ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੋੜੀ ਨੇ 76ਵੇਂ ਗਣਤੰਤਰ ਦਿਵਸ ਮੌਕੇ ਰੂਪਨਗਰ ਵਿਖੇ ਰਾਸ਼ਟਰੀ ਤਿਰੰਗਾ ਲਹਿਰਾਇਆ
• ਮੁੱਖ ਮਹਿਮਾਨ ਨੇ ਜ਼ਿਲ੍ਹਾ ਰੂਪਨਗਰ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵਿਚ ਛੁੱਟੀ ਘੋਸ਼ਿਤ ਕੀਤੀ
ਰੂਪਨਗਰ, 26 ਜਨਵਰੀ: 76ਵੇਂ ਗਣਤੰਤਰ ਦਿਵਸ ਮੌਕੇ ਡਿਪਟੀ ਸਪੀਕਰ ਸ. ਜੈ ਕਿਸ਼ਨ ਸਿੰਘ ਰੋੜੀ ਨੇ ਨਹਿਰੂ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਇਆ, ਜਿਸ ਉਪਰੰਤ ਪਰੇਡ ਦਾ ਨਿਰੀਖਣ ਕਰਨ ਲਈ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਹਿਮਾਂਸ਼ੂ ਜੈਨ ਅਤੇ ਸੀਨੀਅਰ ਪੁਲਿਸ ਕਪਤਾਨ ਸ. ਗੁਲਨੀਤ ਸਿੰਘ ਖੁਰਾਣਾ ਵਲੋਂ ਉਨ੍ਹਾਂ ਨੂੰ ਐਸਕੌਰਟ ਕਰਕੇ ਲਿਜਾਇਆ ਗਿਆ।
ਜ਼ਿਲ੍ਹਾ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਡਿਪਟੀ ਸਪੀਕਰ ਸ. ਜੈ ਕਿਸ਼ਨ ਸਿੰਘ ਰੋੜੀ ਨੇ ਕਿਹਾ ਕਿ ਲੰਬੇ ਸੰਘਰਸ਼ ਤੋਂ ਬਾਅਦ ਆਜ਼ਾਦੀ ਹਾਸਲ ਕਰਕੇ ਸੰਵਿਧਾਨ ਬਣਾਉਣ ਦੇ ਕਾਰਜ ਨੂੰ ਸਿਰੇ ਚੜਾਉਣ ਵਿਚ ਸਭ ਤੋਂ ਵੱਡਾ ਯੋਗਦਾਨ ਭਾਰਤ ਰਤਨ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਨੇ ਦਿੱਤਾ।
ਉਨ੍ਹਾਂ ਅੱਗੇ ਕਿਹਾ ਕਿ ਇਸ ਲਈ ਸਾਰੇ ਦੇਸ਼ ਵਾਸੀਆਂ ਲਈ ਇਹ ਬੜਾ ਮਹੱਤਵਪੂਰਨ ਤੇ ਗੌਰਵਮਈ ਦਿਨ ਹੈ। ਉਨ੍ਹਾਂ ਦੇਸ਼ ਦੀਆਂ ਹਥਿਆਰਬੰਦ ਫੌਜਾਂ ਦੇ ਉਨ੍ਹਾਂ ਬਹਾਦਰ ਸੂਰਵੀਰਾਂ ਨੂੰ ਵੀ ਵਧਾਈ ਦਿਤੀ ਜੋ ਦੇਸ਼ ਦੀ ਇਲਾਕਾਈ ਅਖੰਡਤਾ ਅਤੇ ਏਕਤਾ ਦੀ ਰਾਖੀ ਕਰ ਰਹੇ ਹਨ।
ਅਜ਼ਾਦੀ ਸੰਗਰਾਮ ਵਿੱਚ ਪੰਜਾਬੀਆਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੋੜੀ ਨੇ ਕਿਹਾ ਕਿ ਕੌਮੀ ਆਜ਼ਾਦੀ ਦੀ ਲਹਿਰ ਵਿੱਚ 80 ਫੀਸਦੀ ਕੁਰਬਾਨੀਆਂ ਇਕੱਲੇ ਪੰਜਾਬੀਆਂ ਨੇ ਦਿੱਤੀਆਂ ਹਨ। ਡਿਪਟੀ ਸਪੀਕਰ ਨੇ ਕਿਹਾ ਕਿ ਜਿਸ ਰੰਗਲੇ ਪੰਜਾਬ ਦਾ ਸੁਪਨਾ ਸਾਡੇ ਸ਼ਹੀਦਾਂ ਨੇ ਦੇਖਿਆ ਸੀ, ਉਸ ਪੰਜਾਬ ਦੀ ਸਿਰਜਣਾ ਲਈ ਪੰਜਾਬ ਸਰਕਾਰ ਵਚਨਬੱਧ ਹੈ ਅਤੇ ਇਸ ਨੂੰ ਰੰਗਲਾ ਪੰਜਾਬ ਬਣਾਉਣ ਲਈ ਅਣਥੱਕ ਮਿਹਨਤ ਕਰ ਰਹੀ ਹੈ। ਇਸ ਤੋਂ ਇਲਾਵਾ, ਸਰਕਾਰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਸਿਹਤ, ਸਿੱਖਿਆ, ਰੁਜ਼ਗਾਰ, ਵਾਤਾਵਰਣ, ਉਦਯੋਗਿਕ ਅਤੇ ਹੋਰ ਪ੍ਰਮੁੱਖ ਖੇਤਰਾਂ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ।
ਲੋਕਾਂ ਨੂੰ ਸਪੱਸ਼ਟ ਸੱਦਾ ਦਿੰਦਿਆਂ ਡਿਪਟੀ ਸਪੀਕਰ ਨੇ ਉਨ੍ਹਾਂ ਨੂੰ ਦੇਸ਼ ਲਈ ਆਪਣਾ ਪਿਆਰ ਨਿਛਾਵਰ ਕਰਨ ਵਾਲੇ ਸ਼ਹੀਦਾਂ, ਆਜ਼ਾਦੀ ਘੁਲਾਟੀਆਂ ਦੇ ਨਕਸ਼ੇ-ਕਦਮਾਂ ‘ਤੇ ਚੱਲਦਿਆਂ ਸੂਬੇ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਲਈ ਜੋਸ਼ ਨਾਲ ਕੰਮ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਲੋਕ ਰਾਜ ਅਤੇ ਦੇਸ਼ ਪ੍ਰਤੀ ਫਰਜ਼ਾਂ ਵੱਲ ਧਿਆਨ ਦੇਣ।
ਇਸ ਮੌਕੇ ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਡੀ ਸਰਕਾਰ ਫ਼ੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਫ਼ੌਜੀਆਂ ਦੀ ਭਲਾਈ ਲਈ ਵੀ ਦ੍ਰਿੜ ਸੰਕਲਪ ਹੈ। ਰਾਜ ਸਰਕਾਰ ਨੇ ਸ਼ਹੀਦ ਜਵਾਨਾਂ ਦੇ ਵਾਰਿਸਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕੀਤੀ ਹੈ। ਸਾਡੀ ਸਰਕਾਰ ਨੇ ਇਸ ਵਿੱਤੀ ਸਹਾਇਤਾ ਸਕੀਮ ਅਧੀਨ ਅਗਨੀਵੀਰਾਂ ਨੂੰ ਵੀ ਸ਼ਾਮਲ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਵੱਲੋਂ ਸੂਬੇ ਅਤੇ ਦੇਸ਼ ਦੀ ਸੁਰੱਖਿਆ ਲਈ ਜਾਨ ਵਾਰਨ ਵਾਲੇ ਪੁਲੀਸ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਵੀ ਪ੍ਰਬੰਧ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਦੀਆਂ ਸਿਹਤ ਵਿਵਸਥਾ ਵਿਚ ਸੁਧਾਰ ਕਰਦੇ ਹੋਏ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ, ਜਿੱਥੇ ਅੱਜ ਲੱਖਾਂ ਲੋਕ ਮੁਫਤ ਇਲਾਜ ਕਰਵਾ ਰਹੇ ਹਨ ਅਤੇ ਕਰੋੜਾ ਰੁਪਏ ਦੀ ਲਾਗਤ ਨਾਲ 335 ਹਾਈ ਟੈਕ ਐਂਬੂਲੈਸਾਂ ਉਹਨਾਂ ਦੀ ਸੇਵਾ ਵਿਚ ਤਇਨਾਤ ਕੀਤੀਆਂ ਗਈਆਂ ਹਨ।
ਡਿਪਟੀ ਸਪੀਕਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਇਸ ਪੰਪ ਹਾਉਸ ਤੋਂ ਪਾਇਪਾਂ ਰਾਹੀਂ ਪਾਣੀ ਕਿਸਾਨਾਂ ਦੇ ਖੇਤਾਂ ਵਿੱਚ ਡਿਸਟਰੀਬਿਊਟ ਕੀਤਾ ਜਾਵੇਗਾ। ਇਸ ਸਕੀਮ ਵਿੱਚ ਕੁੱਲ 10 ਪਿੰਡਾ ਦਾ 2762 ਏਕੜ ਰਕਬਾ ਸ਼ਾਮਿਲ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪਿੰਡਾਂ ਵਿੱਚ ਨਹਿਰੀ ਪਾਣੀ ਸਪਲਾਈ ਕਰਨ ਲਈ ਟੈਂਕਾ ਤੋਂ ਪਾਣੀ ਗਰੈਵੀਟੇਸ਼ਨਲ ਵਲੋਂ ਰਾਹੀਂ ਵੱਖ-ਵੱਖ ਪਿੰਡਾਂ ਵਿੱਚ ਬਣੀਆਂ 496 ਹੋਦੀਆਂ ਤੱਕ ਪਹੁੰਚਾਇਆ ਜਾਵੇਗਾ, ਜਿਸ ਰਾਹੀਂ ਲਗਭਗ 2762 ਏਕੜ ਵਾਹੀਯੋਗ ਜਮੀਨ ਨੂੰ ਨਹਿਰੀ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਨਵੇਂ ਬੱਸ ਸਟੈਂਡ, ਰੂਪਨਗਰ ਦੀ ਉਸਾਰੀ ਕੀਤੀ ਜਾ ਰਹੀ ਹੈ ਜਿਸ ਦੀ ਬਿਲਡਿੰਗ ਦਾ 87 ਫ਼ੀਸਦੀ ਕੰਮ ਪੂਰਾ ਹੋ ਚੁੱਕਾ ਹੈ ਅਤੇ ਬਕਾਇਆ ਰਹਿੰਦਾ ਕੰਮ 31 ਮਾਰਚ 2025 ਤੱਕ ਮੁਕੰਮਲ ਕੀਤਾ ਜਾਵੇਗਾ।
ਇਸ ਮੌਕੇ ਡੀ.ਐਸ.ਪੀ. ਸ. ਜਸ਼ਨਪ੍ਰੀਤ ਸਿੰਘ ਮਾਨ ਦੀ ਅਗਵਾਈ ਹੇਠ ਵੱਖ-ਵੱਖ ਟੁਕੜੀਆਂ ਵਲੋਂ ਸਲਾਮੀ ਦਿੱਤੀ ਗਈ। ਜਿਸ ਵਿਚ ਪੰਜਾਬ ਪੁਲਿਸ ਪੁਰਸ਼, ਪੰਜਾਬ ਪੁਲਿਸ ਮਹਿਲਾ, ਪੰਜਾਬ ਹੋਮ ਗਾਰਡਜ਼, ਵੱਖ-ਵੱਖ ਸਕੂਲਾਂ ਅਤੇ ਬੈਂਡ ਦੀ ਟੁਕੜੀਆਂ ਵਲੋਂ ਮਾਰਚ ਪਾਸਟ ਵਿਚ ਹਿੱਸਾ ਲਿਆ ਗਿਆ। ਇਸ ਤੋਂ ਬਾਅਦ ਡਿਪਟੀ ਸਪੀਕਰ ਸਾਹਿਬ ਵਲੋਂ ਡਿਊਟੀ ਦੌਰਾਨ ਸ਼ਹੀਦ ਸੈਨਿਕਾਂ ਦੇ ਪਰਿਵਾਰਿਕ ਮੈਂਬਰਾਂ ਦੀ ਸਨਮਾਨ ਵੀ ਕੀਤਾ ਗਿਆ। ਇਸ ਉਪਰੰਤ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਪੀ.ਟੀ. ਸ਼ੋਅ, ਕੋਰੀਓਗ੍ਰਆਫੀ, ਡਾਂਸ ਅਤੇ ਗਿੱਧਾ ਆਦਿ ਰੰਗਾ-ਰੰਗ ਪ੍ਰੋਗਰਾਮਾਂ ਦੀ ਪੇਸ਼ਕਾਰੀ ਕੀਤੀ ਗਈ।
ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੱਖ-ਵੱਖ ਵਿਭਾਗਾਂ ਅਤੇ ਖੇਤਰਾਂ ਵਿਚ ਵਿਲੱਖਣ ਸੇਵਾਵਾਂ ਨਿਭਾਉਣ ਵਾਲੇ ਕਰਮਚਾਰੀਆਂ, ਅਧਿਕਾਰੀਆਂ ਅਤੇ ਸ਼ਖਸੀਅਤਾਂ ਦਾ ਸਨਮਾਨ ਕੀਤਾ ਗਿਆ ਅਤੇ ਅੰਤ ਵਿੱਚ ਸ਼ਿਵਾਲਿਕ ਸਕੂਲ ਦੇ ਸਟਾਫ ਵਲੋਂ ਰਾਸ਼ਟਰੀ ਗਾਣ ਪੇਸ਼ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਵਲੋਂ ਜ਼ਿਲ੍ਹਾ ਰੂਪਨਗਰ ਦੇ ਸਾਰੇ ਸਕੂਲਾਂ ਵਿਚ ਛੁੱਟੀ ਘੋਸ਼ਿਤ ਕੀਤੀ ਗਈ।
ਇਸ ਮੌਕੇ ਵਿਧਾਇਕ ਰੂਪਨਗਰ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ, ਏ.ਡੀ.ਜੀ.ਪੀ. ਸ਼੍ਰੀ. ਰਾਮ ਸਿੰਘ, ਰੂਪਨਗਰ ਮੰਡਲ ਦੇ ਕਮਿਸ਼ਨਰ ਸ਼੍ਰੀਮਤੀ ਗੁਰਪ੍ਰੀਤ ਕੌਰ ਸਪਰਾ, ਜ਼ਿਲ੍ਹਾ ਅਤੇ ਸੈਸ਼ਨ ਜੱਜ ਰੂਪਨਗਰ ਸ਼੍ਰੀਮਤੀ ਰਮੇਸ਼ ਕੁਮਾਰੀ, ਵਧੀਕ ਡਿਪਟੀ ਕਮਿਸ਼ਨਰ (ਵ) ਮਿਸ ਚੰਦਰਜਯੋਤੀ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਪੂਜਾ ਸਿਆਲ ਗਰੇਵਾਲ, ਸਹਾਇਕ ਕਮਿਸ਼ਨਰ (ਜ) ਸ. ਅਰਵਿੰਦਪਾਲ ਸਿੰਘ ਸੋਮਲ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ਼੍ਰੀ ਰਾਮ ਕੁਮਾਰ ਮੁਕਾਰੀ, ਜ਼ਿਲ੍ਹਾ ਮਾਲ ਅਫ਼ਸਰ ਸ਼੍ਰੀ ਬਾਦਲਦੀਨ, ਐਸਪੀ (ਹੈੱਡਕੁਆਟਰ) ਸ. ਰਾਜਪਾਲ ਸਿੰਘ ਹੁੰਦਲ, ਐਸਪੀ (ਇਨਵੇਸਟੀਗੇਸ਼ਨ) ਸ਼੍ਰੀਮਤੀ ਰੁਪਿੰਦਰ ਕੌਰ ਸਰਾਂ, ਵਧੀਕ ਸੈਸ਼ਨ ਜੱਜ ਸ਼੍ਰੀ ਸ਼ਾਮ ਲਾਲ ਬੈਂਸ, ਸਕੱਤਰ ਜ਼ਿਲ੍ਹਾ ਕਨੂੰਨੀ ਸੇਵਾਵਾਂ ਅਥਾਰਟੀ ਸ਼੍ਰੀਮਤੀ ਹਿਮਾਂਸ਼ੀ ਗਲਹੋਤਰਾਂ, ਸ਼੍ਰੀ ਮੋਹਿਤ ਬਾਂਸਲ, ਸ਼੍ਰੀ ਅਸ਼ੀਸ਼ ਠਠਈ, ਡਾ. ਮੋਨਿਕਾ ਗੋਇਲ, ਸ. ਜਗਮੀਤ ਸਿੰਘ, ਜੋਸ਼ਿਕਾ ਸੂਦ, ਸ. ਜਸਪ੍ਰੀਤ ਸਿੰਘ, ਸੁਖਵਿੰਦਰ ਸਿੰਘ, ਡਾ. ਸੀਮਾ ਅਗਨੀਹੋਤਰੀ (ਸਾਰੇ ਜ਼ੁਡੀਸ਼ੀਅਲ ਅਫ਼ਸਰ) ਐਸਡੀਐਮ ਰੂਪਨਗਰ ਸ਼੍ਰੀ ਸਚਿਨ ਪਾਠਕ, ਤਹਿਸੀਲਦਾਰ ਸ. ਅੰਮ੍ਰਿਤਬੀਰ ਸਿੰਘ, ਸਿਵਲ ਸਰਜਨ ਡਾ. ਤਰਸੇਮ ਸਿੰਘ, ਸ. ਕਮਿੱਕਰ ਸਿੰਘ ਡਾਢੀ, ਜ਼ਿਲ੍ਹੇ ਦੇ ਹੋਰ ਉੱਚ ਅਧਿਕਾਰੀ ਤੇ ਕਰਮਚਾਰੀ, ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ ਤੇ ਅਧਿਆਪਕ ਹਾਜ਼ਰ ਸਨ।