ਸਿੱਖਿਆ ਵਿਭਾਗ ਅਧਿਆਪਕਾਂ ਨੂੰ ਤਰੱਕੀਆਂ ਛੱਡਣ ਲਈ ਕਰ ਰਿਹਾ ਮਜ਼ਬੂਰ : ਡੀ ਟੀ ਐੱਫ

 ਸਿੱਖਿਆ ਵਿਭਾਗ ਅਧਿਆਪਕਾਂ ਨੂੰ ਤਰੱਕੀਆਂ ਛੱਡਣ ਲਈ ਕਰ ਰਿਹਾ ਮਜ਼ਬੂਰ : ਡੀ ਟੀ ਐੱਫ 


ਸਾਰੇ ਖਾਲੀ ਸਟੇਸ਼ਨ ਜਨਤਕ ਕਰਕੇ ਸਟੇਸ਼ਨ ਚੋਣ ਕਰਵਾਈ ਜਾਵੇ: ਡੀ ਟੀ ਐੱਫ 


ਚੰਡੀਗੜ੍ਹ 18 ਸਤੰਬਰ 

ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਲੰਬੇ ਸਮੇਂ ਤੋਂ ਤਰੱਕੀਆਂ ਨੂੰ ਉਡੀਕ ਰਹੇ ਅਧਿਆਪਕਾਂ ਨੂੰ ਵੱਖ ਵੱਖ ਵਿਸ਼ਿਆਂ ਦੀਆਂ ਤਰੱਕੀਆਂ ਸਬੰਧੀ ਸੂਚੀਆਂ ਨੂੰ ਦੇਖ ਕੇ ਕੁਝ ਆਸ ਬੱਝੀ ਸੀ ਪਰ ਸਿੱਖਿਆ ਵਿਭਾਗ ਵੱਲੋਂ ਸਟੇਸ਼ਨ ਚੋਣ ਵੇਲੇ ਸਾਰੇ ਖਾਲੀ ਸਟੇਸ਼ਨ ਨਾ ਦਿਖਾਉਣ ਦੀ ਸਾਜ਼ਿਸ਼ ਕਰਦਿਆਂ ਅਧਿਆਪਕਾਂ ਨੂੰ ਤਰੱਕੀਆਂ ਛੱਡਣ ਲਈ ਮਜ਼ਬੂਰ ਕਰਨ ਦੇ ਅੜਿੱਕੇ ਡਾਹੇ ਜਾ ਰਹੇ ਹਨ। ਡੀ ਟੀ ਐੱਫ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਇਸ ਬਾਰੇ ਵਿਸਤ੍ਰਿਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਵੱਲੋਂ ਪਹਿਲੇ ਗੇੜ ਵਿੱਚ ਫਿਜੀਕਲ ਐਜੂਕੇਸ਼ਨ ਵਿਸ਼ੇ ਅਤੇ ਕੁਝ ਹੋਰ ਵਿਸ਼ਿਆਂ ਦੇ ਲੈਕਚਰਾਰਾਂ ਲਈ ਸਟੇਸ਼ਨ ਚੋਣ ਲਈ ਡਾਇਰੈਕਟੋਰੇਟ ਸਕੂਲ ਸਿੱਖਿਆ ਦੇ ਦਫ਼ਤਰ ਵਿਖੇ ਸੱਦਿਆ ਸੀ। ਇਸ ਚੋਣ ਮੌਕੇ ਉਕਤ ਵਿਸ਼ਿਆਂ ਦੀਆਂ ਸਾਰੇ ਸਕੂਲਾਂ ਵਿੱਚ ਖਾਲੀ ਪਈਆਂ ਅਸਾਮੀਆਂ ਦਿਖਾਉਣ ਦੀ ਥਾਂ ਵਿਭਾਗ ਵੱਲੋਂ ਕੁਝ ਕੁ ਚੋਣਵੇਂ ਸਕੂਲਾਂ ਵਿੱਚ ਖਾਲੀ ਪਈਆਂ ਅਸਾਮੀਆਂ ਹੀ ਦਿਖਾਈਆਂ ਗਈਆਂ ਜਿਸ ਕਾਰਣ ਅਧਿਆਪਕਾਂ ਨੂੰ ਆਪਣੀ ਰਿਹਾਇਸ਼ ਤੋਂ 150-200 ਕਿਲੋਮੀਟਰ ਦੂਰ ਦੇ ਸਟੇਸ਼ਨ ਦੀ ਅਲਾਟਮੈਂਟ ਕਰਕੇ ਉੱਥੇ ਜਾਣ ਲਈ ਮਜਬੂਰ ਕੀਤਾ ਗਿਆ ਹੈ, ਜਿਸ ਕਰਕੇ ਅਧਿਆਪਕ ਤਰੱਕੀਆਂ ਛੱਡਣ ਬਾਰੇ ਸੋਚਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਆਗੂਆਂ ਨੇ ਪ੍ਰਸ਼ਨ ਉਠਾਇਆ ਕਿ ਕੀ ਪੰਜਾਬ ਸਰਕਾਰ ਵੱਲੋਂ ਕੁਝ ਕੁ ਚੋਣਵੇਂ ਸਕੂਲਾਂ ਨੂੰ ਪਹਿਲ ਦੇਣ ਦੇ ਕੇ ਬਾਕੀ ਦੇ ਸਕੂਲਾਂ ਨੂੰ ਬੰਦ ਕਰਨਾ ਚਾਹੁੰਦੀ ਹੈ? ਜਾਂ ਚੋਣਵੇਂ ਸਕੂਲਾਂ ਨੂੰ ਪਹਿਲ ਦੇਣ ਦੇ ਕੇ ਪੰਜਾਬ ਸਰਕਾਰ ਪੱਛੜੇ ਖੇਤਰ ਦੇ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨਾਲ ਵਿਤਕਰਾ ਕਰਨਾ ਚਾਹੁੰਦੀ ਹੈ? ਤਾਂ ਉਨ੍ਹਾਂ ਕਿਹਾ ਕਿ ਡੀ ਟੀ ਐੱਫ ਵੱਲੋਂ ਪੰਜਾਬ ਸਰਕਾਰ ਪੱਛੜੇ ਖੇਤਰ ਦੇ ਸਕੂਲਾਂ ਨੂੰ ਬੰਦ ਕਰਨ ਦੀ ਮਨਸ਼ਾ ਦਾ ਅਤੇ ਇਸ ਖੇਤਰ ਦੇ ਵਿਦਿਆਰਥੀਆਂ ਨਾਲ ਹੋਣ ਵਾਲੇ ਵਿਤਕਰੇ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ। 


 ਡੀ ਟੀ ਐੱਫ ਦੇ ਮੀਤ ਪ੍ਰਧਾਨਾਂ ਰਾਜੀਵ ਬਰਨਾਲਾ, ਜਗਪਾਲ ਬੰਗੀ, ਗੁਰਪਿਆਰ ਕੋਟਲੀ, ਬੇਅੰਤ ਫੂਲੇਵਾਲਾ, ਹਰਜਿੰਦਰ ਵਡਾਲਾ ਬਾਂਗਰ ਅਤੇ ਰਘਵੀਰ ਭਵਾਨੀਗੜ੍ਹ, ਸੰਯੁਕਤ ਸਕੱਤਰਾਂ ਮੁਕੇਸ਼ ਕੁਮਾਰ, ਕੁਲਵਿੰਦਰ ਜੋਸ਼ਨ ਅਤੇ ਜਸਵਿੰਦਰ ਔਜਲਾ, ਪ੍ਰੈੱਸ ਸਕੱਤਰ ਪਵਨ ਕੁਮਾਰ, ਸਹਾਇਕ ਵਿੱਤ ਸਕੱਤਰ ਤਜਿੰਦਰ ਸਿੰਘ ਅਤੇ ਪ੍ਰਚਾਰ ਸਕੱਤਰ ਸੁਖਦੇਵ ਡਾਨਸੀਵਾਲ ਨੇ ਇਹ ਵੀ ਦੱਸਿਆ ਕਿ ਸਟੇਸ਼ਨ ਚੋਣ ਦੇ ਪਹਿਲੇ ਗੇੜ ਵਿੱਚ ਸਿੱਖਿਆ ਵਿਭਾਗ ਵੱਲੋਂ ਦਿਵਿਆਂਗ ਅਧਿਆਪਕਾਂ ਨੂੰ ਉਨ੍ਹਾਂ ਦੀ ਸਹੂਲਤ ਵਾਲੇ ਨੇੜਲੇ ਸਕੂਲਾਂ ਵਿੱਚ ਭੇਜਣ ਦੀ ਥਾਂ ਆਪਣੇ ਚੁਣੇ ਹੋਏ ਸਕੂਲਾਂ ਚੋਂ ਹੀ ਕੋਈ ਸਕੂਲ ਚੁਣਨ ਦਾ ਮੌਕਾ ਦਿੱਤਾ ਹੈ ਜਦਕਿ ਉਨ੍ਹਾਂ ਦੀ ਤਾਇਨਾਤੀ ਹੋਰ ਨੇੜਲੇ ਸਕੂਲਾਂ ਵਿੱਚ ਹੋ ਸਕਦੀ ਸੀ। ਡੀ ਟੀ ਐੱਫ ਦੇ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਭਰ ਦੇ ਸਾਰੇ ਸਕੂਲਾਂ ਦੀਆਂ ਖਾਲੀ ਅਸਾਮੀਆਂ ਜਨਤਕ ਕਰਕੇ ਆਨਲਾਈਨ ਸਟੇਸ਼ਨ ਚੋਣ ਕਰਵਾਈ ਜਾਵੇ ਜਿਸ ਨਾਲ ਅਧਿਆਪਕਾਂ ਦੀ ਖੱਜਲ ਖ਼ੁਆਰੀ ਵੀ ਘਟੇ ਅਤੇ ਉਨ੍ਹਾਂ ਲਈ ਤਰੱਕੀਆਂ ਦੇ ਕੋਈ ਸਕਾਰਾਤਮਕ ਅਰਥ ਹੋਣ ਨਾ ਕਿ ਵਿਭਾਗ ਦੀ ਮਾੜੀ ਨੀਤੀ ਕਰਕੇ ਉਹ ਤਰੱਕੀਆਂ ਛੱਡ ਕੇ ਪੁਰਾਣੇ ਅਹੁਦੇ ਤੇ ਕੰਮ ਕਰਨਾ ਹੀ ਸਹੀ ਸਮਝਣ।



Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends