ ਖਹਿਰਾ, ਸੁਰਿੰਦਰ ਕੁਮਾਰ ਪੁਆਰੀ, ਸੁਰਿੰਦਰ ਕੰਬੋਜ, ਹਰਵਿੰਦਰ ਸਿੰਘ ਬਿਲਗਾ, ਜਸਵਿੰਦਰ ਸਿੰਘ ਔਲਖ, ਬਲਜੀਤ ਸਿੰਘ ਸਲਾਣਾ, ਗੁਰਜੰਟ ਸਿੰਘ ਵਾਲੀਆ, ਸੁਖਰਾਜ ਸਿੰਘ ਕਾਹਲੋਂ, ਸੁਖਜਿੰਦਰ ਸਿੰਘ ਹਰੀਕਾ, ਸ਼ਮਸ਼ੇਰ ਸਿੰਘ, ਅਮਨਬੀਰ ਸਿੰਘ ਗੁਰਾਇਆ ਆਦਿ ਸ਼ਾਮਲ ਸਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਕੋਆਰਡੀਨੇਟਰ ਕੁਲਦੀਪ ਸਿੰਘ ਦੌੜਕਾ ਨੇ ਦੱਸਿਆ ਕਿ ਮੀਟਿੰਗ ਵਿੱਚ ਕਨਵੀਨਰਾਂ ਅਤੇ ਸੂਬਾਈ ਆਗੂਆਂ ਨੇ ਚਿਤਾਵਨੀ ਮਾਰਚ ਦੀ ਤਿਆਰੀ ਲਈ ਜ਼ਿਲ੍ਹਾ ਅੰਮ੍ਰਿਤਸਰ, ਤਰਨਤਾਰਨ, ਬਠਿੰਡਾ, ਫਰੀਦਕੋਟ ਅਤੇ ਜਲੰਧਰ ਵਿੱਚ ਬਾਜ ਸਿੰਘ ਖਹਿਰਾ ਅਤੇ ਸੁਖਜਿੰਦਰ ਸਿੰਘ ਹਰੀਕਾ, ਫ਼ਿਰੋਜ਼ਪੁਰ, ਮਾਨਸਾ, ਫ਼ਾਜ਼ਿਲਕਾ ਅਤੇ ਮੁਕਤਸਰ ਵਿੱਚ ਸੁਰਿੰਦਰ ਕੰਬੋਜ, ਸੰਗਰੂਰ ਅਤੇ ਪਟਿਆਲਾ ਵਿੱਚ ਗੁਰਜੰਟ ਸਿੰਘ ਵਾਲੀਆ ਅਤੇ ਨਰਿੰਦਰ ਮਾਖਾ, ਮਲੇਰਕੋਟਲਾ ਵਿੱਚ ਹਰਵਿੰਦਰ ਸਿੰਘ ਬਿਲਗਾ, ਕਪੂਰਥਲਾ, ਗੁਰਦਾਸਪੁਰ ਅਤੇ ਪਠਾਨਕੋਟ ਵਿੱਚ ਸੁਖਰਾਜ ਸਿੰਘ ਕਾਹਲੋਂ ਅਤੇ ਅਮਨਬੀਰ ਸਿੰਘ ਗੁਰਾਇਆ, ਨਵਾਂ ਸ਼ਹਿਰ ਅਤੇ ਲੁਧਿਆਣਾ ਵਿੱਚ ਸੁਰਿੰਦਰ ਕੁਮਾਰ ਪੁਆਰੀ, ਰੋਪੜ, ਮੋਹਾਲੀ ਅਤੇ ਫ਼ਤਹਿਗੜ੍ਹ ਸਾਹਿਬ ਵਿੱਚ ਸੁਖਵਿੰਦਰ ਸਿੰਘ ਚਾਹਲ ਅਤੇ ਬਲਜੀਤ ਸਿੰਘ ਸਲਾਣਾ, ਹੁਸ਼ਿਆਰਪੁਰ ਵਿੱਚ ਅਮਨਦੀਪ ਸ਼ਰਮਾ ਨੇ ਕੀਤੀਆਂ ਗਈਆਂ ਮੀਟਿੰਗਾਂ ਦੀ ਉਤਸ਼ਾਹ ਜਨਕ ਰਿਪੋਰਟ ਪੇਸ਼ ਕਰਦਿਆਂ ਕਿਹਾ ਕਿ ਜ਼ਿਲਿਆਂ ਵਿੱਚੋਂ ਵੱਡੀ ਗਿਣਤੀ ਵਿੱਚ ਅਧਿਆਪਕ ਚਿਤਾਵਨੀ ਮਾਰਚ ਵਿੱਚ ਸ਼ਾਮਲ ਹੋਣਗੇ।
ਇਸ ਸਮੇਂ ਆਗੂਆਂ ਨੇ ਕਿਹਾ ਕਿ ਪੰਜਾਬ ਦੀ ਸਿੱਖਿਆ ਅਤੇ ਸਿਹਤ ਵਿੱਚ ਵਿਆਪਕ ਸੁਧਾਰ ਕਰਨ ਦੇ ਨਾਂ ਤੇ ਬਣੀ ਅਖੌਤੀ ਇਨਕਲਾਬੀਆਂ ਦੀ ਸਰਕਾਰ ਵਲੋਂ 20 ਮਹੀਨੇ ਬੀਤਣ ਬਾਅਦ ਵੀ ਅਧਿਆਪਕਾਂ ਦੇ ਮਸਲੇ ਹੱਲ ਕਰਨ ਲਈ ਕੋਈ ਦਿਲਚਸਪੀ ਨਾ ਦਿਖਾਉਣ ਨਾਲ ਪੰਜਾਬ ਦੇ ਅਧਿਆਪਕਾਂ ਵਿੱਚ ਗੁੱਸੇ ਦੀ ਲਹਿਰ ਫੈਲ ਰਹੀ ਹੈ। ਕੱਚੇ ਅਧਿਆਪਕਾਂ ਨੂੰ ਸਿਰਫ ਮਾਣ ਭੱਤੇ ਵਿੱਚ ਵਾਧਾ ਕਰਕੇ ਪੱਕੇ ਕਰਨ ਦੀ ਨਵੀਂ ਪਿਰਤ ਪਾਈ ਜਾ ਰਹੀ ਹੈ। ਕੰਪਿਊਟਰ ਅਧਿਆਪਕਾਂ ਨੂੰ ਵਿਭਾਗ ਵਿੱਚ ਸ਼ਿਫਟ ਨਹੀਂ ਕੀਤਾ ਜਾ ਰਿਹਾ। ਪੰਜਵੇਂ ਤਨਖਾਹ ਕਮਿਸ਼ਨ ਵੱਲੋਂ ਸਿਫਾਰਸ਼ ਕੀਤੀ ਉਚੇਰੀ ਗਰੇਡ ਪੇਅ ਜੋ 2011 ਵਿੱਚ ਲਾਗੂ ਕੀਤੀ ਗਈ ਸੀ, ਇਸ ਸਰਕਾਰ ਨੇ ਖੋਹ ਲਈ ਹੈ। ਜਨਵਰੀ 2016 ਨੂੰ ਬਣਦੇ 125% ਮਹਿੰਗਾਈ ਭੱਤੇ ਤੇ ਤਨਖਾਹ ਦੁਹਰਾਈ ਕਰਨ ਦੀ ਬਜਾਏ ਜਨਵਰੀ 2015 ਨੂੰ ਮਿਲਦੇ 113% ਮਹਿੰਗਾਈ ਭੱਤੇ ਤੇ 2.59 ਦੀ ਬਜਾਏ 2.25 ਦੇ ਗੁਣਾਂਕ ਨਾਲ ਤਨਖਾਹ ਦੁਹਰਾਈ ਕੀਤੀ ਗਈ ਹੈ। ਇਸ ਤਨਖਾਹ ਦੁਹਰਾਈ ਦਾ 66 ਮਹੀਨੇ ਦਾ ਬਕਾਇਆ, ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਦਾ ਬਕਾਇਆ, ਕਮਾਈ ਛੁੱਟੀਆਂ ਦਾ ਬਕਾਇਆ ਅੱਜ ਤੱਕ ਵੀ ਨਸੀਬ ਨਹੀਂ ਹੋਇਆ। ਮਹਿੰਗਾਈ ਭੱਤੇ ਦੀਆਂ 12% ਦੀਆਂ ਤਿੰਨ ਕਿਸ਼ਤਾਂ ਜਾਰੀ ਨਹੀਂ ਕੀਤੀਆਂ ਗਈਆਂ, ਜਦਕਿ ਜਨਵਰੀ ਵਿੱਚ ਚੌਥੀ ਕਿਸ਼ਤ ਬਕਾਇਆ ਹੋ ਜਾਵੇਗੀ। ਅਧਿਆਪਕਾਂ ਨੂੰ ਦੀਵਾਲੀ ਮੌਕੇ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਮਿਲਣ ਦੀ ਉਮੀਦ ਸੀ, ਪਰ ਅਧਿਆਪਕ ਕਾਲ਼ੀ ਦੀਵਾਲੀ ਮਨਾਉਣ ਲਈ ਮਜ਼ਬੂਰ ਹੋ ਗਏ। ਮੁਢਲੀ ਤਨਖਾਹ ਤੇ ਨਿਯੁਕਤੀ ਦਾ ਨੋਟੀਫਿਕੇਸ਼ਨ ਰੱਦ ਕਰਨ ਦੀ ਬਜਾਏ ਸਰਕਾਰ ਸੁਪਰੀਮ ਕੋਰਟ ਵਿੱਚ ਜਾ ਰਹੀ ਹੈ। 17 ਜੁਲਾਈ 2020 ਤੋਂ ਨਿਯੁਕਤੀਆਂ ਕੇਂਦਰੀ ਸਕੇਲ ਤੇ ਕੀਤੀਆਂ ਜਾ ਰਹੀਆਂ ਹਨ। ਹਰ ਵਰਗ ਦੀਆਂ ਪਦਉਨਤੀਆਂ ਕਈ ਸਾਲਾਂ ਤੋਂ ਨਹੀਂ ਕੀਤੀਆਂ ਜਾ ਰਹੀਆਂ। ਏ ਸੀ ਟੀ ਕੋਰਸ ਦੀ ਯੋਗਤਾ ਅਨੁਸਾਰ ਭਰਤੀ ਨਹੀਂ ਕੀਤੀ ਜਾ ਰਹੀ। ਆਦਰਸ਼ ਸਕੂਲਾਂ ਨੂੰ ਠੇਕੇਦਾਰਾਂ ਤੋਂ ਵਾਪਸ ਨਹੀਂ ਲਿਆ ਜਾ ਰਿਹਾ। ਇਥੋਂ ਤੱਕ ਕਿ ਵਿਭਾਗ ਐਸ ਐਲ ਏ ਦੀ ਪੋਸਟ ਦਾ ਨਾਂ 2 ਸਾਲਾਂ ਵਿੱਚ ਵੀ ਬਦਲ ਨਹੀਂ ਸਕਿਆ। ਸਾਂਝਾ ਅਧਿਆਪਕ ਮੋਰਚਾ ਪੰਜਾਬ ਵੱਲੋਂ ਅਧਿਆਪਕ ਮਸਲਿਆਂ ਦੇ ਹੱਲ ਲਈ ਅਧਿਆਪਕਾਂ ਨੂੰ ਚਿਤਾਵਨੀ ਮਾਰਚ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਗਈ।
ਮੀਟਿੰਗ ਵਿੱਚ ਰਵਿੰਦਰਜੀਤ ਸਿੰਘ, ਨਵੀਨ ਸੱਚਦੇਵਾ, ਸੁਖਜਿੰਦਰ ਸਿੰਘ ਆਦਿ ਸ਼ਾਮਲ ਸਨ।