ਸਿੱਧੀ ਭਰਤੀ ਤੋਂ ਪਹਿਲਾਂ ਤਨਖਾਹ ਸਕੇਲ ਅਤੇ ਸਰਵਿਸ ਰੂਲਜ਼ ਵਿੱਚ ਸੋਧ ਜਰੂਰੀ: ਵਿੱਤ ਵਿਭਾਗ, ਪੰਜਾਬ
ਚੰਡੀਗੜ੍ਹ, 31 ਜਨਵਰੀ ( ਜਾਬਸ ਆਫ ਟੁਡੇ) ਪੰਜਾਬ ਸਰਕਾਰ ਦੇ ਵਿੱਤ ਵਿਭਾਗ ਨੇ ਇੱਕ ਅਹਿਮ ਹੁਕਮ ਜਾਰੀ ਕਰਕੇ ਸੂਬੇ ਦੇ ਸਾਰੇ ਵਿਭਾਗਾਂ ਨੂੰ ਸਿੱਧੀ ਭਰਤੀ ਦੀਆਂ ਅਸਾਮੀਆਂ ਲਈ ਤਨਖਾਹ ਸਕੇਲ ਅਤੇ ਸਰਵਿਸ ਰੂਲਜ਼ ਵਿੱਚ ਸੋਧ ਕਰਨ ਦੇ ਨਿਰਦੇਸ਼ ਦਿੱਤੇ ਹਨ। ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਨਵੀਂ ਭਰਤੀ ਕਰਨ ਤੋਂ ਪਹਿਲਾਂ 7ਵੇਂ ਸੀਪੀਸੀ ਦੇ ਪੈਟਰਨ 'ਤੇ ਨਿਰਧਾਰਤ ਤਨਖਾਹ ਸਕੇਲਾਂ ਨੂੰ ਵਿਭਾਗੀ ਸੇਵਾ ਨਿਯਮਾਂ ਵਿੱਚ ਦਰਜ ਕਰਨਾ ਲਾਜ਼ਮੀ ਹੈ।
ਵਿੱਤ ਵਿਭਾਗ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ 17 ਜੁਲਾਈ, 2020 ਨੂੰ ਜਾਰੀ ਹਦਾਇਤਾਂ ਅਨੁਸਾਰ, ਸਰਕਾਰ ਨੇ ਫੈਸਲਾ ਲਿਆ ਸੀ ਕਿ 17 ਜੁਲਾਈ, 2020 ਤੋਂ ਬਾਅਦ ਭਰਤੀ ਕੀਤੇ ਜਾਣ ਵਾਲੇ ਸਾਰੇ ਮੁਲਾਜ਼ਮਾਂ 'ਤੇ 7ਵੇਂ ਸੀਪੀਸੀ ਦੇ ਪੈਟਰਨ 'ਤੇ ਨਵੇਂ ਤਨਖਾਹ ਸਕੇਲ ਲਾਗੂ ਹੋਣਗੇ। ਇਸ ਦੇ ਨਾਲ ਹੀ ਸਾਰੇ ਪ੍ਰਬੰਧਕੀ ਵਿਭਾਗਾਂ ਨੂੰ ਆਪਣੇ ਵਿਭਾਗੀ ਸੇਵਾ ਨਿਯਮਾਂ ਵਿੱਚ ਲੋੜੀਂਦੀ ਸੋਧ ਕਰਨ ਲਈ ਕਿਹਾ ਗਿਆ ਸੀ।
ਪਰ ਵਿਭਾਗ ਦੇ ਧਿਆਨ ਵਿੱਚ ਆਇਆ ਹੈ ਕਿ ਕਈ ਵਿਭਾਗਾਂ ਨੇ ਅਜੇ ਤੱਕ ਆਪਣੇ ਸੇਵਾ ਨਿਯਮਾਂ ਵਿੱਚ ਸੋਧ ਨਹੀਂ ਕੀਤੀ ਹੈ, ਜਿਸ ਕਾਰਨ ਕਈ ਕਰਮਚਾਰੀ ਅਦਾਲਤਾਂ ਵਿੱਚ ਕੇਸ ਦਾਇਰ ਕਰ ਰਹੇ ਹਨ। ਇਸ ਲਈ ਸਾਰੇ ਵਿਭਾਗਾਂ ਨੂੰ 15 ਦਿਨਾਂ ਦੇ ਅੰਦਰ ਲੋੜੀਂਦੀ ਕਾਰਵਾਈ ਕਰਨ ਦੇ ਹੁਕਮ ਦਿੱਤੇ ਗਏ ਹਨ ਅਤੇ ਇਸ ਸਬੰਧੀ ਰਿਪੋਰਟ ਮੰਗੀ ਗਈ ਹੈ।
ਵਿੱਤ ਵਿਭਾਗ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਨਵੀਂ ਭਰਤੀ ਕਰਨ ਸਬੰਧੀ ਅਗਲੀ ਕਾਰਵਾਈ ਸੇਵਾ ਨਿਯਮਾਂ ਵਿੱਚ ਸੋਧ ਕਰਨ ਤੋਂ ਬਾਅਦ ਹੀ ਕੀਤੀ ਜਾਵੇਗੀ। ਵਿਭਾਗ ਨੇ ਸਾਰੇ ਪ੍ਰਬੰਧਕੀ ਵਿਭਾਗਾਂ ਨੂੰ ਇਹਨਾਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨ ਲਈ ਕਿਹਾ ਹੈ।