ਏਡਿਡ ਸਕੂਲਾਂ ਦੇ ਕਰਮਚਾਰੀਆਂ ਲਈ ਤਨਖਾਹ ਦੀ ਸਮੇਂ ਸਿਰ ਅਦਾਇਗੀ ਅਤੇ 6 ਵੇ ਪੇ ਕਮਿਸ਼ਨ ਅਨੁਸਾਰ ਯਕੀਨੀ ਬਣਾਉਣ ਦੇ ਹੁਕਮ
ਚੰਡੀਗੜ੍ਹ, 6 ਫਰਵਰੀ (ਸਟਾਫ ਰਿਪੋਰਟਰ) - ਪੰਜਾਬ ਸਰਕਾਰ ਨੇ ਰਾਜ ਦੇ ਏਡਿਡ ਸਕੂਲਾਂ ਵਿੱਚ ਕੰਮ ਕਰਦੇ ਕਰਮਚਾਰੀਆਂ ਨੂੰ ਤਨਖਾਹ ਦੀ ਸਮੇਂ ਸਿਰ ਅਦਾਇਗੀ ਯਕੀਨੀ ਬਣਾਉਣ ਲਈ ਸਖ਼ਤ ਹੁਕਮ ਜਾਰੀ ਕੀਤੇ ਹਨ। ਡਾਇਰੈਕਟੋਰੇਟ ਆਫ਼ ਸਕੂਲ ਐਜੂਕੇਸ਼ਨ (ਸੈਕੰਡਰੀ) ਪੰਜਾਬ ਵੱਲੋਂ ਜਾਰੀ ਪੱਤਰ ਵਿੱਚ ਸਾਰੇ ਏਡਿਡ ਸਕੂਲ ਮੈਨੇਜਮੈਂਟਾਂ ਨੂੰ ਹਰ ਮਹੀਨੇ ਦੀ 7 ਤਰੀਕ ਤੱਕ ਕਰਮਚਾਰੀਆਂ ਦੀ ਤਨਖਾਹ ਦੇਣ ਦੀ ਹਦਾਇਤ ਕੀਤੀ ਗਈ ਹੈ।
ਪੱਤਰ ਵਿੱਚ ਕਿਹਾ ਗਿਆ ਹੈ ਕਿ ਐਜੂਕੇਸ਼ਨ ਕੋਡ ਦੀ ਧਾਰਾ 67 ਅਨੁਸਾਰ ਤਨਖਾਹ ਸਮੇਂ ਸਿਰ ਦੇਣੀ ਜ਼ਰੂਰੀ ਹੈ, ਪਰ ਕਈ ਸਕੂਲਾਂ ਵੱਲੋਂ ਇਸ ਦੀ ਪਾਲਣਾ ਨਹੀਂ ਕੀਤੀ ਜਾ ਰਹੀ। ਜਿਸ ਕਾਰਨ ਕਰਮਚਾਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਵਿਭਾਗ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਕਰਮਚਾਰੀਆਂ ਨੂੰ ਛੇਵੇਂ ਪੇਅ ਕਮਿਸ਼ਨ ਅਨੁਸਾਰ ਰਿਵਾਈਜ਼ਡ ਸਕੇਲ ਤਹਿਤ ਤਨਖਾਹ ਦਿੱਤੀ ਜਾਵੇ ਅਤੇ ਇਸ ਤੋਂ ਬਾਅਦ ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾ ਕੇ ਵਿਭਾਗ ਤੋਂ ਰੀਇੰਬਰਸਮੈਂਟ ਪ੍ਰਾਪਤ ਕੀਤੀ ਜਾਵੇ।
ਇਸ ਤੋਂ ਇਲਾਵਾ, ਸਾਰੇ ਸਕੂਲ ਮੁਖੀਆਂ ਅਤੇ ਮੈਨੇਜਮੈਂਟ ਕਮੇਟੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਕਿ ਉਹ ਇਹਨਾਂ ਹਦਾਇਤਾਂ ਦੀ ਪਾਲਣਾ ਕਰਨ।
ਇਸ ਕਦਮ ਨਾਲ ਏਡਿਡ ਸਕੂਲਾਂ ਦੇ ਕਰਮਚਾਰੀਆਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਉਹ ਆਪਣੀ ਤਨਖਾਹ ਸਮੇਂ ਸਿਰ ਪ੍ਰਾਪਤ ਕਰ ਸਕਣਗੇ।