3381 ਈਟੀਟੀ ਅਧਿਆਪਕਾਂ ਦੀ ਭਰਤੀ ਮੁਕੰਮਲ, ਨਿਯੁਕਤੀ ਪੱਤਰ ਜਲਦੀ - ਮੁੱਖ ਮੰਤਰੀ
**ਚੰਡੀਗੜ੍ਹ, 21 ਫਰਵਰੀ ( ਜਾਬਸ ਆਫ ਟੁਡੇ) ਸਿੱਖਿਆ ਖੇਤਰ ਵਿੱਚ ਵੱਡੀ ਰਾਹਤ ਦੀ ਖ਼ਬਰ ਸਾਹਮਣੇ ਆਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ 3381 ਐਲੀਮੈਂਟਰੀ ਟ੍ਰੇਂਡ ਟੀਚਰਜ਼ (ਈਟੀਟੀ) ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇਣ ਲਈ ਹਰੀ ਝੰਡੀ ਦੇ ਦਿੱਤੀ ਹੈ। ਇਸ ਫੈਸਲੇ ਨਾਲ ਸੂਬੇ ਦੇ ਸਿੱਖਿਆ ਢਾਂਚੇ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਬੇਰੁਜ਼ਗਾਰ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ।
ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਇੱਕ ਉੱਚ-ਪੱਧਰੀ ਮੀਟਿੰਗ ਵਿੱਚ ਸਿੱਖਿਆ ਵਿਭਾਗ ਵਿੱਚ ਭਰਤੀ ਪ੍ਰਕਿਰਿਆ ਦੀ ਸਮੀਖਿਆ ਕੀਤੀ ਗਈ। ਮੀਟਿੰਗ ਦੌਰਾਨ 3381 ਈਟੀਟੀ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਮੁਕੰਮਲ ਹੋਣ ਬਾਰੇ ਚਰਚਾ ਕੀਤੀ ਗਈ। ਦੱਸਣਯੋਗ ਹੈ ਕਿ ਇਹ ਭਰਤੀ ਪ੍ਰਕਿਰਿਆ ਦੋ ਵੱਖ-ਵੱਖ ਬੈਚਾਂ ਵਿੱਚ ਮੁਕੰਮਲ ਕੀਤੀ ਗਈ ਹੈ, ਜਿਸ ਵਿੱਚ ਪਹਿਲੇ ਬੈਚ ਵਿੱਚ 951 ਅਤੇ ਦੂਜੇ ਬੈਚ ਵਿੱਚ 2430 ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ।
ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਿਹੜੀ ਭਰਤੀ ਪ੍ਰਕਿਰਿਆ ਮੁਕੰਮਲ ਹੋ ਚੁੱਕੀ ਹੈ, ਉਨ੍ਹਾਂ ਨੂੰ ਜਲਦੀ ਹੀ ਨਿਯੁਕਤੀ ਪੱਤਰ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਸਰਕਾਰ ਸੂਬੇ ਵਿੱਚ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ ਅਤੇ ਇਹ ਨਿਯੁਕਤੀਆਂ ਇਸ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹਨ।
ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਨੇ ਹੁਣ ਤੱਕ 50,892 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ, ਜਿਨ੍ਹਾਂ ਵਿੱਚੋਂ 11,000 ਤੋਂ ਵੱਧ ਸਿਰਫ਼ ਸਿੱਖਿਆ ਵਿਭਾਗ ਵਿੱਚ ਹੀ ਹਨ। ਉਨ੍ਹਾਂ ਨੇ ਉਮੀਦ ਜਤਾਈ ਕਿ ਇਹ ਨੌਕਰੀਆਂ ਸਕੂਲਾਂ ਵਿੱਚ ਮਿਆਰੀ ਸਿੱਖਿਆ ਪ੍ਰਦਾਨ ਕਰਕੇ ਸਿੱਖਿਆ ਖੇਤਰ ਨੂੰ ਹੋਰ ਮਜ਼ਬੂਤ ਕਰਨਗੀਆਂ।