*ਸਾਂਝਾ ਅਧਿਆਪਕ ਮੋਰਚਾ ਪੰਜਾਬ ਅਤੇ ਡੈਮੋਕਰੇਟਿਕ ਟੀਚਰਜ਼ ਫਰੰਟ ਪੰਜਾਬ ਨਾਲ ਸਿੱਖਿਆ ਮੰਤਰੀ ਦੀ ਮੀਟਿੰਗ ਰਹੀ ਬੇਸਿੱਟਾ*
*ਮਿਡਲ ਅਤੇ ਘੱਟ ਗਿਣਤੀ ਬੱਚਿਆਂ ਵਾਲੇ ਸਕੂਲ ਬੰਦ ਕਰਨ ਲਈ ਬਜਿਦ ਸਿੱਖਿਆ ਮੰਤਰੀ ਦੇ 23 ਦਸੰਬਰ ਨੂੰ ਫੂਕਾਂਗੇ ਪੁਤਲੇ - ਦੌੜਕਾ*
*ਤਰੱਕੀਆਂ ਅਤੇ ਨਿਯੁਕਤੀਆਂ ਵਿੱਚ ਸਾਰੇ ਸਕੂਲਾਂ ਦੀਆਂ ਖਾਲੀ ਪੋਸਟਾਂ ਦਿਖਾਉਣ ਤੋਂ ਇਨਕਾਰ*
ਚੰਡੀਗੜ੍ਹ / ਮੋਹਾਲੀ 20 ਦਸੰਬਰ ( ) ਸਾਂਝਾ ਅਧਿਆਪਕ ਮੋਰਚਾ ਪੰਜਾਬ ਅਤੇ ਡੈਮੋਕਰੇਟਿਕ ਟੀਚਰਜ਼ ਫਰੰਟ ਪੰਜਾਬ ਦੀ ਸਿੱਖਿਆ ਮੰਤਰੀ ਨਾਲ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਈ ਮੀਟਿੰਗ ਬੇਸਿੱਟਾ ਰਹੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੁਲਦੀਪ ਸਿੰਘ ਦੌੜਕਾ ਨੇ ਦੱਸਿਆ ਕਿ ਅਧਿਆਪਕਾਂ ਦੇ ਚਿਰਾਂ ਤੋਂ ਲਟਕਦੇ ਮਸਲੇ ਹੱਲ ਨਾ ਕਰਨ ਅਤੇ ਅਧਿਆਪਕਾਂ ਦੀਆਂ ਤਰੱਕੀਆਂ ਸਮੇਂ ਸਾਰੇ ਸਕੂਲਾਂ ਦੇ ਖਾਲੀ ਸਟੇਸ਼ਨ ਨਾ ਦਿਖਾਉਣ ਦੇ ਰੋਸ ਵਜੋਂ ਸਾਂਝੇ ਅਧਿਆਪਕ ਮੋਰਚੇ ਵੱਲੋਂ 6 ਦਸੰਬਰ ਨੂੰ ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ। ਜਿਸ ਦੇ ਸਿੱਟੇ ਵਜੋਂ ਸਿੱਖਿਆ ਮੰਤਰੀ ਵੱਲੋਂ ਮੀਟਿੰਗ ਦਾ ਸਮਾਂ ਦਿੱਤਾ ਗਿਆ ਸੀ।
ਸਾਂਝਾ ਅਧਿਆਪਕ ਮੋਰਚਾ ਪੰਜਾਬ ਅਤੇ ਡੈਮੋਕਰੇਟਿਕ ਟੀਚਰਜ਼ ਫਰੰਟ ਪੰਜਾਬ ਵੱਲੋਂ ਸਿੱਖਿਆ ਮੰਤਰੀ ਨਾਲ ਕੀਤੀ ਗਈ ਸਾਂਝੀ ਮੀਟਿੰਗ ਵਿੱਚ ਪੀ. ਟੀ. ਆਈਜ਼ / ਆਰਟ ਐਂਡ ਕਰਾਫਟ ਟੀਚਰਜ਼ ਆਦਿ ਸੀ. ਐਂਡ ਵੀ. ਅਧਿਆਪਕਾਂ ਦੇ ਪੇਅ ਸਕੇਲਾਂ ਸਬੰਧੀ ਵਿੱਤ ਵਿਭਾਗ ਵਲੋਂ ਜਾਰੀ ਤਰਕਹੀਣ ਸਪੀਕਿੰਗ ਆਰਡਰ ਤੁਰੰਤ ਰੱਦ ਕਰਨ ਸਬੰਧੀ ਮੰਗ ਜੋਰਦਾਰ ਢੰਗ ਨਾਲ ਰੱਖੀ ਗਈ, ਪਰ ਸਿੱਖਿਆ ਮੰਤਰੀ ਨੇ ਇਹ ਮਸਲਾ ਵਿੱਤ ਵਿਭਾਗ ਦੇ ਅਧਿਕਾਰ ਖੇਤਰ ਦਾ ਕਹਿ ਕੇ ਇਸ ਦਾ ਕੋਈ ਹੱਲ ਨਹੀਂ ਕੀਤਾ। ਇਸ ਉਪਰੰਤ ਮਿਡਲ ਅਤੇ ਘੱਟ ਗਿਣਤੀ ਬੱਚਿਆਂ ਵਾਲੇ ਸਕੂਲ ਬੰਦ ਕਰਨ ਲਈ ਬਜਿਦ ਸਿੱਖਿਆ ਮੰਤਰੀ ਵਲੋਂ ਨਿਯੁਕਤੀਆਂ ਅਤੇ ਤਰੱਕੀਆਂ ਵਿੱਚ ਸਾਰੇ ਸਕੂਲਾਂ ਦੀਆਂ ਖਾਲੀ ਪੋਸਟਾਂ ਦਿਖਾਉਣ ਤੋਂ ਇਨਕਾਰ ਕਰਨ 'ਤੇ ਅਧਿਆਪਕ ਆਗੂਆਂ ਵਲੋਂ ਸਖਤ ਵਿਰੋਧ ਕਰਦਿਆਂ ਪ੍ਰਾਇਮਰੀ ਸਕੂਲਾਂ ਵਿੱਚ ਜਮਾਤਵਾਰ ਅਤੇ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਵਿਸ਼ਾਵਾਰ ਅਧਿਆਪਕਾਂ ਦੀ ਮੰਗ ਕੀਤੀ। ਜਿਸ ਉਪਰੰਤ ਸਿੱਖਿਆ ਮੰਤਰੀ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ ਜਾਰੀ ਰੱਖਣ ਦੀ ਹਦਾਇਤ ਕਰਕੇ ਮੀਟਿੰਗ ਛੱਡ ਦਿੱਤੀ ਗਈ। ਅਧਿਆਪਕ ਆਗੂਆਂ ਵੱਲੋਂ ਸਿੱਖਿਆ ਮੰਤਰੀ ਨਾਲ ਕੀਤੀ ਜਾ ਰਹੀ ਮੀਟਿੰਗ ਅਧਿਕਾਰੀਆਂ ਨਾਲ ਜਾਰੀ ਰੱਖਣ ਤੋਂ ਇਨਕਾਰ ਕਰਕੇ ਵਾਕਆਊਟ ਕੀਤਾ ਗਿਆ।
ਸਾਂਝਾ ਅਧਿਆਪਕ ਮੋਰਚਾ ਪੰਜਾਬ ਅਤੇ ਡੈਮੋਕਰੇਟਿਕ ਟੀਚਰਜ਼ ਫਰੰਟ ਪੰਜਾਬ ਦੀ ਪੰਜਾਬ ਭਵਨ, ਚੰਡੀਗੜ੍ਹ ਦੇ ਬਾਹਰ ਕੀਤੀ ਗਈ ਸਾਂਝੀ ਮੀਟਿੰਗ ਵਿੱਚ ਸਿੱਖਿਆ ਮੰਤਰੀ ਵੱਲੋਂ ਮਿਡਲ ਅਤੇ ਘੱਟ ਗਿਣਤੀ ਬੱਚਿਆਂ ਵਾਲੇ ਸਕੂਲਾਂ ਨੂੰ ਬੰਦ ਕਰਨ, ਤਰੱਕੀਆਂ ਅਤੇ ਨਿਯੁਕਤੀਆਂ ਸਮੇਂ ਸਮੁੱਚੇ ਸਕੂਲਾਂ ਦੀਆਂ ਖਾਲੀ ਪੋਸਟਾਂ ਦਿਖਾਉਣ ਤੋਂ ਇਨਕਾਰ ਕਰਨ ਅਤੇ ਅਧਿਆਪਕਾਂ ਦੇ ਚਿਰਾਂ ਤੋਂ ਲਟਕਦੇ ਮਸਲਿਆਂ ਸਬੰਧੀ ਸੰਜੀਦਾ ਨਾ ਹੋਣ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ 23 ਦਸੰਬਰ ਨੂੰ ਜਿਲ੍ਹਾ ਪੱਧਰ 'ਤੇ ਸਿੱਖਿਆ ਮੰਤਰੀ ਦੇ ਪੁਤਲੇ ਫੂਕਣ ਦਾ ਫੈਸਲਾ ਕੀਤਾ ਗਿਆ।
ਇਸ ਸਮੇਂ ਸੁਰਿੰਦਰ ਕੁਮਾਰ ਪੁਆਰੀ, ਦਿਗਵਿਜੇਪਾਲ ਸ਼ਰਮਾ, ਬਾਜ ਸਿੰਘ ਖਹਿਰਾ, ਸੁਖਵਿੰਦਰ ਸਿੰਘ ਸੁੱਖੀ, ਬਲਜੀਤ ਸਿੰਘ ਸਲਾਣਾ, ਲਖਵੀਰ ਸਿੰਘ ਹਰੀਕੇ, ਸੁਖਵਿੰਦਰ ਸਿੰਘ ਚਾਹਲ, ਸੁਰਿੰਦਰ ਕੰਬੋਜ, ਲਵਕਰਨ ਸਿੰਘ, ਬਿਕਰਮਜੀਤ ਸਿੰਘ ਕੱਦੋਂ, ਗਗਨਦੀਪ ਸਿੰਘ, ਰਵਿੰਦਰਜੀਤ ਸਿੰਘ ਪੰਨੂ, ਸੁਖਜਿੰਦਰ ਸਿੰਘ ਹਰੀਕਾ, ਸੁਲੱਖਣ ਸਿੰਘ ਬੇਰੀ, ਗੁਰਪ੍ਰੀਤ ਸਿੰਘ ਜੀਰਾ, ਨਰੰਜਣਜੋਤ ਚਾਂਦਪੁਰੀ, ਗੁਰਬਿੰਦਰ ਸਿੰਘ ਸਸਕੌਰ, ਐਨ ਡੀ ਤਿਵਾੜੀ, ਅਜੀਤਪਾਲ ਸਿੰਘ ਜੱਸੋਵਾਲ, ਲਛਮਣ ਸਿੰਘ, ਜਗਦੀਸ਼ ਰਾਏ, ਤਰਲੋਚਨ ਸਿੰਘ,ਕਰਮਜੀਤ ਸਿੰਘ ਆਦਿ ਸ਼ਾਮਿਲ ਸਨ।