BY ELECTION IN PUNJAB:ਵਿਧਾਨ ਸਭਾ ਹਲਕਾ ਚੱਬੇਵਾਲ ‘ਚ ਆਦਰਸ਼ ਚੋਣ ਜ਼ਾਬਤਾ ਲਾਗੂ: ਡਿਪਟੀ ਕਮਿਸ਼ਨਰ

 ਵਿਧਾਨ ਸਭਾ ਹਲਕਾ ਚੱਬੇਵਾਲ ‘ਚ ਆਦਰਸ਼ ਚੋਣ ਜ਼ਾਬਤਾ ਲਾਗੂ: ਡਿਪਟੀ ਕਮਿਸ਼ਨਰ


• ਸਿਆਸੀ ਪਾਰਟੀਆਂ ਨੂੰ ਚੋਣ ਜ਼ਾਬਤੇ ਦੀ ਇਨ-ਬਿਨ ਪਾਲਣਾ ਦੀ ਅਪੀਲ

• ਜ਼ਿਲ੍ਹਾ ਚੋਣ ਅਫ਼ਸਰ ਨੇ ਚੋਣ ਦਾ ਸ਼ਡਿਊਲ ਅਤੇ ਤਿਆਰੀਆਂ ਬਾਰੇ ਦਿੱਤੀ ਜਾਣਕਾਰੀ

• ਪਾਰਦਰਸ਼ੀ ਤੇ ਸ਼ਾਂਤੀਪੂਰਵਕ ਢੰਗ ਨਾਲ ਕਰਵਾਈ ਜਾਵੇਗੀ ਉਪ ਚੋਣ

• 13 ਨਵੰਬਰ ਨੂੰ ਪੈਣਗੀਆਂ ਵੋਟਾਂ ਅਤੇ 23 ਨਵੰਬਰ ਨੂੰ ਹੋਵੇਗੀ ਗਿਣਤੀ, ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਮਿਤੀ 25 ਅਕਤੂਬਰ

• ਪ੍ਰਿੰਟਰ-ਪਬਲਿਸ਼ਰਾਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਤਾਕੀਦ

ਹੁਸ਼ਿਆਰਪੁਰ, 16 ਅਕਤੂਬਰ: ਭਾਰਤ ਚੋਣ ਕਮਿਸ਼ਨ ਵੱਲੋਂ ਵਿਧਾਨ ਸਭਾ ਹਲਕਾ ਚੱਬੇਵਾਲ ਦੀ ਜ਼ਿਮਨੀ ਚੋਣ ਦੇ ਐਲਾਨ ਨਾਲ ਵਿਧਾਨ ਸਭਾ ਹਲਕਾ 44-ਚੱਬੇਵਾਲ (ਐਸ.ਸੀ) ਵਿਚ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ। 



ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਇਥੇ ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੋਣ ਪ੍ਰਬੰਧਾਂ ਨੂੰ ਅਮਲ ਵਿਚ ਲਿਆਉਣ ਦਾ ਕਾਰਜ ਆਰੰਭ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਮਨੀ ਚੋਣ ਲਈ ਲੋੜੀਂਦੀਆਂ ਤਿਆਰੀਆਂ ਦੇ ਨਾਲ-ਨਾਲ ਵੱਖ-ਵੱਖ ਕਮੇਟੀਆਂ ਦਾ ਗਠਨ ਵੀ ਕੀਤਾ ਜਾ ਚੁੱਕਾ ਹੈ ਤਾਂ ਜੋ ਨਿਰਪੱਖ, ਪਾਰਦਰਸ਼ੀ ਅਤੇ ਸੁਚੱਜੇ ਢੰਗ ਨਾਲ ਚੋਣ ਅਮਲ ਨੂੰ ਨੇਪਰੇ ਚਾੜ੍ਹਿਆ ਜਾ ਸਕੇ। ਚੋਣ ਕਮਿਸ਼ਨ ਵਲੋਂ ਜਾਰੀ ਸ਼ਡਿਊਲ ਬਾਰੇ ਜਾਣਕਾਰੀ ਦਿੰਦਿਆਂ ਕੋਮਲ ਮਿੱਤਲ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਚੱਬੇਵਾਲ ਲਈ ਵੋਟਾਂ 13 ਨਵੰਬਰ 2024 ਨੂੰ ਪੈਣਗੀਆਂ ਅਤੇ 23 ਨਵੰਬਰ 2024 ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰ 18 ਅਕਤੂਬਰ ਤੋਂ ਦਾਖਲ ਕੀਤੇ ਜਾ ਸਕਦੇ ਹਨ ਅਤੇ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਮਿਤੀ 25 ਅਕਤੂਬਰ ਹੈ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 28 ਅਕਤੂਬਰ ਨੂੰ ਹੋਵੇਗੀ ਅਤੇ ਨਾਮਜ਼ਦਗੀ ਵਾਪਸ ਲੈਣ ਦੀ ਮਿਤੀ 30 ਅਕਤੂਬਰ 2024 ਹੈ। 

 ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਦੱਸਿਆ ਕਿ ਜ਼ਿਮਨੀ ਚੋਣ ਲਈ ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ ਰਿਟਰਨਿੰਗ ਅਧਿਕਾਰੀ ਹੋਣਗੇ ਅਤੇ ਨਾਮਜ਼ਦਗੀਆਂ ਉਨ੍ਹਾਂ ਦੇ ਦਫ਼ਤਰ ਵਿਚ ਨਿਰਧਾਰਿਤ ਦਿਨਾਂ ਦੌਰਾਨ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਲਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਹਲਕੇ ਵਿਚ ਕੁੱਲ 205 ਪੋਲਿੰਗ ਸਟੇਸ਼ਨ ਹਨ ਅਤੇ ਵੋਟਰਾਂ ਦੀ ਗਿਣਤੀ 159141 ਹੈ, ਜਿਨ੍ਹਾਂ ਵਿਚ 83544 ਪੁਰਸ਼, 75593 ਮਹਿਲਾ, 4 ਟਰਾਂਸਜੈਂਡਰ, 21 ਐਨ.ਆਰ.ਆਈ ਅਤੇ 601 ਸਰਵਿਸ ਵੋਟਰ ਹਨ। ਚੋਣ ਜ਼ਾਬਤੇ ਨੂੰ ਅਸਰਦਾਰ ਢੰਗ ਨਾਲ ਲਾਗੂ ਕਰਨ ਲਈ ਵਿਧਾਨ ਸਭਾ ਹਲਕੇ ਵਿਚ 9 ਉਡਣ ਦਸਤੇ, 9 ਸਟੈਟਿਕ ਸਰਵੇਲੈਂਸ ਅਤੇ 3 ਵੀਡੀਓ ਸਰਵੇਲੈਂਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ।

 ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੋਟਰਾਂ ਦੀ ਸਹੂਲਤ ਲਈ ਹਲਕੇ ਵਿਚ ਮਾਡਲ ਪੋਲਿੰਗ ਸਟੇਸ਼ਨ, ਪੀ.ਡਬਲਯੂ.ਡੀ ਅਤੇ ਮਹਿਲਾਵਾਂ ਵੱਲੋਂ ਮੈਨੇਜ ਪੋਲਿੰਗ ਸਟੇਸ਼ਨ ਵੀ ਸਥਾਪਿਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ 85 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਵੋਟਰ ਜਾਂ 40 ਫੀਸਦੀ ਤੋਂ ਵੱਧ ਦਿਵਿਆਂਗ ਵੋਟਰ ਆਪਣੇ ਘਰੋਂ ਵੋਟ ਪਾ ਸਕਣਗੇ। ਉਨ੍ਹਾਂ ਦੱਸਿਆ ਕਿ ਪੋਲਿੰਗ ਸਟੇਸ਼ਨਾਂ ‘ਤੇ ਵੋਟਰਾਂ ਦੀ ਸਹੂਲਤ ਲਈ ਵਲੰਟੀਅਰਾਂ ਵੱਲੋਂ ਵ੍ਹੀਲ ਚੇਅਰ ਅਤੇ ਬਜ਼ੁਰਗਾਂ ਲਈ ਟਰਾਂਸਪੋਰਟ ਦੀ ਸਹੂਲਤ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਦਿਵਿਆਂਗ ਵੋਟਰਾਂ ਲਈ ਪੋਲਿੰਗ ਸਟੇਸ਼ਨਾਂ ‘ਤੇ ਮਦਦ ਵਾਸਤੇ ਸਕਸ਼ਮ ਐਪ ਉਪਲਬੱਧ ਹੈ। ਉਨ੍ਹਾਂ ਕਿਹਾ ਕਿ ਪੋਲਿੰਗ ਸਟੇਸ਼ਨਾਂ ‘ਤੇ ਲੋੜੀਂਦੀਆਂ ਸਹੂਲਤਾਂ ਦੇ ਨਾਲ-ਨਾਲ ਪੀਣ ਵਾਲੇ ਪਾਣੀ, ਰੌਸ਼ਨੀ, ਪਖਾਨੇ, ਰੈਂਪ ਅਤੇ ਹੈਲਪਡੈਸਕ ਦਾ ਵਿਸ਼ੇਸ਼ ਪ੍ਰਬੰਧ ਰਹੇਗਾ।  

 ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਸਰਕਾਰੀ ਅਤੇ ਜਨਤਕ ਪ੍ਰਾਪਟੀਆਂ ‘ਤੇ ਸਿਆਸੀ ਹੋਰਡਿੰਗਾਂ ਅਤੇ ਪੋਸਟਰਾਂ ਨੂੰ ਹਟਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕਿਸੇ ਨਿੱਜੀ ਪ੍ਰਾਪਟੀ ‘ਤੇ ਵੀ ਬਿਨ੍ਹਾਂ ਆਗਿਆ ਕੋਈ ਚੋਣਾਵੀ ਇਸ਼ਤਿਹਾਰ ਅਤੇ ਹੋਰਡਿੰਗ ਨਹੀਂ ਲਗਾਇਆ ਜਾ ਸਕਦਾ ਹੈ। 

 ਸੀ-ਵਿਜਲ ਐਪ ਰਾਹੀਂ ਚੋਣ ਜ਼ਾਬਤੇ ਦੀ ਉਲੰਘਣਾ ਦੀ ਕੀਤੀ ਜਾ ਸਕਦੀ ਹੈ ਸ਼ਿਕਾਇਤ: ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਚੋਣ ਕਮਿਸ਼ਨ ਦੀ ਸੀ-ਵਿਜਲ ਐਪ ਰਾਹੀਂ ਚੋਣ ਜ਼ਾਬਤੇ ਦੀ ਉਲੰਘਣਾ ਬਾਰੇ ਸ਼ਿਕਾਇਤ ਕੀਤੀ ਜਾ ਸਕਦੀ ਹੈ ਜਿਸ ‘ਤੇ 100 ਮਿੰਟ ਦੇ ਅੰਦਰ-ਅੰਦਰ ਕਾਰਵਾਈ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੋਣਾਂ ਨਾਲ ਸਬੰਧਤ ਜਾਣਕਾਰੀ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰਬਰ 235 ਵਿਖੇ ਕੰਟਰੋਲ ਰੂਮ ਸਥਾਪਿਤ ਕੀਤਾ ਜਾ ਰਿਹਾ ਹੈ ਅਤੇ ਇਸ ਤੋਂ ਇਲਾਵਾ 1950 ਹੈਲਪਲਾਈਨ ਰਾਹੀਂ ਵੀ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ। 

 ਐਮ.ਸੀ.ਐਮ.ਸੀ ਅਤੇ ਹੋਰ ਕਮੇਟੀਆਂ ਦਾ ਗਠਨ : ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਚੋਣ ਨਾਲ ਸਬੰਧਤ ਵੱਖ-ਵੱਖ ਮਨਜ਼ੂਰੀਆਂ ਲੈਣ ਲਈ ਪ੍ਰਸ਼ਾਸਨ ਵਲੋਂ ਐਮ.ਸੀ.ਐਮ.ਸੀ ਤੋਂ ਇਲਾਵਾ ਹੋਰ ਕਮੇਟੀਆਂ ਦਾ ਗਠਨ ਕੀਤਾ ਜਾ ਚੁੱਕਾ ਹੈ। ਉਨ੍ਹਾਂ ਨੇ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਚੋਣਾਂ ਨਾਲ ਸਬੰਧਤ ਹਰ ਲੋੜੀਂਦੇ ਕਾਰਜ ਲਈ ਲੋੜੀਂਦੀ ਮਨਜ਼ੂਰੀ ਲਾਜ਼ਮੀ ਲੈਣ। ਉਨ੍ਹਾਂ ਕਿਹਾ ਕਿ ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ ਵੱਲੋਂ ਸਿਆਸੀ ਇਸ਼ਤਿਹਾਰਾਂ ਆਦਿ ‘ਤੇ ਨਜ਼ਰ ਰੱਖੇਗੀ। ਉਨ੍ਹਾਂ ਕਿਹਾ ਕਿ ਸੁਵਿਧਾ ਪੋਰਟਲ ਰਾਹੀਂ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਆਨਲਾਈਨ ਮਨਜ਼ੂਰੀ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਐਮ.ਏ ਬਰਾਂਚ (ਕਮਰਾ ਨੰਬਰ 210) ਵਿਚ ਸੈਲ ਸਥਾਪਿਤ ਕੀਤਾ ਗਿਆ ਹੈ ਜਿਥੋਂ ਰੈਲੀਆਂ ਅਤੇ ਲਾਊਡ ਸਪੀਕਰਾਂ ਆਦਿ ਦੀ ਮਨਜ਼ੂਰੀ ਲਈ ਜਾ ਸਕਦੀ ਹੈ।  

 ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਰਿਟਰਨਿੰਗ ਅਫ਼ਸਰ ਰਾਹੁਲ ਚਾਬਾ, ਐਸ.ਪੀ. ਸਰਬਜੀਤ ਸਿੰਘ ਬਾਹੀਆ, ਚੋਣ ਤਹਿਸੀਲਦਾਰ ਸਰਬਜੀਤ ਸਿੰਘ ਤੋਂ ਇਲਾਵਾ ਵੱਖ-ਵੱਖ ਅਧਿਕਾਰੀ ਮੌਜੂਦ ਸਨ। 

 ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਚੋਣ ਜ਼ਾਬਤੇ ਦੀ ਪੂਰਨ ਪਾਲਣਾ ਦੀ ਅਪੀਲ: ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਅਪੀਲ ਕੀਤੀ ਕਿ ਆਦਰਸ਼ ਚੋਣ ਜ਼ਾਬਤੇ ਦੀ ਪੂਰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਅਜਿਹੀ ਤਕਰੀਰ ਜਾਂ ਬਿਆਨਬਾਜੀ ਤੋਂ ਗੁਰੇਜ ਕੀਤਾ ਜਾਵੇ ਜਿਸ ਨਾਲ ਮਾਹੌਲ ਖਰਾਬ ਹੁੰਦਾ ਹੋਵੇ। ਉਨ੍ਹਾਂ ਕਿਹਾ ਕਿ ਚੋਣ ਪ੍ਰਚਾਰ ਦੌਰਾਲ ਕਿਸੇ ਤਰ੍ਹਾਂ ਦੀ ਹੇਟ ਸਪੀਚ, ਕਿਸੇ ਦੇ ਨਿੱਜੀ ਜੀਵਨ ਦੀ ਆਲੋਚਨਾ, ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਇਸ਼ਤਿਹਾਰ, ਇਸ਼ਤਿਹਾਰਾਂ ਨੂੰ ਸਮਾਚਾਰ ਦੇ ਰੂਪ ਵਿਚ ਨਾ ਪੇਸ਼ ਕੀਤਾ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਚੋਣ ਪ੍ਰਚਾਰ ਲਈ ਧਾਰਮਿਕ ਥਾਵਾਂ ਵੀ ਵਰਤੋਂ ਨਹੀਂ ਕੀਤੀ ਜਾ ਸਕਦੀ। ਜ਼ਿਲ੍ਹਾ ਪੱਧਰ ‘ਤੇ ਕੰਟਰੋਲ ਰੂਮ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰਬਰ 235 ਵਿਚ ਸਥਾਪਿਤ ਕੀਤਾ ਗਿਆ ਹੈ, ਜਿਸ ਦਾ ਨੰਬਰ 01882-225013 ਹੈ। ਉਨ੍ਹਾਂ ਕਿਹਾ ਕਿ ਚੋਣਾਂ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੇ ਸੁਝਾਅ, ਜਾਣਕਾਰੀ ਜਾਂ ਸ਼ਿਕਾੲਤ ਦੇ ਲਈ ਟੋਲ ਫਰੀ ਨੰਬਰ 1950 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਮੂਹ ਰਾਜਨੀਤਿਕ ਪਾਰਟੀਆਂ ਵੱਲੋਂ ਵੱਖ-ਵੱਖ ਇਲੈਕਟ੍ਰੋਨਿੰਗ ਮੀਡੀਆ ‘ਤੇ ਇਸ਼ਤਿਹਾਰ ਲਈ ਐਮ.ਸੀ.ਐਮ.ਸੀ ਤੋਂ ਪਹਿਲਾ ਸਰਟੀਫਿਕੇਸ਼ਨ ਲੈਣਾ ਜ਼ਰੂਰੀ ਹੈ। ਇਸ ਮੌਕੇ ਇੰਡੀਅਨ ਨੈਸ਼ਨਲ ਕਾਂਗਰਸ ਤੋਂ ਰਜਨੀਸ਼ ਟੰਡਨ, ਆਮ ਆਦਮੀ ਪਾਰਟੀ ਤੋਂ ਜਸਪਾਲ ਸਿੰਘ, ਬਹੁਜਨ ਸਮਾਜ ਪਾਰਟੀ ਤੋਂ ਮਦਨ ਸਿੰਘ ਬੈਂਸ ਅਤੇ ਭਾਰਤੀ ਜਨਤਾ ਪਾਰਟੀ ਤੋਂ ਭੂਸ਼ਣ ਕੁਮਾਰ ਸ਼ਰਮਾ ਵੀ ਮੌਜੂਦ ਸਨ। 

 ਪ੍ਰਿੰਟਰ-ਪਬਲਿਸ਼ਰਾਂ ਨੂੰ ਵੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਦੇ ਨਿਰਦੇਸ਼: ਡਿਪਟੀ ਕਮਿਸ਼ਨਰ ਨੇ ਚੋਣ ਸਮੱਗਰੀ ਛਾਪਣ ਅਤੇ ਹੋਰਡਿੰਗ/ਬੈਨਰ ਆਦਿ ਤਿਆਰ ਕਰਨ ਵਾਲੇ ਪ੍ਰਿੰਟਰਾਂ-ਪਬਲਿਸ਼ਰਾਂ ਨੂੰ ਤਾਕੀਦ ਕੀਤੀ ਕਿ ਉਹ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾਂ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਉਹ ਆਪਣੇ ਵੱਲੋਂ ਤਿਆਰ ਕੀਤੀ ਜਾਣ ਵਾਲੀ ਚੋਣ ਸਮੱਗਰੀ ਵਿਚ ਪ੍ਰਿੰਟਰ-ਪਬਲਿਸ਼ਰ ਦਾ ਨਾਮ, ਪਤਾ ਅਤੇ ਫੋਨ ਨੰਬਰ ਜ਼ਰੂਰ ਛਾਪਣ ਅਤੇ ਇਸ ਦੀ ਜਾਣਕਾਰੀ ਚੋਣ ਦਫ਼ਤਰ ਨਾਲ ਵੀ ਸਾਂਝੀ ਕਰਨ।  

Election Commission of India Chief Electoral Officer, Punjab

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends