*ਰੈਗੂਲਰ ਅਧਿਆਪਕ ਹੜਤਾਲ ਕਰਕੇ ਪ੍ਰਦਰਸ਼ਨਾਂ ਵਿੱਚ ਸ਼ਾਮਲ ਹੋਣਗੇ*
*ਕੱਚੇ, ਪਰਖ ਕਾਲ ਅਧੀਨ ਅਤੇ ਕੰਪਿਊਟਰ ਅਧਿਆਪਕਾਂ ਸਮੇਤ ਸੁਸਾਇਟੀਆਂ ਦੇ ਅਧਿਆਪਕ ਛੁੱਟੀ ਲੈ ਕੇ ਪ੍ਰਦਰਸ਼ਨਾਂ ਵਿੱਚ ਸ਼ਮੂਲੀਅਤ ਕਰਨਗੇ*
*16 ਫਰਵਰੀ ਦੇ ਪੇਪਰ ਰੱਦ ਕਰਵਾਉਣ ਲਈ ਵਫ਼ਦ ਅਧਿਕਾਰੀਆਂ ਨੂੰ ਮਿਲੇਗਾ*
ਚੰਡੀਗੜ੍ਹ / ਮੋਹਾਲੀ 11 ਫਰਵਰੀ ( ) ਕੇਂਦਰੀ ਟਰੇਡ ਯੂਨੀਅਨਾਂ, ਮੁਲਾਜ਼ਮ ਫੈਡਰੇਸ਼ਨਾਂ, ਸੰਯੁਕਤ ਕਿਸਾਨ ਮੋਰਚਾ ਅਤੇ ਆਜ਼ਾਦ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖਿਲਾਫ 16 ਫਰਵਰੀ ਨੂੰ ਦਿੱਤੇ ਗਏ 'ਭਾਰਤ ਬੰਦ' ਅਤੇ 'ਹੜਤਾਲ' ਦੇ ਸੱਦੇ ਨੂੰ ਸਫਲ ਬਣਾਉਣ ਲਈ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਅਧਿਆਪਕ ਮੋਰਚਾ ਪੰਜਾਬ ਸਮੇਤ ਪੰਜਾਬ ਦੀਆਂ ਪ੍ਰਮੁੱਖ ਅਧਿਆਪਕ ਜਥੇਬੰਦੀਆਂ ਦੀ ਕੱਲ੍ਹ ਹੋਈ ਵਰਚੁਅਲ ਮੀਟਿੰਗ ਦੀ ਲਗਾਤਾਰਤਾ ਵਿੱਚ ਅੱਜ ਮੀਟਿੰਗ ਕੀਤੀ ਗਈ। ਜਿਸ ਵਿੱਚ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫਰੰਟ ਦੇ ਕਨਵੀਨਰ ਜਰਮਨਜੀਤ ਸਿੰਘ, ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਅਤੇ ਜਨਰਲ ਸਕੱਤਰ ਗੁਰਬਿੰਦਰ ਸਿੰਘ ਸਸਕੌਰ, ਗੌਰਮਿੰਟ ਸਕੂਲ ਟੀਚਰਜ਼਼ ਯੂਨੀਅਨ ਦੇ ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ, ਗੋਰਮਿੰਟ ਟੀਚਰਜ਼ ਯੂਨੀਅਨ ਪੰਜਾਬ ਵਿਗਿਆਨਕ ਦੇ ਜਨਰਲ ਸਕੱਤਰ ਸੁਰਿੰਦਰ ਕੰਬੋਜ, ਨਵਪ੍ਰੀਤ ਬੱਲੀ ਅਤੇ ਐਨ ਡੀ ਤਿਵਾੜੀ, ਡੈਮੋਕਰੇਟਿਕ ਟੀਚਰਜ਼ ਫ਼ਰੰਟ ਦੇ ਪ੍ਰਧਾਨ ਦਿਗਵਿਜੇ ਪਾਲ ਸ਼ਰਮਾ, ਡੈਮੋਕਰੇਟਿਕ ਟੀਚਰਜ਼ ਫ਼ਰੰਟ ਦੇ ਪ੍ਰਧਾਨ ਵਿਕਰਮ ਦੇਵ ਸਿੰਘ ਅਤੇ ਜਨਰਲ ਸਕੱਤਰ ਮੁਕੇਸ਼ ਗੁਜਰਾਤੀ, ਐਲੀਮੈਂਟਰੀ ਟੀਚਰਜ਼ ਯੂਨੀਅਨ ਦੇ ਰਿਸੀ ਅਤੇ ਤਰਸੇਮ ਸਿੰਘ, ਕੰਪਿਊਟਰ ਅਧਿਆਪਕ ਯੂਨੀਅਨ ਦੇ ਸੀ. ਮੀਤ ਪ੍ਰਧਾਨ ਹਰਜੀਤ ਸਿੰਘ, ਅਧਿਆਪਕ ਦਲ ਵਾਲੀਆਂ ਦੇ ਪ੍ਰਧਾਨ ਗੁਰਜੰਟ ਸਿੰਘ ਵਾਲੀਆ, 3704 ਅਧਿਆਪਕ ਯੂਨੀਅਨ ਦੇ ਪ੍ਰਧਾਨ ਹਰਜਿੰਦਰ ਸਿੰਘ, ਆਦਰਸ਼ ਸਕੂਲ ਅਧਿਆਪਕ ਯੂਨੀਅਨ ਦੇ ਸ਼ਮਸ਼ੇਰ ਸਿੰਘ, 2392 ਮਾਸਟਰ ਕਾਡਰ ਦੇ ਯੁੱਧਜੀਤ ਸਿੰਘ, ਅਧਿਆਪਕ ਦਲ ਜਹਾਂਗੀਰ ਦੇ ਪ੍ਰਧਾਨ ਬਾਜ ਸਿੰਘ ਖਹਿਰਾ, 6635 ਈਟੀਟੀ ਅਧਿਆਪਕ ਯੂਨੀਅਨ ਦੇ ਜੋਗਿੰਦਰ ਸਿੰਘ ਵਰ੍ਹੇ, ਲੈਕਚਰਾਰ ਯੂਨੀਅਨ ਦੇ ਪ੍ਰਧਾਨ ਸੰਜੀਵ ਕੁਮਾਰ, 4161 ਅਧਿਆਪਕ ਯੂਨੀਅਨ ਦੇ ਪ੍ਰਧਾਨ ਗੁਰਮੇਲ ਸਿੰਘ ਅਤੇ 4161 ਮਾਸਟਰ ਕਾਡਰ ਯੂਨੀਅਨ ਦੇ ਪ੍ਧਾਨ ਰਛਪਾਲ ਜਲਾਲਾਬਾਦ, ਅਧਿਆਪਕ ਦਲ ਪੰਜਾਬ ਦੇ ਪ੍ਰਧਾਨ ਜਸਵਿੰਦਰ ਸਿੰਘ ਔਲਖ ਸ਼ਾਮਿਲ ਸਨ।
ਮੀਟਿੰਗ ਵਿੱਚ 16 ਫਰਵਰੀ ਦੀ ਹੜਤਾਲ ਸਬੰਧੀ ਅਧਿਆਪਕ ਮੋਰਚੇ ਦਾ ਗਠਨ ਕੀਤਾ ਗਿਆ। ਮੋਰਚੇ ਵਿੱਚ ਸ਼ਾਮਲ ਅਧਿਆਪਕ ਜਥੇਬੰਦੀਆਂ ਵੱਲੋਂ 16 ਫਰਵਰੀ ਨੂੰ ਮੁਕੰਮਲ ਹੜਤਾਲ ਕਰਨ ਦਾ ਫੈਸਲਾ ਕੀਤਾ ਗਿਆ। ਕੱਚੇ ਅਧਿਆਪਕ, ਪਰਖ ਕਾਲ ਅਧੀਨ ਅਧਿਆਪਕ ਅਤੇ ਕੰਪਿਊਟਰ ਅਧਿਆਪਕਾਂ ਸਮੇਤ ਸੁਸਾਇਟੀਆਂ ਵਿੱਚ ਕੰਮ ਕਰਦੇ ਅਧਿਆਪਕ ਛੁੱਟੀ ਲੈ ਕੇ ਪ੍ਰਦਰਸ਼ਨਾਂ ਵਿੱਚ ਸ਼ਮੂਲੀਅਤ ਕਰਨਗੇ। ਭਾਰਤ ਬੰਦ ਮੌਕੇ ਵਿਆਪਕ ਪੱਧਰ 'ਤੇ ਲੱਗਣ ਜਾ ਰਹੇ ਸੜਕ/ਚੱਕਾ ਜਾਮ ਦੇ ਮੱਦੇਨਜ਼ਰ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 16 ਫਰਵਰੀ ਨੂੰ ਲਏ ਜਾ ਰਹੇ ਪੇਪਰਾਂ ਨੂੰ ਰੱਦ ਕਰਵਾਉਣ ਲਈ 12 ਫਰਵਰੀ ਨੂੰ ਅਧਿਕਾਰੀਆਂ ਨੂੰ ਮਿਲਣ ਦਾ ਫੈਸਲਾ ਕੀਤਾ ਗਿਆ। ਜ਼ਿਲ੍ਹਿਆਂ ਵਿੱਚ ਲਾਮਬੰਦੀ ਕਰਨ ਲਈ 13 ਫਰਵਰੀ ਨੂੰ 3:30 ਵਜੇ ਸਾਂਝੀਆਂ ਮੀਟਿੰਗਾਂ ਕਰਨ ਉਪਰੰਤ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਰਾਹੀਂ ਸਰਕਾਰ ਨੂੰ ਨੋਟਿਸ / ਮੰਗ ਪੱਤਰ ਭੇਜੇ ਜਾਣਗੇ।