Anti Drug Campaign: ਡਿਪਟੀ ਕਮਿਸ਼ਨਰਾਂ ਨੂੰ ਸਖ਼ਤ ਆਦੇਸ਼, ਨਸ਼ਾ ਛੁਡਾਊ ਕੇਂਦਰਾਂ ਵਿੱਚ ਲੋੜੀਂਦੇ ਪ੍ਰਬੰਧ ਕਰਨ ਦੇ ਹੁਕਮ
**ਚੰਡੀਗੜ੍ਹ, 24 ਫਰਵਰੀ ( ਜਾਬਸ ਆਫ ਟੁਡੇ) ਪੰਜਾਬ ਸਰਕਾਰ ਨੇ ਸੂਬੇ ਵਿੱਚ ਨਸ਼ਿਆਂ ਦੇ ਖਿਲਾਫ਼ ਇੱਕ ਵੱਡੀ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਮੁਹਿੰਮ ਦੇ ਤਹਿਤ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ, ਨਸ਼ਿਆਂ ਦੇ ਆਦੀ ਲੋਕਾਂ ਦੇ ਮੁੜ ਵਸੇਬੇ ਲਈ ਵਿਆਪਕ ਪ੍ਰਬੰਧ ਕਰਨ ਦੇ ਵੀ ਹੁਕਮ ਦਿੱਤੇ ਗਏ ਹਨ।
ਮੁੱਖ ਸਕੱਤਰ ਦੇ ਦਫ਼ਤਰ ਵੱਲੋਂ ਜਾਰੀ ਇੱਕ ਪੱਤਰ ਵਿੱਚ ਸਿਹਤ ਵਿਭਾਗ, ਗ੍ਰਹਿ ਵਿਭਾਗ, ਪੁਲਿਸ ਅਤੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਆਪੋ-ਆਪਣੇ ਖੇਤਰਾਂ ਵਿੱਚ ਨਸ਼ਾ ਛੁਡਾਊ ਕੇਂਦਰਾਂ ਵਿੱਚ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ। ਇਹਨਾਂ ਕੇਂਦਰਾਂ ਵਿੱਚ ਦਵਾਈਆਂ, ਟੈਸਟਿੰਗ ਕਿੱਟਾਂ ਅਤੇ ਸਟਾਫ਼ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।
ਸਾਰੇ ਡਿਪਟੀ ਕਮਿਸ਼ਨਰਾਂ ਨੂੰ ਇਸ ਮੁਹਿੰਮ ਨੂੰ ਲੈ ਕੇ ਤੁਰੰਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਗਏ ਹਨ ਅਤੇ ਕਿਸੇ ਵੀ ਤਰ੍ਹਾਂ ਦੀ ਢਿੱਲ ਨੂੰ ਗੰਭੀਰਤਾ ਨਾਲ ਲੈਣ ਦੀ ਚੇਤਾਵਨੀ ਦਿੱਤੀ ਗਈ ਹੈ। ਮੁੱਖ ਸਕੱਤਰ ਨੇ ਇਹ ਵੀ ਦੱਸਿਆ ਕਿ ਇਸ ਪੂਰੇ ਕਾਰਜ ਦੀ ਨਿੱਜੀ ਤੌਰ 'ਤੇ ਨਿਗਰਾਨੀ ਉਨ੍ਹਾਂ ਵੱਲੋਂ ਕੀਤੀ ਜਾਵੇਗੀ ਅਤੇ ਸ਼੍ਰੀ ਸੰਦੀਪ ਕੁਮਾਰ, ਆਈਏਐਸ ਇਸ ਦੌਰਾਨ ਸਾਰੇ ਕੇਂਦਰਾਂ ਦਾ ਦੌਰਾ ਕਰਕੇ ਕਮੀਆਂ ਦੀ ਰਿਪੋਰਟ ਕਰਨਗੇ।
ਇਸ ਮੁਹਿੰਮ ਦਾ ਉਦੇਸ਼ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹ ਤੋਂ ਖ਼ਤਮ ਕਰਨਾ ਅਤੇ ਯੁਵਾ ਪੀੜ੍ਹੀ ਨੂੰ ਇਸ ਦੇ ਖ਼ਤਰਿਆਂ ਤੋਂ ਬਚਾਉਣਾ ਹੈ।