ਮਾਘੀ ਮੇਲੇ ਮੌਕੇ ਪੰਜਾਬ ਸਰਕਾਰ ਵੱਲੋਂ 14 ਜਨਵਰੀ ਨੂੰ ਸਥਾਨਕ ਛੁੱਟੀ
ਚੰਡੀਗੜ੍ਹ, 3 ਦਸੰਬਰ 2024 ( ਜਾਬਸ ਆਫ ਟੁਡੇ) ਪੰਜਾਬ ਸਰਕਾਰ ਦੇ ਪਰਸੋਨਲ ਵਿਭਾਗ ਵੱਲੋਂ ਜਾਰੀ ਇੱਕ ਅਧਿਸੂਚਨਾ ਅਨੁਸਾਰ, ਮਾਘੀ ਦੇ ਮੇਲੇ ਦੇ ਮੱਦੇਨਜ਼ਰ, 14 ਜਨਵਰੀ 2025 (ਮੰਗਲਵਾਰ) ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਇਹ ਛੁੱਟੀ ਸਿਰਫ਼ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਹੀ ਲਾਗੂ ਹੋਵੇਗੀ। ਇਸ ਸਬੰਧੀ ਜਾਣਕਾਰੀ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਦੁਆਰਾ ਜਾਰੀ ਕੀਤੀ ਗਈ ਹੈ।
ਇਸ ਅਧਿਸੂਚਨਾ ਦੀਆਂ ਕਾਪੀਆਂ ਪੰਜਾਬ ਰਾਜ ਦੇ ਸਮੂਹ ਵਿਸ਼ੇਸ਼ ਮੁੱਖ ਸਕੱਤਰਾਂ, ਵਧੀਕ ਮੁੱਖ ਸਕੱਤਰਾਂ, ਵਿੱਤੀ ਕਮਿਸ਼ਨਰਜ਼, ਪ੍ਰਮੁੱਖ ਸਕੱਤਰਾਂ ਅਤੇ ਪ੍ਰਬੰਧਕੀ ਸਕੱਤਰਾਂ ਨੂੰ ਸੂਚਨਾ ਅਤੇ ਕਾਰਵਾਈ ਲਈ ਭੇਜੀਆਂ ਗਈਆਂ ਹਨ। ਇਸ ਤੋਂ ਇਲਾਵਾ, ਇਹ ਸੂਚਨਾ ਸਮੂਹ ਵਿਭਾਗਾਂ ਦੇ ਮੁਖੀਆਂ, ਡਵੀਜ਼ਨਾਂ ਦੇ ਕਮਿਸ਼ਨਰਜ਼, ਰਜਿਸਟਰਾਰ ਪੰਜਾਬ ਅਤੇ ਹਰਿਆਣਾ ਹਾਈਕੋਰਟ, ਡਿਪਟੀ ਕਮਿਸ਼ਨਰਜ਼ ਅਤੇ ਸਬ ਡਵੀਜ਼ਨਲ ਮੈਜਿਸਟ੍ਰੇਟ ਨੂੰ ਵੀ ਭੇਜੀ ਗਈ ਹੈ।
ਸੂਚਨਾ ਅਤੇ ਲੋਕ ਸੰਪਰਕ ਵਿਭਾਗ ਪੰਜਾਬ ਨੂੰ ਵੀ ਇਸ ਫੈਸਲੇ ਨੂੰ ਪ੍ਰੈਸ, ਰੇਡੀਓ ਅਤੇ ਟੈਲੀਵਿਜ਼ਨ ਰਾਹੀਂ ਲੋਕਾਂ ਤੱਕ ਪਹੁੰਚਾਉਣ ਦੀ ਬੇਨਤੀ ਕੀਤੀ ਗਈ ਹੈ। ਇਹ ਨੋਟੀਫਿਕੇਸ਼ਨ ਪੰਜਾਬ ਸਰਕਾਰ ਦੇ ਸਾਧਾਰਨ ਗਜ਼ਟ ਵਿੱਚ ਵੀ ਪ੍ਰਕਾਸ਼ਿਤ ਕੀਤੀ ਜਾਵੇਗੀ।
ਇਹ ਫੈਸਲਾ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਦੇ ਪੱਤਰ ਨੰ: 16779/ਐੱਸ.ਏ./ਐੱਮ.ਸੀ.-1 ਮਿਤੀ 19-12-2024 ਦੇ ਹਵਾਲੇ ਵਿੱਚ ਲਿਆ ਗਿਆ ਹੈ।