ਚੜ੍ਹਦੇ ਵਰ੍ਹੇ ਹੀ ਸਿੱਖਿਆ ਭਵਨ ਦਾ ਘਿਰਾਓ ਕਰਨਗੇ ਦਫ਼ਤਰੀ ਕਾਮੇ
30 ਦਸੰਬਰ ਨੂੰ ਅਫਸਰ ਕਮੇਟੀ ਦੀ ਮੀਟਿੰਗ ਨਾ ਹੋਣ ਕਰਕੇ ਮੁਲਾਜ਼ਮਾਂ ਚ ਮੁੜ ਰੋਸ
ਦਫ਼ਤਰੀ ਕਾਮਿਆਂ ਦੀ ਹੜਤਾਲ 28ਵੇਂ ਦਿਨ ਵੀ ਰਹੀ ਜਾਰੀ
ਮਿਤੀ 31-12-2024 (. ਜਲੰਧਰ ) ਸਰਵ ਸਿੱਖਿਆ ਅਭਿਆਨ ਮਿਡ ਡੇ ਮੀਲ ਦੇ ਦਫ਼ਤਰੀ ਕਾਮਿਆਂ ਵੱਲੋਂ ਚੜ੍ਹਦੇ ਨਵੇਂ ਸਾਲ ਤੇ ਹੀ ਰੋਸ ਪ੍ਰਦਰਸ਼ਨ ਦਾ ਐਲਾਨ ਕਰ ਦਿੱਤਾ ਹੈ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਮੰਗਾਂ ਮੰਨਣ ਦੇ ਬਾਵਜੂਦ ਲਾਗੂ ਨਹੀਂ ਕੀਤੀਆਂ ਜਾ ਰਹੀਆਂ। 26 ਦਸੰਬਰ ਨੂੰ ਕੈਬਨਿਟ ਸਬ ਕਮੇਟੀ ਦੀ ਵਿੱਤ ਮੰਤਰੀ ਹਰਪਾਲ ਚੀਮਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਉਪਰੰਤ ਮੁਲਾਜ਼ਮਾਂ ਨੂੰ ਦੱਸਿਆ ਗਿਆ ਸੀ ਕਿ 30 ਦਸੰਬਰ ਨੂੰ ਅਫਸਰ ਕਮੇਟੀ ਦੀ ਮੀਟਿੰਗ ਹੋਵੇਗੀ ਪਰ ਬੀਤੇ ਕੱਲ ਅਫਸਰ ਕਮੇਟੀ ਵੱਲੋਂ ਕੋਈ ਮੀਟਿੰਗ ਨਹੀਂ ਕੀਤੀ ਗਈ ਅਤੇ ਨਾ ਹੀ ਕੋਈ ਅਗਲੀ ਤਾਰੀਖ ਸਬੰਧੀ ਜਾਣਕਾਰੀ ਦਿੱਤੀ ਗਈ ਜਿਸ ਕਰਕੇ ਮੁੜ ਮੁਲਾਜ਼ਮਾਂ ਵਿੱਚ ਰੋਸ ਵੱਧ ਗਿਆ ਹੈ। ਆਗੂਆਂ ਨੇ ਦੱਸਿਆ ਕਿ ਜਥੇਬੰਦੀ ਵੱਲੋਂ ਸਰਕਾਰ ਦੀ ਢਿੱਲ ਮੱਠ ਦੀ ਕਾਰਵਾਈ ਖ਼ਿਲਾਫ਼ ਨਵੇਂ ਸਾਲ ਚ ਮੁਲਾਜ਼ਮਾਂ ਨੇ ਸੰਘਰਸ਼ ਨੂੰ ਤੇਜ਼ ਕਰਦੇ ਹੋਏ 2 ਜਨਵਰੀ ਨੂੰ ਸਿੱਖਿਆ ਭਵਨ ਦਾ ਘਿਰਾਓ ਕੀਤਾ ਜਾਵੇਗਾ।
ਆਗੂਆਂ ਨੇ ਦੱਸਿਆ ਕਿ ਮੋਹਾਲੀ ਸਿਖਿਆ ਭਵਨ ਦੇ ਬਾਹਰ ਲਗਾਇਆ ਧਰਨਾ 35ਵੇ ਦਿਨ ਵੀ ਜਾਰੀ ਰਿਹਾ ਅਤੇ ਮੁਲਾਜ਼ਮਾਂ ਵੱਲੋਂ ਕੀਤੀ ਜਾ ਰਹੀ ਕਲਮ ਛੋੜ ਹੜਤਾਲ 28 ਦਿਨ ਚ ਦਾਖਿਲ ਹੋ ਗਈ ਹੈ।
ਆਗੂਆ ਨੇ ਦੱਸਿਆ ਕਿ ਵਿੱਤ ਮੰਤਰੀ ਵੱਲੋਂ ਬੀਤੇ ਦਿਨ ਮੁੜ ਹੋਈ ਮੀਟਿੰਗ ਵਿੱਚ 9 ਦਸੰਬਰ 2024 ਨੂੰ ਹੋਈ ਮੀਟਿੰਗ ਦਾ ਰੀਵਿਓ ਕੀਤਾ ਗਿਆ ਅਤੇ ਅਧਿਕਾਰੀਆਂ ਤੋਂ ਪੁੱਛਿਆ ਗਿਆ ਕਿ ਰੈਗੂਲਰ ਤੇ ਤਨਖਾਹ ਕਟੌਤੀ ਦਾ ਸਟੇਟਸ ਕੀ ਹੈ ਜਿਸ ਦੋਰਾਨ ਅਧਿਕਾਰੀਆਂ ਵੱਲੋਂ ਸਪੱਸ਼ਟ ਜਾਣਕਾਰੀ ਨਾ ਦੇਣ ਤੇ ਵਿੱਤ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਸਖਤੀ ਨਾਲ ਆਦੇਸ਼ ਦਿੱਤੇ ਗਏ ਕਿ ਤੁਰੰਤ ਰੈਗੂਲਰ ਅਤੇ ਤਨਖਾਹ ਕਟੋਤੀ ਦੀ ਫਾਈਲ ਉਨ੍ਹਾਂ ਕੋਲ ਪੇਸ਼ ਕੀਤੀਆ ਜਾਣ।
ਆਗੂਆ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ 21 ਅਪ੍ਰੈਲ 2022 ਅਤੇ ਕੈਬਿਨਟ ਸਬ ਕਮੇਟੀ ਵੱਲੋਂ 14 ਮਾਰਚ 2024 ਨੂੰ ਦਫ਼ਤਰੀ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਸਹਿਮਤੀ ਦਿੱਤੀ ਸੀ ਅਤੇ 14 ਮਾਰਚ ਦੀ ਮੀਟਿੰਗ ਵਿਚ ਵਿੱਤ ਮੰਤਰੀ ਦੇ ਆਦੇਸ਼ਾ ਅਨੁਸਾਰ ਜਥੇਬੰਦੀ ਵੱਲੋਂ ਡੀ.ਜੀ.ਐਸ. ਈ ਨੂੰ ਐਫੀਡੈਵਿਟ ਵੀ ਦਿੱਤਾ ਸੀ ਪ੍ਰੰਤੂ ਇਸ ਦੇ ਬਾਵਜੂਦ ਵੀ ਮੁਲਾਜ਼ਮਾਂ ਨੂੰ ਰੈਗੂਲਰ ਨਹੀ ਕੀਤਾ ਗਿਆ। ਮੀਟਿੰਗ ਦੋਰਾਨ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਅੱਜ ਮੁੜ ਅਧਿਕਾਰੀਆਂ ਤੇ ਅਧਾਰਤ ਵਿੱਤ ਵਿਭਾਗ ਪ੍ਰਸੋਨਲ ਵਿਭਾਗ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਦੀ ਬਣੀ ਅਫਸਰ ਕਮੇਟੀ ਨੂੰ ਦਫ਼ਤਰੀ ਕਰਮਚਾਰੀਆਂ ਤੇ ਵਿਸ਼ੇਸ਼ ਅਧਿਆਪਕਾਂ ਨੂੰ 8886 ਅਧਿਆਪਕਾਂ ਦੀ ਤਰਜ ਤੇ ਰੈਗੂਲਰ ਕਰਨ ਲਈ ਤੁਰੰਤ ਅਫ਼ਸਰ ਕਮੇਟੀ ਦੀ ਮੀਟਿੰਗ ਕਰਕੇ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ। ਇਸ ਦੇ ਨਾਲ ਹੀ ਦੂਜੀ ਮੰਗ ਸਮੱਗਰਾ ਦੇ ਦਫ਼ਤਰੀ ਕਰਮਚਾਰੀਆਂ ਦੀ 5000 ਤਨਖਾਹ ਕਟੋਤੀ ਅਤੇ ਮਿਡ ਡੇ ਮੀਲ ਦਫ਼ਤਰੀ ਕਰਮਚਾਰੀਆ ਦੀ ਤਨਖਾਹ ਵਾਧੇ ਦੀ ਫਾਈਲ ਤੇ ਤੁਰੰਤ ਕਾਰਵਾਈ ਕਰਨ ਦੇ ਵਿੱਤ ਸਕੱਤਰ ਨੂੰ ਆਦੇਸ਼ ਦਿੱਤੇ।
ਪ੍ਰੈਸ ਬਿਆਨ ਜ਼ਾਰੀ ਕਰਦੇ ਹੋਏ ਸਰਵ ਸਿੱਖਿਆ ਅਭਿਆਨ ਮਿਡ ਡੇ ਮੀਲ ਦਫਤਰੀ ਕਰਮਚਾਰੀ ਯੂਨੀਅਨ ਆਗੂ ਸ਼ੋਭਿਤ ਭਗਤ, ਗਗਨਦੀਪ ਸ਼ਰਮਾ, ਰਾਜੀਵ ਸ਼ਰਮਾ,ਗਗਨ ਸਿਆਲ, ਸੁਖਰਾਜ ਨੇ ਕਿਹਾ ਕਿ ਮੁੱਖ ਮੰਤਰੀ ਦੇ ਫੈਸਲੇ ਤੋਂ ਬਾਅਦ ਕੈਬਿਨਟ ਸਬ ਕਮੇਟੀ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਤਨਖਾਹ ਕਟੋਤੀ ਦੂਰ ਕਰਨ ਦੇ ਫੈਸਲੇ ਲੈ ਕੇ 4 ਵਾਰ ਅਧਿਕਾਰੀਆ ਨੂੰ ਆਦੇਸ਼ ਦਿੱਤੇ ਪਰ ਵਿੱਤ ਵਿਭਾਗ ਦੇ ਅਧਿਕਾਰੀ ਜਾਣਬੁੱਝ ਕੇ ਮਸਲੇ ਨੂੰ ਉਲਝਾ ਰਹੇ ਹਨ।
ਆਗੂਆਂ ਨੇ ਕਿਹਾ ਕਿ ਸਰਕਾਰ ਦਾ ਏਜੰਡਾ ਸੀ ਕਿ ਸੂਬੇ ਵਿੱਚ ਕੋਈ ਵੀ ਮੁਲਾਜ਼ਮ ਕੱਚਾ ਨਹੀਂ ਰਹਿਣ ਦੇਣਾ ਪਰ ੨ ਸਾਲ ਤੋਂ ਉੱਪਰ ਦਾ ਸਮਾਂ ਬੀਤ ਗਿਆ ਹੈ ਅਤੇ ਅਧਿਕਾਰੀ ਮਸਲਿਆਂ ਨੂੰ ਹੱਲ ਕਰਨ ਦੀ ਬਜਾਏ ਉਲਝਾਂ ਰਹੇ ਹਨ।
ਆਗੂਆ ਨੇ ਕਿਹਾ ਕਿ ਵਿੱਤ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਸਖ਼ਤੀ ਨਾਲ ਨਿਰਦੇਸ਼ ਦਿੱਤੇ ਗਏ ਸਨ ਅਤੇ ਜਥੇਬੰਦੀ ਨਾਲ 7 ਜਨਵਰੀ 2025 ਨੂੰ ਮੁੜ ਮੀਟਿੰਗ ਕਰਨ ਦਾ ਵਿੱਤ ਮੰਤਰੀ ਨੇ ਭਰੋਸਾ ਦਿੱਤਾ ਹੈ ਪਰ 7 ਜਨਵਰੀ ਦੀ ਮੀਟਿੰਗ ਸਬੰਧੀ ਵੀ ਕੋਈ ਪੱਤਰ ਅਜੇ ਜਾਰੀ ਨਹੀਂ ਕੀਤਾ। ਆਗੂਆਂ ਨੇ ਕਿਹਾ ਕਿ ਮੁਲਾਜ਼ਮ 2 ਜਨਵਰੀ ਨੂੰ ਸਿੱਖਿਆ ਵਿਭਾਗ ਦੇ ਮੁੱਖ ਦਫ਼ਤਰ ਦਾ ਘਿਰਾਓ ਕਰਕੇ ਮੁਕੰਮਲ ਰੂਪ ਵਿੱਚ ਗੇਟ ਬੰਦ ਕਰਨ ਲਈ ਮਜਬੂਰ ਹੋਣਗੇ ਅਤੇ ਜੇਕਰ ਮੰਗਾਂ ਤੇ ਠੋਸ ਕਾਰਵਾਈ ਨਾ ਹੋਈ ਤਾਂ 3 ਜਨਵਰੀ ਨੂੰ ਵੀ ਗੇਟ ਬੰਦ ਰੱਖੇ ਜਾਣਗੇ।