ਸਕੂਲਾਂ ਵਿੱਚ ਮਿਡ ਡੇ ਮੀਲ ਨਿਯਮਾਂ ਅਨੁਸਾਰ ਨਹੀਂ ਬਣ ਰਿਹਾ:
ਚੰਡੀਗੜ੍ਹ, 30 ਅਗਸਤ 2024: ਪੰਜਾਬ ਸਰਕਾਰ ਨੇ ਸੂਬੇ ਦੇ ਸਕੂਲਾਂ ਵਿੱਚ ਦੁਪਹਿਰ ਦਾ ਭੋਜਨ ਮੀਨੂ ਅਨੁਸਾਰ ਨਹੀਂ ਬਣਾਏ ਜਾਣ ਦੀਆਂ ਸ਼ਿਕਾਇਤਾਂ ਪ੍ਰਾਪਤ ਹੋਣ ਤੋਂ ਬਾਅਦ ਸਖ਼ਤ ਕਾਰਵਾਈ ਕਰਨ ਦਾ ਫੈਸਲਾ ਕੀਤਾ ਹੈ। ਪੰਜਾਬ ਸਟੇਟ ਮਿਡ ਡੇ ਮੀਲ ਸੋਸਾਇਟੀ ਵੱਲੋਂ ਜਾਰੀ ਕੀਤੇ ਗਏ ਨੋਟਿਸ ਵਿੱਚ ਕਿਹਾ ਗਿਆ ਹੈ ਕਿ ਕਈ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੌਸਮੀ ਫਲ ਵੀ ਨਹੀਂ ਦਿੱਤੇ ਜਾ ਰਹੇ ਹਨ ਅਤੇ ਵਿਦਿਆਰਥੀਆਂ ਦੀ ਬੋਗਸ/ਜਾਅਲੀ ਹਾਜ਼ਰੀ ਦਿਖਾਈ ਜਾ ਰਹੀ ਹੈ।
ਸੋਸਾਇਟੀ ਵੱਲੋਂ ਸਕੂਲਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਵਿਦਿਆਰਥੀਆਂ ਦੀ ਗਿਣਤੀ ਦੇ ਅਨੁਸਾਰ ਹਫਤਾਵਾਰੀ ਮੀਨੂ ਅਨੁਸਾਰ ਮਿਡ ਡੇ ਮੀਲ ਬਣਾਇਆ ਜਾਵੇ। ਜੇਕਰ ਕਿਸੇ ਸਕੂਲ ਵਿੱਚ ਇਹ ਨਿਯਮ ਨਾ ਮੰਨੇ ਜਾਣਗੇ ਤਾਂ ਸਕੂਲ ਮੁੱਖੀ ਨੂੰ ਜ਼ਿੰਮੇਵਾਰ ਠਹਿਰਾਇਆ ਜਾਵੇਗਾ।
ਸੋਸਾਇਟੀ ਵੱਲੋਂ ਸਾਰੇ ਜ਼ਿਲ੍ਹਾ ਸਿੱਖਿਆ ਅਫਸਰਾਂ ਨੂੰ ਵੀ ਇਸ ਬਾਰੇ ਜਾਣੂ ਕਰਵਾ ਦਿੱਤਾ ਗਿਆ ਹੈ ਅਤੇ ਉਨ੍ਹਾਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਕਿ ਸਕੂਲਾਂ ਵਿੱਚ ਮਿਡ ਡੇ ਮੀਲ ਦੇ ਨਿਯਮਾਂ ਦੀ ਪਾਲਣਾ ਕੀਤੀ ਜਾਵੇ।