ਪੁਰਾਣੀ ਪੈਨਸ਼ਨ ਸਕੀਮ ਸਬੰਧੀ ਕੈਬਨਟ ਸਬ ਕਮੇਟੀ ਦੀ ਮੀਟਿੰਗ ਮੁਲਤਵੀ ਕਰਨ ਦੀ ਸਖ਼ਤ ਨਿਖੇਧੀ -
ਐਨਪੀਐਸ ਰੱਦ ਕਰਕੇ ਜੀਪੀਐਫ ਸਕੀਮ ਲਾਗੂ ਕਰਨ ਤੋਂ ਪੰਜਾਬ ਸਰਕਾਰ ਭੱਜ ਰਹੀ ਹੈ -
ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਦੇ ਸੂਬਾ ਕਨਵੀਨਰ ਗੁਰਜੰਟ ਸਿੰਘ ਕੋਕਰੀ, ਕੋ ਕਨਵੀਨਰ ਟਹਿਲ ਸਿੰਘ ਸਰਾਭਾ, ਰਣਦੀਪ ਸਿੰਘ ਫਤਿਹਗੜ੍ਹ ਸਾਹਿਬ, ਕਵਲਜੀਤ ਸਿੰਘ ਰੋਪੜ, ਦਰਸ਼ੀ ਕਾਂਤ ਰਾਜਪੁਰਾ, ਡਿੰਪਲ ਰੁਹੇਲਾ, ਮਨਦੀਪ ਸਰਥਲੀ ਆਗੂਆਂ ਵੱਲੋਂ ਪੰਜਾਬ ਸਰਕਾਰ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਲਾਗੂ ਕਰਨ ਲਈ ਕੀਤੀਆਂ ਜਾ ਰਹੀਆਂ ਮੀਟਿੰਗਾਂ ਤੋਂ ਲਗਾਤਾਰ ਭੱਜ ਰਹੀ ਹੈ ਅਤੇ ਪੰਜਾਬ ਦੇ ਐਨਪੀਐਸ ਮੁਲਾਜ਼ਮਾਂ ਨਾਲ ਵੋਟਾਂ ਤੋਂ ਪਹਿਲਾਂ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੇ ਚੋਣ ਵਾਅਦੇ ਤੋਂ ਲਗਾਤਾਰ ਟਾਲਾ ਵੱਟ ਰਹੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਆਗੂਆਂ ਨੇ ਦਸਿਆ ਕਿ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚੇ ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਲਈ ਸੰਘਰਸ਼ ਕਰ ਰਹੀਆਂ ਹੋਰ ਜਥੇਬੰਦੀਆਂ ਨਾਲ 7 ਦਸੰਬਰ ਨੂੰ ਕੈਬਨਟ ਸਬ ਕਮੇਟੀ ਨਾਲ ਪੰਜਾਬ ਭਵਨ ਚੰਡੀਗੜ੍ਹ ਵਿਖੇ ਮੀਟਿੰਗ ਹੋਣੀ ਸੀ।
ਪਰ ਮੀਟਿੰਗ ਤੋਂ ਇੱਕ ਦਿਨ ਪਹਿਲਾਂ ਹੀ ਇਹ ਮੀਟਿੰਗ ਅਗਲੇ ਹੁਕਮਾਂ ਤੱਕ ਅੱਗੇ ਪਾ ਦਿੱਤੀ ਗਈ ਹੈ। ਜਿਸ ਨਾਲ ਪੰਜਾਬ ਦੇ ਲਗਭਗ ਸਵਾ ਦੋ ਲੱਖ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੀ ਆਸ ਨੂੰ ਬਹੁਤ ਵੱਡੀ ਸੱਟ ਵੱਜੀ ਹੈ। ਜ਼ਿਕਰ ਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਪਿਛਲੇ ਸਾਲ 18 ਨਵੰਬਰ ਨੂੰ ਪੰਜਾਬ ਵਿੱਚ ਪੁਰਾਣੀ ਪੈਨਸ਼ਨ ਸੀਮ ਲਾਗੂ ਕਰਨ ਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਜਦੋਂ ਕਿ ਸਰਕਾਰ ਵੱਲੋਂ ਹਲੇ ਤੱਕ ਇੱਕ ਵੀ ਮੁਲਾਜ਼ਮ ਦਾ ਜੀਪੀਐਫ ਖਾਤਾ ਨਹੀਂ ਖੋਲਿਆ ਗਿਆ। ਜਦ ਕਿ ਪੰਜਾਬ ਸਰਕਾਰ ਵੱਲੋਂ ਦੂਜੇ ਸੂਬਿਆਂ ਵਿੱਚ ਜਾ ਕੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਸਬੰਧੀ ਪ੍ਰਚਾਰ ਜ਼ੋਰ ਸ਼ੋਰ ਨਾਲ ਕੀਤਾ ਜਾ ਰਿਹਾ ਹੈ। ਉਹਨਾਂ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਪੰਜਾਬ ਦੇ ਮੁਲਾਜ਼ਮ ਪੰਜਾਬ ਵਿੱਚ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਲਈ ਹਰ ਤਰ੍ਹਾਂ ਦਾ ਸੰਘਰਸ਼ ਲੜਨ ਲਈ ਤਿਆਰ ਹਨ। ਜੇਕਰ ਪੰਜਾਬ ਸਰਕਾਰ ਵੱਲੋਂ ਜਲਦੀ ਹੀ ਐਨਪੀਐਸ ਦੀ ਕਟੌਤੀ ਬੰਦ ਕਰਕੇ ਜੀਪੀਐਫ ਦੀ ਕਟੌਤੀ ਸ਼ੁਰੂ ਨਹੀਂ ਕੀਤੀ ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਸਬੰਧੀ ਐਸਓਪੀਜ ਤੇ ਹਦਾਇਤਾਂ ਜਾਰੀ ਨਹੀਂ ਕੀਤੀਆਂ ਤਾਂ ਪੰਜਾਬ ਦੇ ਮੁਲਾਜ਼ਮ ਸੰਘਰਸ਼ ਨੂੰ ਤਿੱਖਾ ਕਰਨਗੇ।