ਪੰਜਾਬ ‘ਚ 1 ਜੂਨ ਨੂੰ ਆਖ਼ਰੀ ਪੜਾਅ ਵਿੱਚ ਹੋਵੇਗੀ ਵੋਟਿੰਗ, 4 ਜੂਨ ਨੂੰ ਆਉਣਗੇ ਨਤੀਜੇਪੰਜਾਬ ‘ਚ 1 ਜੂਨ ਨੂੰ ਆਖ਼ਰੀ ਪੜਾਅ ਵਿੱਚ ਹੋਵੇਗੀ ਵੋਟਿੰਗ, 4 ਜੂਨ ਨੂੰ ਆਉਣਗੇ ਨਤੀਜੇ

ਲੋਕ ਸਭਾ ਚੋਣਾਂ ਲਈ ਜ਼ਿਲ੍ਹਾ ਗੁਰਦਾਸਪੁਰ ਪੂਰੀ ਤਰ੍ਹਾਂ ਤਿਆਰ - ਜ਼ਿਲ੍ਹਾ ਚੋਣ ਅਧਿਕਾਰੀ

ਆਦਰਸ਼ ਚੋਣ ਜ਼ਾਬਤੇ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇਗੀ 

ਜ਼ਿਲ੍ਹਾ ਚੋਣ ਅਧਿਕਾਰੀ ਨੇ ਚੋਣਾਂ ਦੀਆਂ ਤਿਆਰੀਆਂ ਸਬੰਧੀ ਜਾਣਕਾਰੀ ਸਾਂਝੀ ਕੀਤੀ

ਗੁਰਦਾਸਪੁਰ, 16 ਮਾਰਚ (         ) - ਭਾਰਤ ਚੋਣ ਕਮਿਸ਼ਨ ਵੱਲੋਂ ਅੱਜ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ। ਦੇਸ਼ ਵਿੱਚ ਸੱਤ ਪੜਾਵਾਂ ਵਿੱਚ ਚੋਣਾਂ ਹੋਣਗੀਆਂ। ਪਹਿਲੇ ਪੜਾਅ ਲਈ 19 ਅਪ੍ਰੈਲ ਨੂੰ ਵੋਟਿੰਗ ਹੋਵੇਗੀ ਅਤੇ ਆਖ਼ਰੀ ਪੜਾਅ ਲਈ 1 ਜੂਨ ਨੂੰ ਵੋਟਿੰਗ ਹੋਵੇਗੀ। ਲੋਕ ਸਭਾ ਚੋਣਾਂ ਦੇ ਨਤੀਜੇ 4 ਜੂਨ ਨੂੰ ਆਉਣਗੇ।ਲੋਕ ਸਭਾ ਚੋਣਾਂ ਦਾ ਐਲਾਨ ਹੋਣ ਤੋਂ ਬਾਅਦ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਸਥਾਨਕ ਪੰਚਾਇਤ ਭਵਨ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਲੋਕ ਸਭਾ ਚੋਣਾਂ ਲਈ ਪੂਰੀ ਤਰਾਂ ਤਿਆਰ ਹੈ। ਉਨ੍ਹਾਂ ਦੱਸਿਆ ਕਿ ਗੁਰਦਾਸਪੁਰ ਲੋਕ ਸਭਾ ਹਲਕੇ ਸਮੇਤ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਆਖ਼ਰੀ ਪੜਾਅ ‘ਚ 1 ਜੂਨ ਨੂੰ ਵੋਟਾਂ ਪੈਣਗੀਆਂ।  ਉਨ੍ਹਾਂ ਕਿਹਾ ਕਿ 7 ਮਈ ਨੂੰ ਪੰਜਾਬ ਵਿੱਚ ਚੋਣਾਂ ਦਾ ਗਜ਼ਟ ਨੋਟੀਫ਼ਿਕੇਸ਼ਨ ਹੋਵੇਗਾ ਅਤੇ 14 ਮਈ ਤੱਕ ਨਾਮਜ਼ਦਗੀ ਭਰਨ ਦੀ ਆਖ਼ਰੀ ਤਾਰੀਕ ਹੋਵੇਗੀ। ਉਨ੍ਹਾਂ ਦੱਸਿਆ ਕਿ 15 ਮਈ ਨੂੰ ਨੋਮੀਨੇਸ਼ਨ ਦੀ ਸਕਰੂਟਨੀ ਕੀਤੀ ਜਾਵੇਗੀ ਅਤੇ 17 ਮਈ ਤੱਕ ਉਮੀਦਵਾਰ ਆਪਣੀ ਉਮੀਦਵਾਰੀ ਵਾਪਸ ਲੈ ਸਕਣਗੇ। ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ 1 ਜੂਨ ਨੂੰ ਵੋਟਾਂ ਪੈਣਗੀਆਂ ਜਦਕਿ ਵੋਟਾਂ ਦੀ ਗਿਣਤੀ 4 ਜੂਨ ਨੂੰ ਹੋਵੇਗੀ।

ਜ਼ਿਲ੍ਹਾ ਚੋਣ ਅਧਿਕਾਰੀ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਲੋਕ ਸਭਾ ਗੁਰਦਾਸਪੁਰ ਵਿੱਚ ਕੁੱਲ 1591923 ਵੋਟਰ ਹਨ ਜਿਨ੍ਹਾਂ ਵਿਚੋਂ 842773 ਮਰਦ, 749113 ਔਰਤਾਂ, 37 ਕਿੰਨਰ, 48104 ਨੌਜਵਾਨ (18-19 ਸਾਲ), 10777 ਦਿਵਿਆਂਗ ਵੋਟਰ, 442 ਪ੍ਰਵਾਸੀ ਭਾਰਤੀ ਅਤੇ 35629 ਸੀਨੀਅਰ ਸਿਟੀਜ਼ਨ/80 ਪਲੱਸ ਵੋਟਰ ਹਨ। ਸਰਵਿਸ ਵੋਟਰਾਂ ਦੀ ਗਿਣਤੀ 22464 ਹੈ। ਉਨ੍ਹਾਂ ਦੱਸਿਆ ਕਿ ਲੋਕ ਸਭਾ ਹਲਕਾ ਗੁਰਦਾਸਪੁਰ ਵਿੱਚ ਕੁੱਲ 1895 ਪੋਲਿੰਗ ਸਟੇਸ਼ਨ ਬਣਾਏ ਗਏ ਹਨ ਅਤੇ ਹਰੇਕ ਸਟੇਸ਼ਨ ਉੱਪਰ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। 

ਜ਼ਿਲ੍ਹਾ ਚੋਣ ਅਧਿਕਾਰੀ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਮਾਣਯੋਗ ਭਾਰਤ ਚੋਣ ਕਮਿਸ਼ਨਰ ਵੱਲੋਂ ਅੱਜ ਬਾਅਦ ਦੁਪਹਿਰ ਲੋਕ ਸਭਾ ਚੋਣਾਂ ਦਾ ਐਲਾਨ ਕਰਨ ਤੋਂ ਬਾਅਦ ਪੂਰੇ ਦੇਸ਼ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ ਵੀ ਆਦਰਸ਼ ਚੋਣ ਜ਼ਾਬਤੇ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ ਅਤੇ ਸਾਰੇ ਜ਼ਿਲ੍ਹੇ ਵਿੱਚੋਂ ਰਾਜਨੀਤਿਕ ਇਸ਼ਤਿਹਾਰ ਅਤੇ ਹੋਰਡਿੰਗ ਹਟਾਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।  ਉਨ੍ਹਾਂ ਕਿਹਾ ਕਿ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਸੰਭਾਵੀ ਉਮੀਦਵਾਰਾਂ ਨੂੰ ਵੀ ਆਦਰਸ਼ ਚੋਣ ਜ਼ਾਬਤੇ ਬਾਰੇ ਜਾਣੂ ਕਰਵਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਦਰਸ਼ ਚੋਣ ਜ਼ਾਬਤੇ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇਗੀ। 

ਜ਼ਿਲ੍ਹਾ ਚੋਣ ਅਧਿਕਾਰੀ ਨੇ ਅੱਗੇ ਦੱਸਿਆ ਕਿ ਜ਼ਿਲ੍ਹਾ ਚੋਣ ਦਫ਼ਤਰ ਵੱਲੋਂ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਲਈ ਵੱਖ-ਵੱਖ ਕਮੇਟੀਆਂ ਅਤੇ ਟੀਮਾਂ ਦਾ ਗਠਨ ਕਰ ਦਿੱਤਾ ਗਿਆ  ਹੈ ਜੋ ਕਿ ਆਪਣੀ ਡਿਊਟੀ ਉੱਪਰ ਤਾਇਨਾਤ ਹੋ ਗਈਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗੁਰਦਾਸਪੁਰ ਵਿਖੇ 24/7 ਚੱਲਣ ਵਾਲਾ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ ਜਿਸ ਦਾ ਨੰਬਰ 1800-180-1852 ਹੈ ਅਤੇ ਇਸ ਨੰਬਰ ਉੱਪਰ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਕੋਈ ਵੀ ਸ਼ਿਕਾਇਤ ਜਾਂ ਚੋਣਾਂ ਸਬੰਧੀ ਕੋਈ ਜਾਣਕਾਰੀ ਲੈਣ ਲਈ ਕਾਲ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੇ ਹੈਲਪ ਲਾਈਨ ਨੰਬਰ 1950 ਉੱਪਰ ਵੀ ਕਾਲ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਸੀ-ਵਿਜਲ ਐਪ ਉੱਪਰ ਵੀ ਸ਼ਿਕਾਇਤ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਕੋਲ ਜਦੋਂ ਵੀ ਚੋਣ ਜ਼ਾਬਤੇ ਦੀ ਉਲੰਘਣਾ ਬਾਰੇ ਕੋਈ ਵੀ ਸ਼ਿਕਾਇਤ ਪ੍ਰਾਪਤ ਹੋਵੇਗੀ ਤਾਂ ਉਸ ਉੱਪਰ ਤੁਰੰਤ ਕਾਰਵਾਈ ਕੀਤੀ ਜਾਵੇਗੀ।  

ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਟੈਟਿਕਸ ਸਰਵੀਲੈਂਸ ਟੀਮਾਂ, ਵੀਡੀਓ ਵੀਊਵਿੰਗ ਟੀਮਾਂ, ਫਲਾਇੰਗ ਸਕੂਐਡ ਦਾ ਗਠਨ ਵੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਇੱਕ ਉਮੀਦਵਾਰ ਵੱਧ ਤੋਂ ਵੱਧ 95 ਲੱਖ ਰੁਪਏ ਖ਼ਰਚ ਕਰ ਸਕਦਾ ਹੈ ਅਤੇ ਉਸ ਵੱਲੋਂ ਕੀਤੇ ਜਾ ਰਹੇ ਚੋਣ ਖ਼ਰਚੇ ਦਾ ਪੂਰਾ ਹਿਸਾਬ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਿੰਟ, ਇਲੈਕਟ੍ਰੋਨਿਕ, ਵੈੱਬ ਅਤੇ ਸੋਸ਼ਲ ਮੀਡੀਆ ਉੱਪਰ ਇਸ਼ਤਿਹਾਰਬਾਜ਼ੀ ਰਾਹੀਂ ਹੁੰਦੇ ਖ਼ਰਚੇ ਦਾ ਹਿਸਾਬ ਰੱਖਣ ਅਤੇ ਮੁੱਲ ਦੀਆਂ ਖ਼ਬਰਾਂ ਉੱਪਰ ਨਜ਼ਰ ਰੱਖਣ ਲਈ ਜ਼ਿਲ੍ਹਾ ਪੱਧਰ 'ਤੇ ਮੀਡੀਆ ਮੋਨੀਟਰਿੰਗ ਅਤੇ ਸਰਟੀਫਿਕੇਸ਼ਨ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਲੈਕਟ੍ਰੋਨਿਕ ਮੀਡੀਆ ਵਿੱਚ ਕੋਈ ਵੀ ਇਸ਼ਤਿਹਾਰ ਦੇਣ ਤੋਂ ਪਹਿਲਾਂ ਇਸ ਕਮੇਟੀ ਤੋਂ ਅਗਾਊਂ ਮਨਜ਼ੂਰੀ ਲੈਣੀ ਜ਼ਰੂਰੀ ਹੋਵੇਗੀ। 

ਜ਼ਿਲ੍ਹਾ ਚੋਣ ਅਧਿਕਾਰੀ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ ਕੁੱਲ 15713 ਅਸਲਾ ਲਾਇਸੰਸ ਹਨ ਜਿਨ੍ਹਾਂ ਉੱਪਰ 20000 ਤੋਂ ਵੱਧ ਅਸਲੇ ਚੜ੍ਹੇ ਹੋਏ ਹਨ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਅਸਲਾ ਧਾਰਕਾਂ ਨੂੰ ਕਿਹਾ ਹੈ ਕਿ ਉਹ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੇ ਲਾਇਸੰਸੀ ਹਥਿਆਰ ਤੁਰੰਤ ਆਪਣੇ ਨੇੜੇ ਦੇ ਥਾਣੇ ਜਾਂ ਅਸਲਾ ਡੀਲਰਾਂ ਪਾਸ ਜਮਾਂ ਕਰਵਾ ਦੇਣ। ਉਨ੍ਹਾਂ ਕਿਹਾ ਕਿ ਅਜਿਹਾ ਨਾ ਕਰਨ ਵਾਲਿਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ। 

ਜ਼ਿਲ੍ਹਾ ਚੋਣ ਅਧਿਕਾਰੀ ਨੇ ਕਿਹਾ ਕਿ ਲੋਕ ਸਭਾ ਚੋਣਾਂ ਪੂਰੀ ਤਰ੍ਹਾਂ ਅਜ਼ਾਦ ਤੇ ਨਿਰਪੱਖ ਮਾਹੌਲ ਵਿੱਚ ਕਰਾਈਆਂ ਜਾਣਗੀਆਂ ਅਤੇ ਹਰ ਪੋਲਿੰਗ ਸਟੇਸ਼ਨ ਉੱਪਰ ਮਾਈਕਰੋ ਅਬਜ਼ਰਵਰ ਤਾਇਨਾਤ ਕੀਤੇ ਜਾਣਗੇ। ਇਸਦੇ ਨਾਲ ਪੋਲਿੰਗ ਬੂਥਾਂ ਦੀ ਵੈੱਬ ਕਾਸਟਿੰਗ ਵੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ  10 ਹਜ਼ਾਰ ਤੋਂ ਵੱਧ ਸਰਕਾਰੀ ਮੁਲਾਜ਼ਮ ਚੋਣ ਅਮਲ ਵਿੱਚ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਜਿਸ ਵੀ ਸਰਕਾਰੀ ਅਧਿਕਾਰੀ ਜਾਂ ਕਰਮਚਾਰੀ ਦੀ ਚੋਣ ਡਿਊਟੀ ਲਗਾਈ ਹੈ ਉਹ ਬਿਲਕੁਲ ਕੱਟੀ ਨਹੀਂ ਜਾਵੇਗੀ।  ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਸੁਰੱਖਿਆ ਦੇ ਵੀ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। 

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਡਾ. ਹਿਮਾਂਸ਼ੂ ਅਗਰਵਾਲ ਨੇ ਮੀਡੀਆ ਦੇ ਰਾਹੀਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਕਰਦੇ ਹੋਏ ਚੋਣਾਂ ਦੇ ਇਸ ਤਿਉਹਾਰ ਨੂੰ ਕਾਮਯਾਬ ਕਰਨ ਲਈ ਆਪਣਾ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਹਰ ਵੋਟਰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਜ਼ਰੂਰ ਕਰੇ। 

ਪ੍ਰੈੱਸ ਕਾਨਫਰੰਸ ਦੌਰਾਨ ਐੱਸ.ਡੀ.ਐੱਮ. ਗੁਰਦਾਸਪੁਰ ਡਾ. ਕਰਮਜੀਤ ਸਿੰਘ, ਤਹਿਸੀਲਦਾਰ ਚੋਣਾਂ ਸ. ਮਨਜਿੰਦਰ ਸਿੰਘ ਬਾਜਵਾ ਅਤੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਗੁਰਦਾਸਪੁਰ ਸ. ਇੰਦਰਜੀਤ ਸਿੰਘ ਬਾਜਵਾ ਵੀ ਮੌਜੂਦ ਸਨ।

Featured post

BFUHS NURSING ADMISSION 2024-25 : ਬਾਬਾ ਫਰੀਦ ਯੂਨੀਵਰਸਿਟੀ ਤੋਂ ਕਰੋ ਬੀਐਸਸੀ ਨਰਸਿੰਗ, 23 ਮਈ ਤੱਕ ਕਰੋ ਅਪਲਾਈ

  Baba Farid University of Health Sciences Invites Applications for Basic B.Sc. Nursing Course Baba Farid University of Health Sciences, Far...

BOOK YOUR SPACE ( ਐਡ ਲਈ ਸੰਪਰਕ ਕਰੋ )

BOOK YOUR SPACE ( ਐਡ ਲਈ ਸੰਪਰਕ ਕਰੋ )
Make this space yours

RECENT UPDATES

Trends