ਪੁਰਾਣੀ ਪੈਨਸ਼ਨ ਪ੍ਰਾਪਤੀ ਲਈ 25 ਫ਼ਰਵਰੀ ਦੀ ਸੰਗਰੂਰ ਰੈਲੀ ਸੰਬੰਧੀ ਤਿਆਰੀਆਂ ਜੋਰਾਂ ਤੇ
ਪੁਰਾਣੀ ਪੈਨਸ਼ਨ ਬਹਾਲੀ ਲਈ 25 ਫਰਵਰੀ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਨੂੰ ਘੇਰਨਗੇ ਮੁਲਾਜ਼ਮ - ਟਹਿਲ ਸਿੰਘ ਸਰਾਭਾ
ਲੁਧਿਆਣਾ, 22 ਫਰਵਰੀ 2024
ਪੁਰਾਣੀ ਪੈਨਸ਼ਨ ਬਹਾਲੀ ਲਈ ਪੰਜਾਬ ਵਿੱਚ ਸੰਘਰਸ਼ ਕਰ ਰਹੀਆਂ ਮੁਲਾਜ਼ਮ ਜਥੇਬੰਦੀਆਂ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ , ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ , ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੇ ਤਿੰਨ ਸਾਂਝੇ ਕਨਵੀਨਰਾਂ ਦੀ ਅਗਵਾਈ ਹੇਠ ਬਣੇ ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੋਰਚਾ ਪੰਜਾਬ ਦੇ ਬੈਨਰ ਹੇਠ 25 ਫ਼ਰਵਰੀ ਨੂੰ ਸੰਗਰੂਰ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਜਾ ਰਹੀ ਹੈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਦੇ ਸੂਬਾ ਕਨਵੀਨਰ ਗੁਰਜੰਟ ਸਿੰਘ ਕੋਕਰੀ, ਟਹਿਲ ਸਿੰਘ ਸਰਾਭਾ, ਗੁਰਮੇਲ ਸਿੰਘ ਸਰਾਭਾ, ਸਵਰਨ ਸਿੰਘ, ਪਰਦੀਪ ਸਿੰਘ, ਬਲਵਿੰਦਰ ਸਿੰਘ, ਜ਼ੋਰਾ ਸਿੰਘ ਬੱਸੀਆਂ, ਕੁਲਦੀਪ ਸਿੰਘ, ਹਰੀਪਾਲ ਸਿੰਘ, ਆਗੂਆਂ ਵਲੋਂ ਰਾਏਕੋਟ ਵਿਖੇ ਪ੍ਰੈੱਸ ਨੋਟ ਜਾਰੀ ਕਰਦੇ ਹੋਏ ਦੱਸਿਆ ਕਿ ਪੁਰਾਣੀ ਪੈਨਸ਼ਨ ਬਹਾਲੀ ਸਾਂਝੇ ਮੋਰਚੇ ਵੱਲੋਂ 25 ਫਰਵਰੀ ਦਿਨ ਐਤਵਾਰ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਸ਼ਹਿਰ ਸੰਗਰੂਰ ਵਿਖੇ ਸੂਬਾ ਪੱਧਰੀ ਵਿਸ਼ਾਲ ਰੈਲੀ ਕੀਤੀ ਜਾਵੇਗੀ।ਸੰਗਰੂਰ ਰੈਲੀ ਦੀ ਤਿਆਰੀ ਅਤੇ ਸਾਂਝ ਦੇ ਸੁਨੇਹੇ ਨੂੰ ਜ਼ਮੀਨੀ ਪੱਧਰ ਤੇ ਲੈ ਕੇ ਜਾਣ ਲਈ ਦਫਤਰਾਂ, ਬਲਾਕਾਂ, ਤਹਿਸੀਲ ਪੱਧਰ, ਜ਼ਿਲ੍ਹਾ ਪੱਧਰੀ ਮੀਟਿੰਗਾਂ ਕਰਕੇ ਮੁਲਾਜ਼ਮਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ।
ਮੁਲਾਜ਼ਮਾਂ ਵੱਲੋਂ 25 ਫ਼ਰਵਰੀ ਦੀ ਸੰਗਰੂਰ ਰੈਲੀ ਤੇ ਜਾਣ ਲਈ ਵਿਆਪਕ ਲਾਮਬੰਦੀ ਕੀਤੀ ਜਾ ਰਹੀ ਹੈ, ਜਿਸਨੂੰ ਬਹੁਤ ਵਧੀਆ ਹੁੰਗਾਰਾ ਮਿਲ ਰਿਹਾ ਹੈ। ਆਗੂਆਂ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ 18-11-2022 ਨੂੰ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਸਬੰਧੀ ਇੱਕ ਪੱਤਰ ਜਾਰੀ ਕੀਤਾ ਗਿਆ ਸੀ ਪਰ ਉਸ ਦੀ ਲਗਭਗ ਇੱਕ ਸਾਲ ਦੋ ਮਹੀਨੇ ਬੀਤ ਜਾਣ ਦੇ ਬਾਵਜੂਦ ਵੀ ਪੰਜਾਬ ਦੇ ਇੱਕ ਵੀ ਮੁਲਾਜ਼ਮ ਦਾ ਜੀਪੀਐਫ ਖਾਤਾ ਨਹੀਂ ਖੋਲਿਆ। ਅਤੇ ਨਾ ਹੀ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਸਬੰਧੀ ਐਸ ਓ ਪੀਜ ਤੇ ਸਪਸ਼ਟ ਹਦਾਇਤਾਂ ਜਾਰੀ ਕੀਤੀਆਂ ਹਨ। ਜਿਸ ਨਾਲ ਪੰਜਾਬ ਦੇ ਲਗਭਗ ਸਵਾ ਦੋ ਲੱਖ ਐਨਪੀਐਸ ਮੁਲਾਜ਼ਮ ਸਖਤ ਰੋਸ ਵਿੱਚ ਚੱਲ ਰਹੇ ਹਨ। ਪੰਜਾਬ ਦੇ ਐਨਪੀਐਸ ਮੁਲਾਜ਼ਮਾਂ ਦਾ ਗੁੱਸਾ ਪੰਜਾਬ ਸਰਕਾਰ ਪ੍ਰਤੀ ਦਿਨੋ ਦਿਨ ਵੱਧ ਰਿਹਾ ਹੈ। ਪਰ ਪੰਜਾਬ ਸਰਕਾਰ ਕੁੰਭ ਕਰਨ ਦੀ ਨੀਂਦ ਸੁੱਤੀ ਪਈ ਹੈ ਅਤੇ ਪੰਜਾਬ ਵਿੱਚ ਪੁਰਾਣੀ ਪੈਨਸ਼ਨ ਲਾਗੂ ਕਰਨ ਤੋਂ ਟਾਲ ਮਟੋਲ ਦੀ ਨੀਤੀ ਵਰਤ ਰਹੀ ਹੈ। ਆਗੂਆਂ ਵੱਲੋਂ ਪੰਜਾਬ ਦੇ ਸਮੂਹ ਐਨਪੀਐਸ ਮੁਲਾਜ਼ਮਾਂ ਨੂੰ ਅਪੀਲ ਕੀਤੀ ਗਈ ਕਿ ਪੰਜਾਬ ਦੇ ਸਾਰੇ ਐਨਪੀਐਸ ਮੁਲਾਜ਼ਮ 25 ਫਰਵਰੀ ਨੂੰ ਸੰਗਰੂਰ ਵਿਖੇ ਹੋਣ ਜਾ ਰਹੀ ਇਤਿਹਾਸਿਕ ਸੂਬਾ ਪੱਧਰੀ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਪਹੁੰਚਣ ਤੇ ਐਨਪੀਐਸ ਦੀ ਬਿਮਾਰੀ ਨੂੰ ਖਤਮ ਕਰਕੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਲਈ ਸੰਘਰਸ਼ ਵਿੱਚ ਸ਼ਾਮਿਲ ਹੋਣ।